ਸ਼੍ਰੋਮਣੀ ਅਕਾਲੀ ਦਲ ਨਹੀਂ ਲੜੇਗਾ ਜ਼ਿਮਨੀ ਚੋਣਾਂ
* ਸਿਆਸੀ ਹਲਕਿਆਂ ’ਚ ਕਈ ਤਰ੍ਹਾਂ ਦੇ ਚਰਚੇ ਛਿੜੇ
ਟ੍ਰਿਬਿਊਨ ਿਨਊਜ਼ ਸਰਵਿਸ
ਚੰਡੀਗੜ੍ਹ, 24 ਅਕਤੂਬਰ
ਸ਼੍ਰੋਮਣੀ ਅਕਾਲੀ ਦਲ ਨੇ ਪੰਜਾਬ ਵਿਚ ਚਾਰ ਵਿਧਾਨ ਸਭਾ ਸੀਟਾਂ ਲਈ 13 ਨਵੰਬਰ ਨੂੰ ਹੋਣ ਵਾਲੀਆਂ ਜ਼ਿਮਨੀ ਚੋਣਾਂ ਨਾ ਲੜਨ ਦਾ ਫ਼ੈਸਲਾ ਕੀਤਾ ਹੈ। ਸ਼੍ਰੋਮਣੀ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਦੀ ਪ੍ਰਧਾਨਗੀ ਹੇਠ ਅੱਜ ਇੱਥੇ ਹੋਈ ਕੋਰ ਕਮੇਟੀ ਦੀ ਮੀਟਿੰਗ ਵਿਚ ਇਹ ਫ਼ੈਸਲਾ ਸਰਬਸੰਮਤੀ ਨਾਲ ਲਿਆ ਗਿਆ। ਇਸ ਫ਼ੈਸਲੇ ਨਾਲ ਹੁਣ ਸ਼੍ਰੋਮਣੀ ਅਕਾਲੀ ਦਲ ਵਿਧਾਨ ਸਭਾ ਦੀ ਬਰਨਾਲਾ, ਗਿੱਦੜਬਾਹਾ, ਡੇਰਾ ਬਾਬਾ ਨਾਨਕ ਅਤੇ ਰਾਖਵੇਂ ਹਲਕੇ ਚੱਬੇਵਾਲ ਦੇ ਚੋਣ ਮੈਦਾਨ ’ਚੋਂ ਬਾਹਰ ਹੋ ਗਿਆ ਹੈ।
ਸ਼੍ਰੋਮਣੀ ਅਕਾਲੀ ਦਲ ਦੇ ਇਸ ਫ਼ੈਸਲੇ ਨਾਲ ਸਿਆਸੀ ਹਲਕਿਆਂ ’ਚ ਕਈ ਤਰ੍ਹਾਂ ਦੇ ਚਰਚੇ ਛਿੜ ਗਏ ਹਨ। ਸੀਨੀਅਰ ਅਕਾਲੀ ਆਗੂ ਅਤੇ ਸਾਬਕਾ ਮੰਤਰੀ ਦਲਜੀਤ ਸਿੰਘ ਚੀਮਾ ਨੇ ਮੀਟਿੰਗ ਮਗਰੋਂ ਮੀਡੀਆ ਨੂੰ ਦੱਸਿਆ ਕਿ ਪਾਰਟੀ ਦੀ ਕੋਰ ਕਮੇਟੀ ਨੇ ਆਗੂਆਂ ਅਤੇ ਪਾਰਟੀ ਵਰਕਰਾਂ ਨਾਲ ਸਲਾਹ ਮਸ਼ਵਰਾ ਕਰਨ ਮਗਰੋਂ ਸਿੱਖ ਸੰਗਤਾਂ ਦੇ ਵਡੇਰੇ ਹਿੱਤਾਂ ਦੇ ਮੱਦੇਨਜ਼ਰ ਜ਼ਿਮਨੀ ਚੋਣਾਂ ਵਿਚ ਪਾਰਟੀ ਤਰਫ਼ੋਂ ਉਮੀਦਵਾਰ ਨਾ ਉਤਾਰਨ ਦਾ ਫ਼ੈਸਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਅਕਾਲ ਤਖ਼ਤ ਦੇ ਜਥੇਦਾਰ ਨੇ ਅਕਾਲੀ ਆਗੂ ਸੁਖਬੀਰ ਸਿੰਘ ਬਾਦਲ ਨੂੰ ਚੋਣ ਲੜਨ ਤੋਂ ਰੋਕ ਦਿੱਤਾ ਹੈ ਅਤੇ ਇਸੇ ਕਰਕੇ ਕੋਰ ਕਮੇਟੀ ਨੇ ਪਾਰਟੀ ਹਿਤ ’ਚ ਜ਼ਿਮਨੀ ਚੋਣ ਨਾ ਲੜਨ ਦਾ ਫ਼ੈਸਲਾ ਲਿਆ ਹੈ। ਅਕਾਲ ਤਖ਼ਤ ਦੇ ਜਥੇਦਾਰ ਨੇ ਲੰਘੇ ਦਿਨ ਕਿਹਾ ਸੀ ਕਿ ਸੁਖਬੀਰ ਬਾਦਲ ਉਦੋਂ ਤੱਕ ਕਿਸੇ ਵੀ ਸਿਆਸੀ ਸਰਗਰਮੀ ਵਿਚ ਹਿੱਸਾ ਨਹੀਂ ਲੈ ਸਕਦੇ ਹਨ ਜਦੋਂ ਤੱਕ ਉਹ ਸਜ਼ਾ ਪੂਰੀ ਨਹੀਂ ਕਰ ਲੈਂਦੇ। ਚੀਮਾ ਨੇ ਕਿਹਾ ਕਿ ਜਥੇਦਾਰ ਦੇ ਫ਼ੈਸਲੇ ਮਗਰੋਂ ਹੀ ਪੰਥਕ ਸੰਸਥਾਵਾਂ ਦੇ ਮਾਣ-ਸਨਮਾਨ ਨੂੰ ਬਰਕਰਾਰ ਰੱਖਦਿਆਂ ਇਨ੍ਹਾਂ ਚੋਣਾਂ ਤੋਂ ਦੂਰ ਰਹਿਣ ਦਾ ਫ਼ੈਸਲਾ ਕੀਤਾ ਹੈ। ਸ੍ਰੀ ਅਕਾਲ ਤਖ਼ਤ ਵੱਲੋਂ ਸੁਖਬੀਰ ਬਾਦਲ ਨੂੰ 2007-17 ਦੇ ਅਕਾਲੀ ਭਾਜਪਾ ਸ਼ਾਸਨ ਦੌਰਾਨ ਕੀਤੀਆਂ ਗ਼ਲਤੀਆਂ ਕਰਕੇ 30 ਅਗਸਤ ਨੂੰ ਤਨਖ਼ਾਹੀਆ ਕਰਾਰ ਦਿੱਤਾ ਗਿਆ ਸੀ। ਜਥੇਦਾਰ ਨੇ ਇਸ ਬਾਰੇ ਅਗਲੇਰਾ ਫ਼ੈਸਲਾ ਲੈਣ ਲਈ ਦੀਵਾਲੀ ਮਗਰੋਂ ਮੀਟਿੰਗ ਸੱਦਣ ਦੀ ਗੱਲ ਆਖੀ ਹੈ। ਡਾ. ਚੀਮਾ ਨੇ ਕਿਹਾ ਕਿ 2007-17 ਦੌਰਾਨ ਪਾਰਟੀ ਪ੍ਰਧਾਨ ਵੱਲੋਂ ਫ਼ੈਸਲੇ ਲਏ ਗਏ ਸਨ, ਪਰ ਇਸ ਸਮੇਂ ਪਾਰਟੀ ਨੇ ਪ੍ਰਧਾਨ ਨਾਲ ਖੜ੍ਹੇ ਹੋਣ ਦਾ ਫ਼ੈਸਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਪਾਰਟੀ ਪ੍ਰਧਾਨ ਤੋਂ ਬਿਨਾਂ ਅਕਾਲੀ ਦਲ ਜ਼ਿਮਨੀ ਚੋਣ ਨਹੀਂ ਲੜ ਸਕਦਾ ਹੈ। ਉਨ੍ਹਾਂ ਕਿਹਾ ਕਿ ਚਾਰੇ ਹਲਕਿਆਂ ਤੋਂ ਪਾਰਟੀ ਦੇ ਦਾਅਵੇਦਾਰ ਚੋਣ ਲੜਨ ਦੇ ਚਾਹਵਾਨ ਸਨ। ਸ਼੍ਰੋਮਣੀ ਅਕਾਲੀ ਦਲ ਦੇ ਵਫ਼ਦ ਨੇ ਮੰਗਲਵਾਰ ਨੂੰ ਜਥੇਦਾਰ ਨਾਲ ਮੁਲਾਕਾਤ ਕਰਕੇ ਅਪੀਲ ਕੀਤੀ ਸੀ ਕਿ 13 ਨਵੰਬਰ ਨੂੰ ਹੋਣ ਵਾਲੀਆਂ ਉਪ ਚੋਣਾਂ ਵਿਚ ਪਾਰਟੀ ਦੀ ਚੋਣ ਮੁਹਿੰਮ ਦੀ ਅਗਵਾਈ ਕਰਨ ਲਈ ਸੁਖਬੀਰ ਬਾਦਲ ਨੂੰ ਛੋਟ ਦਿੱਤੀ ਜਾਵੇ। ਸਿਆਸੀ ਵਿਸ਼ਲੇਸ਼ਕ ਨਿਧੜਕ ਸਿੰਘ ਬਰਾੜ ਨੇ ਅਕਾਲੀ ਦਲ ਦੇ ਇਸ ਫ਼ੈਸਲੇ ਨੂੰ ਆਤਮਘਾਤੀ ਦੱਸਿਆ ਹੈ।
ਅਕਾਲੀ ਵਰਕਰ ਕਿਸ ਪਾਲੇ ਵਿੱਚ ਬੈਠਣਗੇ !
ਸ਼੍ਰੋਮਣੀ ਅਕਾਲੀ ਦਲ ਨੇ ਇਸ ਤੋਂ ਪਹਿਲਾਂ 1992 ਵਿਚ ਅਸੈਂਬਲੀ ਚੋਣਾਂ ਦੇ ਬਾਈਕਾਟ ਦਾ ਫ਼ੈਸਲਾ ਕੀਤਾ ਸੀ ਅਤੇ ਉਸ ਸਮੇਂ ਸੂਬੇ ਦੇ ਹਾਲਾਤ ਅਤੇ ਸਿਆਸੀ ਪ੍ਰਸਥਿਤੀਆਂ ਵੱਖਰੀਆਂ ਸਨ। ਜਲੰਧਰ ਪੱਛਮੀ ਦੀ ਜ਼ਿਮਨੀ ਚੋਣ ’ਚ ਅਕਾਲੀ ਦਲ ਨੇ ਬਸਪਾ ਉਮੀਦਵਾਰ ਦੀ ਹਮਾਇਤ ਕੀਤੀ ਸੀ। ਪਹਿਲੀ ਵਾਰ ਹੈ ਜਦੋਂ ਸ਼੍ਰੋਮਣੀ ਅਕਾਲੀ ਦਲ ਚਾਰ ਸੀਟਾਂ ਲਈ ਜ਼ਿਮਨੀ ਚੋਣਾਂ ਦੇ ਮੈਦਾਨ ’ਚੋਂ ਬਾਹਰ ਹੋਇਆ ਹੈ। ਅਕਾਲੀ ਵਰਕਰ ਇਨ੍ਹਾਂ ਚੋਣਾਂ ’ਚ ਕਿਸ ਪਾਲੇ ਬੈਠਣਗੇ, ਇਸ ਦਾ ਵੱਡਾ ਭੇਤ ਬਣਿਆ ਹੋਇਆ ਹੈ।
ਸ਼੍ਰੋਮਣੀ ਅਕਾਲੀ ਦਲ ਦੇ ਚੋਣ ਲੜਨ ’ਤੇ ਕੋਈ ਰੋਕ ਨਹੀਂ: ਜਥੇਦਾਰ
ਅੰਮ੍ਰਿਤਸਰ (ਜਗਤਾਰ ਸਿੰਘ ਲਾਂਬਾ):
ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਅੱਜ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਪੰਜਾਬ ਵਿੱਚ ਚਾਰ ਵਿਧਾਨ ਸਭਾ ਹਲਕਿਆਂ ਵਿੱਚ ਹੋ ਰਹੀਆਂ ਜ਼ਿਮਨੀ ਚੋਣਾਂ ਵਿੱਚ ਹਿੱਸਾ ਲੈ ਸਕਦਾ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਚੋਣ ਲੜਨ ਉੱਤੇ ਕੋਈ ਪਾਬੰਦੀ ਨਹੀਂ ਹੈ। ਜਥੇਦਾਰ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਪਸ਼ਟ ਕੀਤਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨਾਲ ਸਬੰਧਤ ਮਾਮਲਾ ਅਕਾਲ ਤਖ਼ਤ ਵਿਖੇ ਵਿਚਾਰ ਅਧੀਨ ਹੈ, ਜਿਸ ਲਈ ਉਨ੍ਹਾਂ ਨੂੰ ਚੋਣ ਲੜਨ ਦੀ ਆਗਿਆ ਨਹੀਂ ਦਿੱਤੀ ਜਾ ਸਕਦੀ ਪਰ ਬਾਕੀ ਪਾਰਟੀ ’ਤੇ ਕੋਈ ਪਾਬੰਦੀ ਨਹੀਂ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਜ਼ਿਮਨੀ ਚੋਣਾਂ ਵਿੱਚ ਹੋਰਨਾਂ ਸਿਆਸੀ ਪਾਰਟੀਆਂ ਵਾਂਗ ਆਪਣੇ ਉਮੀਦਵਾਰ ਐਲਾਨ ਕੇ ਚੋਣ ਲੜ ਸਕਦਾ ਹੈ।
ਭਾਜਪਾ ਦੇ ਦਬਾਅ ਹੇਠ ਲਿਆ ਫ਼ੈਸਲਾ: ਚੰਦੂਮਾਜਰਾ
ਅਕਾਲੀ ਸੁਧਾਰ ਲਹਿਰ ਦੇ ਸੀਨੀਅਰ ਆਗੂ ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਹਾ ਕਿ ਅਕਾਲੀ ਦਲ ਨੇ ਇਹ ਫ਼ੈਸਲਾ ਭਾਜਪਾ ਦੇ ਦਬਾਅ ਹੇਠ ਲਿਆ ਹੈ। ਉਨ੍ਹਾਂ ਕਿਹਾ ਕਿ ਸੁਖਬੀਰ ਬਾਦਲ ਦੇ ਇਸ਼ਾਰੇ ਉੱਤੇ ਅਕਾਲੀ ਦਲ ਨੇ ਡੇਰਾ ਬਾਬਾ ਨਾਨਕ ਤੇ ਚੱਬੇਵਾਲ ਹਲਕਿਆਂ ਤੋਂ ਆਪਣੇ ਸੰਭਾਵੀ ਉਮੀਦਵਾਰ ਰਵੀਕਰਨ ਸਿੰਘ ਕਾਹਲੋਂ ਤੇ ਸੋਹਣ ਸਿੰਘ ਠੰਡਲ ਸਿੱਧੇ ਹੀ ਭਾਜਪਾ ਨੂੰ ਦੇ ਦਿੱਤੇ ਹਨ ਜਦੋਂ ਕਿ ਤੀਜੇ ਹਲਕੇ ਗਿੱਦੜਬਾਹਾ ਵਿਚ ਮਨਪ੍ਰੀਤ ਸਿੰਘ ਬਾਦਲ ਦੀ ਹਮਾਇਤ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਸ ਫ਼ੈਸਲੇ ਪਿੱਛੇ ਗ੍ਰਹਿ ਮੰਤਰੀ ਅਮਿਤ ਸ਼ਾਹ ਦਾ ਹੱਥ ਹੈ। ਉਨ੍ਹਾਂ ਕਿਹਾ ਕਿ ਪਾਰਟੀ ਲੀਡਰਸ਼ਿਪ ਦਾ ਇਹ ਫ਼ੈਸਲਾ ਆਪਣੇ ਵਰਕਰਾਂ ਤੇ ਲੋਕਾਂ ਨੂੰ ਮੰਝਧਾਰ ਵਿਚ ਡੋਬਣ ਦੇ ਬਰਾਬਰ ਹੈ।