ਸਿਰਸਾ: ਹਾਊਸਿੰਗ ਬੋਰਡ ਦੇ ਫਲੈਟਾਂ ’ਚ ਆਰਜ਼ੀ ਤੌਰ ’ਤੇ ਰਹਿ ਰਹੇ ਥੇੜ੍ਹ ਤੋਂ ਉਜੜੇ ਲੋਕਾਂ ਨੇ ਬੁਨਿਆਦੀ ਸਹੂਲਤਾਂ ਲਈ ਚੌਟਾਲਾ ਦੀ ਕੋਠੀ ਘੇਰੀ
ਪ੍ਰਭੂ ਦਿਆਲ
ਸਿਰਸਾ, 18 ਅਗਸਤ
ਇਥੋਂ ਦੇ ਹਾਊਸਿੰਗ ਬੋਰਡ ਦੇ ਫਲੈਟਾਂ ’ਚ ਆਰਜ਼ੀ ਤੌਰ ’ਤੇ ਵਸਾਏ ਲੋਕਾਂ ਨੇ ਬੁਨਿਆਦੀ ਸਹੂਲਤਾਂ ਲਈ ਉੱਪ ਮੁੱਖ ਮੰਤਰੀ ਦੁਸ਼ਿਅੰਤ ਚੌਟਾਲਾ ਦੇ ਘਰ ਅੱਗੇ ਨਾਅਰੇਬਾਜ਼ੀ ਕੀਤੀ ਤੇ ਕੁਝ ਸਮੇਂ ਲਈ ਧਰਨਾ ਦਿੱਤਾ। ਇਸ ਤੋਂ ਪਹਿਲਾਂ ਪ੍ਰਦਰਸ਼ਨਕਾਰੀਆਂ ਨੇ ਕਿਸਾਨ ਚੌਕ ’ਤੇ ਸਰਕਾਰ ਦਾ ਪੁਤਲਾ ਫੂਕਿਆ। ਬਾਅਦ ’ਚ ਪ੍ਰਦਰਸ਼ਨਕਾਰੀਆਂ ਨੇ ਮਿੰਨੀ ਸਕੱਤਰੇਤ ਦੇ ਬਾਹਰ ਧਰਨਾ ਦਿੱਤਾ। ਪ੍ਰਦਰਸ਼ਨਕਾਰੀਆਂ ਨੇ ਚਿਤਾਵਨੀ ਦਿੱਤੀ ਕਿ ਜੇ ਹਾਊਸਿੰਗ ਬੋਰਡ ਫਲੈਟਾਂ ’ਚ ਆਰਜ਼ੀ ਤੌਰ ’ਤੇ ਰਹਿੰਦੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਨਾ ਕਰਵਾਈਆਂ ਗਈਆਂ ਤੇ ਉਨ੍ਹਾਂ ਦੀ ਪੱਕੀ ਰਿਹਾਇਸ਼ ਲਈ ਪਲਾਟ ਨਾ ਦਿੱਤੇ ਗਏ ਤਾਂ ਉਹ ਤਿੱਖਾ ਅੰਦੋਲਨ ਕਰਨ ਲਈ ਮਜਬੂਰ ਹੋਣਗੇ। ਜਿਕਰਯੋਗ ਹੈ ਕਿ ਪੁਰਾਤੱਤਵ ਵਿਭਾਗ ਵੱਲੋਂ ਥੇੜ੍ਹ ਦੀ ਖੁਦਾਈ ਕਰਕੇ ਥੇੜ੍ਹ ਦੇ ਇਤਿਹਾਸ ਬਾਰੇ ਪਤਾ ਲਾਉਣ ਲਈ ਹਾਈ ਕੋਰਟ ਦੇ ਹੁਕਮਾਂ ’ਤੇ ਛੇ ਸਾਲ ਪਹਿਲਾਂ ਕਰੀਬ 780 ਪਰਿਵਾਰਾਂ ਨੂੰ ਆਰਜ਼ੀ ਤੌਰ ’ਤੇ ਹਾਊਸਿੰਗ ਬੋਰਡ ਦੇ ਫਲੈਟ ਮੁਹੱਈਆ ਕਰਵਾਏ ਗਏ ਸਨ। ਉਸ ਸਮੇਂ ਸਰਕਾਰ ਨੇ ਥੇੜ੍ਹ ਵਾਸੀਆਂ ਨੂੰ ਕਿਸੇ ਹੋਰ ਥਾਂ ’ਤੇ ਉਨ੍ਹਾਂ ਨੂੰ ਪਲਾਟ ਦੇਣ ਦਾ ਵਾਅਦਾ ਕੀਤਾ ਸੀ ਜਿਸ ਨੂੰ ਹਾਲੇ ਤੱਕ ਪੂਰਾ ਨਾ ਕੀਤੇ ਜਾਣ ਕਾਰਨ ਲੋਕਾਂ ਵਿੱਚ ਭਾਰੀ ਰੋਹ ਹੈ। ਲੋਕ ਜਿਥੇ ਫਲੈਟਾਂ ’ਚ ਬੁਨਿਆਦੀ ਸੁਵਿਧਾਵਾਂ ਦੀ ਮੰਗ ਕਰ ਰਹੇ ਹਨ ਉਥੇ ਹੀ ਪੱਕੇ ਤੌਰ ’ਤੇ ਪਲਾਟ ਤੇ ਮਕਾਨ ਬਣਾ ਕੇ ਦਿੱਤੇ ਜਾਣ ਦੀ ਵੀ ਮੰਗ ਕਰ ਰਹੇ ਹਨ। ਇਸ ਮੌਕੇ ’ਤੇ ਵੱਡੀ ਗਿਣਤੀ ’ਚ ਲੋਕ ਮੌਜੂਦ ਸਨ।