For the best experience, open
https://m.punjabitribuneonline.com
on your mobile browser.
Advertisement

ਸਿੱਧੂ ਪਰਿਵਾਰ ਨੇ ਸੰਭਾਲੀ ਸਿੰਗਲਾ ਦੀ ਚੋਣ ਮੁਹਿੰਮ

08:44 AM May 08, 2024 IST
ਸਿੱਧੂ ਪਰਿਵਾਰ ਨੇ ਸੰਭਾਲੀ ਸਿੰਗਲਾ ਦੀ ਚੋਣ ਮੁਹਿੰਮ
ਕੌਂਸਲਰਾਂ ਦੀ ਮੀਟਿੰਗ ਵਿੱਚ ਸ਼ਿਰਕਤ ਕਰਦੇ ਹੋਏ ਵਿਜੈਇੰਦਰ ਸਿੰਗਲਾ ਤੇ ਬਲਬੀਰ ਸਿੱਧੂ।
Advertisement

ਕਰਮਜੀਤ ਸਿੰਘ ਚਿੱਲਾ
ਐਸ.ਏ.ਐਸ.ਨਗਰ(ਮੁਹਾਲੀ), 7 ਮਈ
ਸਾਬਕਾ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਤੇ ਉਨ੍ਹਾਂ ਦੇ ਸਮੁੱਚੇ ਪਰਿਵਾਰ ਨੇ ਸ੍ਰੀ ਆਨੰਦਪੁਰ ਸਾਹਿਬ ਹਲਕੇ ਤੋਂ ਚੋਣ ਲੜ ਰਹੇ ਕਾਂਗਰਸੀ ਉਮੀਦਵਾਰ ਵਿਜੈਇੰਦਰ ਸਿੰਗਲਾ ਦੀ ਮੁਹਾਲੀ ਹਲਕੇ ਵਿਚਲੀ ਚੋਣ ਕਮਾਨ ਆਪਣੇ ਹੱਥ ਵਿੱਚ ਲੈ ਲਈ। ਸ੍ਰੀ ਸਿੱਧੂ ਤੋਂ ਇਲਾਵਾ ਉਨ੍ਹਾਂ ਦੇ ਭਰਾ ਤੇ ਮੁਹਾਲੀ ਦੇ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਅਤੇ ਪੁੱਤਰ ਕੰਵਰਬੀਰ ਸਿੰਘ ਰੂਬੀ ਸਿੱਧੂ ਚੋਣ ਪ੍ਰਚਾਰ ਵਿਚ ਜੁਟ ਗਏ ਹਨ।
ਇੱਥੇ ਮੇਅਰ ਜੀਤੀ ਸਿੱਧੂ ਦੀ ਅਗਵਾਈ ਹੇਠ ਬੀਤੀ ਰਾਤ ਕਾਂਗਰਸ ਪਾਰਟੀ ਦੇ ਕੌਂਲਸਰਾਂ ਦੀ ਇਕੱਤਰਤਾ ਹੋਈ। ਇਸ ਵਿੱਚ ਸੀਨੀਅਰ ਡਿਪਟੀ ਮੇਅਰ ਅਮਰੀਕ ਸਿੰਘ ਸੋਮਲ, ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਸਣੇ ਪਾਰਟੀ ਦੇ 36 ਕੌਂਸਲਰਾਂ ਨੇ ਸ਼ਮੂਲੀਅਤ ਕੀਤੀ। ਇਸ ਮੌਕੇ ਬਲਬੀਰ ਸਿੱਧੂ ਨੇ ਪਾਰਟੀ ਉਮੀਦਵਾਰ ਨੂੰ ਭਰੋਸਾ ਦਿਵਾਇਆ ਕਿ ਮੁਹਾਲੀ ਹਲਕੇ ਤੋਂ ਵੱਡੀ ਲੀਡ ਨਾਲ ਪਾਰਟੀ ਉਮੀਦਵਾਰ ਨੂੰ ਜਿਤਾ ਕੇ ਭੇਜਣਗੇ। ਉਨ੍ਹਾਂ ਕਿਹਾ ਕਿ ਇਹ ਚੋਣ ਸੰਵਿਧਾਨ ਅਤੇ ਲੋਕਤੰਤਰ ਨੂੰ ਬਚਾਉਣ ਲਈ ਹੈ ਤੇ ਇਸ ਜੰਗ ਵਿੱਚ ਕਾਂਗਰਸ ਪਾਰਟੀ ਦਾ ਹਰ ਵਰਕਰ ਰਾਹੁਲ ਗਾਂਧੀ ਨੂੰ ਦੇਸ਼ ਦਾ ਪ੍ਰਧਾਨ ਮੰਤਰੀ ਬਣਾਉਣ ਲਈ ਆਪਣਾ ਯੋਗਦਾਨ ਪਾਵੇਗਾ।
ਇਸ ਮੌਕੇ ਬੋਲਦਿਆਂ ਵਿਜੈਇੰਦਰ ਸਿੰਗਲਾ ਨੇ ਕਾਂਗਰਸ ਵੱਲੋਂ ਐਲਾਨੀਆਂ ਗਾਰੰਟੀਆਂ ਅਤੇ ਚੋਣ ਮੈਨੀਫੈਸਟੋ ’ਤੇ ਚਰਚਾ ਕੀਤੀ। ਉਨ੍ਹਾਂ ਕਿਹਾ ਕਿ ਪਾਰਟੀ ਦੇ ਇਨ੍ਹਾਂ ਵਾਅਦਿਆਂ ਦਾ ਘਰ-ਘਰ ਤੱਕ ਪ੍ਰਚਾਰ ਯਕੀਨੀ ਬਣਾਇਆ ਜਾਵੇ।
ਇਸੇ ਤਰ੍ਹਾਂ ਅੱਜ ਬਲਬੀਰ ਸਿੰਘ ਸਿੱਧੂ ਨੇ ਪਿੰਡਾਂ ਵਿੱਚ ਚੋਣ ਪ੍ਰਚਾਰ ਤੇਜ਼ ਕਰਦਿਆਂ ਚੱਪੜਚਿੜੀ ਕਲਾਂ ਤੇ ਖੁਰਦ, ਕੈਲੋਂ, ਗਿੱਦੜਪੁਰ, ਲਾਂਡਰਾਂ, ਆਂਸਲ ਸਿਟੀ ਅਤੇ ਸੈਦਪੁਰ ਵਿੱਚ ਮੀਟਿੰਗਾਂ ਕਰ ਕੇ ਲੋਕਾਂ ਨੂੰ ਕਾਂਗਰਸ ਪਾਰਟੀ ਨੂੰ ਜਿਤਾਉਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਤੋਂ ਦੋ ਸਾਲਾਂ ਵਿੱਚ ਹੀ ਪੰਜਾਬ ਦੇ ਸਾਰੇ ਵਰਗ ਤੰਗ ਆ ਚੁੱਕੇ ਹਨ। ਉਨ੍ਹਾਂ ਅਕਾਲੀ ਦਲ ਅਤੇ ਭਾਜਪਾ ਤੇ ਵੀ ਤਿੱਖੇ ਹਮਲੇ ਕੀਤੇ। ਇਨ੍ਹਾਂ ਇਕੱਠਾਂ ਨੂੰ ਕਾਂਗਰਸੀ ਆਗੂ ਹਰਕੇਸ਼ ਚੰਦ ਸ਼ਰਮਾ ਮੱਛਲੀ ਕਲਾਂ ਨੇ ਵੀ ਸੰਬੋਧਨ ਕੀਤਾ। ਵੱਖ-ਵੱਖ ਪਿੰਡਾਂ ਦੇ ਸਰਪੰਚਾਂ ਨੇ ਸ੍ਰੀ ਸਿੱਧੂ ਨੂੰ ਪੂਰਨ ਸਹਿਯੋਗ ਦਾ ਭਰੋਸਾ ਦਿਵਾਇਆ।

Advertisement

Advertisement
Advertisement
Author Image

joginder kumar

View all posts

Advertisement