ਸ਼ੈਰੀ ਕਲਸੀ ਨੇ ਅੰਮ੍ਰਿਤਸਰ ਤੋਂ ਬਟਾਲਾ ਤੱਕ ਕੀਤੀ ਸ਼ੁਕਰਾਨਾ ਯਾਤਰਾ
ਜਗਤਾਰ ਸਿੰਘ ਲਾਂਬਾ
ਅੰਮ੍ਰਿਤਸਰ, 27 ਨਵੰਬਰ
ਆਮ ਆਦਮੀ ਪਾਰਟੀ (ਆਪ) ਪੰਜਾਬ ਦੀ ਸ਼ੁਕਰਾਨਾ ਯਾਤਰਾ ਦੇ ਦੂਜੇ ਦਿਨ ਅੱਜ ਪਾਰਟੀ ਦੇ ਨਵੇਂ ਸੂਬਾਈ ਕਾਰਜਕਾਰੀ ਪ੍ਰਧਾਨ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੇ ਅੰਮ੍ਰਿਤਸਰ ਤੋਂ ਬਟਾਲਾ ਤੱਕ ਯਾਤਰਾ ਕੀਤੀ ਅਤੇ ਪਾਰਟੀ ਵਰਕਰਾਂ ਨੂੰ ਜ਼ਿਮਨੀ ਚੋਣਾਂ ਵਿੱਚ ਮਿਲੀ ਜਿੱਤ ਦੀ ਵਧਾਈ ਦਿੱਤੀ। ਉਨ੍ਹਾਂ ਅਗਾਮੀ ਨਗਰ ਨਿਗਮ ਚੋਣਾਂ ਵਿੱਚ ‘ਆਪ’ ਦੀ ਵੱਡੀ ਜਿੱਤ ਦਾ ਦਾਅਵਾ ਕੀਤਾ। ਇਸ ਯਾਤਰਾ ਵਿੱਚ ਪਾਰਟੀ ਦੇ ਸੀਨੀਅਰ ਆਗੂ ਤੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਸਣੇ ਕਈ ਵਿਧਾਇਕਾਂ ਤੇ ਪਾਰਟੀ ਅਧਿਕਾਰੀਆਂ, ਸਮਰਥਕਾਂ ਅਤੇ ਵਰਕਰਾਂ ਨੇ ਸ਼ਿਰਕਤ ਕੀਤੀ। ਵਰਕਰਾਂ ਨੇ ਹਰ ਚੌਕ ਵਿੱਚ ਪਾਰਟੀ ਦੇ ਨਵੇਂ ਕਾਰਜਕਾਰੀ ਪ੍ਰਧਾਨ ਦਾ ਫੁੱਲਾਂ ਦੀ ਵਰਖਾ ਅਤੇ ਜ਼ਿੰਦਾਬਾਦ ਦੇ ਨਾਅਰੇ ਲਗਾ ਕੇ ਸਵਾਗਤ ਕੀਤਾ।
ਪੰਜਾਬ ਦੀਆਂ ਅਗਾਮੀ ਨਗਰ ਨਿਗਮ ਚੋਣਾਂ ਵਿੱਚ ਵੀ ਵੱਡੀ ਜਿੱਤ ਦਾ ਦਾਅਵਾ ਕਰਦਿਆਂ ਉਨ੍ਹਾਂ ਕਿਹਾ,‘ਸਾਰੀਆਂ ਨਗਰ ਨਿਗਮਾਂ ਵਿੱਚ ਜਿੱਤ ਹਾਸਲ ਕਰਾਂਗੇ ਅਤੇ ਅੰਮ੍ਰਿਤਸਰ ਵਿੱਚ ਅਗਲਾ ਮੇਅਰ ਆਮ ਆਦਮੀ ਪਾਰਟੀ ਦਾ ਹੀ ਹੋਵੇਗਾ।’ ਯਾਤਰਾ ਦੌਰਾਨ ਵੱਖ-ਵੱਖ ਥਾਵਾਂ ’ਤੇ ਮੀਡੀਆ ਨੂੰ ਸੰਬੋਧਨ ਕਰਦਿਆਂ ਸ਼ੈਰੀ ਕਲਸੀ ਨੇ ਕਿਹਾ ਕਿ ਆਪਣੇ ਵਰਕਰਾਂ ਦੀ ਲਗਨ ਅਤੇ ਮਿਹਨਤ ਸਦਕਾ ਹੀ ਪਾਰਟੀ ਅੱਜ ਇਸ ਮੁਕਾਮ ’ਤੇ ਪਹੁੰਚੀ ਹੈ। ਉਨ੍ਹਾਂ ਦਾਅਵਾ ਕੀਤਾ ਕਿ ਜ਼ਿਮਨੀ ਚੋਣਾਂ ਦੇ ਨਤੀਜਿਆਂ ਤੋਂ ਪਤਾ ਲੱਗਦਾ ਹੈ ਕਿ ਪੰਜਾਬ ਦੇ ਲੋਕ ‘ਆਪ’ ਸਰਕਾਰ ਦੇ ਕੰਮਾਂ ਤੋਂ ਪੂਰੀ ਤਰ੍ਹਾਂ ਸੰਤੁਸ਼ਟ ਹਨ। ਉਨ੍ਹਾਂ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਪੰਜਾਬ ਛੱਡ ਕੇ ਬਾਹਰ ਨਾ ਜਾਣ। ਸਰਕਾਰ ਸੂਬੇ ਵਿੱਚ ਹੀ ਰੁਜ਼ਗਾਰ ਦੇ ਮੌਕੇ ਪੈਦਾ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਪਿਛਲੇ ਢਾਈ ਸਾਲਾਂ ਵਿੱਚ ਕਰੀਬ 50 ਹਜ਼ਾਰ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਮਿਲੀਆਂ ਹਨ। ਉਨ੍ਹਾਂ ਕਿਹਾ ਕਿ ‘ਆਪ’ ਸਰਕਾਰ ਵਿਧਾਨ ਸਭਾ ਚੋਣਾਂ ਦੌਰਾਨ ਪੰਜਾਬ ਦੇ ਲੋਕਾਂ ਨਾਲ ਕੀਤਾ ਹਰ ਵਾਅਦਾ ਪੂਰਾ ਕਰੇਗੀ। ਉਨ੍ਹਾਂ ਕਿਹਾ ਕਿ ਉਹ ਪਾਰਟੀ ਦੀਆਂ ਉਮੀਦਾਂ ’ਤੇ ਖਰਾ ਉਤਰਨ ਦੀ ਪੂਰੀ ਕੋਸ਼ਿਸ਼ ਕਰਨਗੇ ਅਤੇ ਇਹ ਯਕੀਨੀ ਬਣਾਉਣਗੇ ਕਿ ਪਾਰਟੀ ਦੇ ਹਰ ਵਰਕਰ ਦੀ ਆਵਾਜ਼ ਸੁਣੀ ਜਾਵੇ ਤੇ ਉਨ੍ਹਾਂ ਦੀਆਂ ਭਾਵਨਾਵਾਂ ਦਾ ਸਤਿਕਾਰ ਕੀਤਾ ਜਾਵੇ।
ਬਟਾਲਾ ਪਹੁੰਚਣ ’ਤੇ ਸ਼ੈਰੀ ਕਲਸੀ ਦਾ ਸਵਾਗਤ
ਬਟਾਲਾ (ਦਲਬੀਰ ਸੱਖੋਵਾਲੀਆ):
‘ਆਪ’ ਦੇ ਕਾਰਜਕਾਰੀ ਪ੍ਰਧਾਨ ਬਣਨ ਮਗਰੋਂ ਕੱਢੀ ਸ਼ੁਕਰਾਨਾ ਯਾਤਰਾ ਦੌਰਾਨ ਅੱਜ ਬਟਾਲਾ ਪਹੁੰਚਣ ’ਤੇ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਦਾ ਸਵਾਗਤ ਕੀਤਾ ਗਿਆ। ਇਸ ਮੌਕੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ, ਚੇਅਰਮੈਨ ਐਡਵੋਕੇਟ ਜਗਰੂਪ ਸਿੰਘ ਸੇਖਵਾਂ ਸਮੇਤ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਮੌਜੂਦ ਸਨ। ਵਿਧਾਇਕ ਸ਼ੈਰੀ ਕਲਸੀ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਹ ਪਾਰਟੀ ਹਾਈਕਮਾਨ ਵੱਲੋਂ ਸੌਂਪੀ ਗਈ ਜ਼ਿੰਮੇਵਾਰੀ ਨੂੰਇਮਾਨਦਾਰੀ ਨਾਲ ਨਿਭਾਉਣਗੇ। ਉਨ੍ਹਾਂ ਕਿਹਾ ਕਿ ਉਹ ਆਪਣੀ ਪੂਰੀ ਟੀਮ ਨਾਲ ਇਕਜੁੱਟ ਹੋ ਕੇ ਪਾਰਟੀ ਨੂੰ ਹੋਰ ਬੁਲੰਦੀਆਂ ’ਤੇ ਲੈ ਕੇ ਜਾਣਗੇ।