ਸ਼ੰਭੂ: ਕਿਸਾਨ ਅੰਦੋਲਨ ਨੂੰ ਬਦਨਾਮ ਕਰਨ ਸਾਜ਼ਿਸ਼, ਹੁੱਲੜਬਾਜ਼ੀ ਕਰਨ ਵਾਲਿਆਂ ਨੂੰ ਗ੍ਰਿਫ਼ਤਾਰ ਕਰਨ ਦੀ ਮੰਗ
ਚੰਡੀਗੜ੍ਹ, 25 ਜੂਨ
ਪਟਿਆਲਾ ਜ਼ਿਲ੍ਹੇ ਦੇ ਸ਼ੰਭੂ ਬਾਰਡਰ ’ਤੇ ਵੱਖ-ਵੱਖ ਮੰਗਾਂ ਦੀ ਪੂਰਤੀ ਲਈ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨੇ ਪ੍ਰਦਰਸ਼ਨ ਵਾਲੀ ਥਾਂ ’ਤੇ ਕਥਿਤ ਤੌਰ 'ਤੇ ਹੰਗਾਮਾ ਕਰਨ ਦੀ ਕੋਸ਼ਿਸ਼ ਕਰਨ ਵਾਲਿਆਂ ਨੂੰ ਗ੍ਰਿਫਤਾਰ ਕਰਨ ਦੀ ਮੰਗ ਕੀਤੀ। ਅੱਜ ਪ੍ਰਦਰਸ਼ਨਕਾਰੀ ਕਿਸਾਨਾਂ ਨੇ ਦੋਸ਼ ਲਾਇਆ ਕਿ ਪੰਜਾਬ ਅਤੇ ਹਰਿਆਣਾ ਸਰਕਾਰਾਂ ਦੀ ਹਮਾਇਤ ਵਾਲੇ ‘ਸ਼ਰਾਰਤੀ ਅਨਸਰਾਂ’ ਨੇ ਉਨ੍ਹਾਂ ਦੇ ਚੱਲ ਰਹੇ ਅੰਦੋਲਨ ਨੂੰ ਬਦਨਾਮ ਕਰਨ ਲਈ ‘ਸਾਜ਼ਿਸ਼’ ਰਚੀ ਸੀ। ਕਿਸਾਨਾਂ ਨੇ ਐਤਵਾਰ ਨੂੰ ਦੋਸ਼ ਲਾਇਆ ਸੀ ਕਿ ਲੋਕਾਂ ਦੇ ਸਮੂਹ ਨੇ ਹੰਗਾਮਾ ਕਰਨ ਤੇ ਪ੍ਰਦਰਸ਼ਨ ਵਾਲੀ ਥਾਂ ’ਤੇ ਸਟੇਜ 'ਤੇ ਕਬਜ਼ਾ ਕਰਨ ਦੀ ਕੋਸ਼ਿਸ਼ ਕੀਤੀ। ਦੂਜੇ ਸਮੂਹ ਨੇ ਦੋਸ਼ਾਂ ਨੂੰ ਪੂਰੀ ਤਰ੍ਹਾਂ ਰੱਦ ਕਰ ਦਿੱਤਾ। ਇਸ ਵਿੱਚ ਅੰਬਾਲਾ ਦੇ ਵਪਾਰੀ ਵੀ ਸ਼ਾਮਲ ਹਨ।
ਦੂਜੇ ਧੜੇ ਦਾ ਕਹਿਣਾ ਹੈ ਕਿ ਉਹ ਅੰਬਾਲਾ-ਲੁਧਿਆਣਾ ਨੈਸ਼ਨਲ ਹਾਈਵੇਅ ਦੇ ਬੰਦ ਹੋਣ ਕਾਰਨ ਹੋ ਰਹੇ ਨੁਕਸਾਨ ਵੱਲ ਧਿਆਨ ਦਿਵਾਉਣ ਅਤੇ ਬੰਦ ਰਸਤਾ ਖੋਲ੍ਹਣ ਲਈ ਕਿਸਾਨਾਂ ਨੂੰ ਬੇਨਤੀ ਕਰਨ ਲਈ ਸਟੇਜ 'ਤੇ ਚੜ੍ਹੇ ਸਨ। ਸ਼ੰਭੂ ਬਾਰਡਰ ’ਤੇ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਐੱਸਕੇਐੱਮ ਗੈਰਸਿਆਸੀ ਤੇ ਕਿਸਾਨ ਮਜ਼ਦੂਰ ਮੋਰਚਾ ਆਗੂ ਦਿਲਬਾਗ ਸਿੰਘ ਹਰੀਗੜ੍ਹ ਨੇ ਦੋਸ਼ ਲਾਇਆ ਕਿ ਕੁਝ ‘ਸ਼ਰਾਰਤੀ ਅਨਸਰਾਂ’ ਨੇ ਕਿਸਾਨ ਅੰਦੋਲਨ ਨੂੰ ‘ਬਦਨਾਮ’ ਕਰਨ ਦੀ ਸਾਜ਼ਿਸ਼ ਰਚੀ ਹੈ। ਕਿਸਾਨਾਂ ਨੇ ਕੋਈ ਸੜਕ ਬੰਦ ਨਹੀਂ ਕੀਤੀ। ਕੇਂਦਰ ਸਰਕਾਰ ਨੇ ਹਾਈਵੇਅ ਬੰਦ ਕਰ ਦਿੱਤਾ ਹੈ।