ਸ਼੍ਰੋਮਣੀ ਕਮੇਟੀ ਮੈਂਬਰਾਂ ਵੱਲੋਂ ਧਾਮੀ ਦੇ ਹੱਕ ’ਚ ਆਵਾਜ਼ ਬੁਲੰਦ
ਨਿੱਜੀ ਪੱਤਰ ਪ੍ਰੇਰਕ
ਫ਼ਤਹਿਗੜ੍ਹ ਸਾਹਿਬ, 17 ਦਸੰਬਰ
ਸ੍ਰੀ ਫਤਹਿਗੜ੍ਹ ਸਾਹਿਬ ਤੋਂ ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਰਣਧੀਰ ਸਿੰਘ ਚੀਮਾ, ਬਸੀ ਪਠਾਣਾ ਤੋਂ ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਅਵਤਾਰ ਸਿੰਘ ਰਿਆ, ਅਮਲੋਹ ਤੋਂ ਸ਼੍ਰੋਮਣੀ ਕਮੇਟੀ ਮੈਂਬਰ ਰਵਿੰਦਰ ਸਿੰਘ ਖ਼ਾਲਸਾ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਜਗਦੀਪ ਸਿੰਘ ਚੀਮਾ ਨੇ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨਿੱਤਨੇਮੀ, ਸਮਰਪਿਤ, ਸੇਵਾ-ਭਾਵਨਾ ਅਤੇ ਨਿਮਰਤਾ ਵਾਲੇ ਆਗੂ ਹਨ ਅਤੇ ਉਨ੍ਹਾਂ ਦੀ ਸਿਆਸੀ ਭਾਵਨਾ ਤਹਿਤ ਕਿਰਦਾਰਕੁਸ਼ੀ ਕਿਸੇ ਵੀ ਹਾਲਤ ਵਿੱਚ ਬਰਦਾਸ਼ਤ ਨਹੀਂ ਕਰਾਂਗੇ। ਉਨ੍ਹਾਂ ਕਿਹਾ ਕਿ ਇਕ ਕਥਿਤ ਆਡੀਓ ਕਲਿਪ ਦੇ ਆਧਾਰ ’ਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਧਾਮੀ ਵਿਰੁੱਧ ਘਟੀਆ ਕਿਸਮ ਦੀ ਰਾਜਨੀਤੀ ਕਰਨ ਵਾਲੇ ਲੋਕ ਪਹਿਲਾਂ ਆਪਣੀ ਪੀੜ੍ਹੀ ਹੇਠਾਂ ਸੋਟੀ ਫ਼ੇਰਨ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਸੱਚੇ ਸਿਪਾਹੀ ਅਤੇ ਸ਼੍ਰੋੋਮਣੀ ਕਮੇਟੀ ਮੈਂਬਰ ਸ੍ਰੀ ਧਾਮੀ ਦੇ ਨਾਲ ਚੱਟਾਨ ਵਾਂਗ ਖੜ੍ਹੇ ਹਨ।
ਧਾਮੀ ਨੂੰ ਸਿਆਸੀ ਨਿਸ਼ਾਨਾ ਬਣਾਉਣਾ ਨਿੰਦਣਯੋਗ: ਚਾਵਲਾ
ਸ੍ਰੀ ਆਨੰਦਪੁਰ ਸਾਹਿਬ (ਪੱਤਰ ਪ੍ਰੇਰਕ): ਸ਼੍ਰੋਮਣੀ ਕਮੇਟੀ ਮੈਂਬਰ ਅਤੇ ਸਾਬਕਾ ਜਨਰਲ ਸਕੱਤਰ ਭਾਈ ਅਮਰਜੀਤ ਸਿੰਘ ਚਾਵਲਾ ਨੇ ਸ਼੍ਰੋਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਵਿਰੁੱਧ ਕਥਿਤ ਆਡੀਓ ਕਲਿਪ ਨੂੰ ਲੈ ਕੇ ਕੁਝ ਲੋਕਾਂ ਵੱਲੋਂ ਘਟੀਆ ਸਿਆਸਤ ਕਰਨ ਦੀ ਨਿਖੇਧੀ ਕੀਤੀ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਦਾ ਨਿੱਕੇ ਤੋਂ ਨਿੱਕਾ ਮੁਲਾਜ਼ਮ ਵੀ ਇਸ ਗੱਲ ਦੀ ਗਵਾਹੀ ਭਰਦਾ ਹੈ ਕਿ ਉਹ ਹਰੇਕ ਮਨੁੱਖ ਦੇ ਆਤਮ-ਸਨਮਾਨ ਅਤੇ ਔਰਤ ਸ਼੍ਰੋਣੀ ਦਾ ਸਤਿਕਾਰ ਕਰਨ ਵਾਲੇ ਪ੍ਰਧਾਨ ਹਨ।