ਪ੍ਰਦਰਸ਼ਨਕਾਰੀ ਕਿਸਾਨਾਂ ਨਾਲ ਛੇਵੇਂ ਗੇੜ ਦੀ ਗੱਲਬਾਤ 14 ਨੂੰ
ਨਵੀਂ ਦਿੱਲੀ:
ਕੇਂਦਰ ਸਰਕਾਰ ਨੇ ਅੱਜ ਸੰਸਦ ਨੂੰ ਦੱਸਿਆ ਕਿ ਪੰਜਾਬ ਅਤੇ ਹਰਿਆਣਾ ਵਿੱਚ ਪ੍ਰਦਰਸ਼ਨਕਾਰੀ ਕਿਸਾਨਾਂ ਨਾਲ ਛੇਵੇਂ ਗੇੜ ਦੀ ਗੱਲਬਾਤ 14 ਫਰਵਰੀ ਨੂੰ ਹੋਵੇਗੀ। ਖੇਤੀਬਾੜੀ ਰਾਜ ਮੰਤਰੀ ਰਾਮਨਾਥ ਠਾਕੁਰ ਨੇ ਇੱਕ ਸਵਾਲ ਦੇ ਲਿਖਤੀ ਜਵਾਬ ਵਿੱਚ ਲੋਕ ਸਭਾ ਨੂੰ ਇਹ ਜਾਣਕਾਰੀ ਦਿੱਤੀ। ਪਿਛਲੇ ਮਹੀਨੇ ਹੋਈ ਗੱਲਬਾਤ ਵਿੱਚ ਸਰਕਾਰ ਨੇ ਕੁਝ ਫਸਲਾਂ ਨੂੰ ਘੱਟੋ-ਘੱਟ ਸਮਰਥਨ ਮੁੱਲ (ਐੱਮਐੱਸਪੀ) ’ਤੇ ਖਰੀਦਣ ਲਈ ਪੰਜ ਸਾਲਾ ਯੋਜਨਾ ਦੀ ਤਜਵੀਜ਼ ਰੱਖੀ ਸੀ ਪਰ ਕਿਸਾਨਾਂ ਦੀਆਂ ਵਿਆਪਕ ਮੰਗਾਂ ’ਤੇ ਕੋਈ ਸਹਿਮਤੀ ਨਹੀਂ ਬਣੀ ਸੀ। ਠਾਕੁਰ ਨੇ ਕਿਹਾ ਕਿ ਕਿਸਾਨਾਂ ਨਾਲ ਅਗਲੇ ਗੇੜ ਦੀ ਗੱਲਬਾਤ 14 ਫਰਵਰੀ ਨੂੰ ਸੱਦੀ ਗਈ ਹੈ। ਉਨ੍ਹਾਂ ਕਿਹਾ ਕਿ ਪ੍ਰਦਰਸ਼ਨਕਾਰੀ ਕਿਸਾਨਾਂ ਦੀਆਂ ਮੰਗਾਂ ਸੁਪਰੀਮ ਕੋਰਟ ਵਿੱਚ ਵਿਚਾਰ ਅਧੀਨ ਹਨ ਅਤੇ ਸਿਖਰਲੀ ਅਦਾਲਤ ਨੇ ਇਸ ਸਬੰਧੀ ਕਮੇਟੀ ਵੀ ਬਣਾਈ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੇ 8 ਫਰਵਰੀ 2024 ਨੂੰ ਪ੍ਰਦਰਸ਼ਨਕਾਰੀ ਕਿਸਾਨਾਂ ਨਾਲ ਗੱਲਬਾਤ ਕਰਨ ਦੀ ਪਹਿਲ ਸ਼ੁਰੂ ਕੀਤੀ ਸੀ। ਬਾਅਦ ਵਿੱਚ 12, 15, 18 ਫਰਵਰੀ 2024 ਅਤੇ 18 ਜਨਵਰੀ 2025 ਨੂੰ ਅਗਲੇ ਗੇੜਾਂ ਦੀ ਗੱਲਬਾਤ ਹੋਈ। ਠਾਕੁਰ ਨੇ ਕਿਹਾ ਕਿ 13 ਫਰਵਰੀ 2024 ਨੂੰ ਕਿਸਾਨਾਂ ਵੱਲੋਂ ਪ੍ਰਦਰਸ਼ਨ ਮੁੜ ਸ਼ੁਰੂ ਕੀਤੇ ਜਾਣ ਤੋਂ ਲੈ ਕੇ ਹੁਣ ਤੱਕ ਕੇਂਦਰ ਸਰਕਾਰ ਉਨ੍ਹਾਂ ਨਾਲ ਪੰਜ ਗੇੜ ਦੀ ਗੱਲਬਾਤ ਕਰ ਚੁੱਕੀ ਹੈ। -ਪੀਟੀਆਈ