For the best experience, open
https://m.punjabitribuneonline.com
on your mobile browser.
Advertisement

ਸ਼ੰਭੂ ਮੋਰਚਾ: ਕਿਸਾਨ ਆਗੂਆਂ ਵੱਲੋਂ ਸੁਪਰੀਮ ਕੋਰਟ ਦੇ ਫ਼ੈਸਲੇ ਦਾ ਸਵਾਗਤ

08:43 AM Aug 14, 2024 IST
ਸ਼ੰਭੂ ਮੋਰਚਾ  ਕਿਸਾਨ ਆਗੂਆਂ ਵੱਲੋਂ ਸੁਪਰੀਮ ਕੋਰਟ ਦੇ ਫ਼ੈਸਲੇ ਦਾ ਸਵਾਗਤ
ਲਹਿਰਾਗਾਗਾ ’ਚ ਕਿਸਾਨਾਂ ਨਾਲ ਮੀਟਿੰਗ ਕਰਦੇ ਹੋਏ ਜਗਜੀਤ ਸਿੰਘ ਡੱਲੇਵਾਲ।
Advertisement

ਪੱਤਰ ਪ੍ਰੇਰਕ
ਪਟਿਆਲਾ, 13 ਅਗਸਤ
ਸੁਪਰੀਮ ਕੋਰਟ ਵੱਲੋਂ ਸ਼ੰਭੂ ਬਾਰਡਰ ’ਤੇ ਕੌਮੀ ਮਾਰਗ ਨੂੰ ਅੰਸ਼ਿਕ ਤੌਰ ’ਤੇ ਖੋਲ੍ਹਣ ਦੇ ਦਿੱਤੇ ਹੁਕਮਾਂ ਦਾ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਅਤੇ ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਕ) ਦੇ ਆਗੂ ਜਗਜੀਤ ਸਿੰਘ ਡੱਲੇਵਾਲ ਨੇ ਸਵਾਗਤ ਕੀਤਾ ਹੈ। ਉਨ੍ਹਾਂ ਆਖਿਆ ਕਿ ਉਨ੍ਹਾਂ ਨੂੰ ਸੜਕ ਖਾਲੀ ਕਰਨ ਵਿੱਚ ਕੋਈ ਇਤਰਾਜ਼ ਨਹੀਂ ਹੈ ਪਰ ਕੇਂਦਰ ਸਰਕਾਰ ਨੂੰ ਉਨ੍ਹਾਂ ਦੀਆਂ ਮੰਗਾਂ ਮੰਨਣੀਆਂ ਪੈਣਗੀਆਂ। ਸ੍ਰੀ ਡੱਲੇਵਾਲ ਕਹਿਣਾ ਹੈ ਕਿ ਉਹ ਜਲਦੀ ਇਸ ਮਾਮਲੇ ਬਾਰੇ ਮੀਟਿੰਗ ਕਰਨਗੇ ਅਤੇ ਫਿਲਹਾਲ ਉਹ 15 ਅਗਸਤ ਤੱਕ ਕਿਸਾਨੀ ਸੰਘਰਸ਼ ਦੇ ਪ੍ਰੋਗਰਾਮਾਂ ਵਿੱਚ ਰੁੱਝੇ ਹੋਏ ਹਨ। ਉਨ੍ਹਾਂ ਆਖਿਆ ਕਿ ਉਹ ਸੁਪਰੀਮ ਕੋਰਟ ਦਾ ਫ਼ੈਸਲਾ ਨੂੰ ਪੜ੍ਹਨ ਤੋਂ ਬਾਅਦ ਵਿਸ਼ੇਸ਼ ਮੀਟਿੰਗ ਕੀਤੀ ਜਾਵੇਗੀ, ਜਿਸ ਵਿਚ ਕਿਸਾਨ ਸੰਘਰਸ਼ ਦੀ ਅਗਲੀ ਰਣਨੀਤੀ ਤੈਅ ਕੀਤੀ ਜਾਵੇਗੀ।
ਸ੍ਰੀ ਪੰਧੇਰ ਨੇ ਆਖਿਆ ਕਿ ਉਹ ਸੁਪਰੀਮ ਕੋਰਟ ਦੇ ਫ਼ੈਸਲੇ ਦਾ ਸਵਾਗਤ ਕਰਦੇ ਹਨ ਪਰ ਭਾਜਪਾ ਕਿਸਾਨਾਂ ਨੂੰ ਹਰ ਪੱਖੋਂ ਦਬਾਅ ਕੇ ਆਪਣੀ ਮਨਮਰਜ਼ੀ ਕਰਨਾ ਚਾਹੁੰਦੀ ਹੈ। ਹਾਲਾਂਕਿ ਉਹ ਨਹੀਂ ਚਾਹੁੰਦੇ ਕਿ ਸ਼ੰਭੂ ਬਾਰਡਰ ਜਾਂ ਖਨੌਰੀ ਬਾਰਡਰ ’ਤੇ ਕਿਸਾਨ ਲੰਬਾ ਸਮਾਂ ਬੈਠੇ ਰਹਿਣ ਪਰ ਉਨ੍ਹਾਂ ਨੂੰ ਮਜਬੂਰਨ ਬਾਰਡਰਾਂ ’ਤੇ ਮੋਰਚਾ ਲਾਉਣਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਸੰਘਰਸ਼ ਸ਼ਾਂਤਮਈ ਹੈ ਜਦਕਿ ਹਰਿਆਣਾ ਦੀ ਭਾਜਪਾ ਸਰਕਾਰ ਨੇ ਕਿਸਾਨ ਆਗੂਆਂ ’ਤੇ ਅਪਰਾਧਿਕ ਕਾਰਵਾਈ ਕਰਦਿਆਂ ਗੋਲੀਆਂ ਵੀ ਚਲਾਈਆਂ ਜਿਸ ਕਾਰਨ ਨੌਜਵਾਨ ਕਿਸਾਨ ਸ਼ੁਭਕਰਨ ਸਿੰਘ ਦੀ ਮੌਤ ਹੋ ਗਈ ਸੀ ਅਤੇ ਕਈ ਕਿਸਾਨਾਂ ਦੀ ਅੱਖਾਂ ਦੀ ਜੋਤ ਚਲੀ ਗਈ ਤੇ ਉਹ ਫੱਟੜ ਹੋ ਗਏ। ਉਨ੍ਹਾਂ ਆਖਿਆ ਕਿ ਉਨ੍ਹਾਂ ਸ਼ੰਭੂ ਬਾਰਡਰ ’ਤੇ ਕੋਈ ਰਸਤਾ ਨਹੀਂ ਰੋਕਿਆ ਹੋਇਆ ਪਰ ਸੁਪਰੀਮ ਕੋਰਟ ਦੇ ਹੁਕਮਾਂ ਦੀ ਤਾਮੀਲ ਕਰਨਗੇ। ਉਨ੍ਹਾਂ ਆਖਿਆ ਕਿ ਜਦੋਂ ਤੱਕ ਕੇਂਦਰ ਸਰਕਾਰ ਕਿਸਾਨਾਂ ਦੀਆਂ ਮੰਗਾਂ ਲਾਗੂ ਕਰਦੀ ਉਦੋਂ ਤੱਕ ਕਿਸਾਨ ਸੰਘਰਸ਼ ’ਤੇ ਡਟੇ ਰਹਿਣਗੇ।

ਕਿਸਾਨ ਆਜ਼ਾਦੀ ਦਿਵਸ ਮੌਕੇ ਕਰਨਗੇ ਟਰੈਕਟਰ ਮਾਰਚ

ਲਹਿਰਾਗਾਗਾ (ਰਮੇਸ਼ ਭਾਰਦਵਾਜ): ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਦੇ ਸੂਬਾ ਪ੍ਰਧਾਨ ਜਗਜੀਤ ਸਿੰਘ ਡੱਲੇਵਾਲ ਨੇ ਸੰਯੁਕਤ ਕਿਸਾਨ ਮੋਰਚਾ ਗੈਰ ਰਾਜਨੀਤਕ ਦੇ ਵਰਕਰਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਭਾਜਪਾ ਦੇ ਫਾਸ਼ੀਵਾਦੀ ਰਥ ਨੂੰ ਚੋਣਾਂ ਵਿੱਚ ਕਿਸਾਨ ਮੋਰਚੇ ਨੇ ਵੱਡਾ ਝਟਕਾ ਦਿੱਤਾ ਹੈ। ਇਸ ਦੇ ਬਾਵਜੂਦ ਕੇਂਦਰ ਕਿਸਾਨਾਂ ਦੀਆਂ ਮੰਗਾਂ ਮੰਨਣ ਦੀ ਬਜਾਏ ਕਿਸਾਨਾਂ ਦੇ ਮੋਰਚੇ ਵਿਰੁੱਧ ਪ੍ਰਚਾਰ ਕਰ ਰਿਹਾ ਹੈ। ਉਨ੍ਹਾਂ ਸ਼ੰਭੂ ਤੇ ਖਨੌਰੀ ਬਾਰਡਰਾਂ ’ਤੇ ਚੱਲ ਰਹੇ ਮੋਰਚੇ ਤਹਿਤ 15 ਅਗਸਤ ਵਾਲੇ ਦਿਨ ਪੰਜਾਬ ਭਰ ਵਿੱਚ ਵਿਸ਼ਾਲ ਟਰੈਕਟ ਮਾਰਚ ਦੀਆਂ ਤਿਆਰੀਆਂ ਸਬੰਧੀ ਵਿਚਾਰ ਕੀਤੀ। ਉਨ੍ਹਾਂ ਕਿਹਾ ਕਿ ਟਰੈਕਟਰ ਮਾਰਚ ਲਹਿਰਾਗਾਗਾ ਦੇ ਪਿੰਡਾਂ ਵਿੱਚੋਂ ਹੁੰਦਾ ਹੋਇਆ ਖਨੌਰੀ ਬਾਰਡਰ ’ਤੇ ਪੁੱਜੇਗਾ ਜਿਥੇ ਫ਼ੌਜਦਾਰੀ ਕਾਨੂੰਨਾਂ ਦੀਆਂ ਕਾਪੀਆਂ ਸਾੜੀਆਂ ਜਾਣਗੀਆਂ।

Advertisement

Advertisement
Author Image

joginder kumar

View all posts

Advertisement