ਸ਼੍ਰੋਮਣੀ ਕਮੇਟੀ ਨੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਤੋਂ ਗੋਇੰਦਵਾਲ ਸਾਹਿਬ ਤੱਕ ਸਜਾਇਆ ਨਗਰ ਕੀਰਤਨ
ਬੀਐੱਸ ਚਾਨਾ
ਸ੍ਰੀ ਆਨੰਦਪੁਰ ਸਾਹਿਬ, 7 ਸਤੰਬਰ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਗੁਰੂ ਅਮਰਦਾਸ ਜੀ ਦੇ 450 ਸਾਲਾ ਜੋਤੀ ਜੋਤ ਦਿਵਸ ਅਤੇ ਸ੍ਰੀ ਗੁਰੂ ਰਾਮ ਦਾਸ ਜੀ ਦੇ 450 ਸਾਲਾ ਗੁਰਤਾ ਗੱਦੀ ਦਿਵਸ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਸ਼ਨਿੱਚਰਵਾਰ ਸਵੇਰੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਤੋਂ ਆਰੰਭ ਕੀਤਾ ਗਿਆ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਤੇ ਪੰਜ ਪਿਆਰਿਆ ਤੇ ਪੰਜ ਨਿਸ਼ਾਨਚੀ ਸਿੰਘਾਂ ਦੀ ਅਗਵਾਈ 'ਚ ਸ਼ੁਰੂ ਹੋਇਆ ਇਹ ਵਿਸ਼ਾਲ ਨਗਰ ਕੀਰਤਨ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਤੋਂ ਸ਼ੁਰੂ ਹੋ ਕੇ ਗੜ੍ਹਸ਼ੰਕਰ, ਬੰਗਾ, ਜਲੰਧਰ, ਕਪੂਰਥਲਾ ਹੁੰਦਾ ਹੋਇਆ ਦੇਰ ਸ਼ਾਮ ਸ੍ਰੀ ਗੋਇੰਦਵਾਲ ਸਾਹਿਬ ਵਿਖੇ ਪੁੱਜ ਕੇ ਸੰਪੰਨ ਆਵੇਗਾ।
ਨਗਰ ਕੀਰਤਨ ਦੀ ਸ਼ੁਰੂਆਤ ਮੌਕੇ ਆਰੰਭਤਾ ਦੀ ਅਰਦਾਸ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਸੁਲਤਾਨ ਸਿੰਘ ਵੱਲੋਂਂ ਕੀਤੀ ਗਈ। ਇਸ ਮੌਕੇ ਸਥਾਨਕ ਖਾਲਸਾ ਸੀਨੀਅਰ ਸਕੈਂਡਰੀ ਸਕੂਲ ਦੇ ਵਿਦਿਆਰਥੀਆਂ ਦੀ ਟੁਕੜੀ ਵੱਲੋਂ ਬੈਂਡ ਦੀਆਂ ਮਨਮੋਹਕ ਧੁਨਾਂ ਵਜਾਈਆਂ ਗਈਆਂ ਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਹਜ਼ੂਰੀ ਰਾਗੀ ਸਿੰਘਾਂ ਵੱਲੋਂ ਕੀਰਤਨ ਕੀਤਾ ਗਿਆ।
ਜਥੇਦਾਰ ਗਿਆਨੀ ਸੁਲਤਾਨ ਸਿੰਘ ਨੇ ਇਸ ਮੌਕੇ ਬੋਲਦਿਆਂ ਕਿਹਾ ਕੇ ਸ਼੍ਰੋਮਣੀ ਕਮੇਟੀ ਵੱਲੋਂ ਵੱਡੇ ਪੱਧਰ ’ਤੇ ਸ਼ਤਾਬਦੀ ਸਮਾਗਮ ਉਲੀਕੇ ਗਏ ਹਨ ਤੇ ਉਸੇ ਤਹਿਤ ਅੱਜ ਇਹ ਵਿਸ਼ਾਲ ਨਗਰ ਕੀਰਤਨ ਸਜਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕੇ ਵੱਧ ਵੱਧ ਸੰਗਤ ਇਨ੍ਹਾਂ ਸਮਾਗਮਾਂ ’ਚ ਸ਼ਾਮਿਲ ਹੋ ਕੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕਰੇ।