ਸਿਮਰਨਜੀਤ ਮਾਨ ਨੇ ਮੰਡੀਆਂ ਵਿੱਚ ਕਿਸਾਨਾਂ ਦੀਆਂ ਸਮੱਸਿਆਵਾਂ ਸੁਣੀਆਂ
ਪਰਸ਼ੋਤਮ ਬੱਲੀ
ਬਰਨਾਲਾ, 24 ਅਕਤੂਬਰ
ਅਕਾਲੀ ਦਲ (ਅੰਮ੍ਰਿਤਸਰ) ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੇ ਅੱਜ ਜ਼ਿਲ੍ਹੇ ਦੀਆਂ ਬਰਨਾਲਾ, ਜੋਧਪੁਰ , ਖੁੱਡੀ ਕਲਾਂ ਅਨਾਜ ਮੰਡੀਆਂ ਦਾ ਦੌਰਾ ਕਰ ਕੇ ਕਿਸਾਨਾਂ, ਮਜ਼ਦੂਰਾਂ ਅਤੇ ਆੜ੍ਹਤੀਆਂ ਦੀਆਂ ਮੁਸ਼ਕਲਾਂ ਸੁਣੀਆਂ।
ਸ੍ਰੀ ਮਾਨ ਨੇ ਕਿਹਾ ਕਿ ਆਪ ਸਰਕਾਰ ਆਪਣੀ ਜ਼ਿੰਮੇਵਾਰੀ ਨੂੰ ਸਹੀ ਢੰਗ ਨਾਲ ਨਹੀਂ ਨਿਭਾ ਰਹੀ, ਜਿਸ ਕਾਰਨ ਕਿਸਾਨ, ਮਜ਼ਦੂਰ, ਵਪਾਰੀ ਸਮੇਤ ਹਰ ਵਰਗ ਦੇ ਲੋਕ ਇਸ ਸਰਕਾਰ ਤੋਂ ਦੁਖੀ ਹੋ ਚੁੱਕੇ ਹਨ। ਕਿਸਾਨਾਂ ਦੀਆਂ ਹੱਥੋ ਹੱਥ ਫਸਲਾਂ ਖਰੀਦ ਕੇ ਤੁਰੰਤ ਭੁਗਤਾਨ ਅਤੇ ਸਾਰੀਆਂ ਫਸਲਾਂ ‘ਤੇ ਐੱਮਐੱਸਪੀ ਦਾ ਦਾਅਵਾ ਕਰਨ ਵਾਲੀ ਮੌਜੂਦਾ ‘ਆਪ’ ਸਰਕਾਰ ਦੀ ਕਹਿਣੀ ਤੇ ਕਰਨੀ ਵਿੱਚ ਅੰਤਰ ਹੈ। ਉਨ੍ਹਾਂ ਦੱਸਿਆ ਕਿ ਵੱਖ-ਵੱਖ ਮੰਡੀਆਂ ਦੇ ਦੌਰੇ ਦੌਰਾਨ ਦੇਖਣ ਨੂੰ ਮਿਲਿਆ ਕਿ ਕਿਸਾਨ ਕਈ ਕਈ ਦਿਨਾਂ ਤੋਂ ਆਪਣੀਆਂ ਜਿਣਸਾਂ ਦੇ ਨਾਲ ਹੀ ਮੰਡੀਆਂ ਵਿੱਚ ਰੁਲ ਰਹੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਲੋਕਾਂ ਪ੍ਰਤੀ ਬਣਦੀ ਜ਼ਿੰਮੇਵਾਰੀ ਦਾ ਅਹਿਸਾਸ ਕਰਾਉਣ ਲਈ ਇਨ੍ਹਾਂ ਜ਼ਿਮਨੀ ਚੋਣਾਂ ਵਿੱਚ ਅਕਾਲੀ ਦਲ (ਅੰਮ੍ਰਿਤਸਰ) ਅਤੇ ਪੰਥਕ ਜਥੇਬੰਦੀਆਂ ਵੱਲੋਂ ਚੋਣ ਮੈਦਾਨ ਵਿੱਚ ਉਤਾਰੇ ਗਏ ਸਾਂਝੇ ਉਮੀਦਵਾਰਾਂ ਦੀ ਜਿੱਤ ਯਕੀਨੀ ਬਣਾਈ ਜਾਵੇ। ਇਸ ਮੌਕੇ ਬਹਾਦਰ ਸਿੰਘ ਭਸੌੜ, ਜ਼ਿਲ੍ਹਾ ਜਥੇਦਾਰ ਦਰਸ਼ਨ ਸਿੰਘ ਮੰਡੇਰ, ਜਥੇਦਾਰ ਹਰਦੇਵ ਸਿੰਘ, ਜਥੇਦਾਰ ਗੁਰਨੈਬ ਸਿੰਘ ਰਾਮਪੁਰਾ, ਜ਼ਿਲ੍ਹਾ ਸੰਗਰੂਰ ਪ੍ਰਧਾਨ ਮਾਸਟਰ ਕਰਨੈਲ ਸਿੰਘ ਨਾਰੀਕੇ ਤੇ ਹੋਰ ਹਾਜ਼ਰ ਸਨ।