For the best experience, open
https://m.punjabitribuneonline.com
on your mobile browser.
Advertisement

ਬਠਿੰਡਾ ’ਚ ਭਾਜਪਾ ਦੀ ਮੀਟਿੰਗ ਦਾ ਕਿਸਾਨਾਂ ਵੱਲੋਂ ਤਿੱਖਾ ਵਿਰੋਧ

06:06 AM Mar 25, 2024 IST
ਬਠਿੰਡਾ ’ਚ ਭਾਜਪਾ ਦੀ ਮੀਟਿੰਗ ਦਾ ਕਿਸਾਨਾਂ ਵੱਲੋਂ ਤਿੱਖਾ ਵਿਰੋਧ
ਬਠਿੰਡਾ ’ਚ ਕਿਸਾਨ ਭਾਜਪਾ ਖ਼ਿਲਾਫ਼ ਪ੍ਰਦਰਸ਼ਨ ਕਰਦੇ ਹੋਏ।
Advertisement

ਸ਼ਗਨ ਕਟਾਰੀਆ
ਬਠਿੰਡਾ, 24 ਮਾਰਚ
ਸੰਯੁਕਤ ਕਿਸਾਨ ਮੋਰਚੇ ਨਾਲ ਸਬੰਧਤ ਕਿਸਾਨ ਧਿਰਾਂ ਨੇ ਅੱਜ ਇਥੇ ਭਾਜਪਾ ਵਰਕਰਾਂ ਦੀ ਮੀਟਿੰਗ ਵਾਲੀ ਥਾਂ ਦੇ ਨੇੜੇ ਕਾਲੀਆਂ ਝੰਡੀਆਂ ਨਾਲ ਰੋਸ ਪ੍ਰਦਰਸ਼ਨ ਕੀਤਾ। ਮੀਟਿੰਗ ਵਾਲੀ ਥਾਂ ’ਤੇ ਜੁੜੇ ਸੈਂਕੜੇ ਕਿਸਾਨਾਂ ਨੇ ਭਾਜਪਾ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਅਤੇ ਕਿਹਾ ‘ਤੁਸੀਂ ਸਾਨੂੰ ਦਿੱਲੀ ਨਹੀਂ ਜਾਣ ਦਿੰਦੇ, ਅਸੀਂ ਤੁਹਾਨੂੰ ਪੰਜਾਬ ’ਚ ਨਹੀਂ ਵੜਨ ਦਿਆਂਗੇ।’
ਪਾਰਲੀਮਾਨੀ ਚੋਣਾਂ ਦੇ ਸਬੰਧ ’ਚ ਭਾਜਪਾ ਵੱਲੋਂ ਇਥੇ ਵਰਕਰਾਂ ਦੀ ਮੀਟਿੰਗ ਰੱਖੀ ਸੀ। ਮੀਟਿੰਗ ’ਚ ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਸਮੇਤ ਹੋਰ ਕਈ ਆਗੂਆਂ ਨੇ ਸ਼ਿਰਕਤ ਕਰਨੀ ਸੀ ਪਰ ਉਨ੍ਹਾਂ ਦੇ ਆਉਣ ਤੋਂ ਪਹਿਲਾਂ ਹੀ ਕਿਸਾਨ ਵਿਰੋਧ ਲਈ ਟਰੈਕਟਰਾਂ-ਟਰਾਲੀਆਂ ਰਾਹੀਂ ਉਥੇ ਪਹੁੰਚ ਗਏ। ਕਿਸਾਨਾਂ ਵੱਲੋਂ ਅਚਾਨਕ ਅਪਣਾਏ ਗਏ ਇਸ ਰੁਖ਼ ਨਾਲ ਇੱਕ ਵਾਰ ਤਾਂ ਪੁਲੀਸ ਨੂੰ ਹੱਥਾਂ-ਪੈਰਾਂ ਦੀ ਪੈ ਗਈ ਸੀ ਪਰ ਥੋੜੀ ਦੇਰ ’ਚ ਹੋਰ ਪੁਲੀਸ ਨਫ਼ਰੀ ਮੌਕੇ ’ਤੇ ਪਹੁੰਚ ਗਈ। ਭਾਰਤੀ ਕਿਸਾਨ ਯੂਨੀਅਨ (ਉਗਰਾਹਾਂ) ਦੇ ਜ਼ਿਲ੍ਹਾ ਪ੍ਰਧਾਨ ਸ਼ਿੰਗਾਰਾ ਸਿੰਘ ਮਾਨ, ਭਾਰਤੀ ਕਿਸਾਨ ਯੂਨੀਅਨ (ਡਕੌਂਦਾ) ਦੇ ਆਗੂ ਅਮਰਜੀਤ ਸਿੰਘ ਹਨੀ, ਕ੍ਰਾਂਤੀਕਾਰੀ ਕਿਸਾਨ ਯੂਨੀਅਨ ਦੇ ਆਗੂ ਜਗਤਾਰ ਸਿੰਘ ਅਤੇ ਕਿਰਤੀ ਕਿਸਾਨ ਯੂਨੀਅਨ ਦੇ ਆਗੂ ਸਵਰਨ ਸਿੰਘ ਪੂਹਲੀ ਨੇ ਕਿਸਾਨਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ 14 ਮਾਰਚ ਨੂੰ ਦਿੱਲੀ ’ਚ ਹੋਈ ਮਹਾਪੰਚਾਇਤ ਦੌਰਾਨ ਪੂਰੇ ਮੁਲਕ ’ਚ ਭਾਜਪਾ ਦੇ ਵਿਰੋਧ ਦਾ ਫ਼ੈਸਲਾ ਹੋਇਆ ਸੀ। ਉਨ੍ਹਾਂ ਕਿਹਾ ਕਿ ਬਠਿੰਡਾ ’ਚ ਵਿਰੋਧ ਨਾਲ ਇਸ ਦੀ ਸ਼ੁਰੂਆਤ ਕਰ ਦਿੱਤੀ ਗਈ ਹੈ ਅਤੇ ਆਉਂਦੇ ਦਿਨਾਂ ’ਚ ਹਰ ਪਾਸੇ ਵਿਰੋਧ ਦਿਖਾਈ ਦੇਵੇਗਾ। ਆਗੂਆਂ ਨੇ ਦੋਸ਼ ਲਾਇਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਪਿਛਲੇ ਦਸ ਸਾਲਾਂ ਦੌਰਾਨ ਕੇਂਦਰ ਸਰਕਾਰ ਵੱਲੋਂ ਪੂਰੇ ਮੁਲਕ ਅੰਦਰ ਤਾਨਾਸ਼ਾਹੀ ਵਾਲਾ ਮਾਹੌਲ ਪੈਦਾ ਕਰਨ ਦੀਆਂ ਕੋਸ਼ਿਸ਼ਾਂ ਕੀਤੀਆਂ ਜਾਂਦੀਆਂ ਰਹੀਆਂ ਹਨ। ਉਨ੍ਹਾਂ ਕਿਹਾ ਕਿ ਕੇਂਦਰੀ ਹਕੂਮਤ ਵੱਲੋਂ ਕਿਰਤੀ ਜਮਾਤ ਖ਼ਿਲਾਫ਼ ਨੀਤੀਆਂ ਲਾਗੂ ਕਰਨ, ਹੱਕ ਮੰਗਦੇ ਲੋਕਾਂ ’ਤੇ ਜਬਰ ਢਾਹੁਣ ਅਤੇ ਲੋਕਾਂ ਦੇ ਜਮਹੂਰੀ ਹੱਕ ’ਤੇ ਡਾਕੇ ਮਾਰਨਾ ਭਾਜਪਾ ਸਰਕਾਰ ਦਾ ਤਰਜੀਹੀ ਏਜੰਡਾ ਰਿਹਾ ਹੈ। ਉਨ੍ਹਾਂ ਕਿਹਾ ਕਿ ਦਿੱਲੀ ਦੀਆਂ ਹੱਦਾਂ ’ਤੇ ਸਵਾ ਸਾਲ ਚੱਲੇ ਅੰਦੋਲਨ ਦੌਰਾਨ ਮੰਨੀਆਂ ਹੋਈਆਂ ਕਿਸਾਨੀ ਮੰਗਾਂ ਨੂੰ ਕੇਂਦਰ ਸਰਕਾਰ ਨੇ ਲਾਗੂ ਨਾ ਕਰਕੇ ਵੱਡੀ ਵਾਅਦਾਖ਼ਿਲਾਫ਼ੀ ਕੀਤੀ ਹੈ।

Advertisement

ਭਾਜਪਾ ਦੀ ਸਰਕਾਰ ਮੁੜ ਬਣਨ ’ਤੇ ਸਾਰੇ ਮਸਲੇ ਹੱਲ ਕਰਾਂਗੇ: ਸਰੂਪ ਸਿੰਗਲਾ

ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਅਤੇ ਸਾਬਕਾ ਵਿਧਾਇਕ ਸਰੂਪ ਚੰਦ ਸਿੰਗਲਾ ਨੇ ਭਾਜਪਾ ਦੀ ਸਫ਼ਲ ਰੈਲੀ ਹੋਣ ਦਾ ਦਾਅਵਾ ਕਰਦਿਆਂ ਕਿਹਾ ਕਿ ਪ੍ਰਦਰਸ਼ਨ ਕਰਨਾ ਸਾਰਿਆਂ ਦਾ ਹੱਕ ਹੈ ਅਤੇ ਕਿਸੇ ਨੂੰ ਰੋਕਿਆ ਨਹੀਂ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਐੱਮਐੱਸਪੀ ਇੱਕ ਵੱਡਾ ਮੁੱਦਾ ਹੈ ਅਤੇ ਇਸ ਦੇ ਹੱਲ ਲਈ ਕੇਂਦਰ ਸਰਕਾਰ ਵੱਲੋਂ ਕਮੇਟੀ ਬਣਾਈ ਗਈ ਹੈ। ਸ੍ਰੀ ਸਿੰਗਲਾ ਨੇ ਕਿਹਾ ਕਿ ਜਿਹੜੀਆਂ 32 ਫ਼ਸਲਾਂ ’ਤੇ ਕਿਸਾਨ ਐੱਮਐੱਸਪੀ ਮੰਗ ਰਹੇ ਹਨ, ਉਨ੍ਹਾਂ ’ਚੋਂ ਜ਼ਿਆਦਾਤਰ ਪੰਜਾਬ ’ਚ ਪੈਦਾ ਨਹੀਂ ਹੁੰਦੀਆਂ। ਉਨ੍ਹਾਂ ਕਿਹਾ ਕਿ ਉਂਜ ਵੀ ਚੋਣ ਜ਼ਾਬਤਾ ਲੱਗਣ ਕਰਕੇ ਕੁੱਝ ਨਹੀਂ ਹੋ ਸਕਦਾ ਹੈ ਅਤੇ ਭਾਜਪਾ ਦੀ ਕੇਂਦਰ ’ਚ ਮੁੜ ਸਰਕਾਰ ਬਣਨ ’ਤੇ ਸਾਰੀਆਂ ਮੰਗਾਂ ਦਾ ਹੱਲ ਕੱਢਿਆ ਜਾਵੇਗਾ। ਸਿੰਗਲਾ ਨੇ ਕਿਹਾ ਕਿ ਉਨ੍ਹਾਂ ਨੂੰ ਕਿਸਾਨਾਂ ਨਾਲ ਹਮਦਰਦੀ ਹੈ ਅਤੇ ਕਿਸਾਨਾਂ ਦੀਆਂ ਤਕਲੀਫ਼ਾਂ ਦੂਰ ਕਰਨ ਲਈ ਸਰਕਾਰ ਕੋਲ ਸਿਫ਼ਾਰਸ਼ ਕਰਨਗੇ।

ਵਿਰੋਧ ਕਾਰਨ ਜਾਖੜ ਅਤੇ ਹੋਰ ਆਗੂ ਨਾ ਪੁੱਜੇ

ਬਠਿੰਡਾ (ਮਨੋਜ ਸ਼ਰਮਾ): ਕਿਸਾਨਾਂ ਵੱਲੋਂ ਭਾਜਪਾ ਵਰਕਰਾਂ ਦੀ ਮੀਟਿੰਗ ਵਾਲੀ ਥਾਂ ’ਤੇ ਪ੍ਰਦਰਸ਼ਨ ਕੀਤੇ ਜਾਣ ਕਾਰਨ ਪ੍ਰਦੇਸ਼ ਪ੍ਰਧਾਨ ਸੁਨੀਲ ਜਾਖੜ ਸਮੇਤ ਕਈ ਹੋਰ ਆਗੂ ਉਥੇ ਨਹੀਂ ਪੁੱਜੇ। ਇਸ ਮੌਕੇ ਵਰਕਰਾਂ ਨੇ ਜ਼ਿਲ੍ਹਾ ਪ੍ਰਧਾਨ ਸਰੂਪ ਚੰਦ ਸਿੰਗਲਾ ਨੂੰ ਆਪਣੇ ਸੁਰੱਖਿਆ ਘੇਰੇ ਰਾਹੀਂ ਮੀਟਿੰਗ ਵਾਲੀ ਥਾਂ ’ਤੇ ਪਹੁੰਚਾਇਆ ਗਿਆ। ਭਾਵੇਂ ਸ੍ਰੀ ਜਾਖੜ ਕਿਸਾਨ ਜਥੇਬੰਦੀਆਂ ਦੇ ਵਿਰੋਧ ਦੇ ਚਲਦਿਆਂ ਪ੍ਰੋਗਰਾਮ ਵਾਲੀ ਥਾਂ ’ਤੇ ਨਹੀਂ ਪੁੱਜੇ ਪਰ ਉਨ੍ਹਾਂ ਦੀ ਜਗ੍ਹਾ ਜਲੰਧਰ ਦੇ ਸਾਬਕਾ ਵਿਧਾਇਕ ਕੇ. ਡੀ. ਭੰਡਾਰੀ ਨੇ ਪਾਰਟੀ ਵਰਕਰਾਂ ਨੂੰ ਸੰਬੋਧਨ ਕੀਤਾ।

Advertisement
Author Image

sukhwinder singh

View all posts

Advertisement
Advertisement
×