ਪੁਰਾਣੀ ਪੈਨਸ਼ਨ ਲਾਗੂ ਨਾ ਕਰਨ ’ਤੇ ਵਿਧਾਇਕ ਜਿੰਪਾ ਨੂੰ ‘ਕਾਰਨ ਦੱਸੋ’ ਨੋਟਿਸ
ਹਰਪ੍ਰੀਤ ਕੌਰ
ਹੁਸ਼ਿਆਰਪੁਰ, 26 ਸਤੰਬਰ
ਪੁਰਾਣੀ ਪੈਨਸ਼ਨ ਪ੍ਰਾਪਤੀ ਫ਼ਰੰਟ ਪੰਜਾਬ ਦਾ ਵਫ਼ਦ ਜਥੇਬੰਦੀ ਦੇ ਦੋਆਬਾ ਜ਼ੋਨ ਦੇ ਕਨਵੀਨਰ ਇੰਦਰ ਸੁਖਦੀਪ ਸਿੰਘ ਓਢਰਾ, ਸੂਬਾ ਕਮੇਟੀ ਮੈਂਬਰ ਮਨਜੀਤ ਸਿੰਘ ਦਸੂਹਾ ਅਤੇ ਜ਼ਿਲ੍ਹਾ ਜਨਰਲ ਸਕੱਤਰ ਬਲਜੀਤ ਸਿੰਘ ਮਹਿਮੋਵਾਲ ਦੀ ਅਗਵਾਈ ਹੇਠ ਹਲਕਾ ਹੁਸ਼ਿਆਰਪੁਰ ਤੋਂ ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੂੰ ਮਿਲਿਆ ਅਤੇ ਉਨ੍ਹਾਂ ਨੂੰ ਕਾਰਨ ਦੱਸੋ ਨੋਟਿਸ ਸੌਂਪਿਆ।
ਵਫ਼ਦ ਨੇ ਰੋਸ ਪ੍ਰਗਟਾਇਆ ਕਿ ਪੰਜਾਬ ਸਰਕਾਰ ਨੇ ਨਵੰਬਰ 2022 ਨੂੰ ਸੂਬੇ ਅੰਦਰ ਪੁਰਾਣੀ ਪੈਨਸ਼ਨ ਸਕੀਮ ਮੁੜ ਲਾਗੂ ਕਰਨ ਦਾ ਨੋਟੀਫ਼ਿਕੇਸ਼ਨ ਜਾਰੀ ਕੀਤਾ ਸੀ ਪਰ ਉਸ ਨੂੰ ਅਜੇ ਤੱਕ ਅਮਲ ਵਿੱਚ ਨਹੀਂ ਲਿਆਂਦਾ ਗਿਆ। ਇਸ ਤੋਂ ਇਲਾਵਾ 28 ਜਨਵਰੀ ਨੂੰ ਪੁਰਾਣੀ ਪੈਨਸ਼ਨ ਸਕੀਮ ਨੂੰ ਲਾਗੂ ਕਰਨ ਦੇ ਕੰਮਾਂ ਲਈ ਗਠਿਤ ਕੀਤੀ ਪੰਜ ਮੈਂਬਰੀ ਕਮੇਟੀ ਦੀ ਰਿਪੋਰਟ ਵੀ ਅਜੇ ਤੱਕ ਜਾਰੀ ਨਹੀਂ ਕੀਤੀ ਗਈ। ਆਗੂਆਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਐੱਨ.ਪੀ.ਐੱਸ ਮੁਲਾਜ਼ਮਾਂ ਦੇ ਹਿੱਤਾਂ ਦੀ ਰਾਖੀ ਕਰਨ ’ਚ ਪੂਰੀ ਤਰ੍ਹਾਂ ਨਾਕਾਮ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਨੋਟਿਸ ਦਾ ਜੇਕਰ 30 ਸਤੰਬਰ ਤੱਕ ਕੋਈ ਸਪੱਸ਼ਟੀਕਰਨ ਜਾਰੀ ਨਾ ਕੀਤਾ ਗਿਆ ਤਾਂ 1 ਤੋਂ 3 ਅਕਤੂਬਰ ਤੱਕ ਸੰਗਰੂਰ ਵਿੱਚ ਪੈਨਸ਼ਨ ਪ੍ਰਾਪਤੀ ਮੋਰਚਾ ਲਗਾਇਆ ਜਾਵੇਗਾ। ਜਿੰਪਾ ਨੇ ਮੌਕੇ ’ਤੇ ਵਿੱਤ ਮੰਤਰੀ ਦਲਜੀਤ ਸਿੰਘ ਚੀਮਾ ਨਾਲ ਗੱਲਬਾਤ ਕਰਕੇ ਫ਼ਰੰਟ ਦੀਆਂ ਮੰਗਾਂ ਤੋਂ ਜਾਣੂ ਕਰਵਾਇਆ।
ਡਿਪਟੀ ਸਪੀਕਰ ਦੇ ਨਾਂ ‘ਕਾਰਨ ਦੱਸੋ’ ਨੋਟਿਸ ਜਾਰੀ
ਗੜ੍ਹਸ਼ੰਕਰ (ਜੇਬੀ ਸੇਖੋਂ): ਪੁਰਾਣੀ ਪੈਨਸ਼ਨ ਪ੍ਰਾਪਤੀ ਫਰੰਟ ਵੱਲੋਂ ਅੱਜ ਇੱਥੇ ਮਾਰਚ ਕਰ ਕੇ ਵਿਧਾਨ ਸਭਾ ਦੇ ਡਿਪਟੀ ਸਪੀਕਰ ਜੈ ਕ੍ਰਿਸ਼ਨ ਰੌੜੀ ਦੇ ਨਾਂ ‘ਕਾਰਨ ਦੱਸੋ’ ਨੋਟਿਸ ਜਾਰੀ ਕੀਤਾ ਗਿਆ ਜਿਸ ਨੂੰ ਉਨ੍ਹਾਂ ਦੀ ਗੈਰਮੌਜੂਦਗੀ ਵਿੱਚ ਮੌਕੇ ’ਤੇ ਉਨ੍ਹਾਂ ਦੇ ਓਐੱਸਡੀ ਚਰਨਜੀਤ ਸਿੰਘ ਚੰਨੀ ਨੇ ਪ੍ਰਾਪਤ ਕੀਤਾ। ਫਰੰਟ ਦੇ ਸੂਬਾ ਆਗੂਆਂ ਸੁਖਦੇਵ ਡਾਨਸੀਵਾਲ, ਕਰਨੈਲ ਸਿੰਘ ਅਤੇ ਡੀਟੀਐੱਫ ਦੇ ਸੂਬਾ ਸੰਯੁਕਤ ਸਕੱਤਰ ਮੁਕੇਸ਼ ਕੁਮਾਰ ਨੇ ਦੱਸਿਆ ਕਿ ‘ਆਪ’ ਸਰਕਾਰ ਪੁਰਾਣੀ ਪੈਨਸ਼ਨ ਲਾਗੂ ਕਰਨ ਦੇ ਆਪਣੇ ਚੋਣ ਵਾਅਦੇ ’ਤੇ ਅਮਲ ਕਰਨ ਤੋਂ ਕਿਨਾਰਾ ਕਰ ਰਹੀ ਹੈ ਜੋ ਕੇਂਦਰ ਦੀ ਸਰਕਾਰ ਵੱਲੋਂ ਪੁਰਾਣੀ ਪੈਨਸ਼ਨ ਪ੍ਰਣਾਲੀ ਖਿਲਾਫ਼ ਵਿੱਢੇ ਹਮਲੇ ਅੱਗੇ ਗੋਡੇ ਟੇਕਦਿਆਂ ਸੂਬੇ ਦੇ ਐੱਨ.ਪੀ.ਐੱਸ ਮੁਲਾਜ਼ਮਾਂ ਦੇ ਹਿੱਤਾਂ ਦੀ ਰਾਖੀ ਕਰਨ ਵਿੱਚ ਮੁਕੰਮਲ ਨਾਕਾਮ ਸਾਬਤ ਹੋਣਾ ਹੈ। ਉਨ੍ਹਾਂ ਦੱਸਿਆ ਕਿ ਆਪ ਸਰਕਾਰ ਦੇ ਢਾਈ ਸਾਲ ਬੀਤਣ ਦੇ ਬਾਵਜੂਦ ਕਿਸੇ ਵੀ ਮੁਲਾਜ਼ਮ ਦਾ ਜੀਪੀਐੱਫ ਖਾਤਾ ਨਹੀਂ ਖੁੱਲ੍ਹਿਆ ਬਲਕਿ ਨਵੀਆਂ ਭਰਤੀਆਂ ਉੱਤੇ ਵੀ ਐੱਨਪੀਐੱਸ ਸਕੀਮ ਲਾਗੂ ਕੀਤੀ ਜਾ ਰਹੀ ਹੈ। ਇਸ ਦੇ ਰੋਸ ਵਜੋਂ ਡਿਪਟੀ ਸਪੀਕਰ ਜੈ ਕ੍ਰਿਸ਼ਨ ਰੌੜੀ ਅਤੇ ਮੁੱਖ ਮੰਤਰੀ ਪੰਜਾਬ ਦੇ ਨਾਂ ‘ਕਾਰਨ ਦੱਸੋ’ ਨੋਟਿਸ ਜਾਰੀ ਕੀਤਾ ਗਿਆ ਹੈ। ਇਸ ਨੋਟਿਸ ਦਾ 30 ਸਤੰਬਰ ਤੱਕ ਕੋਈ ਸਪੱਸ਼ਟੀਕਰਨ ਜਾਰੀ ਨਾ ਹੋਣ ਦੀ ਸੂਰਤ ਵਿੱਚ 1 ਤੋਂ 3 ਅਕਤੂਬਰ ਤੱਕ ਮੁੱਖ ਮੰਤਰੀ ਦੇ ਸ਼ਹਿਰ ਸੰਗਰੂਰ ਵਿੱਚ ‘ਪੈਨਸ਼ਨ ਪ੍ਰਾਪਤੀ ਮੋਰਚਾ’ ਲਗਾਇਆ ਜਾਵੇਗਾ।