‘ਸੀਟੂ’ ਮਨਰੇਗਾ ਮਜ਼ਦੂਰਾਂ ਦੇ ਹੱਕਾਂ ਲਈ ਡੱਟਕੇ ਲੜਾਈ ਲੜੇਗੀ: ਦਲਿਓਂ
ਪੱਤਰ ਪ੍ਰੇਰਕ
ਭੀਖੀ, 18 ਅਕਤੂਬਰ
ਪਿੰਡ ਖੀਵਾ ਕਲਾਂ ਵਿੱਚ ਮਨਰੇਗਾ ਮਜ਼ਦੂਰ ਯੂਨੀਅਨ (ਸੀਟੂ) ਵੱਲੋਂ ਭਰਵੀਂ ਮੀਟਿੰਗ ਕੀਤੀ ਗਈ। ਇਸ ਮੌਕੇ ਸੀ.ਪੀ.ਆਈ. (ਐੱਮ) ਦੇ ਜ਼ਿਲ੍ਹਾ ਸਕੱਤਰ ਕਾਮਰੇਡ ਸਵਰਨਜੀਤ ਸਿੰਘ ਦਲਿਓ ਐਡਵੋਕੇਟ ਤੇ ਸੀਟੂ ਦੇ ਜ਼ਿਲ੍ਹਾ ਸਕੱਤਰ ਕਾ. ਨਛੱਤਰ ਸਿੰਘ ਢੈਪਈ ਸ਼ਾਮਲ ਹੋਏ। ਇਸ ਮੌਕੇ ਐਡਵੋਕੇਟ ਦਲਿਓਂ ਅਤੇ ਕਾਮਰੇਡ ਢੈਪਈ ਨੇ ਕਿਹਾ ਕਿ ਦੇਸ਼ ਦੇ ਕਿਰਤੀਆਂ ਦੀ ਪ੍ਰਮੁੱਖ ਅਤੇ ਲੜਾਕੂ ਜਥੇਬੰਦੀ ਸੈਂਟਰ ਆਫ਼ ਇੰਡੀਅਨ ਟਰੇਡ ਯੂਨੀਅਨ (ਸੀਟੂ) ਮਨਰੇਗਾ ਮਜ਼ਦੂਰਾਂ ਦੇ ਹੱਕਾਂ ਹਿੱਤਾਂ ਲਈ ਡੱਟਕੇ ਲੜਾਈ ਲੜੇਗੀ। ਮਜ਼ਦੂਰ ਆਗੂਆਂ ਨੇ ਪੰਜਾਬ ਸਰਕਾਰ ਵੱਲੋਂ ਕੰਮ ਦੇ ਘੰਟੇ 8 ਤੋਂ ਵਧਾ ਕੇ 12 ਘੰਟੇ ਦੇ ਨੋਟੀਫਿਕੇਸ਼ਨ ਨੂੰ ਸੂਬੇ ਵਿੱਚ ਲਾਗੂ ਕਰਨ ਦੇ ਫ਼ੈਸਲੇ ਦੀ ਨਿਖੇਧੀ ਕਰਦਿਆਂ ਕਿਹਾ ਕਿ ਇਸ ਕਿਰਤੀ ਵਿਰੋਧੀ ਫ਼ੈਸਲੇ ਨੇ ਆਮ ਆਦਮੀ ਪਾਰਟੀ ਦਾ ਚਿਹਰਾ ਨੰਗਾ ਕਰ ਕੇ ਰੱਖ ਦਿੱਤਾ ਹੈ।
ਇਸ ਮੌਕੇ ਕੁੱਲ ਹਿੰਦ ਕਿਸਾਨ ਸਭਾ ਜ਼ਿਲ੍ਹਾ ਮਾਨਸਾ ਦੇ ਸੀਨੀਅਰ ਮੀਤ ਪ੍ਰਧਾਨ ਕਾ. ਹਰਨੇਕ ਸਿੰਘ ਖੀਵਾ , ਕੁੱਲ ਹਿੰਦ ਖੇਤ ਮਜਦੂਰ ਯੂਨੀਅਨ ਦੇ ਜ਼ਿਲ੍ਹਾ ਆਗੂ ਕਾ. ਬਲਜੀਤ ਸਿੰਘ ਖੀਵਾ, ਨੌਜਵਾਨ ਕਿਸਾਨ ਆਗੂ ਹਰਦੇਵ ਸਿੰਘ ਖੀਵਾ ਨੇ ਸੰਬੋਧਨ ਕੀਤਾ। ਇਸ ਮੌਕੇ ਮਨਰੇਗਾ ਮਜ਼ਦੂਰ ਯੂਨੀਅਨ (ਸੀਟੂ) ਇਕਾਈ ਖੀਵਾ ਕਲਾਂ ਦੀ ਚੋਣ ਵੀ ਕੀਤੀ ਗਈ।