For the best experience, open
https://m.punjabitribuneonline.com
on your mobile browser.
Advertisement

ਸੁਖਬੀਰ ਬਾਦਲ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਭੰਗ

08:02 AM Jul 24, 2024 IST
ਸੁਖਬੀਰ ਬਾਦਲ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਭੰਗ
Advertisement

ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 23 ਜੁਲਾਈ
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਸੀਨੀਅਰ ਲੀਡਰਸ਼ਿਪ ਨਾਲ ਮੀਟਿੰਗ ਦੌਰਾਨ ਪਾਰਟੀ ਦੀ ਕੋਰ ਕਮੇਟੀ ਭੰਗ ਕਰ ਦਿੱਤੀ ਹੈ। ਪਾਰਟੀ ਪ੍ਰਧਾਨ ਨੇ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਪੇਸ਼ ਹੋਣ ਤੋਂ ਪਹਿਲਾਂ ਅੱਜ ਕੋਰ ਕਮੇਟੀ ਭੰਗ ਕੀਤੀ ਹੈ। ਹਾਲਾਂਕਿ ਪਾਰਟੀ ਦੀ ਵਰਕਿੰਗ ਕਮੇਟੀ ਨੇ ਪਿਛਲੇ ਦਿਨੀਂ ਮੀਟਿੰਗ ਦੌਰਾਨ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਪਾਰਟੀ ਦੇ ਜਥੇਬੰਦਕ ਢਾਂਚੇ ਦਾ ਪੁਨਰਗਠਨ ਕਰਨ ਦੇ ਅਧਿਕਾਰ ਦੇ ਦਿੱਤੇ ਸਨ।
ਅੱਜ ਇੱਥੇ ਸੁਖਬੀਰ ਬਾਦਲ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ’ਚ ਪਾਰਟੀ ਦੇ ਸੀਨੀਅਰ ਆਗੂ ਬਲਵਿੰਦਰ ਸਿੰਘ ਭੂੰਦੜ, ਮਹੇਸ਼ਇੰਦਰ ਸਿੰਘ ਗਰੇਵਾਲ, ਡਾ. ਦਲਜੀਤ ਸਿੰਘ ਚੀਮਾ, ਇਕਬਾਲ ਸਿੰਘ ਝੂੰਦਾ, ਪਰਮਜੀਤ ਸਿੰਘ ਸਰਨਾ ਤੋਂ ਇਲਾਵਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਵੀ ਸ਼ਾਮਲ ਹੋਏ। ਮੀਟਿੰਗ ਮਗਰੋਂ ਡਾ. ਦਲਜੀਤ ਸਿੰਘ ਚੀਮਾ ਨੇ ਦੱਸਿਆ ਕਿ ਪਹਿਲੇ ਗੇੜ ਵਿੱਚ ਅੱਜ ਪਾਰਟੀ ਦੀ ਮੌਜੂਦਾ ਕੋਰ ਕਮੇਟੀ ਨੂੰ ਭੰਗ ਕੀਤਾ ਗਿਆ ਹੈ। ਡਾ. ਚੀਮਾ ਨੇ ਦੱਸਿਆ ਕਿ ਪਿਛਲੇ ਦਿਨਾਂ ਵਿੱਚ ਵਰਕਿੰਗ ਕਮੇਟੀ ਨੇ ਪਾਰਟੀ ਦੇ ਜਥੇਬੰਦਕ ਢਾਂਚੇ ਦੇ ਪੁਨਰਗਠਨ ਦੇ ਅਧਿਕਾਰ ਪਾਰਟੀ ਪ੍ਰਧਾਨ ਬਾਦਲ ਨੂੰ ਦਿੱਤੇ ਸਨ, ਜਿਨ੍ਹਾਂ ਦੀ ਵਰਤੋਂ ਕਰਦਿਆਂ ਪਾਰਟੀ ਪ੍ਰਧਾਨ ਨੇ ਕੋਰ ਕਮੇਟੀ ਭੰਗ ਕੀਤੀ ਹੈ।
ਸੂਤਰਾਂ ਮੁਤਾਬਕ ਸੁਖਬੀਰ ਸਿੰਘ ਬਾਦਲ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਸਾਹਮਣੇ ਪੇਸ਼ ਹੋਣ ਤੋਂ ਪਹਿਲਾਂ ਅਜਿਹਾ ਫ਼ੈਸਲਾ ਲਿਆ ਹੈ, ਜੋ ਕਿ ਸੋਚੀ ਸਮਝੀ ਰਣਨੀਤੀ ਦਾ ਹਿੱਸਾ ਹੈ। ਦੱਸਣਯੋਗ ਹੈ ਕਿ ਪਿਛਲੇ ਦਿਨੀਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਨਾਰਾਜ਼ ਧੜੇ ਵੱਲੋਂ ਦਿੱਤੀ ਦਰਖ਼ਾਸਤ ਦੇ ਅਧਾਰ ’ਤੇ ਸੁਖਬੀਰ ਸਿੰਘ ਬਾਦਲ ਨੂੰ 15 ਦਿਨਾਂ ਦੇ ਅੰਦਰ-ਅੰਦਰ ਸਪੱਸ਼ਟੀਕਰਨ ਦੇਣ ਲਈ ਤਲਬ ਕੀਤਾ ਸੀ। ਸੁਖਬੀਰ ਸਿੰਘ ਬਾਦਲ ਨੇ ਕਿਹਾ ਸੀ ਕਿ ਉਹ ਇੱਕ ਨਿਮਾਣੇ ਸਿੱਖ ਵਜੋਂ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਪੇਸ਼ ਹੋਣਗੇ। ਇਸ ਤੋਂ ਪਹਿਲਾਂ ਪਿਛਲੇ ਦਿਨੀਂ ਮੀਟਿੰਗਾਂ ਦਾ ਦੌਰ ਚੱਲਿਆ ਸੀ, ਜਿਸ ਵਿੱਚ ਵੱਖ-ਵੱਖ ਪਾਰਟੀ ਵਿੰਗਾਂ ਵੱਲੋਂ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਿੱਚ ਭਰੋਸਾ ਪ੍ਰਗਟ ਕੀਤਾ ਸੀ। ਹੁਣ ਜੋ ਕੋਰ ਕਮੇਟੀ ਭੰਗ ਕੀਤੀ ਗਈ ਹੈ, ਉਸ ਦੇ ਪੁਨਰਗਠਨ ਸਮੇਂ ਨਵੇਂ ਚਿਹਰੇ ਸ਼ਾਮਲ ਕੀਤੇ ਜਾ ਸਕਦੇ ਹਨ, ਜਿਨ੍ਹਾਂ ਨੇ ਪਿਛਲੇ ਦਿਨਾਂ ਵਿੱਚ ਪਾਰਟੀ ਪ੍ਰਧਾਨ ਦਾ ਸਾਥ ਦਿੱਤਾ ਸੀ ਅਤੇ ਨਾਰਾਜ਼ ਧੜੇ ਦੇ ਮੈਂਬਰਾਂ ਦੀ ਛਾਂਟੀ ਵੀ ਹੋ ਸਕਦੀ ਹੈ।

ਸੁਖਬੀਰ ਬਾਦਲ ਨੇ ਫਿਰ ਤਾਨਾਸ਼ਾਹੀ ਫੁਰਮਾਨ ਸੁਣਾਇਆ: ਵਡਾਲਾ

ਅਕਾਲੀ ਸੁਧਾਰ ਲਹਿਰ ਦੇ ਕਨਵੀਨਰ ਗੁਰਪ੍ਰਤਾਪ ਸਿੰਘ ਵਡਾਲਾ ਨੇ ਕਿਹਾ ਕਿ ਸੁਖਬੀਰ ਸਿੰਘ ਬਾਦਲ ਨੇ ਤਿਆਗ ਦੀ ਭਾਵਨਾ ਦਿਖਾਉਣ ਦੀ ਬਜਾਏ ਕੋਰ ਕਮੇਟੀ ਭੰਗ ਕਰ ਕੇ ਇੱਕ ਹੋਰ ਤਾਨਾਸ਼ਾਹੀ ਫੁਰਮਾਨ ਸੁਣਾ ਦਿੱਤਾ ਹੈ। ਉਨ੍ਹਾਂ ਦੱਸਿਆ ਕਿ ਰਵਾਇਤ ਮੁਤਾਬਕ ਜਦੋਂ ਸਾਰਾ ਢਾਂਚਾ ਭੰਗ ਕੀਤਾ ਜਾਂਦਾ ਹੈ ਤਾਂ ਹੀ ਕੋਰ ਕਮੇਟੀ ਭੰਗ ਕੀਤੀ ਜਾ ਸਕਦੀ ਹੈ ਪਰ ਹੁਣ ਕੋਰ ਕਮੇਟੀ ਭੰਗ ਕਰ ਕੇ ਨਵੀਂ ਰੀਤ ਹੀ ਪਾ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਕੋਰ ਕਮੇਟੀ ਦੇ ਜ਼ਿਆਦਾਤਰ ਮੈਂਬਰਾਂ ਵੱਲੋਂ ਵਰਤਮਾਨ ਸਮੇਂ ਪੈਦਾ ਹੋਏ ਹਾਲਾਤ ਦੇ ਮੁਤਾਬਕ ਤਬਦੀਲੀ ਦੀ ਮੰਗ ਕੀਤੀ ਜਾ ਰਹੀ ਸੀ। ਵਡਾਲਾ ਨੇ ਕਿਹਾ ਕਿ ਕੋਰ ਕਮੇਟੀ ਦੇ 8 ਮੈਂਬਰਾਂ ਵੱਲੋਂ ਤਬਦੀਲੀ ਦੀ ਮੰਗ ਕੀਤੀ ਗਈ ਸੀ, ਜਿਸ ਦਾ ਸੁਖਬੀਰ ਸਿੰਘ ਬਾਦਲ ਦੇ ਕੋਲ ਕੋਈ ਜਵਾਬ ਨਹੀਂ ਸੀ। ਉਨ੍ਹਾਂ ਕਿਹਾ ਸੁਖਬੀਰ ਬਾਦਲ ਜੇ ਸੱਚ ਮੁੱਚ ਲੋਕਾਂ ਦੇ ਫ਼ਤਵੇ ਦਾ ਸਤਿਕਾਰ ਕਰਦੇ ਹਨ ਤਾਂ ਝੂੰਦਾ ਕਮੇਟੀ ਦੀ ਸਿਫ਼ਾਰਸ਼ ਮੁਤਾਬਕ ਆਪਣਾ ਅਹੁਦਾ ਤਿਆਗਣ ਤਾਂ ਕਿ ਪਾਰਟੀ ਨੂੰ ਮਜ਼ਬੂਤ ਕੀਤਾ ਜਾ ਸਕੇ।

Advertisement

Advertisement
Author Image

joginder kumar

View all posts

Advertisement