ਸ਼੍ਰੋਮਣੀ ਅਕਾਲੀ ਦਲ ਵੱਲੋਂ ਪੰਜਾਬ ਸਰਕਾਰ ਖ਼ਿਲਾਫ਼ ਮੁਜ਼ਾਹਰੇ ਅੱਜ
ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 4 ਨਵੰਬਰ
ਸ਼੍ਰੋਮਣੀ ਅਕਾਲੀ ਦਲ ਨੇ ਪੰਜਾਬ ਵਿੱਚ ਝੋਨੇ ਦੀ ਖਰੀਦ ਤੇ ਚੁਕਾਈ ਵਿੱਚ ਆ ਰਹੀ ਸਮੱਸਿਆ ਅਤੇ ਡੀਏਪੀ ਖਾਦ ਦੀ ਕਿੱਲਤ ਨੂੰ ਲੈ ਕੇ ਸੂਬਾ ਸਰਕਾਰ ਦੇ ਘਿਰਾਓ ਦੀ ਤਿਆਰੀ ਖਿੱਚ ਲਈ ਹੈ। ਸ਼੍ਰੋਮਣੀ ਅਕਾਲੀ ਦਲ ਵੱਲੋਂ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਦੀ ਅਗਵਾਈ ਹੇਠ ਭਲਕੇ 5 ਨਵੰਬਰ ਨੂੰ ਪੰਜਾਬ ਭਰ ਵਿੱਚ ਹਲਕਾ ਪੱਧਰ ’ਤੇ ਰੋਸ ਮੁਜ਼ਾਹਰੇ ਕੀਤੇ ਜਾਣਗੇ। ਅਕਾਲੀ ਆਗੂਆਂ ਦਾ ਕਹਿਣਾ ਹੈ ਕਿ ਪਾਰਟੀ ਵੱਲੋਂ ਹਲਕਾ ਪੱਧਰ ’ਤੇ ਰੋਸ ਮੁਜ਼ਾਹਰੇ ਕਰਕੇ ਕਿਸਾਨੀ ਮੁੱਦਿਆਂ ’ਤੇ ਸੁੱਤੀ ਪਈ ਸੂਬਾ ਸਰਕਾਰ ਨੂੰ ਜਗਾਇਆ ਜਾਵੇਗਾ। ਇਹ ਰੋਸ ਮੁਜ਼ਾਹਰੇ ਸਵੇਰੇ 11 ਵਜੇ ਸ਼ੁਰੂ ਕੀਤੇ ਜਾਣਗੇ। ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਦੇ ਮੈਂਬਰ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਪੰਜਾਬ ਵਿੱਚ ਝੋਨੇ ਦੀ ਖਰੀਦ ਸਹੀ ਢੰਗ ਨਾਲ ਨਹੀਂ ਹੋ ਰਹੀ, ਜਿਸ ਕਰਕੇ ਕਿਸਾਨੀ ਲਈ ਵੱਡਾ ਸੰਕਟ ਖੜ੍ਹਾ ਹੋ ਗਿਆ ਹੈ। ਕਿਸਾਨਾਂ ਨੂੰ ਆਪਣੀਆਂ ਫ਼ਸਲਾਂ ਵੇਚਣ ਲਈ ਮੰਡੀਆਂ ਵਿੱਚ ਖੱਜਲ-ਖੁਆਰ ਹੋਣਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਡੀਏਪੀ ਦੀ ਕਿੱਲਤ ਹੋਣ ਕਾਰਨ ਖਾਦ ਦੀ ਕਾਲਾਬਾਜ਼ਾਰੀ ਹੋਣ ਲੱਗੀ ਹੈ। ਸੂਬਾ ਸਰਕਾਰ ਇਸ ਸਮੱਸਿਆ ਨੂੰ ਨਜਿੱਠਣ ਲਈ ਵੀ ਅਵੇਸਲੀ ਦਿਖਾਈ ਦੇ ਰਹੀ ਹੈ। ਚੀਮਾ ਨੇ ਕਿਹਾ ਕਿ ਮੌਜੂਦਾ ਸਮੇਂ ਪੰਜਾਬ ਵਿੱਚ ਕਿਸਾਨਾਂ ਦੇ ਮੌਜੂਦਾ ਹਾਲਾਤ ਲਈ ‘ਆਪ’ ਜ਼ਿੰਮੇਵਾਰ ਹੈ। ਸੂਬਾ ਸਰਕਾਰ ਨੂੰ ਕਿਸਾਨਾਂ ਦੀਆਂ ਸਮੱਸਿਆਵਾਂ ਦਾ ਪਹਿਲ ਦੇ ਆਧਾਰ ’ਤੇ ਹੱਲ ਕਰਨਾ ਚਾਹੀਦਾ ਹੈ ਜੇਕਰ ਪੰਜਾਬ ਵਿੱਚ ਕਿਸਾਨਾਂ ਦੀਆਂ ਸਮੱਸਿਆਵਾਂ ਦਾ ਹੱਲ ਨਾ ਹੋ ਸੱਕਿਆ ਤਾਂ ਸ਼੍ਰੋਮਣੀ ਅਕਾਲੀ ਦਲ ਵੱਲੋਂ ਆਉਣ ਵਾਲੇ ਸਮੇਂ ਵਿੱਚ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ।