ਸਿਰਸਾ: ਨੌਜਵਾਨ ਦੀ ਪੁਲੀਸ ਹਿਰਾਸਤ ’ਚ ਮੌਤ ਸਬੰਧੀ ਪਰਿਵਾਰ ਦਾ ਹਸਪਤਾਲ ਦੇ ਮੁਰਦਾਘਰ ਨੇੜੇ ਧਰਨਾ
ਪ੍ਰਭੂ ਦਿਆਲ
ਸਿਰਸਾ, 31 ਜੁਲਾਈ
ਪੁਲੀਸ ਦੇ ਐਂਟੀ ਨਾਰਕੋਟਿਕਸ ਸੈੱਲ ਦੀ ਟੀਮ ਵੱਲੋਂ ਨਸ਼ਾ ਤਸਕਰੀ ਦੇ ਦੋਸ਼ ’ਚ ਘਰੋਂ ਚੁੱਕੇ ਪਿੰਡ ਦੇਸ਼ੂ ਮਲਕਾਣਾ ਵਾਸੀ ਗੁਰਪ੍ਰੀਤ ਦੀ ਪੁਲੀਸ ਹਿਰਾਸਤ ਵਿੱਚ ਮੌਤ ਮਗਰੋਂ ਭਾਵੇਂ ਪੰਜ ਪੁਲੀਸ ਮੁਲਾਜ਼ਮਾਂ ਖ਼ਿਲਾਫ਼ ਪਾਰਚਾ ਦਰਜ ਕਰ ਲਿਆ ਗਿਆ ਹੈ ਪਰ ਹਾਲੇ ਤੱਕ ਉਨ੍ਹਾਂ ਦੀ ਗ੍ਰਿਫ਼ਤਾਰੀ ਨਹੀਂ ਹੋਈ। ਮੁਲਜ਼ਮਾਂ ਦੀ ਗ੍ਰਿਫ਼ਤਾਰੀ ਦੀ ਮੰਗ ਨੂੰ ਲੈ ਕੇ ਪਿੰਡ ਦੇਸ਼ੂ ਮਲਕਾਣਾ ਦੇ ਲੋਕ ਤੇ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਵੱਲੋਂ ਸਰਕਾਰੀ ਹਸਪਤਾਲ ਦੇ ਮੁਰਦਾ ਘਰ ਦੇ ਨੇੜੇ ਧਰਨਾ ਸ਼ੁਰੂ ਕੀਤਾ ਗਿਆ ਹੈ। ਪਰਿਵਾਰ ਨੇ ਕਿਹਾ ਹੈ ਕਿ ਉਹ ਉਦੋਂ ਤੱਕ ਦੇਹ ਨਹੀਂ ਲੈਣਗੇ, ਜਦੋਂ ਤੱਕ ਮੁਲਜ਼ਮਾਂ ਨੂੰ ਪੁਲੀਸ ਗ੍ਰਿਫ਼ਤਾਰ ਨਹੀਂ ਕਰ ਲੈਂਦੀ। ਇਸ ਸਬੰਧੀ ਪਰਿਵਾਰ ਨੇ ਹਰਿਆਣਾ ਦੇ ਗ੍ਰਹਿ ਮੰਤਰੀ, ਪੁਲੀਸ ਮੁਖੀ ਨੂੰ ਵੀ ਸ਼ਿਕਾਇਤ ਭੇਜੀ ਹੈ। ਜ਼ਿਕਰਯੋਗ ਹੈ ਕਿ ਸ਼ਨਿਚਰਵਾਰ ਦੇਰ ਸ਼ਾਮ ਸਿਰਸਾ ਪੁਲੀਸ ਦੇ ਐਂਟੀ ਨਾਰਕੋਟਿਕਸ ਸੈੱਲ ਦੀ ਟੀਮ ਨੇ ਪਿੰਡ ਦੇਸ਼ੂ ਮਲਕਾਣਾ ਦੇ 28 ਸਾਲਾ ਗੁਰਪ੍ਰੀਤ ਸਿੰਘ ਨੂੰ ਨਸ਼ਾ ਤਸਕਰੀ ਦੇ ਦੋਸ਼ ’ਚ ਉਦੋਂ ਸਮੇਂ ਘਰੋਂ ਚੁੱਕਿਆ ਸੀ, ਜਦੋਂ ਉਹ ਆਪਣੇ ਖੇਤ ’ਚੋਂ ਪਸ਼ੂਆਂ ਲਈ ਚਾਰਾ ਲੈ ਕੇ ਘਰ ਆਇਆ ਸੀ। ਜ਼ਿਲ੍ਹਾ ਪੁਲੀਸ ਮੁਖੀ ਊਦੈ ਸਿੰਘ ਮੀਨਾ ਦਾ ਕਹਿਣਾ ਹੈ ਕਿ ਇਸ ਮਾਮਲੇ ਨੂੰ ਗੰਭੀਰਤਾ ਨਾਲ ਲਿਆ ਜਾ ਰਿਹਾ ਹੈ। ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਤੇ ਕਿਸੇ ਵੀ ਦੋਸ਼ੀ ਨੂੰ ਬਖਸ਼ਿਆ ਨਹੀਂ ਜਾਵੇਗਾ।