ਵਿਧਾਨ ਸਭਾ ਵਿਚ ਸੰਕੇਤਕ ਭਾਸ਼ਾ ਲਾਗੂ ਹੋਵੇਗੀ: ਬਲਜੀਤ ਕੌਰ
ਗੁਰਨਾਮ ਸਿੰਘ ਅਕੀਦਾ
ਪਟਿਆਲਾ, 23 ਸਤੰਬਰ
ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਬੋਲਣ ਤੇ ਸੁਣਨ ਤੋਂ ਅਸਮਰਥ ਲੋਕ ਵੀ ਸਾਡੇ ਸਮਾਜ ਦਾ ਅਹਿਮ ਹਿੱਸਾ ਹਨ। ਇਸ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਸਰਕਾਰ ਸੰਕੇਤਕ ਭਾਸ਼ਾ ਨੂੰ ਵੀ ਪੂਰੀ ਤਰਜੀਹ ਦੇ ਰਹੀ ਹੈ। ਉਹ ਪਟਿਆਲਾ ਵਿੱਚ ਕੌਮਾਂਤਰੀ ਸੰਕੇਤਕ ਭਾਸ਼ਾ ਦਿਵਸ ਦੇ ਸੂਬਾ ਪੱਧਰੀ ਸਮਾਗਮ ਪੁੱਜੇ ਹੋਏ ਸਨ।
ਮੰਤਰੀ ਨੇ ਦੱਸਿਆ ਕਿ ਜਲਦੀ ਹੀ ਪੰਜਾਬ ਵਿਧਾਨ ਸਭਾ ਦੇ ਸਪੀਕਰ ਦੀ ਸਲਾਹ ਨਾਲ ਸਦਨ ਦੀ ਕਾਰਵਾਈ ਨੂੰ ਬੋਲਣ ਤੇ ਸੁਣਨ ਤੋਂ ਅਸਮਰਥ ਲੋਕਾਂ ਤੱਕ ਵੀ ਪਹੁੰਚਾਉਣ ਲਈ ਵਿਧਾਨ ਸਭਾ ਵਿੱਚ ਵੀ ਸੰਕੇਤਕ ਭਾਸ਼ਾ ਨੂੰ ਲਾਗੂ ਕੀਤਾ ਜਾਵੇਗਾ, ਪੰਜਾਬ ਪੁਲੀਸ ਨੂੰ ਵੀ ਇਸ ਦੀ ਸਿਖਲਾਈ ਕਰਵਾਈ ਜਾਵੇਗੀ। ਡਾ. ਬਲਜੀਤ ਕੌਰ ਨੇ ਸਪੈਸ਼ਲ ਵਿਦਿਆਰਥੀਆਂ ਵੱਲੋਂ ਪੇਸ਼ ਕੀਤੀਆਂ ਪੇਸ਼ਕਾਰੀਆਂ ਦੀ ਸ਼ਲਾਘਾ ਕੀਤੀ। ਇਸ ਮੌਕੇ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ, ਡੈਫ਼ ਸੁਸਾਇਟੀ ਦੀ ਰਵਿੰਦਰ ਕੌਰ, ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਮੇਘ ਚੰਦ ਸ਼ੇਰਮਾਜਰਾ, ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਜਸਵੀਰ ਸਿੰਘ ਜੱਸੀ ਸੋਹੀਆਂ ਵਾਲਾ, ਐੱਸਐੱਸਪੀ ਡਾ. ਨਾਨਕ ਸਿੰਘ, ਏਡੀਸੀ (ਸ਼ਹਿਰੀ ਵਿਕਾਸ) ਨਵਰੀਤ ਕੌਰ ਸੇਖੋਂ ਆਦਿ ਮੌਜੂਦ ਰਹੇ।