ਵਿਧਾਨ ਸਭਾ ਵਿੱਚ ਸਿੱਖ ਕੌਮ ਦੀ ਆਵਾਜ਼ ਬਣਨਗੇ ਸਿਰਸਾ: ਕਾਹਲੋਂ
ਪੱਤਰ ਪ੍ਰੇਰਕ
ਨਵੀਂ ਦਿੱਲੀ, 5 ਜਨਵਰੀ
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਜਗਦੀਪ ਸਿੰਘ ਕਾਹਲੋਂ ਨੇ ਕਮੇਟੀ ਦੇ ਸਾਬਕਾ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੂੰ ਦਿੱਲੀ ਵਿਧਾਨ ਸਭਾ ਚੋਣਾਂ ਵਿਚ ਰਾਜੌਰੀ ਗਾਰਡਨ ਹਲਕੇ ਤੋਂ ਭਾਜਪਾ ਉਮੀਦਵਾਰ ਵਜੋਂ ਮੈਦਾਨ ਵਿਚ ਉਤਾਰਨ ’ਤੇ ਪਾਰਟੀ ਦੀ ਕੌਮੀ ਲੀਡਰਸ਼ਿਪ ਦਾ ਧੰਨਵਾਦ ਕੀਤਾ ਹੈ। ਇਸ ਦੌਰਾਨ ਉਨ੍ਹਾਂ ਆਸ ਪ੍ਰਗਟ ਕੀਤੀ ਹੈ ਕਿ ਸ੍ਰੀ ਸਿਰਸਾ ਦਿੱਲੀ ਵਿਧਾਨ ਸਭਾ ਵਿਚ ਸਿੱਖ ਕੌਮ ਦੀ ਆਵਾਜ਼ ਬੁਲੰਦ ਕਰਨਗੇ। ਸ੍ਰੀ ਕਾਹਲੋਂ ਨੇ ਕਿਹਾ ਕਿ ਉਨ੍ਹਾਂ ਨੂੰ ਖੁਸ਼ੀ ਹੈ ਕਿ ਭਾਜਪਾ ਨੇ ਇਕ ਪ੍ਰਮੁੱਖ ਸਿੱਖ ਚਿਹਰੇ ਸ੍ਰੀ ਸਿਰਸਾ ਨੂੰ ਚੋਣ ਮੈਦਾਨ ਵਿੱਚ ਉਤਾਰਿਆ ਹੈ। ਉਨ੍ਹਾਂ ਕਿਹਾ ਕਿ ਇਹ ਚੋਣਾਂ ਦਿੱਲੀ ਦੇ ਲੋਕਾਂ ਲਈ ਵਿਸ਼ੇਸ਼ ਅਹਿਮੀਅਤ ਰੱਖਦੀਆਂ ਹਨ। ਉਨ੍ਹਾਂ ਕਿਹਾ ਕਿ ਪੰਜਾਬੀ ਭਾਈਚਾਰਾ ਖਾਸ ਤੌਰ ’ਤੇ ਸਿੱਖ ਭਾਈਚਾਰਾ ਆਮ ਆਦਮੀ ਪਾਰਟੀ ਦੇ ਮੁਖੀ ਅਰਵਿੰਦ ਕੇਜਰੀਵਾਲ ਦੇ ਪੰਜਾਬੀ ਵਿਰੋਧੀ ਸਟੈਂਡ ਖ਼ਿਲਾਫ਼ ਲੜਦਾ ਆ ਰਿਹਾ ਹੈ। ਉਨ੍ਹਾਂ ਕਿਹਾ ਕਿ ਕੇਜਰੀਵਾਲ ਨੇ ਮੁੱਖ ਮੰਤਰੀ ਹੁੰਦਿਆਂ ਰਾਜਧਾਨੀ ਵਿੱਚ ਪੰਜਾਬੀ ਲਈ ਕੋਈ ਜ਼ਿਕਰਯੋਗ ਉਪਰਾਲਾ ਨਹੀਂ ਕੀਤਾ। ਕੇਜਰੀਵਾਲ ਕਾਰਨ ਰਾਜਧਾਨੀ ਵਿੱਚ ਪੰਜਾਬੀ ਨੂੰ ਜੋ ਮਾਣ ਮਿਲਣਾ ਚਾਹੀਦਾ ਸੀ, ਉਹ ਨਹੀਂ ਮਿਲ ਸਕਿਆ। ਉਨ੍ਹਾਂ ਕਿਹਾ ਕਿ ਪੰਜਾਬੀ ਅਧਿਆਪਕਾਂ ਦੀਆਂ ਅਸਾਮੀਆਂ ਖਤਮ ਕੀਤੀਆਂ ਗਈਆਂ ਤੇ ਇਹ ਕਦੇ ਵੀ ਭਰੀਆਂ ਨਹੀਂ ਗਈਆਂ ਜਿਸ ਕਾਰਨ ਪੰਜਾਬੀ ਅਧਿਆਪਕਾਂ ਨੂੰ ਆਪਣੇ ਵਾਜਬ ਹੱਕ ਲੈਣ ਲਈ ਧਰਨੇ ਦੇਣੇ ਪੈ ਰਹੇ ਹਨ। ਉਨ੍ਹਾਂ ਕਿਹਾ ਕਿ ਸਿਰਸਾ ਦੀ ਚੋਣ ਸਦਕਾ ਇਹ ਮਸਲੇ ਹੱਲ ਹੋ ਸਕਣਗੇ ਜਿਥੇ ਕਿ ਵੱਡੀ ਗਿਣਤੀ ਵਿਚ ਪੰਜਾਬੀ ਖਾਸ ਤੌਰ ’ਤੇ ਸਿੱਖ ਆਬਾਦੀ ਰਹਿੰਦੀ ਹੈ।