ਮੁਹਾਲੀ ਹਵਾਈ ਅੱਡੇ ’ਤੇ ਸ਼ਹੀਦ-ਏ-ਆਜ਼ਮ ਦਾ ਬੁੱਤ ਲਾਵਾਂਗੇ: ਬੈਂਸ
ਪੱਤਰ ਪ੍ਰੇਰਕ
ਐੱਸਏਐੱਸ. ਨਗਰ (ਮੁਹਾਲੀ), 16 ਅਗਸਤ
ਮੁਹਾਲੀ ਪ੍ਰਸ਼ਾਸਨ ਵੱਲੋਂ ਇੱਥੋਂ ਦੇ ਸ਼ਹੀਦ ਮੇਜਰ ਹਰਮਿੰਦਰ ਪਾਲ ਸਿੰਘ (ਸੌਰਿਆ ਚੱਕਰ) ਸਰਕਾਰੀ ਕਾਲਜ ਫੇਜ਼-6 ਦੇ ਗਰਾਊਂਡ ਵਿੱਚ ਜ਼ਿਲ੍ਹਾ ਪੱਧਰੀ ਆਜ਼ਾਦੀ ਦਿਹਾੜਾ ਮਨਾਇਆ ਗਿਆ। ਇਸ ਮੌਕੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਤਿਰੰਗਾ ਲਹਿਰਾਇਆ ਅਤੇ ਪਰੇਡ ਦਾ ਨਿਰੀਖਣ ਕਰਨ ਸਮੇਤ ਮਾਰਚ ਪਾਸਟ ਤੋਂ ਸਲਾਮੀ ਲਈ। ਵਰ੍ਹਦੇ ਮੀਂਹ ਦੀ ਪ੍ਰਵਾਹ ਨਾ ਕਰਦੇ ਹੋਏ ਦੌਰਾਨ ਪੰਜਾਬ ਪੁਲੀਸ ਦੇ ਜਵਾਨਾਂ ਅਤੇ ਐਨਸੀਸੀ ਕੈਡੇਟਾਂ ਨੇ ਸ਼ਾਨਦਾਰ ਮਾਰਚ ਪਾਸਟ ਕਰਕੇ ਆਜ਼ਾਦੀ ਦਿਹਾੜੇ ਪ੍ਰਤੀ ਆਪਣੀ ਪ੍ਰਤੀਬੱਧਤਾ ਦਾ ਸਬੂਤ ਦਿੱਤਾ। ਸ੍ਰੀ ਬੈਂਸ ਨੇ ਕਿਹਾ ਕਿ ਮੁਹਾਲੀ ਕੌਮਾਂਤਰੀ ਹਵਾਈ ਅੱਡੇ ਦਾ ਨਾਮ ਸ਼ਹੀਦ ਭਗਤ ਸਿੰਘ ਰੱਖਣ ਲਈ ਅਹਿਮ ਭੂਮਿਕਾ ਨਿਭਾਉਣ ਤੋਂ ਬਾਅਦ ਹੁਣ ਪੰਜਾਬ ਸਰਕਾਰ ਇੱਥੇ ਸ਼ਹੀਦ-ਏ-ਆਜ਼ਮ ਦਾ ਬੁੱਤ ਲਗਾਉਣ ਜਾ ਰਹੀ ਹੈ। ਮੁੱਖ ਮੰਤਰੀ ਨੇ ਸ਼ਹੀਦ ਭਗਤ ਸਿੰਘ, ਸ਼ਹੀਦ ਊਧਮ ਸਿੰਘ ਤੇ ਸ਼ਹੀਦ ਕਰਤਾਰ ਸਿੰਘ ਸਰਾਭਾ ਨੂੰ ਸਰਬਉੱਚ ਨਾਗਰਿਕ ਸਨਮਾਨ ‘ਭਾਰਤ ਰਤਨ’ ਦੇਣ ਲਈ ਵੀ ਕੇਂਦਰ ਅੱਗੇ ਮੰਗ ਰੱਖੀ ਹੈ।
ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ‘ਆਪ’ ਵਿਧਾਇਕ ਕੁਲਵੰਤ ਸਿੰਘ, ਡਿਪਟੀ ਕਮਿਸ਼ਨਰ ਸ੍ਰੀਮਤੀ ਆਸ਼ਿਕਾ ਜੈਨ ਅਤੇ ਐੱਸਐੱਸਪੀ ਦੀਪਕ ਪਾਰਿਕ ਦੀ ਮੌਜੂਦਗੀ ਵਿੱਚ ਵੱਖ-ਵੱਖ ਖੇਤਰਾਂ ਵਿੱਚ ਮੱਲ੍ਹਾਂ ਮਾਰਨ ਵਾਲੇ ਵਿਦਿਆਰਥੀਆਂ, ਚੰਗੀ ਕਾਰਗੁਜ਼ਾਰੀ ਵਾਲੇ ਅਫ਼ਸਰਾਂ ਤੇ ਮੁਲਾਜ਼ਮਾਂ ਸਮੇਤ ਹੋਰ ਉੱਘੀਆਂ ਸ਼ਖ਼ਸੀਅਤਾਂ ਦਾ ਸਨਮਾਨ ਕੀਤਾ ਗਿਆ। ਸਮਾਗਮ ਦੌਰਾਨ ਸੁਰਜੀਤ ਕੌਰ ਪਤਨੀ ਮਰਹੂਮ ਆਜ਼ਾਦੀ ਘੁਲਾਟੀਏ ਨੱਥਾ ਸਿੰਘ ਨੂੰ ਸਿੱਖਿਆ ਮੰਤਰੀ ਨੇ ਸਨਮਾਨਿਤ ਕੀਤਾ। ਅਖੀਰ ਵਿੱਚ ਸਿੱਖਿਆ ਮੰਤਰੀ ਦੀ ਪਤਨੀ ਤੇ ਮੁਹਾਲੀ ਦੀ ਐਸਪੀ (ਡੀ) ਡਾ. ਜਯੋਤੀ ਯਾਦਵ ਤੇ ਮਾਤਾ ਬਲਵਿੰਦਰ ਕੌਰ ਸਮੇਤ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਡੀਸੀ ਸ੍ਰੀਮਤੀ ਆਸ਼ਿਕਾ ਜੈਨ ਦੀ ਅਗਵਾਈ ਹੇਠ ਹਰਜੋਤ ਬੈਂਸ ਦਾ ਸਨਮਾਨ ਕੀਤਾ ਗਿਆ।
ਘਨੌਲੀ (ਪੱਤਰ ਪ੍ਰੇਰਕ): ਸਥਾਨਕ ਗੁਰੂ ਗੋਬਿੰਦ ਸਿੰਘ ਸੁਪਰ ਥਰਮਲ ਪਲਾਂਟ ਰੂਪਨਗਰ ਵਿਖੇ 78ਵਾਂ ਆਜ਼ਾਦੀ ਦਿਵਸ ਧੂਮਧਾਮ ਨਾਲ ਮਨਾਇਆ ਗਿਆ। ਇਸ ਮੌਕੇ ਥਰਮਲ ਪਲਾਂਟ ਦੇ ਮੁੱਖ ਇੰਜਨੀਅਰ ਹਰੀਸ਼ ਕੁਮਾਰ ਸ਼ਰਮਾ ਨੇ ਤਿਰੰਗਾ ਲਹਿਰਾਉਣ ਦੀ ਰਸਮ ਅਦਾ ਕੀਤੀ।
ਚਮਕੌਰ ਸਾਹਿਬ (ਨਿੱਜੀ ਪੱਤਰ ਪ੍ਰੇਰਕ): ਆਜ਼ਾਦੀ ਦਿਹਾੜੇ ਮੌਕੇ ਇੱਥੇ ਅਨਾਜ ਮੰਡੀ ਵਿੱਚ ਸਮਾਗਮ ਮੌਕੇ ਐੱਸਡੀਐੱਮ ਅਮਰੀਕ ਸਿੰਘ ਸਿੱਧੂ ਨੇ ਤਿਰੰਗਾ ਝੰਡਾ ਲਹਿਰਾਇਆ ਤੇ ਪਰੇਡ ਦਾ ਨਿਰੀਖਣ ਕਰਨ ਮਗਰੋਂ ਮਾਰਚ ਪਾਸਟ ਤੋਂ ਸਲਾਮੀ ਲਈ। ਇਸ ਦੌਰਾਨ ਉਨ੍ਹਾਂ ਇਲਾਕੇ ਦੇ ਆਜ਼ਾਦੀ ਘੁਲਾਟੀਆਂ ਦੇ ਪਰਿਵਾਰਿਕ ਮੈਂਬਰਾਂ ਦਾ ਸਨਮਾਨ ਕੀਤਾ। ਇਸੇ ਤਰ੍ਹਾਂ ਅਮਰ ਸ਼ਹੀਦ ਬਾਬਾ ਅਜੀਤ ਸਿੰਘ ਜੁਝਾਰ ਸਿੰਘ ਮੈਮੋਰੀਅਲ ਕਾਲਜ ਬੇਲਾ , ਸ੍ਰੀ ਗੁਰੂ ਗੋਬਿੰਦ ਸਿੰਘ ਪਬਲਿਕ ਸਕੂਲ, ਐੱਸਐੱਸ ਮੈਮੋਰੀਅਲ ਸੁਸਾਇਟੀ ਅਤੇ ਨਗਰ ਕੌਂਸਲ ਵਿੱਚ ਵੀ ਆਜ਼ਾਦੀ ਦਿਹਾੜਾ ਮਨਾਇਆ ਗਿਆ।
ਸ੍ਰੀ ਆਨੰਦਪੁਰ ਸਾਹਿਬ (ਬੀ.ਐੱਸ. ਚਾਨਾ): ਆਜ਼ਾਦੀ ਦਿਹਾੜੇ ਮੌਕੇ ਉਪ ਮੰਡਲ ਪੱਧਰੀ ਸਮਾਗਮ ਸਥਾਨਕ ਚਰਨ ਗੰਗਾ ਸਟੇਡੀਅਮ ਵਿੱਚ ਕਰਵਾਇਆ ਗਿਆ ਜਿਸ ਵਿਚ ਸ੍ਰੀ ਆਨੰਦਪੁਰ ਸਾਹਿਬ ਦੇ ਤਹਿਸੀਲਦਾਰ ਸੰਦੀਪ ਕੁਮਾਰ ਵੱਲੋਂ ਕੌਮੀ ਤਿਰੰਗਾ ਲਹਿਰਾਇਆ ਗਿਆ।
ਫ਼ਤਹਿਗੜ੍ਹ ਸਾਹਿਬ (ਨਿੱਜੀ ਪੱਤਰ ਪ੍ਰੇਰਕ): ਆਜ਼ਾਦੀ ਦਿਹਾੜੇ ਮੌਕੇ ਖੇਡ ਸਟੇਡੀਅਮ ਸਰਹਿੰਦ ਵਿਖੇ ਜ਼ਿਲ੍ਹਾ ਪੱਧਰੀ ਸਮਾਗਮ ਕਰਵਾਇਆ ਗਿਆ। ਇਸ ਦੌਰਾਨ ਡਿਪਟੀ ਕਮਿਸ਼ਨਰ ਪਰਨੀਤ ਸ਼ੇਰਗਿੱਲ ਨੇ ਝੰਡਾ ਚੜ੍ਹਾਉਣ ਦੀ ਰਸਮ ਅਦਾ ਕੀਤੀ। ਸਮਾਗਮ ਦੌਰਾਨ ਹਲਕਾ ਵਿਧਾਇਕ ਐਡਵੋਕੇਟ ਲਖਬੀਰ ਸਿੰਘ ਰਾਏ, ਆਮ ਆਦਮੀ ਪਾਰਟੀ ਦੇ ਆਗੂ ਗੁਰਪ੍ਰੀਤ ਸਿੰਘ ਜੀ.ਪੀ. ਵਿਚ ਵਿਧਾਇਕ ਐਡ.ਲਖਵੀਰ ਸਿੰਘ ਰਾਏ ਅਤੇ ਯੋਜਨਾ ਕਮੇਟੀ ਦੇ ਚੇਅਰਮੈਨ ਅਜੈ ਲਿਬੜਾ ਨੇ ਵਿਸ਼ੇਸ਼ ਤੌਰ ‘ਤੇ ਸਿਰਕਤ ਕੀਤੀ।
ਡਿਪਟੀ ਸਪੀਕਰ ਨੇ ਰੂਪਨਗਰ ’ਚ ਲਹਿਰਾਇਆ ਤਿਰੰਗਾ
ਰੂਪਨਗਰ (ਜਗਮੋਹਨ ਸਿੰਘ): ਜ਼ਿਲ੍ਹਾ ਰੂਪਨਗਰ ਪ੍ਰਸ਼ਾਸਨ ਵੱਲੋਂ ਆਜ਼ਾਦੀ ਦਿਹਾੜਾ ਇੱਥੇ ਨਹਿਰੂ ਸਟੇਡੀਅਮ ਵਿਖੇ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਅਤੇ ਜ਼ਿਲ੍ਹਾ ਪੁਲੀਸ ਮੁਖੀ ਗੁਲਨੀਤ ਸਿੰਘ ਖੁਰਾਣਾ ਦੀ ਦੇਖ-ਰੇਖ ਹੇਠ ਮਨਾਇਆ ਗਿਆ ਜਿਸ ਵਿੱਚ ਮੁੱਖ ਮਹਿਮਾਨ ਵਜੋਂ ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਜੈ ਕਿਸ਼ਨ ਸਿੰਘ ਰੋੜੀ ਨੇ ਤਿਰੰਗਾ ਲਹਿਰਾਉਣ ਦੀ ਰਸਮ ਅਦਾ ਕੀਤੀ। ਇਸ ਦੌਰਾਨ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਵੱਲੋਂ ਸੱਭਿਆਚਾਰਕ ਤੇ ਦੇਸ਼ ਭਗਤੀ ਨਾਲ ਸਬੰਧਤ ਵੰਨਗੀਆਂ ਪੇਸ਼ ਕੀਤੀਆਂ ਗਈਆਂ। ਡਿਪਟੀ ਸਪੀਕਰ ਨੇ ਵੱਖ-ਵੱਖ ਸ਼ਖ਼ਸੀਅਤਾਂ ਦਾ ਸਨਮਾਨ ਕੀਤਾ। ਇਸ ਮੌਕੇ ਹਲਕਾ ਰੂਪਨਗਰ ਦੇ ਵਿਧਾਇਕ ਦਿਨੇਸ਼ ਚੱਢਾ, ਕਮਿਸ਼ਨਰ ਰੂਪਨਗਰ ਰੇਂਜ ਗੁਰਪ੍ਰੀਤ ਕੌਰ ਸਪਰਾ, ਜ਼ਿਲ੍ਹਾ ਤੇ ਸ਼ੈਸ਼ਨ ਜੱਜ ਰਮੇਸ਼ ਕੁਮਾਰੀ, ਏਡੀਸੀ (ਜ) ਪੂਜਾ ਸਿਆਲ ਗਰੇਵਾਲ, ਏਡੀਸ (ਵ) ਸੰਜੀਵ ਕੁਮਾਰ, ਜੇਐੱਮਆਈਸੀ, ਰੂਪਨਗਰ ਡਾ. ਸੁਸ਼ੀਲ ਬੋਧ, ਸਹਾਇਕ ਕਮਿਸ਼ਨਰ (ਜ) ਅਰਵਿੰਦਰਪਾਲ ਸਿੰਘ ਸੋਮਲ, ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਰੂਪਨਗਰ ਹਿਮਸ਼ੀ ਗਲਹੋਤਰਾ, ਆਰਟੀਓ ਗੁਰਵਿੰਦਰ ਸਿੰਘ ਜੌਹਲ, ਐੱਸਡੀਐੱਮ ਰੂਪਨਗਰ ਨਵਦੀਪ ਕੁਮਾਰ ਤੇ ਨਾਇਬ ਤਹਿਸੀਲਦਾਰ ਰਾਜਬੀਰ ਸਿੰਘ ਹਾਜ਼ਰ ਸਨ।
ਮੀਂਹ ਕਾਰਨ ਸਮਾਗਮ ਪ੍ਰਭਾਵਿਤ
ਡੇਰਾਬੱਸੀ (ਹਰਜੀਤ ਸਿੰਘ): ਸ਼ਹਿਰ ਵਿੱਚ 78ਵੇਂ ਆਜ਼ਾਦੀ ਦਿਹਾੜੇ ਦਾ ਸਮਾਰੋਹ ਮੀਂਹ ਦੀ ਭੇਟ ਚੜ੍ਹ ਗਿਆ। ਇਸ ਮੌਕੇ ਸਰਕਾਰੀ ਕਾਲਜ ਵਿੱਚ ਹਲਕਾ ਪੱਧਰੀ ਸਮਾਰੋਹ ਦੀ ਤਿਆਰੀ ਕੀਤੀ ਗਈ ਸੀ ਪਰ ਸਵੇਰ ਤੋਂ ਹੀ ਮੀਂਹ ਪੈ ਗਿਆ। ਐੱਸਡੀਐੱਮ ਹਿਮਾਂਸ਼ੂ ਗੁਪਤਾ ਦੀ ਅਗਵਾਈ ਵਿੱਚ ਕਰਵਾਏ ਇਸ ਸਮਾਰੋਹ ਵਿੱਚ ਹਲਕਾ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਦਿਆਂ ਤਿਰੰਗਾ ਲਹਿਰਾਇਆ। ਇਸ ਮੌਕੇ ਵੱਖ ਵੱਖ ਸਕੂਲਾਂ ਦੇ ਬੱਚਿਆਂ ਵੱਲੋਂ ਲੰਘੇ ਕਈਂ ਦਿਨਾਂ ਤੋਂ ਸਖ਼ਤ ਮਿਹਨਤ ਕਰ ਸਮਾਰੋਹ ਵਿੱਚ ਰੰਗਾਰੰਗ ਪ੍ਰੋਗਰਾਮ ਕਰਵਾਉਣ ਦੀ ਤਿਆਰੀ ਕੀਤੀ ਹੋਈ ਸੀ ਪਰ ਮੀਂਹ ਨੇ ਰੰਗ ਵਿੱਚ ਭੰਗ ਪਾ ਦਿੱਤਾ।