ਸ਼੍ਰੋਮਣੀ ਕਮੇਟੀ ਵੱਲੋਂ ਮੁੰਬਈ ’ਚ ਐੱਮਆਰਆਈ ਤੇ ਸੀਟੀ ਸਕੈਨ ਕੇਂਦਰ ਸ਼ੁਰੂ
ਟ੍ਰਿਬਿਉੂਨ ਨਿਉੂਜ਼ ਸਰਵਿਸ
ਅੰਮ੍ਰਿਤਸਰ, 24 ਜਨਵਰੀ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਮੁੰਬਈ ਵਿੱਚ ਚੱਲ ਰਹੇ ਗੁਰੂ ਨਾਨਕ ਖ਼ਾਲਸਾ ਕਾਲਜ ਮਾਟੁੰਗਾ ਵਿੱਚ ਅੱਜ ਚਾਰ ਸਾਹਿਬਜ਼ਾਦੇ ਐੱਮਆਰਆਈ ਤੇ ਸੀਟੀ ਸਕੈਨ ਸੈਂਟਰ ਦਾ ਉਦਘਾਟਨ ਕੀਤਾ ਗਿਆ ਹੈ। ਸੈਂਟਰ ਦੇ ਉਦਘਾਟਨ ਮੌਕੇ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ, ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਤਖ਼ਤ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਸੁਲਤਾਨ ਸਿੰਘ, ਤਖ਼ਤ ਪਟਨਾ ਸਾਹਿਬ ਦੇ ਜਥੇਦਾਰ ਗਿਆਨੀ ਬਲਦੇਵ ਸਿੰਘ, ਸ਼੍ਰੋਮਣੀ ਕਮੇਟੀ ਮੈਂਬਰ ਗੁਰਿੰਦਰ ਸਿੰਘ ਬਾਵਾ, ਤਖ਼ਤ ਪਟਨਾ ਸਾਹਿਬ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਗਜੋਤ ਸਿੰਘ, ਸ਼੍ਰੋਮਣੀ ਕਮੇਟੀ ਦੇ ਓਐੱਸਡੀ ਸਤਬੀਰ ਸਿੰਘ ਧਾਮੀ ਤੇ ਜਸਬੀਰ ਸਿੰਘ ਧਾਮ ਮੌਜੂਦ ਸਨ। ਸ਼੍ਰੋਮਣੀ ਕਮੇਟੀ ਪ੍ਰਧਾਨ ਧਾਮੀ ਨੇ ਕਿਹਾ ਕਿ ਅੱਜ ਮੁੰਬਈ ਵਿੱਚ ਗੁਰੂ ਗੋਬਿੰਦ ਸਿੰਘ ਦੇ ਚਾਰ ਸਾਹਿਬਜ਼ਾਦਿਆਂ ਨੂੰ ਸਮਰਪਿਤ ਐੱਮਆਰਆਈ ਤੇ ਸੀਟੀ ਸਕੈਨ ਸੈਂਟਰ ਦੀ ਸ਼ੁਰੂਆਤ ਕੀਤੀ ਗਈ ਹੈ। ਸੈਂਟਰ ਵਿੱਚ ਆਰਥਿਕ ਤੌਰ ’ਤੇ ਕਮਜ਼ੋਰ ਲੋਕਾਂ ਨੂੰ 10 ਰੁਪਏ ਵਿੱਚ ਐੱਮਆਰਆਈ, ਸੀਟੀ ਸਕੈਨ, ਐਕਸਰੇਅ ਆਦਿ ਟੈਸਟਾਂ ਦੀਆਂ ਸੇਵਾਵਾਂ ਮਿਲਣਗੀਆਂ ਇਸ ਤੋਂ ਇਲਾਵਾ ਗੁਰੂ ਨਾਨਕ ਮਿਸ਼ਨ 1313 ਨਾਮ ’ਤੇ ਚਲਾਈ ਜਾਣ ਵਾਲੀ ਫਾਰਮੇਸੀ ਤੋਂ ਮਾਰਕੀਟ ਰੇਟ ਨਾਲੋਂ 25 ਫ਼ੀਸਦ ਘੱਟ ਭਾਅ ’ਤੇ ਦਵਾਈਆਂ ਮੁਹੱਈਆ ਕਰਵਾਈਆਂ ਜਾਣਗੀਆਂ ਅਤੇ ਖੂਨ ਦੀ ਜਾਂਚ ਦੇ ਟੈਸਟ ਵੀ 50 ਫ਼ੀਸਦ ਸਸਤੀਆਂ ਦਰਾਂ ’ਤੇ ਹੋਣਗੇ। ਉਨ੍ਹਾਂ ਕਿਹਾ ਕਿ ਇਹ ਸੇਵਾਵਾਂ ਲੋਕਾਂ ਨੂੰ ਵੀ ਬਹੁਤ ਸਸਤੀਆਂ ਦਰਾਂ ’ਤੇ ਮਿਲਣਗੀਆਂ। ਇਸ ਮੌਕੇ ਗੁਰੂ ਨਾਨਕ ਖ਼ਾਲਸਾ ਕਾਲਜ ਦੀ ਡਾਇਰੈਕਟਰ ਐਡਮਿਨ ਡਾ. ਜਸਬੀਰ ਕੌਰ ਮੱਕੜ ਤੇ ਹਰਮੀਤ ਸਿੰਘ ਸਲੂਜਾ ਮੌਜੂਦ ਸਨ।