ਸ਼੍ਰੋਮਣੀ ਕਮੇਟੀ ਮੈਂਬਰ ਜ਼ਮੀਰ ਦੀ ਆਵਾਜ਼ ਸੁਣ ਕੇ ਵੋਟ ਪਾਉਣ: ਬੀਬੀ ਜਗੀਰ ਕੌਰ
ਪਾਲ ਸਿੰਘ ਨੌਲੀ
ਜਲੰਧਰ, 25 ਅਕਤੂਬਰ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰਧਾਨਗੀ ਲਈ ਚੋਣ ਲੜ ਰਹੇ ਬੀਬੀ ਜਗੀਰ ਕੌਰ ਨੇ ਸ਼੍ਰੋਮਣੀ ਕਮੇਟੀ ਦੇ ਮੈਂਬਰਾਂ ਨੂੰ ਅਪੀਲ ਕੀਤੀ ਹੈ ਕਿ ਉਹ 28 ਅਕਤੂਬਰ ਨੂੰ ਆਪਣੀ ਜ਼ਮੀਰ ਦੀ ਅਵਾਜ਼ ਸੁਣ ਕੇ ਵੋਟ ਪਾਉਣ। ਬੀਬੀ ਜਗੀਰ ਕੌਰ ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਦੇ ਉਮੀਦਵਾਰ ਹਨ ਅਤੇ ਉਨ੍ਹਾਂ ਦੇ ਮੁਕਾਬਲੇ ਵਿੱਚ ਮੌਜੂਦਾ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਹਨ।
ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਬੀਬੀ ਜਗੀਰ ਕੌਰ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਅਕਾਲ ਤਖ਼ਤ ਦੇ ਹੁਕਮਾਂ ਦੀ ਉਲੰਘਣਾ ਕਰਕੇ ਸ਼੍ਰੋਮਣੀ ਕਮੇਟੀ ਮੈਂਬਰਾਂ ਦੀਆਂ ਮੀਟਿੰਗਾਂ ਸੁਖਬੀਰ ਸਿੰਘ ਬਾਦਲ ਨਾਲ ਕਰਵਾ ਰਹੇ ਹਨ, ਜਿਹੜੇ ਤਨਖਾਹੀਆ ਕਰਾਰ ਦਿੱਤੇ ਹੋਏ ਹਨ। ਪਿਛਲੇ ਦਿਨੀਂ ਧਾਮੀ ਨੇ ਪ੍ਰੈਸ ਕਾਨਫਰੰਸ ਵਿੱਚ ਦੋਸ਼ ਲਾਇਆ ਸੀ ਕਿ ਭਾਜਪਾ, ਕਾਂਗਰਸ ਅਤੇ ਸੱਤਾਧਾਰੀ ਪਾਰਟੀ ਆਮ ਆਦਮੀ ਪਾਰਟੀ ਬੀਬੀ ਜਗੀਰ ਕੌਰ ਦੀ ਮਦਦ ਕਰ ਰਹੇ ਹਨ ਅਤੇ ਪੈਸੇ ਦੀ ਪੇਸ਼ਕਸ਼ ਵੀ ਕੀਤੀ ਜਾ ਰਹੀ ਹੈ। ਬੀਬੀ ਜਗੀਰ ਕੌਰ ਨੇ ਸਵਾਲ ਕੀਤਾ ਕਿ ਜੇ ਧਾਮੀ ਕੋਲ ਕੋਈ ਸਬੂਤ ਸਨ ਤਾਂ ਉਹ ਜਨਤਕ ਕਰਨ।