For the best experience, open
https://m.punjabitribuneonline.com
on your mobile browser.
Advertisement

ਸ਼੍ਰੋਮਣੀ ਕਮੇਟੀ ਵੱਲੋਂ ‘ਐਮਰਜੈਂਸੀ’ ਦੇ ਵਿਰੋਧ ਦਾ ਐਲਾਨ

06:55 AM Sep 29, 2024 IST
ਸ਼੍ਰੋਮਣੀ ਕਮੇਟੀ ਵੱਲੋਂ ‘ਐਮਰਜੈਂਸੀ’ ਦੇ ਵਿਰੋਧ ਦਾ ਐਲਾਨ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮੀਡੀਆ ਨੂੰ ਜਾਣਕਾਰੀ ਦਿੰਦੇ ਹੋਏ। -ਫੋਟੋ: ਸੁਨੀਲ ਕੁਮਾਰ
Advertisement

ਜਗਤਾਰ ਸਿੰਘ ਲਾਂਬਾ
ਅੰਮ੍ਰਿਤਸਰ, 28 ਸਤੰਬਰ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੱਜ ਇੱਥੇ ਅੰਤ੍ਰਿੰਗ ਕਮੇਟੀ ਦੀ ਮੀਟਿੰਗ ’ਚ ਭਾਜਪਾ ਦੀ ਸੰਸਦ ਮੈਂਬਰ ਕੰਗਨਾ ਰਣੌਤ ਵੱਲੋਂ ਬਣਾਈ ਫ਼ਿਲਮ ‘ਐਮਰਜੈਂਸੀ’ ਨੂੰ ਮੂਲੋਂ ਰੱਦ ਕਰਨ ਦਾ ਮਤਾ ਪਾਸ ਕਰਦਿਆਂ ਸਰਕਾਰ ਨੂੰ ਇਸ ’ਤੇ ਪੂਰਨ ਰੋਕ ਲਗਾਉਣ ਦੀ ਮੰਗ ਕੀਤੀ ਹੈ। ਕਮੇਟੀ ਨੇ ਕਿਹਾ ਕਿ ਇਸ ਫਿਲਮ ’ਚ ਸਿੱਖਾਂ ਦੀ ਕਿਰਦਾਰਕੁਸ਼ੀ ਕੀਤੀ ਗਈ ਹੈ। ਕਮੇਟੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਅਪੀਲ ਕੀਤੀ ਹੈ ਕਿ ਮੇਘਾਲਿਆ ਸਰਕਾਰ ਵੱਲੋਂ ਸ਼ਿਲਾਂਗ ’ਚ ਪੰਜਾਬੀ ਕਲੋਨੀ ਸਥਿਤ 200 ਸਾਲ ਪੁਰਾਣੇ ਗੁਰੂਘਰ ਨੂੰ ਢਾਹੁਣ ਤੋਂ ਰੋਕਣ ਵਾਸਤੇ ਉਹ ਇਸ ਮਾਮਲੇ ’ਚ ਤੁਰੰਤ ਦਖ਼ਲ ਦੇਣ। ਅੰਤ੍ਰਿੰਗ ਕਮੇਟੀ ਦੀ ਮੀਟਿੰਗ ਮਗਰੋਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦੱਸਿਆ ਕਿ ਮੀਟਿੰਗ ਵਿੱਚ ਗੁਰੂ ਤੇਗ ਬਹਾਦਰ ਸਾਹਿਬ ਦੇ ਸ਼ਹੀਦੀ ਦਿਹਾੜੇ ਦੀ 350 ਸਾਲਾ ਸ਼ਤਾਬਦੀ ਸਮਾਗਮਾਂ ਨੂੰ ਵੱਡੇ ਪੱਧਰ ’ਤੇ ਮਨਾਉਣ ਦਾ ਫ਼ੈਸਲਾ ਕੀਤਾ ਗਿਆ। ਇਸ ਦੇ ਨਾਲ ਹੀ ਗੁਰੂ ਗੋਬਿੰਦ ਸਿੰਘ ਦੇ ਗੁਰਿਆਈ ਦਿਵਸ ਤੇ ਭਾਈ ਦਿਆਲਾ, ਭਾਈ ਸਤੀ ਦਾਸ ਤੇ ਭਾਈ ਮਤੀ ਦਾਸ ਦੇ ਸ਼ਹੀਦੀ ਦਿਹਾੜੇ ਦੀ 350 ਸਾਲਾ ਸ਼ਤਾਬਦੀ ਸਮਾਗਮਾਂ ਨੂੰ ਸ੍ਰੀ ਅਨੰਦਪੁਰ ਸਾਹਿਬ ਵਿਖੇ ਕੌਮੀ ਪੱਧਰ ’ਤੇ ਮਨਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ ਅੰਤ੍ਰਿੰਗ ਕਮੇਟੀ ਨੇ ਮੇਘਾਲਿਆ ਸਰਕਾਰ ਵੱਲੋਂ ਸ਼ਿਲਾਂਗ ’ਚ ਪੰਜਾਬੀ ਕਲੋਨੀ ਸਥਿਤ 200 ਸਾਲ ਪੁਰਾਣੇ ਗੁਰੂਘਰ ਨੂੰ ਢਾਹੁਣ ਦੀ ਯੋਜਨਾ ਦਾ ਵੀ ਸਖ਼ਤ ਨੋਟਿਸ ਲਿਆ ਗਿਆ। ਇਸ ਸਬੰਧ ਵਿਚ ਸਿੱਖ ਵਫਦ ਦੇ ਰਾਜਪਾਲ ਅਤੇ ਮੁੱਖ ਸਕੱਤਰ ਨੂੰ ਮੰਗ ਪੱਤਰ ਵੀ ਦਿੱਤੇ ਹਨ। ਐਡਵੋਕੇਟ ਧਾਮੀ ਨੇ ਕਿਹਾ ਕਿ ਫ਼ਿਲਮ ‘ਐਮਰਜੈਂਸੀ’ ਵਿੱਚ ਸਿੱਖਾਂ ਨੂੰ ਬਦਨਾਮ ਕਰਨ ਦੇ ਨਾਲ-ਨਾਲ ਸੰਤ ਜਰਨੈਲ ਸਿੰਘ ਖ਼ਾਲਸਾ ਭਿੰਡਰਾਂਵਾਲਿਆਂ ਦੀ ਕਿਰਦਾਰਕੁਸ਼ੀ ਕੀਤੀ ਗਈ ਹੈ, ਜਿਸ ਨੂੰ ਸਿੱਖ ਬਰਦਾਸ਼ਤ ਨਹੀਂ ਕਰ ਸਕਦੇ। ਉਨ੍ਹਾਂ ਦੋਸ਼ ਲਾਇਆ ਕਿ ਇਹ ਫ਼ਿਲਮ ਸਿੱਖ ਵਿਰੋਧੀ ਏਜੰਡੇ ਤਹਿਤ ਨਫ਼ਰਤ ਫੈਲਾਉਣ ਦੀ ਭਾਵਨਾ ਤਹਿਤ ਬਣਾਈ ਗਈ ਹੈ ਜਿਸ ਨੂੰ ਪੰਜਾਬ ਅੰਦਰ ਕਿਸੇ ਵੀ ਕੀਮਤ ’ਤੇ ਨਹੀਂ ਚੱਲਣ ਦਿੱਤਾ ਜਾਵੇਗਾ। ਉਨ੍ਹਾਂ ਲੋਕ ਸਭਾ ਸਪੀਕਰ ਨੂੰ ਕੰਗਨਾ ਵੱਲੋਂ ਕੀਤੀ ਜਾਂਦੀ ਫ਼ਿਰਕੂ ਬਿਆਨਬਾਜ਼ੀ ਦਾ ਨੋਟਿਸ ਲੈਣ ਅਤੇ ਉਸ ਦੀ ਮੈਂਬਰਸ਼ਿਪ ਰੱਦ ਕਰਨ ਲਈ ਵੀ ਆਖਿਆ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਉੱਘੇ ਸਿੱਖ ਆਗੂ ਜਸਵੰਤ ਸਿੰਘ ਖਾਲੜਾ ਦੇ ਜੀਵਨ ’ਤੇ ਬਣੀ ‘ਪੰਜਾਬ 95’ ਫ਼ਿਲਮ ਦਾ ਮਾਮਲਾ ਵੀ ਉਠਾਇਆ ਤੇ ਸਰਕਾਰ ’ਤੇ ਪੱਖਪਾਤੀ ਰਵੱਈਆ ਅਪਨਾਉਣ ਦਾ ਦੋਸ਼ ਲਾਇਆ ਹੈ। ਉਨ੍ਹਾਂ ਦੱਸਿਆ ਕਿ ਬਲਵੰਤ ਸਿੰਘ ਰਾਜੋਆਣਾ ਦੇ ਮਾਮਲੇ ਵਿਚ ਕੇਂਦਰ ਸਰਕਾਰ ਨੇ ਸੁਪਰੀਮ ਕੋਰਟ ਦੇ ਫ਼ੈਸਲੇ ਤੋਂ ਬਾਅਦ ਵੀ ਉਨ੍ਹਾਂ ਦੀ ਫਾਂਸੀ ਨੂੰ ਉਮਰ ਕੈਦ ਵਿਚ ਤਬਦੀਲ ਕਰਨ ਅਤੇ ਰਿਹਾਈ ਸਬੰਧੀ ਕੋਈ ਫੈਸਲਾ ਨਹੀਂ ਕੀਤਾ, ਜਿਸ ਕਾਰਨ ਹੁਣ ਭਾਈ ਰਾਜੋਆਣਾ ਵੱਲੋਂ ਇਸ ਮਾਮਲੇ ਵਿਚ ਸੁਪਰੀਮ ਕੋਰਟ ਵਿਚ ਦੁਬਾਰਾ ਪਟੀਸ਼ਨ ਪਾਈ ਗਈ ਹੈ। ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਕਮੇਟੀ ਨੇ ਦਿੱਲੀ ’ਚ ਅਤਿ ਆਧੁਨਿਕ ਇਮਾਰਤ ਤਿਆਰ ਕਰਕੇ ਦਿੱਲੀ ਸਿੱਖ ਮਿਸ਼ਨ ਨੂੰ ਆਜ਼ਾਦਾਨਾ ਤੌਰ ’ਤੇ ਸਰਗਰਮ ਕਰਨ ਦਾ ਫੈਸਲਾ ਕੀਤਾ ਹੈ। ਅੰਤ੍ਰਿੰਗ ਕਮੇਟੀ ਨੇ ਸ੍ਰੀ ਫ਼ਤਹਿਗੜ੍ਹ ਸਾਹਿਬ ’ਚ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਅਧੀਨ ਚੱਲ ਰਹੇ ਬਾਬਾ ਬੰਦਾ ਸਿੰਘ ਬਹਾਦਰ ਇੰਜਨੀਅਰਿੰਗ ਕਾਲਜ ਦੇ ਸੈਂਟਰ ਦੇ ਦੋ ਵਿਦਿਆਰਥੀਆਂ ਸਕਸ਼ਮ ਘਈ ਤੇ ਗੁਰਵੀਰ ਸਿੰਘ ਨੂੰ ਨੈਸ਼ਨਲ ਡਿਫੈਂਸ ਅਕੈਡਮੀ (ਐਨਡੀਏ) ਦਾ ਪੇਪਰ ਪਾਸ ਕਰਨ ’ਤੇ ਸ਼ੁਭਕਾਮਨਾਵਾਂ ਦਿੱਤੀਆਂ ਹਨ। ਇਸ ਤੋਂ ਇਲਾਵਾ ਕਮੇਟੀ ਨੇ ਸ੍ਰੀ ਗੁਰੂ ਰਾਮਦਾਸ ਜੀ ਦੇ ਗੁਰਿਆਈ ਦਿਵਸ ਅਤੇ ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤਿ ਦੇ 450 ਸਾਲਾ ਸ਼ਤਾਬਦੀ ਸਮਾਗਮਾਂ ਵਿਚ ਪੰਜਾਬ ਦੀ ‘ਆਪ’ ਸਰਕਾਰ ਵੱਲੋਂ ਅਪਣਾਏ ਗਏ ਨਕਾਰਾਤਮਕ ਰਵੱਈਏ ਦੀ ਆਲੋਚਨਾ ਕੀਤੀ ਹੈ।

Advertisement

ਜਥੇਦਾਰਾਂ ਦੀ ਨਿਯੁਕਤੀ ਤੇ ਸੇਵਾਮੁਕਤੀ ਬਾਰੇ ਮਤਾ

ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਨਾਲ ਸਬੰਧਤ ਸ਼੍ਰੋਮਣੀ ਕਮੇਟੀ ਦੀ ਅੰਤਰਿਗ ਕਮੇਟੀ ਦੇ ਮੈਂਬਰ ਜਸਵੰਤ ਸਿੰਘ ਪੂੜੈਨ ਨੇ ਅੱਜ ਮੀਟਿੰਗ ਦੌਰਾਨ ਤਖਤਾਂ ਦੇ ਜਥੇਦਾਰਾਂ ਦੀ ਨਿਯੁਕਤੀ ਤੇ ਸੇਵਾਮੁਕਤੀ ਦਾ ਮਾਮਲਾ ਉਭਾਰਿਆ ਹੈ। ਉਨ੍ਹਾਂ ਇਹ ਮਾਮਲਾ ਫੁਟਕਲ ਮਤੇ ਦੇ ਰੂਪ ਵਿੱਚ ਪੇਸ਼ ਕੀਤਾ ਪਰ ਪ੍ਰਧਾਨ ਵੱਲੋਂ ਇਸ ਨੂੰ ਮਨਜ਼ੂਰੀ ਨਹੀਂ ਦਿੱਤੀ ਗਈ। ਉਨ੍ਹਾਂ ਮਤੇ ਦੇ ਰੂਪ ਵਿੱਚ ਸੁਝਾਅ ਰੱਖਿਆ ਕਿ ਜਥੇਦਾਰਾਂ ਦੀ ਨਿਯੁਕਤੀ ਪੁਰਾਤਨ ਰਹੁ-ਰੀਤਾਂ ਅਨੁਸਾਰ ਹੋਣੀ ਚਾਹੀਦੀ ਹੈ। ਜਥੇਦਾਰ ਨੂੰ ਅਹੁਦੇ ਤੋਂ ਹਟਾਉਣ ਦਾ ਫ਼ੈਸਲਾ ਅੰਤਰਿਗ ਕਮੇਟੀ ਦੀ ਥਾਂ ਜਨਰਲ ਹਾਊਸ ਵਿੱਚ ਦੋ-ਤਿਹਾਈ ਬਹੁਮਤ ਨਾਲ ਕੀਤਾ ਜਾਵੇ। ਤਖਤਾਂ ਦੇ ਜਥੇਦਾਰਾਂ ਦਾ ਵੱਖਰਾ ਬਜਟ ਹੋਵੇ ਤੇ ਜਥੇਦਾਰਾਂ ਦੀ ਮਰਜ਼ੀ ਨਾਲ ਉਸ ਨੂੰ ਖਰਚ ਕੀਤਾ ਜਾਵੇ। ਜਥੇਦਾਰ 70 ਸਾਲ ਦੀ ਉਮਰ ਤੱਕ ਸੇਵਾ ਨਿਭਾ ਸਕਣ।

Advertisement

Advertisement
Author Image

sukhwinder singh

View all posts

Advertisement