ਸ਼੍ਰੋਮਣੀ ਅਕਾਲੀ ਦਲ ਦੀ ਵਰਕਿੰਗ ਕਮੇਟੀ ਤੇ ਜ਼ਿਲ੍ਹਾ ਪ੍ਰਧਾਨਾਂ ਦੀ ਮੀਟਿੰਗ ਅੱਜ
ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 23 ਅਕਤੂਬਰ
ਪੰਜਾਬ ਦੀਆਂ ਚਾਰ ਵਿਧਾਨ ਸਭਾ ਸੀਟਾਂ ’ਤੇ 13 ਨਵੰਬਰ ਨੂੰ ਹੋਣ ਵਾਲੀਆਂ ਜ਼ਿਮਨੀ ਚੋਣਾਂ ਲਈ ਸਿਆਸੀ ਮੈਦਾਨ ਭਖਦਾ ਜਾ ਰਿਹਾ ਹੈ। ਇਨ੍ਹਾਂ ਚੋਣਾਂ ਲਈ ‘ਆਪ’ ਤੇ ਕਾਂਗਰਸ ਨੇ ਚਾਰੋ ਅਤੇ ਭਾਜਪਾ ਨੇ ਤਿੰਨ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ ਪਰ ਸ਼੍ਰੋਮਣੀ ਅਕਾਲੀ ਦਲ ਵੱਲੋਂ ਕੋਈ ਉਮੀਦਵਾਰ ਨਹੀਂ ਐਲਾਨਿਆ ਗਿਆ। ਇਸੇ ਦੌਰਾਨ ਸ਼੍ਰੋਮਣੀ ਅਕਾਲੀ ਦਲ ਨੇ ਭਲਕੇ ਵੀਰਵਾਰ ਨੂੰ ਚੰਡੀਗੜ੍ਹ ਵਿੱਚ ਪਾਰਟੀ ਦੇ ਮੁੱਖ ਦਫ਼ਤਰ ’ਚ ਵਰਕਿੰਗ ਕਮੇਟੀ ਤੇ ਜ਼ਿਲ੍ਹਾ ਪ੍ਰਧਾਨਾਂ ਦੀ ਮੀਟਿੰਗ ਸੱਦ ਲਈ ਹੈ। ਇਸ ਮੀਟਿੰਗ ਦੀ ਅਗਵਾਈ ਪਾਰਟੀ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਵੱਲੋਂ ਕੀਤੀ ਜਾਵੇਗੀ। ਇਸ ਮੀਟਿੰਗ ਵਿੱਚ ਜ਼ਿਮਨੀ ਚੋਣਾਂ ਬਾਰੇ ਫ਼ੈਸਲਾ ਲਿਆ ਜਾ ਸਕਦਾ ਹੈ। ਇਸ ਮੀਟਿੰਗ ਵਿੱਚ ਸ਼੍ਰੋਮਣੀ ਅਕਾਲੀ ਦਲ ਵੱਲੋਂ ਜ਼ਿਮਨੀ ਚੋਣਾਂ ਬਾਰੇ ਕੋਈ ਆਖਰੀ ਫੈਸਲਾ ਲਿਆ ਜਾ ਸਕਦਾ ਹੈ। ਪੰਜਾਬ ਦੀਆਂ ਚਾਰ ਵਿਧਾਨ ਸਭਾ ਸੀਟਾਂ ’ਚੋਂ ਵਿਧਾਨ ਸਭਾ ਹਲਕਾ ਗਿੱਦੜਬਾਹਾ ’ਤੇ ਸ਼੍ਰੋਮਣੀ ਅਕਾਲੀ ਦਲ ਦਾ ਲੰਮਾ ਸਮਾਂ ਕਬਜ਼ਾ ਰਿਹਾ ਹੈ। ਉੱਥੋਂ ਸਾਲ 1969 ਤੋਂ 1992 ਤੱਕ ਸਾਬਕਾ ਮੁੱਖ ਮੰਤਰੀ ਮਰਹੂਮ ਪ੍ਰਕਾਸ਼ ਸਿੰਘ ਬਾਦਲ ਲਗਾਤਾਰ ਪੰਜ ਵਾਰ ਵਿਧਾਇਕ ਰਹੇ ਹਨ। ਉਸ ਤੋਂ ਬਾਅਦ 1995 ਤੋਂ 2012 ਤੱਕ ਮਨਪ੍ਰੀਤ ਸਿੰਘ ਬਾਦਲ ਸ਼੍ਰੋਮਣੀ ਅਕਾਲੀ ਦਲ ਵੱਲੋਂ ਵਿਧਾਇਕ ਚੁਣੇ ਗਏ ਸਨ। ਹਾਲਾਂਕਿ 2012, 2017 ਤੇ 2022 ਦੀਆਂ ਵਿਧਾਨ ਸਭਾ ਚੋਣਾਂ ’ਚ ਕਾਂਗਰਸ ਦੇ ਅਮਰਿੰਦਰ ਸਿੰਘ ਰਾਜਾ ਵੜਿੰਗ ਜਿੱਤਦੇ ਰਹੇ।
ਇਸ ਦੌਰਾਨ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਕਿਸੇ ਵੀ ਤਰ੍ਹਾਂ ਦੀ ਛੋਟ ਦੇਣ ਤੋਂ ਇਨਕਾਰ ਕੀਤੇ ਜਾਣ ਤੋਂ ਬਾਅਦ ਪੈਦਾ ਹੋਈ ਸਿਆਸੀ ਸਥਿਤੀ ’ਤੇ ਵੀ ਵਿਚਾਰ-ਚਰਚਾ ਕੀਤੀ ਜਾ ਸਕਦੀ ਹੈ।
ਜ਼ਿਮਨੀ ਚੋਣਾਂ: ਅਕਾਲੀ ਦਲ ਉਮੀਦਵਾਰ ਐਲਾਨਣ ਵਿੱਚ ‘ਫਾਡੀ’
ਮਾਨਸਾ (ਜੋਗਿੰਦਰ ਸਿੰਘ ਮਾਨ): ਹਰਿਆਣਾ ਦੇ ਪੰਜਾਬੀ ਬੋਲਦੇ ਖੇਤਰਾਂ ਵਿੱਚ ਸ਼੍ਰੋਮਣੀ ਅਕਾਲੀ ਦਲ ਵੱਲੋਂ ਕਿਸੇ ਵੀ ਵਿਧਾਨ ਸਭਾ ਹਲਕੇ ਤੋਂ ਹੁਣੇ ਹੋ ਕੇ ਹਟੀਆਂ ਚੋਣਾਂ ਵਿੱਚ ਉਮੀਦਵਾਰਾਂ ਖੜ੍ਹੇ ਨਾ ਕਰਨ ਮਗਰੋਂ ਹੁਣ ਇਹ ਖੇਤਰੀ ਪਾਰਟੀ ਪੰਜਾਬ ’ਚ ਹੋ ਰਹੀਆਂ 4 ਸੀਟਾਂ ’ਤੇ ਜ਼ਿਮਨੀ ਚੋਣਾਂ ਲਈ ਉਮੀਦਵਾਰ ਐਲਾਨਣ ਵਿੱਚ ਪਛੜ ਗਈ ਹੈ। ਇਨ੍ਹਾਂ ਜ਼ਿਮਨੀ ਚੋਣਾਂ ਲਈ ਉਮੀਦਵਾਰਾਂ ਵੱਲੋਂ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਦੀ ਅੰਤਿਮ ਮਿਤੀ 25 ਅਕਤੂਬਰ ਵਿੱਚ ਸਿਰਫ਼ ਦੋ ਦਿਨ ਬਚੇ ਹਨ। ਪਾਰਟੀ ਨੇ ਉਮੀਦਵਾਰਾਂ ਦੀ ਸੂਚੀ ਜਾਰੀ ਕਰਨ ਬਾਰੇ ਕੋਈ ਫੈਸਲਾ ਨਹੀਂ ਲਿਆ ਹੈ। ਇਸ ਨੂੰ ਲੈ ਕੇ ਮਾਲਵਾ ਖੇਤਰ ਵਿੱਚ ਅਕਾਲੀ ਜਥੇਦਾਰ ਅਤੇ ਵਰਕਰ ਬੜੀ ਕਸੂਤੀ ਸਥਿਤੀ ਵਿੱਚ ਘਿਰੇ ਮਹਿਸੂਸ ਕਰਨ ਲੱਗੇ ਹਨ। ਇਹ ਆਗੂ ਅੱਜ ਸਾਰਾ ਦਿਨ ਗਿੱਦੜਬਾਹਾ ਅਤੇ ਬਰਨਾਲਾ ਤੋਂ ਉਮੀਦਵਾਰਾਂ ਦੇ ਐਲਾਨ ਬਾਰੇ ਹਰ ਪਾਸਿਓਂ ਕੰਨਸੋਆਂ ਲੈਂਦੇ ਰਹੇ ਪਰ ਸ਼ਾਮ ਤੱਕ ਇਨ੍ਹਾਂ ਦੇ ਪੱਲੇ ਕੁੱਝ ਨਹੀਂ ਪਿਆ। ਇੱਕ ਜਥੇਦਾਰ ਨੇ ਕਿਹਾ ਕਿ ਸ੍ਰੀ ਪ੍ਰਕਾਸ਼ ਸਿੰਘ ਬਾਦਲ ਦੇ ਜਾਣ ਮਗਰੋਂ ਪਾਰਟੀ ਦੇ ਮਾਲਵਾ ਖੇਤਰ ਵਿੱਚ ਪੈਰ ਹੀ ਨਹੀਂ ਲੱਗ ਰਹੇ। ਪੰਜਾਬ ਦੀਆਂ 13 ਨਵੰਬਰ ਨੂੰ ਗਿੱਦੜਬਾਹਾ, ਬਰਨਾਲਾ, ਚੱਬੇਵਾਲ ਅਤੇ ਡੇਰਾ ਬਾਬਾ ਨਾਨਕ ਜ਼ਿਮਨੀ ਸੀਟਾਂ ਲਈ ਹੋਣ ਵਾਲੀਆਂ ਚੋਣਾਂ ਲਈ ਸੱਤਾਧਾਰੀ ਆਮ ਆਦਮੀ ਪਾਰਟੀ ਸਣੇ ਕਾਂਗਰਸ, ਭਾਜਪਾ ਨੇ ਸੂਚੀ ਜਾਰੀ ਕਰ ਦਿੱਤੀ ਹੈ। ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਸ਼ੋਸਲ ਮੀਡੀਆ ’ਤੇ ਪੋਸਟ ਪਾ ਕੇ ਜਾਣਕਾਰੀ ਦਿੱਤੀ ਹੈ ਕਿ 24 ਅਕਤੂਬਰ ਨੂੰ ਪਾਰਟੀ ਦੀ ਚੰਡੀਗੜ੍ਹ ਵਿੱਚ ਵਿਸ਼ੇਸ ਮੀਟਿੰਗ ਬੁਲਾਈ ਗਈ ਹੈ, ਜਿਸ ਵਿੱਚ ਕਈ ਅਹਿਮ ਫੈਸਲੇ ਲਏ ਜਾਣੇ ਹਨ।