ਸ਼੍ਰੋਮਣੀ ਕਮੇਟੀ ਵੱਲੋਂ ਵਿਸਾਖੀ ਮੌਕੇ 1942 ਸ਼ਰਧਾਲੂਆਂ ਦਾ ਜਥਾ ਪਾਕਿਸਤਾਨ ਜਾਵੇਗਾ
ਜਗਤਾਰ ਸਿੰਘ ਲਾਂਬਾ
ਅੰਮ੍ਰਿਤਸਰ, 7 ਅਪਰੈਲ
ਸ਼੍ਰੋਮਣੀ ਕਮੇਟੀ ਵੱਲੋਂ ਖਾਲਸਾ ਸਾਜਣਾ ਦਿਵਸ ਮੌਕੇ ਐਤਕੀਂ 1942 ਸ਼ਰਧਾਲੂਆਂ ਦਾ ਜਥਾ ਪਾਕਿਸਤਾਨ ਜਾਵੇਗਾ। ਪਾਕਿਸਤਾਨੀ ਦੂਤਾਵਾਸ ਨੇ ਵਿਸਾਖੀ ਮੌਕੇ ਪਾਕਿਸਤਾਨ ਸਥਿਤ ਗੁਰਧਾਮਾਂ ਦੇ ਦਰਸ਼ਨਾਂ ਲਈ ਸ਼੍ਰੋਮਣੀ ਕਮੇਟੀ ਵੱਲੋਂ ਭੇਜੇ ਜਾਣ ਵਾਲੇ ਜਥੇ ਲਈ 1942 ਸ਼ਰਧਾਲੂਆਂ ਨੂੰ ਵੀਜ਼ੇ ਦਿੱਤੇ ਹਨ। ਇਹ ਜਥਾ 10 ਅਪਰੈਲ ਨੂੰ ਸ਼੍ਰੋਮਣੀ ਕਮੇਟੀ ਦਫ਼ਤਰ ਤੋਂ ਰਵਾਨਾ ਹੋਵੇਗਾ। ਜਥੇ ਦੇ ਲੀਡਰ ਵਜੋਂ ਸ਼੍ਰੋਮਣੀ ਕਮੇਟੀ ਮੈਂਬਰ ਡਾ. ਜੰਗ ਬਹਾਦਰ ਸਿੰਘ ਅਤੇ ਡਿਪਟੀ ਲੀਡਰ ਵਜੋਂ ਬੀਬੀ ਜੋਗਿੰਦਰ ਕੌਰ ਬਠਿੰਡਾ ਜਥੇ ਦੀ ਅਗਵਾਈ ਕਰਨਗੇ। ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ 1942 ਸ਼ਰਧਾਲੂਆਂ ਦੇ ਪਾਸਪੋਰਟ ਦਿੱਲੀ ਸਥਿਤ ਪਾਕਿਸਤਾਨ ਦੂਤਾਵਾਸ ਨੂੰ ਭੇਜੇ ਗਏ ਸਨ, ਜਿਨ੍ਹਾਂ ਨੂੰ ਦੂਤਾਵਾਸ ਵੱਲੋਂ ਵੀਜ਼ਾ ਜਾਰੀ ਕੀਤਾ ਗਿਆ ਹੈ।
ਦੱਸਣਯੋਗ ਹੈ ਕਿ ਇਸ ਵਾਰ ਕੁਝ ਦਿਨ ਪਹਿਲਾਂ ਸ਼੍ਰੋਮਣੀ ਕਮੇਟੀ ਦਾ ਵਫਦ ਦਿੱਲੀ ਵਿਖੇ ਪਾਕਿਸਤਾਨੀ ਦੂਤਾਵਾਸ ਗਿਆ ਸੀ ਅਤੇ ਪਾਕਿਸਤਾਨੀ ਹਾਈ ਕਮਿਸ਼ਨਰ ਤੇ ਹੋਰਨਾਂ ਨੂੰ ਮਿਲਿਆ ਸੀ। ਸਿੱਖ ਵਫ਼ਦ ਨੇ ਹਾਈ ਕਮਿਸ਼ਨਰ ਨੂੰ ਅਪੀਲ ਕੀਤੀ ਸੀ ਕਿ ਵੱਧ ਤੋਂ ਵੱਧ ਸਿੱਖ ਸ਼ਰਧਾਲੂਆਂ ਨੂੰ ਵੀਜ਼ੇ ਜਾਰੀ ਕੀਤੇ ਜਾਣ। ਲਿਹਾਜ਼ਾ ਐਤਕੀਂ ਕਿਸੇ ਵੀ ਸ਼ਰਧਾਲੂ ਨੂੰ ਵੀਜ਼ਾ ਦੇਣ ਤੋਂ ਨਾਂਹ ਨਹੀਂ ਕੀਤੀ ਗਈ।
ਸਕੱਤਰ ਨੇ ਕਿਹਾ ਕਿ ਸਿੱਖ ਸ਼ਰਧਾਲੂਆਂ ਦਾ ਜਥਾ 10 ਅਪਰੈਲ ਨੂੰ ਸ਼੍ਰੋਮਣੀ ਕਮੇਟੀ ਦਫ਼ਤਰ ਤੋਂ ਜੈਕਾਰਿਆਂ ਦੀ ਗੂੰਜ ਵਿਚ ਰਵਾਨਾ ਹੋਵੇਗਾ। ਜਥਾ ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਹਸਨ ਅਬਦਾਲ ਵਿਖੇ ਵਿਸਾਖੀ ਦੇ ਮੁੱਖ ਸਮਾਗਮ ਵਿੱਚ ਸ਼ਾਮਲ ਹੋਣ ਉਪਰੰਤ ਵੱਖ-ਵੱਖ ਗੁਰਧਾਮਾਂ ਦੇ ਦਰਸ਼ਨ ਕਰਕੇ 19 ਅਪਰੈਲ ਨੂੰ ਵਾਪਸ ਦੇਸ਼ ਪਰਤੇਗਾ। ਉਨ੍ਹਾਂ ਕਿਹਾ ਕਿ ਪਾਕਿਸਤਾਨ ਜਾਣ ਵਾਲੇ ਸ਼ਰਧਾਲੂ ਜਿਨ੍ਹਾਂ ਦੇ ਵੀਜ਼ੇ ਲੱਗੇ ਹਨ ,ਉਹ ਆਪਣੇ ਪਾਸਪੋਰਟ 9 ਅਪਰੈਲ ਨੂੰ ਦਫ਼ਤਰੀ ਸਮੇਂ ਦੌਰਾਨ ਸ਼੍ਰੋਮਣੀ ਕਮੇਟੀ ਦੇ ਦਫ਼ਤਰ ਤੋਂ ਪ੍ਰਾਪਤ ਕਰਨ। ਓਐਸਡੀ ਸਤਬੀਰ ਸਿੰਘ ਧਾਮੀ ਨੇ ਸ਼੍ਰੋਮਣੀ ਕਮੇਟੀ ਵੱਲੋਂ ਪਾਕਿਸਤਾਨ ਦੂਤਾਵਾਸ ਦੇ ਅਧਿਕਾਰੀਆਂ ਦਾ ਧੰਨਵਾਦ ਕੀਤਾ।