ਸ਼੍ਰੋਮਣੀ ਕਮੇਟੀ ਵੱਲੋਂ ਭਾਜਪਾ ਆਗੂ ਆਰਪੀ ਸਿੰਘ ਨੂੰ ਚਿਤਾਵਨੀ
ਟ੍ਰਿਬਿਉੂਨ ਨਿਉੂਜ਼ ਸਰਵਿਸ
ਅੰਮ੍ਰਿਤਸਰ, 25 ਅਕਤੂਬਰ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਭਾਜਪਾ ਆਗੂ ਆਰਪੀ ਸਿੰਘ ਵੱਲੋਂ ਸ਼੍ਰੋਮਣੀ ਕਮੇਟੀ ਖ਼ਿਲਾਫ਼ ਕੀਤੀ ਗਈ ਬਿਆਨਬਾਜ਼ੀ ਦਾ ਸਖ਼ਤ ਨੋਟਿਸ ਲਿਆ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇ ਉਹ ਅਜਿਹੀ ਬਿਆਨੀ ਤੋਂ ਬਾਜ਼ ਨਾ ਆਏ ਤਾਂ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਸਿੱਖਾਂ ਦੀ ਵੱਡੀਆਂ ਕੁਰਬਾਨੀਆਂ ਤੋਂ ਬਾਅਦ ਹੋਂਦ ਵਿੱਚ ਆਈ ਸੰਸਥਾ ਹੈ। ਇਸ ਸੰਸਥਾ ਨੇ ਆਪਣੇ 104 ਸਾਲ ਦੇ ਇਤਿਹਾਸ ਅੰਦਰ ਸਿੱਖੀ ਪ੍ਰਚਾਰ ਪਸਾਰ ਦੇ ਨਾਲ-ਨਾਲ ਵਿੱਦਿਆ, ਸਿਹਤ ਤੇ ਖੇਡਾਂ ’ਚ ਵੱਡੀਆਂ ਪ੍ਰਾਪਤੀਆਂ ਕੀਤੀਆਂ ਹਨ। ਉਨ੍ਹਾਂ ਕਿਹਾ ਕਿ ਭਾਜਪਾ ਆਗੂ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਨਾਂ ਵਿਗਾੜ ਕੇ ‘ਸ਼੍ਰੋਮਣੀ ਕ੍ਰਿਸ਼ਚਨ ਕਮੇਟੀ’ ਕਹਿਣਾ ਉਨ੍ਹਾਂ ਦੀ ਬੌਧਿਕ ਕੰਗਾਲੀ ਤੇ ਪੰਥਕ ਸਮਝ ਦੇ ਪੇਤਲੇਪਨ ਨੂੰ ਦਰਸਾਉਂਦਾ ਹੈ। ਉਨ੍ਹਾਂ ਕਿਹਾ ਕਿ ਭਾਜਪਾ ਆਗੂ ਦੀ ਗ਼ਲਤ ਬਿਆਨਬਾਜ਼ੀ ਕਾਰਨ ਸਿੱਖ ਭਾਵਨਾਵਾਂ ਨੂੰ ਸੱਟ ਵੱਜੀ ਹੈ ਅਤੇ ਆਰਪੀ ਸਿੰਘ ਮੁਆਫ਼ੀ ਮੰਗਣ।
ਆਰਪੀ ਸਿੰਘ ਖ਼ਿਲਾਫ਼ ਫ਼ੌਜਦਾਰੀ ਕੇਸ ਦਰਜ ਹੋਵੇ: ਅਕਾਲੀ ਦਲ
ਚੰਡੀਗੜ੍ਹ:
ਸ਼੍ਰੋਮਣੀ ਅਕਾਲੀ ਦਲ ਨੇ ਅੱਜ ਮੰਗ ਕੀਤੀ ਕਿ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ‘ਸ਼੍ਰੋਮਣੀ ਕ੍ਰਿਸਚੀਅਨ ਕਮੇਟੀ’ ਦੱਸ ਕੇ ਸਿਵਲ ਸਮਾਜ ਵਿੱਚ ਨਫ਼ਰਤ ਫੈਲਾਉਣ ਲਈ ਭਾਜਪਾ ਦੇ ਕੌਮੀ ਬੁਲਾਰੇ ਆਰਪੀ ਸਿੰਘ ਦੇ ਖ਼ਿਲਾਫ਼ ਫ਼ੌਜਦਾਰੀ ਕੇਸ ਦਰਜ ਕੀਤਾ ਜਾਵੇ। ਪਾਰਟੀ ਦੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਜਾਰੀ ਬਿਆਨ ਵਿੱਚ ਭਾਜਪਾ ਦੇ ਕੌਮੀ ਪ੍ਰਧਾਨ ਜੇਪੀ ਨੱਢਾ ਨੂੰ ਵੀ ਆਖਿਆ ਕਿ ਉਹ ਆਰਪੀ ਸਿੰਘ ਦੇ ਖ਼ਿਲਾਫ਼ ਸਖ਼ਤ ਕਾਰਵਾਈ ਕਰ ਅਤੇ ਸਿੱਖ ਕੌਮ ਤੋਂ ਤੁਰੰਤ ਮੁਆਫ਼ੀ ਮੰਗਣ। -ਟਨਸ