For the best experience, open
https://m.punjabitribuneonline.com
on your mobile browser.
Advertisement

ਪੰਥ ਤੇ ਪੰਜਾਬ ਦੇ ਹੱਕਾਂ ਲਈ ਸਿੱਖਾਂ ਨੂੰ ਇੱਕਜੁਟ ਹੋਣ ਦੀ ਲੋੜ: ਜਥੇਦਾਰ

08:50 AM Jun 07, 2024 IST
ਪੰਥ ਤੇ ਪੰਜਾਬ ਦੇ ਹੱਕਾਂ ਲਈ ਸਿੱਖਾਂ ਨੂੰ ਇੱਕਜੁਟ ਹੋਣ ਦੀ ਲੋੜ  ਜਥੇਦਾਰ
ਅੰਮ੍ਰਿਤਸਰ ਦੇ ਦਰਬਾਰ ਸਾਹਿਬ ਸਮੂਹ ’ਚ ਸੰਬੋਧਨ ਕਰਦੇ ਹੋਏ ਜਥੇਦਾਰ ਗਿਆਨੀ ਰਘਵੀਰ ਸਿੰਘ।
Advertisement

ਜਗਤਾਰ ਸਿੰਘ ਲਾਂਬਾ
ਅੰਮ੍ਰਿਤਸਰ, 6 ਜੂਨ
ਜੂਨ 1984 ਸਾਕਾ ਨੀਲਾ ਤਾਰਾ ਸਬੰਧੀ ਸਮਾਗਮ ਅੱਜ ਇੱਥੇ ਸ੍ਰੀ ਅਕਾਲ ਤਖ਼ਤ ਵਿਖੇ ਕਰਵਾਇਆ ਗਿਆ। ਇਸ ਮੌਕੇ ਸ੍ਰੀ ਅਕਾਲ ਤਖ਼ਤ ਵਿਖੇ ਸ਼ਰਧਾਂਜਲੀ ਸਮਾਗਮ ਸ਼ਾਂਤਮਈ ਢੰਗ ਨਾਲ ਸਮਾਪਤ ਹੋਇਆ। ਸਿੱਖ ਜਥੇਬੰਦੀ ਦਲ ਖਾਲਸਾ ਵੱਲੋਂ ਅੰਮ੍ਰਿਤਸਰ ਬੰਦ ਦੇ ਦਿੱਤੇ ਗਏ ਸੱਦੇ ਤਹਿਤ ਅੱਜ ਸ਼ਹਿਰ ਮੁਕੰਮਲ ਤੌਰ ’ਤੇ ਬੰਦ ਰਿਹਾ।
ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਇਸ ਮੌਕੇ ਸਿੱਖ ਕੌਮ ਦੇ ਨਾਂ ਸੰਦੇਸ਼ ਜਾਰੀ ਕਰਦਿਆਂ ਸਮੁੱਚੀ ਸਿੱਖ ਕੌਮ ਨੂੰ ਇੱਕਜੁਟ ਹੋ ਕੇ ਕੌਮੀ ਮਸਲਿਆਂ ਦਾ ਹੱਲ ਕਰਨ ਲਈ ਕਿਹਾ। ਉਨ੍ਹਾਂ ਕਿਹਾ ਕਿ ਬੰਦੀ ਸਿੰਘਾਂ ਨੂੰ ਰਿਹਾਅ ਨਾ ਕਰਨਾ ਅਤੇ ਨਵੰਬਰ 1984 ਦੀ ਸਿੱਖ ਨਸਲਕੁਸ਼ੀ ਦੇ ਦੋਸ਼ੀਆਂ ਨੂੰ 40 ਸਾਲਾਂ ਬਾਅਦ ਵੀ ਸਜ਼ਾਵਾਂ ਨਾ ਦੇਣਾ ਭਾਰਤੀ ਹਕੂਮਤ ਦਾ ਸਿੱਖਾਂ ਨਾਲ ਅਨਿਆਂਪੂਰਨ ਵਤੀਰਾ ਹੈ। ਇਸ ਲਈ ਪੰਥ ਅਤੇ ਪੰਜਾਬ ਦੇ ਰਾਜਨੀਤਕ, ਭੂਗੋਲਿਕ ਅਤੇ ਆਰਥਿਕ ਹੱਕਾਂ ਵਾਸਤੇ ਦਿੱਲੀ ਵੱਲ ਵਾਰ-ਵਾਰ ਹੱਥ ਅੱਡਣ ਦੀ ਬਜਾਏ ਸਿੱਖ ਰਾਜਨੀਤੀ ਨੂੰ ਪ੍ਰਫੁੱਲਤ ਕਰਨ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਸੰਘਰਸ਼ ਮਗਰੋਂ ਸਿੱਖਾਂ ਨੂੰ ਪੰਜਾਬੀ ਸੂਬਾ ਤਾਂ ਮਿਲਿਆ ਪਰ ਪੰਜਾਬ ਨੂੰ ਦਰਿਆਈ ਪਾਣੀਆਂ, ਰਾਜਧਾਨੀ ਚੰਡੀਗੜ੍ਹ ਅਤੇ ਬਹੁਤ ਸਾਰੇ ਪੰਜਾਬੀ ਬੋਲਦੇ ਇਲਾਕਿਆਂ ਤੋਂ ਵੱਖ ਕਰ ਦਿੱਤਾ ਗਿਆ। ਪੰਜਾਬ ਦੇ ਇਨ੍ਹਾਂ ਮਸਲਿਆਂ ਅਤੇ ਸੂਬਾਈ ਖ਼ੁਦਮੁਖ਼ਤਿਆਰੀ ਵਾਲੇ ਸ੍ਰੀ ਆਨੰਦਪੁਰ ਸਾਹਿਬ ਦੇ ਮਤੇ ਨੂੰ ਲੈ ਕੇ ਸਿੱਖਾਂ ਨੂੰ ਧਰਮ ਯੁੱਧ ਮੋਰਚਾ ਲਗਾਉਣ ਲਈ ਮਜਬੂਰ ਹੋਣਾ ਪਿਆ ਜਿਸ ਨੂੰ ਜਬਰ ਦੀ ਨੀਤੀ ਨਾਲ ਕੁਚਲਣ ਅਤੇ ਐਮਰਜੈਂਸੀ ਸਮੇਂ ਅਕਾਲੀ ਦਲ ਵੱਲੋਂ ਕੀਤੇ ਵਿਰੋਧ ਦੇ ਸਿੱਟੇ ਵਜੋਂ ਪਹਿਲੀ ਜੂਨ 1984 ਨੂੰ ਸ੍ਰੀ ਹਰਿਮੰਦਰ ਸਾਹਿਬ ’ਤੇ ਫੌਜੀ ਹਮਲਾ ਕੀਤਾ ਗਿਆ। ਇਸ ਦੌਰਾਨ ਫ਼ੌਜੀ ਕਾਰਵਾਈ ’ਚ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਪੁਰਬ ਮਨਾਉਣ ਆਈ ਸੰਗਤ ’ਤੇ ਗੋਲੀਆਂ ਚਲਾਈਆਂ ਗਈਆਂ ਜਿਸ ਕਾਰਨ ਬੇਦੋਸ਼ੇ ਲੋਕ ਮਾਰੇ ਗਏ। ਇਸ ਮੌਕੇ ਸ਼ਹੀਦ ਪਰਿਵਾਰਾਂ ਦੇ ਮੈਂਬਰਾਂ ਨੂੰ ਸਨਮਾਨਿਤ ਵੀ ਕੀਤਾ ਗਿਆ। ਇਸ ਸਬੰਧ ਵਿੱਚ ਅੱਜ ਸ੍ਰੀ ਅਕਾਲ ਤਖ਼ਤ ਵਿਖੇ ਅਖੰਡ ਪਾਠ ਦੇ ਭੋਗ ਪਾਏ ਗਏ ਅਤੇ ਗੁਰਬਾਣੀ ਦਾ ਕੀਰਤਨ ਕੀਤਾ ਗਿਆ। ਇਸ ਮੌਕੇ ਵੱਡੀ ਗਿਣਤੀ ਵਿੱਚ ਸਿੱਖ ਸੰਗਤ ਸ੍ਰੀ ਅਕਾਲ ਤਖ਼ਤ ਸਾਹਮਣੇ ਇਕੱਠੀ ਹੋਈ।
ਸਮਾਗਮ ਮਗਰੋਂ ਅਕਾਲ ਤਖ਼ਤ ਦੇ ਨੇੜੇ ਸਾਬਕਾ ਸੰਸਦ ਮੈਂਬਰ ਸਿਮਰਨਜੀਤ ਸਿੰਘ ਮਾਨ ਨੇ ਸੰਬੋਧਨ ਵੀ ਕੀਤਾ। ਇਸ ਮੌਕੇ ਮੁਤਵਾਜ਼ੀ ਜਥੇਦਾਰ ਭਾਈ ਧਿਆਨ ਸਿੰਘ ਮੰਡ ਵੱਲੋਂ ਵੀ ਸਿੱਖ ਕੌਮ ਦੇ ਨਾਂ ਸੰਦੇਸ਼ ਜਾਰੀ ਕਰਦਿਆਂ ਸਮੁੱਚੀ ਕੌਮ ਨੂੰ ਇੱਕਜੁੱਟ ਹੋਣ ਦੀ ਅਪੀਲ ਕੀਤੀ ਗਈ। ਇਸ ਮੌਕੇ ਜਦੋਂ ਉਹ ਸੰਬੋਧਨ ਕਰ ਰਹੇ ਸਨ ਤਾਂ ਪ੍ਰਬੰਧਕਾਂ ਵੱਲੋਂ ਸ੍ਰੀ ਅਕਾਲ ਤਖ਼ਤ ਵਿਖੇ ਚੱਲ ਰਹੇ ਗੁਰਬਾਣੀ ਕੀਰਤਨ ਦੀ ਆਵਾਜ਼ ਨੂੰ ਵਧੇਰੇ ਉੱਚਾ ਕਰ ਦਿੱਤਾ ਗਿਆ ਜਿਸ ਕਾਰਨ ਦੋਵਾਂ ਸਿੱਖ ਆਗੂਆਂ ਦੀ ਆਵਾਜ਼ ਆਮ ਸੰਗਤ ਤੱਕ ਨਹੀਂ ਪੁੱਜ ਸਕੀ। ਸਮਾਗਮ ਦੌਰਾਨ ਸ੍ਰੀ ਦਰਬਾਰ ਸਾਹਿਬ ਕੈਂਪਸ ਵਿੱਚ ਸ਼੍ਰੋਮਣੀ ਕਮੇਟੀ ਵੱਲੋਂ ਆਪਣੇ ਤੌਰ ’ਤੇ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਗਏ ਸਨ। ਇਸ ਤੋਂ ਇਲਾਵਾ ਪੰਜਾਬ ਪੁਲੀਸ ਵੀ ਸਾਦੇ ਕੱਪੜਿਆਂ ਵਿਚ ਮੌਜੂਦ ਸੀ। ਇਸ ਮੌਕੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਸੁਲਤਾਨ ਸਿੰਘ, ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਹਾਜ਼ਰ ਸੀ।

Advertisement

ਮੁਤਵਾਜ਼ੀ ਜਥੇਦਾਰ ਭਾਈ ਧਿਆਨ ਸਿੰਘ ਮੰਡ ਵੱਲੋਂ ਸਿੱਖ ਕੌਮ ਦੇ ਨਾਂ ਸੰਦੇਸ਼

ਸ੍ਰੀ ਅਕਾਲ ਤਖ਼ਤ ਦੇ ਮੁਤਵਾਜ਼ੀ ਜਥੇਦਾਰ ਭਾਈ ਧਿਆਨ ਸਿੰਘ ਮੰਡ ਨੇ ਘੱਲੂਘਾਰਾ ਦਿਵਸ ਮੌਕੇ ਸਿੱਖ ਕੌਮ ਦੇ ਨਾਂ ਸੰਦੇਸ਼ ਵਿੱਚ ਆਖਿਆ ਕਿ ਸਿੱਖ ਕੌਮ ਨੂੰ ਆਪਣੇ ਸ਼ਹੀਦਾਂ ਨੂੰ ਸ਼ਰਧਾਂਜਲੀ ਦੇਣ ਦੇ ਨਾਲ ਨਾਲ ਪੰਥਕ ਏਕੇ ਲਈ ਯਤਨ ਕਰਦੇ ਹੋਏ ਸਿੱਖ ਪੰਥ ਦਾ ਰਾਜ ਕਾਇਮ ਕਰਨ ਲਈ ਵਚਨਬੱਧ ਹੋਣਾ ਚਾਹੀਦਾ ਹੈ। ਉਨ੍ਹਾਂ ਸ੍ਰੀ ਅਕਾਲ ਤਖ਼ਤ ਵਿਖੇ ਸਿੱਖ ਕੌਮ ਦੇ ਨਾਂ ਵੱਖਰਾ ਸੰਦੇਸ਼ ਦਿੱਤਾ। ਉਨ੍ਹਾਂ ਕਿਹਾ ਕਿ ਸਾਕਾ ਨੀਲਾ ਤਾਰਾ ਨੂੰ ਵਾਪਰਿਆਂ 40 ਸਾਲ ਬੀਤ ਚੁੱਕੇ ਹਨ ਪਰ ਇਸ ਦੇ ਬਾਅਦ ਵੀ ਹੁਣ ਤੱਕ ਸਿੱਖ ਕੌਮ ਨਹੀਂ ਸੰਭਲੀ। ਸਮੇਂ ਦੀਆਂ ਹਕੂਮਤਾਂ ਨੇ ਜਿਵੇਂ ਸਿੱਖ ਕੌਮ ਨੂੰ ਵੱਖ-ਵੱਖ ਕੀਤਾ ਸੀ, ਉਸੇ ਤਰ੍ਹਾਂ ਅੱਜ ਵੀ ਸਿੱਖ ਕੌਮ ਵੰਡੀ ਹੋਈ ਹੈ। ਸਾਕਾ ਨੀਲਾ ਤਾਰਾ ਮਾਮਲੇ ਨੂੰ ਲੈ ਕੇ ਸਿੱਖਾਂ ਅੰਦਰ ਰੋਸ ਹੈ ਅਤੇ ਲੋਕ ਸਭਾ ਚੋਣਾਂ ਵਿੱਚ ਸੰਗਤਾਂ ਨੇ ਖਡੂਰ ਸਾਹਿਬ ਅਤੇ ਫਰੀਦਕੋਟ ਹਲਕੇ ਤੋਂ ਆਪਣੇ ਰੋਸ ਅਤੇ ਆਪਣੀ ਸ਼ਕਤੀ ਦਾ ਪ੍ਰਗਟਾਵਾ ਕਰਦਿਆਂ ਨਤੀਜੇ ਬਦਲ ਦਿੱਤੇ ਹਨ। ਉਨ੍ਹਾਂ ਸਿੱਖ ਧਿਰਾਂ ਨੂੰ ਅਪੀਲ ਕੀਤੀ ਕਿ ਕੌਮ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦਿਆਂ ਅਤੇ ਨਿੱਜੀ ਹਉਮੈ ਨੂੰ ਛੱਡ ਕੇ ਮਜ਼ਬੂਤ ਸ਼ਕਤੀ ਦੀ ਹੋਂਦ ਸਥਾਪਿਤ ਕੀਤੀ ਜਾਵੇ।

Advertisement
Author Image

sukhwinder singh

View all posts

Advertisement
Advertisement
×