For the best experience, open
https://m.punjabitribuneonline.com
on your mobile browser.
Advertisement

ਸਿਮਰਨਜੀਤ ਸਿੰਘ ਮਾਨ ਨੇ ਪਿੰਡਾਂ ਵਿੱਚ ਚੋਣ ਪ੍ਰਚਾਰ ਭਖ਼ਾਇਆ

07:14 AM Apr 18, 2024 IST
ਸਿਮਰਨਜੀਤ ਸਿੰਘ ਮਾਨ ਨੇ ਪਿੰਡਾਂ ਵਿੱਚ ਚੋਣ ਪ੍ਰਚਾਰ ਭਖ਼ਾਇਆ
ਭਵਾਨੀਗੜ੍ਹ ਵਿੱਚ ਚੋਣ ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਸਿਮਰਨਜੀਤ ਸਿੰਘ ਮਾਨ।
Advertisement

ਮੇਜਰ ਸਿੰਘ ਮੱਟਰਾਂ
ਭਵਾਨੀਗੜ੍ਹ, 17 ਅਪਰੈਲ
ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਪ੍ਰਧਾਨ ਤੇ ਲੋਕ ਸਭਾ ਹਲਕਾ ਸੰਗਰੂਰ ਤੋਂ ਉਮੀਦਵਾਰ ਸਿਮਰਨਜੀਤ ਸਿੰਘ ਮਾਨ ਵੱਲੋਂ ਅੱਜ ਇੱਥੇ ਸ਼ਹਿਰ ਸਣੇ ਪਿੰਡ ਮੁਨਸ਼ੀਵਾਲਾ, ਸ਼ਾਹਪੁਰ ਅਤੇ ਚੰਨੋ ਸਮੇਤ ਵੱਖ-ਵੱਖ ਪਿੰਡਾਂ ਵਿੱਚ ਚੋਣ ਮੀਟਿੰਗਾਂ ਕੀਤੀਆਂ ਗਈਆਂ।
ਵੱਖ-ਵੱਖ ਪਿੰਡਾਂ ਵਿੱਚ ਚੋਣ ਮੀਟਿੰਗਾਂ ਨੂੰ ਸੰਬੋਧਨ ਕਰਦਿਆਂ ਸ੍ਰੀ ਮਾਨ ਨੇ ਕਿਹਾ ਕਿ ਪੰਜਾਬ ਵਾਸੀਆਂ ਲਈ ਸਭ ਤੋਂ ਵੱਡੀ ਚਿੰਤਾ ਦਾ ਕਾਰਨ ਨੌਜਵਾਨਾਂ ਵਿੱਚ ਨਸ਼ਿਆਂ ਦਾ ਵਧ ਰਿਹਾ ਰੁਝਾਨ ਹੈ, ਜਿਸ ਨੂੰ ਖਤਮ ਕਰਨ ਲਈ ਉਨ੍ਹਾਂ ਨੇ ਪਿਛਲੇ ਡੇਢ ਸਾਲ ਦੇ ਕਾਰਜਕਾਲ ਦੌਰਾਨ ਆਪਣੇ ਐਮਪੀ ਕੋਟੇ ਵਿੱਚੋਂ ਵੱਡੇ ਪੱਧਰ ’ਤੇ ਓਪਨ ਤੇ ਇਨਡੋਰ ਜਿੰਮ, ਕ੍ਰਿਕਟ ਤੇ ਵਾਲੀਬਾਲ ਖੇਡ ਕਿੱਟਾਂ ਵੰਡੀਆਂ ਅਤੇ ਨੌਜਵਾਨਾਂ ਦੇ ਖੇਡਣ ਲਈ ਖੇਡ ਦੇ ਮੈਦਾਨ ਤਿਆਰ ਕਰਵਾਏ। ਉਨ੍ਹਾਂ ਕਿਹਾ ਕਿ ਕਰੀਬ 10 ਕਰੋੜ ਰੁਪਏ ਦੀ ਗਰਾਂਟ ਸਾਰੇ ਵਰਗਾਂ ਦੀ ਭਲਾਈ ਲਈ ਵੱਖ-ਵੱਖ ਵਿਕਾਸ ਕਾਰਜਾਂ ਲਈ ਬਿਨਾਂ ਪੱਖਪਾਤ ਤੋਂ ਵੰਡੀ ਗਈ ਹੈ। ਉਨ੍ਹਾਂ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਅਤੇ ਪੰਜਾਬ ਦੀ ਭਗਵੰਤ ਮਾਨ ਸਰਕਾਰ ਨੇ ਪੰਜਾਬ ਦੇ ਲੋਕਾਂ ਨਾਲ ਧੋਖਾ ਕੀਤਾ ਹੈ, ਜਿਸ ਦੇ ਨਤੀਜੇ ਇਨ੍ਹਾਂ ਦੋਵੇਂ ਪਾਰਟੀਆਂ ਨੂੰ ਲੋਕ ਸਭਾ ਚੋਣਾਂ ਵਿੱਚ ਭੁਗਤਣੇ ਪੈਣਗੇ।
ਸ਼ੇਰਪੁਰ (ਪੱਤਰ ਪ੍ਰੇਰਕ): ਲੋਕ ਸਭਾ ਹਲਕਾ ਸੰਗਰੂਰ ਤੋਂ ਉਮੀਦਵਾਰ ਤੇ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੇ ਭਾਰਤੀ ਜਨਤਾ ਪਾਰਟੀ ਦੀ ਜਾਤ-ਪਾਤ ਤੇ ਧਰਮ ਦੇ ਆਧਾਰ ’ਤੇ ਵੰਡੀਆਂ ਪਾਉਣ ਦੀ ਸਿਆਸਤ ਨੂੰ ਨਕਾਰਨ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਦੇਸ਼ ਵਿਦੇਸ਼ ਦੀ ਧਰਤੀ ’ਤੇ ਸਿੱਖ ਕੌਮ ਨਾਲ ਵਧੀਕੀਆਂ ਦੀ ਲੋਕ ਸਭਾ ਵਿੱਚ ਡਟ ਕੇ ਅਵਾਜ਼ ਬੁਲੰਦ ਕਰਨ ਬਦਲੇ ਉਨ੍ਹਾਂ ਨੂੰ ਸਮਰਥਨ ਦਿੱਤਾ ਜਾਵੇ।
ਐੱਮਪੀ ਮਾਨ ਸ਼ੇਰਪੁਰ, ਸਲੇਮਪੁਰ, ਬਮਾਲ ਆਦਿ ਪਿੰਡਾਂ ਵਿੱਚ ਲੋਕ ਮਿਲਣੀਆਂ ਦੇ ਪ੍ਰੋਗਰਾਮ ਤਹਿਤ ਕੀਤੀਆਂ ਭਰਵੀਂਆਂ ਮੀਟਿੰਗਾਂ ਨੂੰ ਸੰਬੋਧਨ ਕਰ ਰਹੇ ਸਨ। ਉਨ੍ਹਾਂ ਪੰਜਾਬ ਸਰਕਾਰ ਵੱਲੋਂ ਚੋਣਾਂ ਤੋਂ ਪਹਿਲਾਂ ਕੀਤੇ ਵਾਅਦਿਆਂ ਨੂੰ ਅਮਲੀ ਰੂਪ ਵਿੱਚ ਲਾਗੂ ਨਾ ਕਰਨ ਦਾ ਜ਼ਿਕਰ ਕੀਤਾ।

Advertisement

ਮਾਨ ਵੱਲੋਂ ਧੂਰੀ ’ਚ ਰੋਡ ਸ਼ੋਅ

ਧੂਰੀ (ਖੇਤਰੀ ਪ੍ਰਤੀਨਿਧ): ਸੰਗਰੂਰ ਲੋਕ ਸਭਾ ਹਲਕੇ ਤੋਂ ਸੰਸਦ ਮੈਂਬਰ ਸਿਮਰਨਜੀਤ ਸਿੰਘ ਮਾਨ ਵੱਲੋਂ ਧੂਰੀ ਵਿੱਚ ਆਪਣਾ ਦਫਤਰ ਖੋਲ੍ਹਣ ਮਗਰੋਂ ਸ਼ਹਿਰ ’ਚ ਰੋਡ ਸ਼ੋਅ ਕੱਢਿਆ ਗਿਆ। ਮਾਨ ਨੇ ਕਿਹਾ ਸੰਗਰੂਰ ਹਲਕੇ ਦੇ ਉਸ ਦੀ ਕਾਰਗੁਜ਼ਾਰੀ ਤੋਂ ਸੰਤੁਸ਼ਟ ਰਨ ਤੇ ਦੁਬਾਰਾ ਮੁੜ ਸੇਵਾ ਦਾ ਮੌਕਾ ਦੇਣਗੇ। ਮਾਨ ਨੇ ਕਿਹਾ ਕਿ ਉਹ ਪੰਜਾਬ ਤੋਂ ਇਲਾਵਾ ਦੇਸ਼ ਦੇ ਹੋਰ ਸੂਬਿਆਂ ਵਿੱਚ ਵੀ ਅਪਣੇ ਉਮੀਦਵਾਰ ਉਤਾਰ ਰਹੇ ਹਨ ਜਿਨ੍ਹਾਂ ਦਾ ਫੈਸਲਾ ਜਲਦੀ ਕਰ ਦਿੱਤਾ ਜਾਵੇਗਾ।

Advertisement
Author Image

sukhwinder singh

View all posts

Advertisement
Advertisement
×