ਕਾਰਗਿਲ ਦੇ ਸ਼ਹੀਦਾਂ ਦੀ ਯਾਦ ’ਚ ਸਿਲਵਰ ਜੁਬਲੀ ਸਮਾਗਮ
ਸ਼ਗਨ ਕਟਾਰੀਆ/ਮਨੋਜ ਸ਼ਰਮਾ
ਬਠਿੰਡਾ, 25 ਜੁਲਾਈ
ਇੱਥੇ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫ਼ਤਰ ਵਿੱਚ ਕਾਰਗਿਲ ਜੰਗ ਦਾ ਜ਼ੋਨ ਪੱਧਰੀ ਸਿਲਵਰ ਜੁਬਲੀ ਸਮਾਗਮ ‘ਵਿਜੈ ਦਿਵਸ’ ਦੇ ਰੂਪ ਵਿੱਚ ਮਨਾਇਆ ਗਿਆ। ਸਮਾਗਮ ਦੌਰਾਨ ਬਠਿੰਡਾ (ਸ਼ਹਿਰੀ) ਹਲਕੇ ਦੇ ਵਿਧਾਇਕ ਜਗਰੂਪ ਸਿੰਘ ਗਿੱਲ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਅਤੇ ਉਨ੍ਹਾਂ ਕਾਰਗਿਲ ਦੇ ਸ਼ਹੀਦਾਂ ਦੇ ਪਰਿਵਾਰਾਂ, ਨਕਾਰਾ ਸੈਨਿਕਾਂ ਅਤੇ ਪੁਰਸਕਾਰ ਵਿਜੇਤਾਵਾਂ ਨੂੰ ਸੰਬੋਧਨ ਵੀ ਕੀਤਾ। ਸ੍ਰੀ ਗਿੱਲ ਨੇ ਕਿਹਾ ਕਿ ਦੇਸ਼ ਲਈ ਕੁਰਬਾਨ ਹੋਏ ਸ਼ਹੀਦਾਂ ਦੀਆਂ ਲਾਸਾਨੀ ਕੁਰਬਾਨੀਆਂ ਨੂੰ ਕਦੇ ਵੀ ਨਹੀਂ ਭੁਲਾਇਆ ਜਾ ਸਕਦਾ। ਉਨ੍ਹਾਂ ਕਿਹਾ ਕਿ ਸ਼ਹੀਦਾਂ ਵੱਲੋਂ ਦੇਸ਼ ਲਈ ਦਿੱਤੀਆ ਸ਼ਹਾਦਤਾਂ ਲਈ ਹਮੇਸ਼ਾ ਉਨ੍ਹਾਂ ਦੇ ਰਿਣੀ ਰਹਿਣਗੇ। ਗਿੱਲ ਨੇ ਕਿਹਾ ਕਿ ਜਦੋਂ ਵੀ ਕਦੇ ਦੁਸ਼ਮਣ ਨੇ ਦੇਸ਼ ਦੀ ਸ਼ਾਂਤੀ ਭੰਗ ਕਰਨ ਦੀ ਕੋਸ਼ਿਸ ਕੀਤੀ ਹੈ, ਤਾਂ ਸਾਡੀ ਫੌਜ ਨੇ ਮੂੰਹ ਤੋੜਵਾਂ ਜਵਾਬ ਦਿੱਤਾ ਹੈ। ਉਨ੍ਹਾਂ ਆਖਿਆ ਕਿ ਕਾਰਗਿਲ ਜੰਗ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਦੇਣ ਸਮੇਂ ਤਨਦੇਹੀ ਨਾਲ ਆਪਣੀ ਡਿਊਟੀ ਨਿਭਾ ਰਹੇ ਸੈਨਿਕਾਂ ਨੂੰ ਵੀ ਅਹਿਸਾਸ ਹੁੰਦਾ ਹੈ ਕਿ ਪੂਰਾ ਹਿੰਦੋਸਤਾਨ ਉਨ੍ਹਾਂ ਦੇ ਨਾਲ ਹੈ।
ਇਸ ਮੌਕੇ ਵਿਧਾਇਕ ਸ੍ਰੀ ਗਿੱਲ ਤੋਂ ਇਲਾਵਾ ਏਡੀਸੀ (ਜਨਰਲ) ਲਤੀਫ਼ ਅਹਿਮਦ ਅਤੇ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫ਼ਸਰ ਰਿਟਾ. ਕਮਾਂਡਰ ਦਿਲਪ੍ਰੀਤ ਸਿੰਘ ਕੰਗ ਵੱਲੋਂ ਕਾਰਗਿਲ ਦੇ ਸ਼ਹੀਦ ਸੈਨਿਕਾਂ ਦੇ ਪਰਿਵਾਰਾਂ, ਨਕਾਰਾ ਹੋਏ ਸੈਨਿਕਾਂ ਅਤੇ ਪੁਰਸਕਾਰ ਵਿਜੇਤਾਵਾਂ ਨੂੰ 5100-5100 ਰੁਪਏ ਦੇ ਚੈੱਕ ਅਤੇ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ।