For the best experience, open
https://m.punjabitribuneonline.com
on your mobile browser.
Advertisement

ਸਾਹਿਬਜ਼ਾਦਿਆਂ ਦੇ ਕਿਰਦਾਰ ਨਿਭਾਉਣ ਦਾ ਸ਼੍ਰੋਮਣੀ ਕਮੇਟੀ ਵੱਲੋਂ ਵਿਰੋਧ

09:33 AM Dec 30, 2023 IST
ਸਾਹਿਬਜ਼ਾਦਿਆਂ ਦੇ ਕਿਰਦਾਰ ਨਿਭਾਉਣ ਦਾ ਸ਼੍ਰੋਮਣੀ ਕਮੇਟੀ ਵੱਲੋਂ ਵਿਰੋਧ
Advertisement

ਜਗਤਾਰ ਸਿੰਘ ਲਾਂਬਾ
ਅੰਮ੍ਰਿਤਸਰ, 29 ਦਸੰਬਰ
ਕੇਂਦਰ ਸਰਕਾਰ ਵੱਲੋਂ ਛੋਟੇ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਸਬੰਧੀ ਐਲਾਨੇ ‘ਵੀਰ ਬਾਲ ਦਿਵਸ’ ਤਹਿਤ ਵੱਖ-ਵੱਖ ਸਕੂਲਾਂ ਵਿੱਚ ਹੋਏ ਸਮਾਗਮਾਂ ’ਚ ਸਾਹਿਬਜ਼ਾਦਿਆਂ ਦਾ ਕਿਰਦਾਰ ਬੱਚਿਆਂ ਵੱਲੋਂ ਨਿਭਾਏ ਜਾਣ ਦੀਆਂ ਸ਼ਿਕਾਇਤਾਂ ਦਾ ਸ਼੍ਰੋਮਣੀ ਕਮੇਟੀ ਨੇ ਸਖ਼ਤ ਨੋਟਿਸ ਲਿਆ ਹੈ। ਇਸ ਨੂੰ ਸਿੱਖ ਸਿਧਾਂਤਾਂ ਅਤੇ ਰਵਾਇਤਾਂ ਦੇ ਵਿਰੁੱਧ ਕਰਾਰ ਦਿੰਦਿਆਂ ਸ਼੍ਰੋਮਣੀ ਕਮੇਟੀ ਨੇ ਦੇਸ਼ ਦੇ ਸਿੱਖਿਆ, ਸੱਭਿਆਚਾਰ ਤੇ ਘੱਟ ਗਿਣਤੀ ਮਾਮਲਿਆਂ ਸਬੰਧੀ ਮੰਤਰਾਲਿਆਂ ਸਣੇ ਸੀਬੀਐੱਸਈ ਪਾਸੋਂ ਇਸ ਬਾਰੇ ਸਪੱਸ਼ਟੀਕਰਨ ਮੰਗਿਆ ਹੈ।
ਦੱਸਣਯੋਗ ਹੈ ਕਿ ਦੇਸ਼ ਦੇ ਵੱਖ-ਵੱਖ ਸੂਬਿਆਂ ਵਿੱਚ ਕਈ ਥਾਈਂ ਵੀਰ ਬਾਲ ਦਿਵਸ ਮੌਕੇ ਵਿਦਿਆਰਥੀਆਂ ਵੱਲੋਂ ਨਾਟਕਾਂ ਦਾ ਮੰਚਨ ਕੀਤਾ ਗਿਆ ਹੈ, ਜਿਨ੍ਹਾਂ ਵਿੱਚ ਵਿਦਿਆਰਥੀਆਂ ਵੱਲੋਂ ਛੋਟੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਦੇ ਕਿਰਦਾਰ ਨਿਭਾਏ ਗਏ। ਇਸ ਸਬੰਧ ਵਿੱਚ ਸ਼੍ਰੋਮਣੀ ਕਮੇਟੀ ਕੋਲ ਸ਼ਿਕਾਇਤਾਂ ਵਜੋਂ ਵੱਖ-ਵੱਖ ਸੂਬਿਆਂ ਵਿੱਚ ਮਨਾਏ ਗਏ ਸਮਾਗਮਾਂ ਦੀਆਂ ਵੀਡੀਓ ਕਲਿੱਪਾਂ ਵੀ ਪੁੱਜੀਆਂ ਹਨ। ਸ਼੍ਰੋਮਣੀ ਕਮੇਟੀ ਨੂੰ ਮਿਲੀਆਂ ਸ਼ਿਕਾਇਤਾਂ ਵਿੱਚ ਉੜੀਸਾ, ਦਿੱਲੀ, ਫਰੀਦਾਬਾਦ, ਭੁਪਾਲ ਅਤੇ ਬਿਹਾਰ ਦੇ ਸਕੂਲਾਂ ਦੀਆਂ ਵੀਡੀਓਜ਼ ਸ਼ਾਮਲ ਹਨ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸਿੱਖ ਧਰਮ ਵਿਰੋਧੀ ਅਜਿਹੀ ਕਿਸੇ ਵੀ ਹਰਕਤ ਨੂੰ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਕਿਹਾ ਕਿ ਹਾਲ ਹੀ ਵਿੱਚ ਕੇਂਦਰ ਸਰਕਾਰ ਦੇ ‘ਵੀਰ ਬਾਲ ਦਿਵਸ’ ਸਬੰਧੀ ਨਿਰਦੇਸ਼ਾਂ ਤਹਿਤ ਵੱਖ-ਵੱਖ ਸੂਬਿਆਂ ’ਚ ਵਿੱਦਿਅਕ ਅਦਾਰਿਆਂ ਵਿੱਚ ਸਮਾਗਮਾਂ ਦੌਰਾਨ ਸਾਹਿਬਜ਼ਾਦਿਆਂ ਦੇ ਕਿਰਦਾਰ ਨਿਭਾਉਣ ਦੀਆਂ ਸਾਹਮਣੇ ਆਈਆਂ ਘਟਨਾਵਾਂ ਬਾਰੇ ਸਿੱਖ ਸੰਗਤ ਵੱਲੋਂ ਵੱਡੇ ਇਤਰਾਜ਼ ਪੁੱਜ ਰਹੇ ਹਨ। ਉਨ੍ਹਾਂ ਕਿਹਾ ਕਿ ਸਿੱਖ ਸਿਧਾਂਤਾਂ ਨੂੰ ‘ਰਲਗੱਡ’ ਕਰਨ ਵਾਲੀਆਂ ਇਨ੍ਹਾਂ ਕੋਸ਼ਿਸ਼ਾਂ ਦਾ ਨੋਟਿਸ ਲੈਂਦਿਆਂ ਸ਼੍ਰੋਮਣੀ ਕਮੇਟੀ ਵੱਲੋਂ ਵੱਖ-ਵੱਖ ਕੇਂਦਰੀ ਮੰਤਰਾਲਿਆਂ ਤੇ ਸੀਬੀਐੱਸਈ ਨੂੰ ਆਪਣਾ ਪੱਖ ਰੱਖਣ ਲਈ ਆਖਿਆ ਗਿਆ ਹੈ।
ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਦੱਸਿਆ ਕਿ ਵੀਰ ਬਾਲ ਦਿਵਸ ਸਬੰਧੀ ਪਹਿਲਾਂ ਹੀ ਸ੍ਰੀ ਅਕਾਲ ਤਖ਼ਤ ਦੇ ਆਦੇਸ਼ ਅਨੁਸਾਰ ਕੇਂਦਰ ਸਰਕਾਰ ਨੂੰ ਇਸ ਦਿਹਾੜੇ ਦਾ ਨਾਮ ਬਦਲਣ ਲਈ ਲਿਖਿਆ ਗਿਆ ਸੀ ਪਰ ਸਰਕਾਰ ਨੇ ਇਸ ਨੂੰ ਅੱਜ ਤੱਕ ਗੰਭੀਰਤਾ ਨਾਲ ਨਹੀਂ ਲਿਆ। ਇਸ ਸਬੰਧ ਵਿੱਚ ਸ਼੍ਰੋਮਣੀ ਕਮੇਟੀ ਅਤੇ ਸਿੱਖ ਸੰਗਤ ਦੇ ਖ਼ਦਸ਼ੇ ਮੁਤਾਬਕ ਸਿੱਖ ਪਰੰਪਰਾਵਾਂ ਦੇ ਵਿਰੁੱਧ ਜਾ ਕੇ ਹੁਣ ਸਾਹਿਬਜ਼ਾਦਿਆਂ ਦੇ ਕਿਰਦਾਰ ਬੱਚਿਆਂ ਪਾਸੋਂ ਕਰਵਾਏ ਗਏ ਹਨ। ਇਸ ਸਿੱਖ ਵਿਰੋਧੀ ਵਰਤਾਰੇ ਦੀ ਜ਼ਿੰਮੇਵਾਰੀ ਸਿੱਧੇ ਤੌਰ ’ਤੇ ਕੇਂਦਰ ਸਰਕਾਰ ਅਤੇ ਸਬੰਧਿਤ ਸੂਬਾ ਸਰਕਾਰਾਂ ਦੀ ਬਣਦੀ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਬੱਚਿਆਂ ਰਾਹੀਂ ਸਾਹਿਬਜ਼ਾਦਿਆਂ ਦੇ ਕਿਰਦਾਰ ਕਰਵਾਉਣ ਵਾਲੇ ਵਿੱਦਿਅਕ ਅਦਾਰਿਆਂ ਦੀ ਪਛਾਣ ਕਰ ਕੇ ਉਨ੍ਹਾਂ ਖ਼ਿਲਾਫ਼ ਕਾਰਵਾਈ ਕਰੇਗੀ।

Advertisement

Advertisement
Advertisement
Author Image

Advertisement