ਪੁਰਾਣੀ ਪੈਨਸ਼ਨ ਲਾਗੂ ਕਰਵਾਉਣ ਲਈ ਵਿਧਾਇਕ ਨੂੰ ‘ਕਾਰਨ ਦੱਸੋ ਨੋਟਿਸ’
ਖੇਤਰੀ ਪ੍ਰਤੀਨਿਧ
ਲੁਧਿਆਣਾ, 22 ਸਤੰਬਰ
ਪੁਰਾਣੀ ਪੈਨਸ਼ਨ ਪ੍ਰਾਪਤੀ ਫਰੰਟ ਪੰਜਾਬ ਦੇ ਬੈਨਰ ਹੇਠ ਅਧਿਆਪਕਾਂ/ਮੁਲਾਜ਼ਮਾ ਵੱਲੋਂ ਲੁਧਿਆਣਾ ਹਲਕਾ ਪੱਛਮੀ ਤੋਂ ਵਿਧਾਇਕ ਗੁਰਪ੍ਰੀਤ ਗੋਗੀ ਦੇ ਦਫਤਰ ਪਹੁੰਚ ਕੇ ਉਨ੍ਹਾਂ ਦੇ ਨਿੱਜੀ ਸਹਾਇਕ ਰਾਹੀਂ ਵਿਧਾਇਕ ਲਈ ਇੱਕ ਕਾਰਨ ਦੱਸੋ ਨੋਟਿਸ ਸੌਂਪਿਆ ਗਿਆ। ਇਸ ਮੌਕੇ ਪੁਰਾਣੀ ਪੈਨਸ਼ਨ ਪ੍ਰਾਪਤੀ ਫਰੰਟ ਦੇ ਜ਼ਿਲ੍ਹਾ ਕਨਵੀਨਰ ਜਸਵਿੰਦਰ ਸਿੰਘ ਐਤੀਆਣਾ ਤੋਂ ਇਲਾਵਾ ਡੈਮੋਕ੍ਰੇਟਿਕ ਟੀਚਰ ਫਰੰਟ ਪ੍ਰਧਾਨ ਰਮਨਜੀਤ ਸਿੰਘ ਸੰਧੂ, ਡੈਮੋਕ੍ਰੇਟਿਕ ਮੁਲਾਜ਼ਮ ਫੈਡਰੇਸ਼ਨ ਦੇ ਪ੍ਰਧਾਨ ਸੁਖਵਿੰਦਰ ਸਿੰਘ ਲੀਲ੍ਹ, ਸਤਕਰਤਾਰ ਸਿੰਘ ਤੇ ਅਨਿਲ ਕੁਮਾਰ ਹਾਜ਼ਰ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸੁਰਿੰਦਰਪਾਲ ਸਿੰਘ ਇਆਲੀ ਨੇ ਦੱਸਿਆ ਕਿ ਪੰਜਾਬ ਦੀ ਭਗਵੰਤ ਸਿੰਘ ਮਾਨ ਸਰਕਾਰ ਨੇ ਚੋਣਾ ਤੋਂ ਪਹਿਲਾਂ ਵਾਅਦਾ ਕੀਤਾ ਸੀ ਕਿ ਉਨ੍ਹਾਂ ਦੀ ਸਰਕਾਰ ਬਣਨ ਮਗਰੋਂ ਪੁਰਾਣੀ ਪੈਨਸ਼ਨ ਲਾਗੂ ਕੀਤੀ ਜਾਵੇਗੀ। ਉਨ੍ਹਾਂ ਐੱਨ.ਪੀ.ਐਸ. ਤੇ ਯੂ.ਪੀ.ਐਸ. ਨੂੰ ਰੱਦ ਕਰਦੇ ਹੋਏ ਕੇਵਲ 1972 ਵਾਲੀ ਪੁਰਾਣੀ ਪੈਨਸ਼ਨ ਪ੍ਰਾਪਤੀ ਤੱਕ ਸੰਘਰਸ਼ ਜਾਰੀ ਰੱਖਣ ਦੀ ਗੱਲ ਆਖੀ ਗਈ। ਆਗੂਆਂ ਨੇ ਕਿਹਾ ਕਿ ਸੰਗਰੂਰ ਵਿੱਚ ਪਹਿਲੀ ਤੋਂ 3 ਅਕਤੂਬਰ ਦਿਨ ਰਾਤ ਦੇ ਮੋਰਚੇ ਵਿੱਚ ਅਧਿਆਪਕਾਂ/ਮੁਲਾਜ਼ਮਾਂ ਨੂੰ ਵੱਡੀ ਗਿਣਤੀ ਵਿੱਚ ਸ਼ਾਮਲ ਹੋਣ ਦਾ ਸੱਦਾ ਦਿੱਤਾ ਗਿਆ।