For the best experience, open
https://m.punjabitribuneonline.com
on your mobile browser.
Advertisement

ਪ੍ਰਕਾਸ਼ ਪੁਰਬ ਲਈ ਅੱਜ ਪਾਕਿਸਤਾਨ ਰਵਾਨਾ ਹੋਵੇਗਾ ਸਿੱਖ ਜਥਾ

07:37 AM Nov 14, 2024 IST
ਪ੍ਰਕਾਸ਼ ਪੁਰਬ ਲਈ ਅੱਜ ਪਾਕਿਸਤਾਨ ਰਵਾਨਾ ਹੋਵੇਗਾ ਸਿੱਖ ਜਥਾ
Advertisement

ਟ੍ਰਿਬਿਊਨ ਨਿਊਜ਼ ਸਰਵਿਸ
ਅੰਮ੍ਰਿਤਸਰ, 13 ਨਵੰਬਰ
ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਪਾਕਿਸਤਾਨ ਸਥਿਤ ਗੁਰਦੁਆਰਾ ਨਨਕਾਣਾ ਸਾਹਿਬ ਵਿਖੇ ਮਨਾਉਣ ਲਈ ਜਾਣ ਵਾਸਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ਼ਰਧਾਲੂਆਂ ਨੂੰ ਉਨ੍ਹਾਂ ਦੇ ਵੀਜ਼ਾ ਲੱਗੇ ਹੋਏ ਪਾਸਪੋਰਟ ਵੰਡੇ ਗਏ। ਜਾਣਕਾਰੀ ਅਨੁਸਾਰ 763 ਸ਼ਰਧਾਲੂਆਂ ਨੂੰ ਵੀਜ਼ੇ ਮਿਲੇ ਹਨ, ਜੋ ਭਲਕੇ 14 ਨਵੰਬਰ ਨੂੰ ਪਾਕਿਸਤਾਨ ਲਈ ਰਵਾਨਾ ਹੋਣਗੇ। ਇਸ ਸਬੰਧ ’ਚ ਸ਼੍ਰੋਮਣੀ ਕਮੇਟੀ ਨੇ ਪ੍ਰਬੰਧ ਮੁਕੰਮਲ ਕਰ ਲਏ ਹਨ। ਸ਼੍ਰੋਮਣੀ ਕਮੇਟੀ ਦਫ਼ਤਰ ਵਿੱਚ ਪਾਸਪੋਰਟ ਵੰਡਣ ਮਗਰੋਂ ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਨੇ ਦੱਸਿਆ ਕਿ 2244 ਸ਼ਰਧਾਲੂਆਂ ਦੇ ਪਾਸਪੋਰਟ ਦਿੱਲੀ ਸਥਿਤ ਪਾਕਿਸਤਾਨ ਹਾਈ ਕਮਿਸ਼ਨ ਨੂੰ ਭੇਜੇ ਗਏ ਸਨ, ਜਿਨ੍ਹਾਂ ’ਚੋਂ ਸਫ਼ਾਰਤਖ਼ਾਨੇ ਨੇ 763 ਸ਼ਰਧਾਲੂਆਂ ਨੂੰ ਵੀਜ਼ਾ ਜਾਰੀ ਕੀਤਾ ਹੈ। ਉਨ੍ਹਾਂ ਕਿਹਾ ਕਿ 1481 ਸ਼ਰਧਾਲੂਆਂ ਨੂੰ ਦੂਤਾਵਾਸ ਨੇ ਵੀਜ਼ਾ ਨਹੀਂ ਦਿੱਤਾ। ਉਨ੍ਹਾਂ ਕਿਹਾ ਕਿ ਸਿੱਖ ਸ਼ਰਧਾਲੂਆਂ ਦੇ ਵੱਡੀ ਗਿਣਤੀ ’ਚ ਵੀਜ਼ੇ ਰੱਦ ਕਰਨਾ ਮੰਦਭਾਗਾ ਹੈ। ਉਨ੍ਹਾਂ ਦੱਸਿਆ ਕਿ ਜਥੇ ਦੀ ਅਗਵਾਈ ਸ਼੍ਰੋਮਣੀ ਕਮੇਟੀ ਦੇ ਮੈਂਬਰ ਗੁਰਨਾਮ ਸਿੰਘ ਜੱਸਲ ਕਰ ਰਹੇ ਹਨ ਜਦਕਿ ਜਥੇ ਦੇ ਡਿਪਟੀ ਲੀਡਰ ਸ਼੍ਰੋਮਣੀ ਕਮੇਟੀ ਮੈਂਬਰ ਬੀਬੀ ਸ਼ਰਨਜੀਤ ਕੌਰ ਅਤੇ ਜਨਰਲ ਪ੍ਰਬੰਧਕ ਵਜੋਂ ਇੰਚਾਰਜ ਪਲਵਿੰਦਰ ਸਿੰਘ ਤੇ ਗੁਰਮੀਤ ਸਿੰਘ ਜਾਣਗੇ। ਇਸ ਦੌਰਾਨ ਦਿੱਲੀ ਸਥਿਤ ਪਾਕਿਸਤਾਨ ਦੂਤਾਵਾਸ ਨੇ ਦੱਸਿਆ ਕਿ ਪ੍ਰਕਾਸ਼ ਪੁਰਬ ਮਨਾਉਣ ਲਈ ਪਾਕਿਸਤਾਨ ਜਾਣ ਵਾਸਤੇ ਸਿੱਖ ਸ਼ਰਧਾਲੂਆਂ ਨੂੰ ਲਗਪਗ ਤਿੰਨ ਹਜ਼ਾਰ ਵੀਜ਼ੇ ਵੰਡੇ ਗਏ ਹਨ। ਇਹ ਸ਼ਰਧਾਲੂ ਭਲਕੇ 14 ਨਵੰਬਰ ਨੂੰ ਅਟਾਰੀ-ਵਾਹਗਾ ਸਰਹੱਦ ਰਸਤੇ ਪਾਕਿਸਤਾਨ ਲਈ ਰਵਾਨਾ ਹੋਣਗੇ। ਸ਼ਰਧਾਲੂਆਂ ਦਾ ਜਥਾ ਵੱਖ-ਵੱਖ ਗੁਰਧਾਮਾਂ ਦੇ ਦਰਸ਼ਨ ਕਰਨ ਮਗਰੋਂ 23 ਨਵੰਬਰ ਨੂੰ ਪਰਤ ਆਵੇਗਾ।

Advertisement

Advertisement
Advertisement
Author Image

joginder kumar

View all posts

Advertisement