ਰਾਜੋਆਣਾ ਦੀ ਰਿਹਾਈ ਲਈ ਯਤਨ ਤੇਜ਼ ਕਰੇ ਸ਼੍ਰੋਮਣੀ ਕਮੇਟੀ: ਜਥੇਦਾਰ
ਟ੍ਰਿਬਿਊਨ ਨਿਉੂਜ਼ ਸਰਵਿਸ
ਅੰਮ੍ਰਤਿਸਰ, 9 ਨਵੰਬਰ
ਜੇਲ੍ਹ ਵਿਚ ਬੰਦ ਭਾਈ ਬਲਵੰਤ ਸਿੰਘ ਰਾਜੋਆਣਾ ਦੇ ਮਾਮਲੇ ਵਿੱਚ ਅੱਜ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਸ਼੍ਰੋਮਣੀ ਕਮੇਟੀ ਨੂੰ ਆਖਿਆ ਕਿ ਸਿੱਖ ਸੰਸਥਾ ਉਸ ਦੀ ਰਿਹਾਈ ਲਈ ਯਤਨ ਤੇਜ਼ ਕਰੇ ਅਤੇ ਇਸ ਸਬੰਧ ਵਿੱਚ ਸਿੱਖ ਸੰਸਥਾਵਾਂ, ਜਥੇਬੰਦੀਆਂ, ਸਭਾ ਸੁਸਾਇਟੀਆਂ, ਸੰਪਰਦਾਵਾਂ ਤੇ ਨਿਹੰਗ ਦਲਾਂ ਦਾ ਸਹਿਯੋਗ ਲੈ ਕੇ ਰਣਨੀਤੀ ਉਲੀਕੀ ਜਾਵੇ। ਉਨ੍ਹਾਂ ਕਿਹਾ ਕਿ ਸਾਲ 2012 ਵਿੱਚ ਸ਼੍ਰੋਮਣੀ ਕਮੇਟੀ ਨੂੰ ਪੰਜ ਸਿੰਘ ਸਾਹਿਬਾਨ ਵੱਲੋਂ ਆਦੇਸ਼ ਕੀਤਾ ਗਿਆ ਸੀ ਕਿ ਭਾਈ ਰਾਜੋਆਣਾ ਦੀ ਰਿਹਾਈ ਲਈ ਹਰ ਸੰਭਵ ਯਤਨ ਕੀਤੇ ਜਾਣ। ਉਨ੍ਹਾਂ ਇਸ ਆਦੇਸ਼ ਨੂੰ ਲਾਗੂ ਕਰਵਾਉਣ ਲਈ ਸ਼੍ਰੋਮਣੀ ਕਮੇਟੀ ਨੂੰ ਹੁਕਮ ਕੀਤਾ ਕਿ ਉਹ ਸਿੱਖ ਸੰਗਤ, ਦਲ ਪੰਥ, ਸਮੁੱਚੀਆਂ ਨਿਹੰਗ ਸਿੰਘ ਜਥੇਬੰਦੀਆਂ, ਸੰਪਰਦਾਵਾਂ, ਸਿੱਖ ਜਥੇਬੰਦੀਆਂ, ਸਿੰਘ ਸਭਾਵਾਂ, ਟਕਸਾਲਾਂ, ਸੰਤਾਂ-ਮਹਾਪੁਰਸ਼ਾਂ, ਵਿਦਵਾਨਾਂ, ਬੁੱਧੀਜੀਵੀਆਂ ਅਤੇ ਸਮੁੱਚੇ ਸਿੱਖ ਪੰਥ ਨੂੰ ਨਾਲ ਲੈ ਕੇ ਇਸ ਸਬੰਧੀ ਰਣਨੀਤੀ ਉਲੀਕੇ। ਉਨ੍ਹਾਂ ਕਿਹਾ ਕਿ ਜੇਲ੍ਹਾਂ ਵਿੱਚ ਬੰਦ ਸਿੱਖਾਂ ਦੇ ਨਾਲ ਹੀ ਬਲਵੰਤ ਸਿੰਘ ਰਾਜੋਆਣਾ ਦੀ ਰਿਹਾਈ ਦੇ ਮਾਮਲੇ ’ਤੇ ਦਸਤਖ਼ਤੀ ਮੁਹਿੰਮ ਦੌਰਾਨ ਲੱਖਾਂ ਦੀ ਗਿਣਤੀ ਵਿੱਚ ਫਾਰਮ ਭਰੇ ਗਏ ਹਨ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਜਲਦੀ ਤੋਂ ਜਲਦੀ ਭਾਈ ਰਾਜੋਆਣਾ ਦੀ ਰਿਹਾਈ ਦਾ ਐਲਾਨ ਕਰੇ। ਇਸ ਤੋਂ ਪਹਿਲਾਂ ਬੀਤੇ ਕੱਲ੍ਹ ਸ਼੍ਰੋਮਣੀ ਕਮੇਟੀ ਦੇ ਜਨਰਲ ਇਜਲਾਸ ਵਿੱਚ ਵੀ ਉਸ ਦੀ ਰਿਹਾਈ ਦੇ ਹੱਕ ਵਿਚ ਮਤਾ ਪਾਸ ਕੀਤਾ ਗਿਆ ਅਤੇ ਸਰਕਾਰ ਨੂੰ ਇਸ ਸਬੰਧੀ ਜਲਦੀ ਕਾਰਵਾਈ ਕਰਨ ਲਈ ਕਿਹਾ ਗਿਆ।