ਸਿੱਖ ਸਟੂਡੈਂਟ ਫੈਡਰੇਸ਼ਨ ਵੱਲੋਂ ਜਾਖੜ ਖ਼ਿਲਾਫ਼ ਪ੍ਰਦਰਸ਼ਨ
ਮਲਕੀਤ ਸਿੰਘ ਟੋਨੀ ਛਾਬੜਾ
ਜਲਾਲਾਬਾਦ, 27 ਜੁਲਾਈ
ਸਿੱਖ ਸਟੂਡੈਂਟ ਫੈਡਰੇਸ਼ਨ ਗਰੇਵਾਲ ਵੱਲੋਂ ਪੰਜਾਬ ਦੇ ਸਾਰੇ ਹੈੱਡਕੁਆਰਟਰਾਂ ’ਤੇ ਕਾਂਗਰਸ ਪਾਰਟੀ ਪ੍ਰਧਾਨ ਸੁਨੀਲ ਜਾਖੜ ਖ਼ਿਲਾਫ਼ ਪ੍ਰਦਰਸ਼ਨ ਕੀਤਾ ਗਿਆ। ਫੈਡਰੇਸ਼ਨ ਦੇ ਜਨਰਲ ਸਕੱਤਰ ਦਿਲਬਾਗ ਸਿੰਘ ਵਿਰਕ ਨੇ ਚਿਤਾਵਨੀ ਦਿੱਤੀ ਕਿ ਸਿੱਖ ਮਸਲਿਆਂ ਵਿੱਚ ਸੁਨੀਲ ਜਾਖੜ ਵੱਲੋਂ ਵਾਰ ਵਾਰ ਕੀਤੀ ਜਾਂਦੀ ਦਖ਼ਲਅੰਦਾਜ਼ੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ 1984 ਵਿੱਚ ਅਕਾਲ ਤਖਤ ਸਾਹਿਬ ’ਤੇ ਹਮਲੇ ਦੌਰਾਨ ਸੁਨੀਲ ਜਾਖੜ ਦੇ ਪਿਤਾ ਬਲਰਾਮ ਜਾਖੜ ਨੇ ਬਿਆਨ ਦਿੱਤਾ ਸੀ ਕਿ ਜੇਕਰ ਦੇਸ਼ ਦੀ ਏਕਤਾ ਅਤੇ ਅਖੰਡਤਾ ਨੂੰ ਬਚਾਉਣ ਲਈ ਲੱਖਾਂ ਸਿੱਖ ਮਾਰਨੇ ਪਏ ਤਾਂ ਗੁਰੇਜ਼ ਨਹੀਂ ਕਰਾਂਗੇ। ਉਨ੍ਹਾਂ ਮੰਗ ਕੀਤੀ ਕਿ ਸੁਨੀਲ ਜਾਖੜ ਆਪਣੇ ਪਿਤਾ ਦੇ ਬਿਆਨ ’ਤੇ ਸਿੱਖ ਸੰਗਤ ਤੋਂ ਮੁਆਫੀ ਮੰਗੇ। ਉਨ੍ਹਾਂ ਕਿਹਾ ਕਿ ਜੇਕਰ ਇਸੇ ਤਰ੍ਹਾਂ ਕਾਂਗਰਸ ਦੇ ਪ੍ਰਧਾਨ ਵੱਲੋਂ ਬਿਆਨਬਾਜ਼ੀ ਜਾਰੀ ਰਹੀ ਤਾਂ ਆਉਣ ਵਾਲੇ ਸਮੇਂ ਵਿੱਚ ਉਹ ਸੰਘਰਸ਼ ਹੋਰ ਤੇਜ਼ ਕਰਨਗੇ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਗੁਰਕੀਰਤਨ ਸਿੰਘ, ਜਨਰਲ ਸਕੱਤਰ ਹਰਜਿੰਦਰ ਸਿੰਘ ਤਰੋਬੜੀ, ਬਲਜਿੰਦਰ ਸਿੰਘ ਸ਼ਹਿਰੀ ਪ੍ਰਧਾਨ ਜਲਾਲਾਬਾਦ, ਸੁਖਵਿੰਦਰ ਸਿੰਘ ਖਾਲਸਾ ਤੇ ਸੁਖਜੀਤ ਸਿੰਘ ਹਾਜ਼ਰ ਸਨ।
ਪੁਲੀਸ ਨੌਜਵਾਨਾਂ ਨੂੰ ਨਿਸ਼ਾਨਾ ਬਣਾਉਣਾ ਕਰੇ ਬੰਦ: ਦਲ ਖ਼ਾਲਸਾ
ਬਠਿੰਡਾ (ਮਨੋਜ ਸ਼ਰਮਾ): ਪੁਲੀਸ ਖ਼ਾਲਿਸਤਾਨ ਰਾਏਸ਼ੁਮਾਰੀ 2020 ਦੇ ਨਾਂ ’ਤੇ ਨਿਸ਼ਾਨਾ ਬਣਾ ਕੇ ਨੌਜਵਾਨਾਂ ਨੂੰ ਜ਼ਲੀਲ ਕਰਨ ’ਤੇ ਤੁਲੀ ਹੋਈ ਹੈ। ਦਲ ਖ਼ਾਲਸਾ ਦੇ ਆਗੂਆਂ ਨੇ ਜਾਰੀ ਇੱਕ ਪ੍ਰੈੱਸ ਨੋਟ ਵਿੱਚ ਕਿਹਾ ਕਿ ਪੁਲੀਸ ਫੜੇ ਨੌਜਵਾਨਾਂ ਦੇ ਮੋਬਾਈਲ ਫ਼ੋਨ ਵਾਪਸ ਦੇਣ ਲਈ ਰਿਸ਼ਵਤ ਵਸੂਲ ਰਹੀ ਹੈ। ਦਲ ਖ਼ਾਲਸਾ ਦੇ ਸੀਨੀਅਰ ਮੀਤ ਪ੍ਰਧਾਨ ਬਾਬਾ ਹਰਦੀਪ ਸਿੰਘ ਮਹਿਰਾਜ, ਕੇਂਦਰੀ ਵਰਕਿੰਗ ਕਮੇਟੀ ਮੈਂਬਰ ਭਾਈ ਗੁਰਵਿੰਦਰ ਸਿੰਘ ਬਠਿੰਡਾ, ਜ਼ਿਲ੍ਹਾ ਪ੍ਰਧਾਨ ਭਾਈ ਸੁਰਿੰਦਰ ਸਿੰਘ ਨਥਾਣਾ, ਸਿੱਖ ਪ੍ਰਚਾਰਕ ਭਾਈ ਰਾਮ ਸਿੰਘ ਢਪਾਲੀ, ਭਾਈ ਬਲਕਰਨ ਸਿੰਘ ਡੱਬਵਾਲੀ, ਭਾਈ ਜੀਵਨ ਸਿੰਘ ਗਿੱਲ ਕਲਾਂ, ਭਾਈ ਭਗਵਾਨ ਸਿੰਘ ਸੰਧੂ ਖ਼ੁਰਦ ਨੇ ਪੰਜਾਬ ਪੁਲੀਸ ਨੂੰ ਨੌਜਵਾਨਾਂ ’ਤੇ ਤਸ਼ੱਦਦ ਤੁਰੰਤ ਬੰਦ ਕਰਨ ਲਈ ਕਿਹਾ।