ਸਿਸੋਦੀਆ ਨੂੰ ਅਦਾਲਤ ਤੋਂ ਨਾ ਮਿਲੀ ਰਾਹਤ
ਪੱਤਰ ਪ੍ਰੇਰਕ
ਨਵੀਂ ਦਿੱਲੀ, 6 ਅਪਰੈਲ
ਇੱਥੋਂ ਦੀ ਅਦਾਲਤ ਨੇ ਆਬਕਾਰੀ ਨੀਤੀ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ਵਿੱਚ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦੀ ਨਿਆਂਇਕ ਹਿਰਾਸਤ 18 ਅਪਰੈਲ ਤੱਕ ਵਧਾ ਦਿੱਤੀ ਹੈ। ਮਨੀਸ਼ ਸਿਸੋਦੀਆ ਨੂੰ ਪਹਿਲਾਂ ਦਿੱਤੀ ਗਈ ਨਿਆਂਇਕ ਹਿਰਾਸਤ ਮੁੱਕਣ ਮਗਰੋਂ ਵਿਸ਼ੇਸ਼ ਜੱਜ ਕਾਵੇਰੀ ਬਵੇਜਾ ਦੀ ਅਦਾਲਤ ’ਚ ਪੇਸ਼ ਕੀਤਾ ਗਿਆ ਜਿੱਥੋਂ ਅਦਾਲਤ ਨੇ ਉਨ੍ਹਾਂ ਦੀ ਨਿਆਂਇਕ ਹਿਰਾਸਤ ਵਿਚ ਵਾਧਾ ਕਰ ਦਿੱਤਾ। ਪਿਛਲੇ ਇੱਕ ਸਾਲ ਤੋਂ ਜੇਲ੍ਹ ਵਿੱਚ ਬੰਦ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੂੰ ਦਿੱਲੀ ਦੀ ਰਾਊਜ਼ ਐਵੇਨਿਊ ਅਦਾਲਤ ਨੇ ਜ਼ਮਾਨਤ ਦੇਣ ਤੋਂ ਇਨਕਾਰ ਕਰ ਦਿੱਤਾ। ਧਿਆਨਯੋਗ ਹੈ ਕਿ ਸਿਸੋਦੀਆ ਨੇ ਬੀਤੇ ਦਿਨ ਹੀ ਆਪਣੇ ਇਲਾਕਾ ਵਾਸੀਆਂ ਨੂੰ ਪੱਤਰ ਲਿਖ ਕੇ ਜਲਦੀ ਹੀ ਬਾਹਰ ਮਿਲਣ ਦੀ ਗੱਲ ਕਹੀ ਸੀ। ਮਨੀਸ਼ ਸਿਸੋਦੀਆ ਦੀ ਪਾਰਟੀ ਦੇ ਸਹਿਯੋਗੀ ਤੇ ਕੇਸ ਵਿੱਚ ਮੁਲਜ਼ਮ ਸੰਜੈ ਸਿੰਘ ਨੂੰ ਹਾਲ ਹੀ ਵਿੱਚ ਇਸ ਕੇਸ ਵਿੱਚ ਸੁਪਰੀਮ ਕੋਰਟ ਨੇ ਜ਼ਮਾਨਤ ਦਿੱਤੀ ਸੀ। ਮਨੀਸ਼ ਸਿਸੋਦੀਆ ਨੂੰ ਸੀਬੀਆਈ ਨੇ 26 ਫਰਵਰੀ, 2023 ਨੂੰ ਘਪਲੇ ਵਿੱਚ ਉਸ ਦੀ ਕਥਿਤ ਭੂਮਿਕਾ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਸੀ। ਸਿਸੋਦੀਆ ਨੇ 28 ਫਰਵਰੀ 2023 ਨੂੰ ਦਿੱਲੀ ਕੈਬਨਿਟ ਤੋਂ ਅਸਤੀਫਾ ਦੇ ਦਿੱਤਾ ਸੀ।