ਸ਼ਹੀਦ ਬਾਬਾ ਦੀਪ ਸਿੰਘ ਦਾ ਜਨਮ ਦਿਹਾੜਾ ਸ਼ਰਧਾ ਨਾਲ ਮਨਾਇਆ
ਟ੍ਰਿਬਿਊਨ ਨਿਊਜ਼ ਸਰਵਿਸ
ਅੰਮ੍ਰਿਤਸਰ, 27 ਜਨਵਰੀ
ਸ਼ਹੀਦ ਬਾਬਾ ਦੀਪ ਸਿੰਘ ਦੇ ਜਨਮ ਦਿਹਾੜੇ ਮੌਕੇ ਗੁਰਦੁਆਰਾ ਸ਼ਹੀਦ ਗੰਜ ਬਾਬਾ ਦੀਪ ਸਿੰਘ ਵਿਖੇ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਨਤਮਸਤਕ ਹੋ ਕੇ ਉਨ੍ਹਾਂ ਨੂੰ ਸਤਿਕਾਰ ਭੇਟ ਕੀਤਾ। ਇਸ ਮੌਕੇ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਸਮੇਤ ਪ੍ਰਮੁੱਖ ਸ਼ਖ਼ਸੀਅਤਾਂ ਨੇ ਵੀ ਹਾਜ਼ਰੀ ਭਰੀ। ਗੁਰਦੁਆਰਾ ਸ਼ਹੀਦ ਗੰਜ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਦੇ ਭੋਗ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਵਧੀਕ ਮੁੱਖ ਗ੍ਰੰਥੀ ਗਿਆਨੀ ਅਮਰਜੀਤ ਸਿੰਘ ਨੇ ਬਾਬਾ ਦੀਪ ਸਿੰਘ ਦੇ ਜੀਵਨ ਇਤਿਹਾਸ ਤੋਂ ਜਾਣੂ ਕਰਵਾਇਆ। ਸਮਾਗਮ ’ਚ ਪਹੁੰਚੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਅਸੀਂ ਉਨ੍ਹਾਂ ਸ਼ਹੀਦਾਂ ਦੇ ਵਾਰਸ ਹਾਂ, ਜਿਨ੍ਹਾਂ ਨੇ ਧਰਮ ’ਤੇ ਦ੍ਰਿੜਤਾ ਨਾਲ ਪਹਿਰਾ ਦਿੰਦਿਆਂ ਸ਼ਹਾਦਤਾਂ ਪ੍ਰਾਪਤ ਕੀਤੀਆਂ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸੰਗਤ ਨੂੰ ਬਾਬਾ ਦੀਪ ਸਿੰਘ ਦੇ ਜਨਮ ਦਿਹਾੜੇ ਦੀ ਵਧਾਈ ਦਿੰਦਿਆਂ ਕਿਹਾ ਕਿ ਸਿੱਖ ਇਤਿਹਾਸ ਅੰਦਰ ਬਾਬਾ ਦੀਪ ਸਿੰਘ ਦੀਆਂ ਸੇਵਾਵਾਂ ਬਹੁਤ ਵੱਡੀਆਂ ਹਨ। ਉਨ੍ਹਾਂ ਆਪਣੇ ਹੱਥਾਂ ਨਾਲ ਗੁਰਬਾਣੀ ਨੂੰ ਲਿਖਣ ਦਾ ਕਾਰਜ ਕੀਤਾ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਚਾਰ ਪਾਵਨ ਸਰੂਪ ਲਿਖ ਕੇ ਤਖ਼ਤ ਸਾਹਿਬਾਨ ’ਤੇ ਪ੍ਰਕਾਸ਼ ਕਰਵਾਏ। ਉਨ੍ਹਾਂ ਕਿਹਾ ਕਿ ਬਾਬਾ ਜੀ ਦੀ ਸ਼ਹੀਦੀ ਦਾ ਇਤਿਹਾਸ ਵੀ ਲਾਸਾਨੀ ਹੈ। ਉਨ੍ਹਾਂ ਗੁਰੂ ਆਸ਼ੇ ਅਨੁਸਾਰ ਜੀਵਨ ਬਤੀਤ ਕਰਦਿਆਂ ਗੁਰਧਾਮਾਂ ਦੀ ਹੋ ਰਹੀ ਬੇਹੁਰਮਤੀ ਨੂੰ ਰੋਕਣ ਲਈ ਆਪਣੀ ਸ਼ਹਾਦਤ ਦਿੱਤੀ। ਇਸ ਮੌਕੇ ਅੰਮ੍ਰਿਤ ਸੰਚਾਰ ਸਮਾਗਮ ਵੀ ਕਰਵਾਇਆ ਗਿਆ, ਜਿਸ ਵਿੱਚ 215 ਪ੍ਰਾਣੀਆਂ ਨੇ ਅੰਮ੍ਰਿਤ ਦੀ ਦਾਤ ਪ੍ਰਾਪਤ ਕੀਤੀ। ਅੰਮ੍ਰਿਤ ਅਭਿਲਾਖੀਆਂ ਨੂੰ ਕਕਾਰ ਧਰਮ ਪ੍ਰਚਾਰ ਕਮੇਟੀ ਵੱਲੋਂ ਭੇਟਾ ਰਹਿਤ ਦਿੱਤੇ ਗਏ।