For the best experience, open
https://m.punjabitribuneonline.com
on your mobile browser.
Advertisement

ਕਿਸਾਨ ਮੋਰਚਿਆਂ ’ਚ ਸ਼ਾਮਲ ਨਹੀਂ ਹੋਵੇਗਾ ਐੱਸਕੇਐੱਮ

06:38 AM Dec 25, 2024 IST
ਕਿਸਾਨ ਮੋਰਚਿਆਂ ’ਚ ਸ਼ਾਮਲ ਨਹੀਂ ਹੋਵੇਗਾ ਐੱਸਕੇਐੱਮ
ਸੰਯੁਕਤ ਕਿਸਾਨ ਮੋਰਚਾ ਦੇ ਆਗੂ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ।
Advertisement

ਆਤਿਸ਼ ਗੁਪਤਾ
ਚੰਡੀਗੜ੍ਹ, 24 ਦਸੰਬਰ
ਸੰਯੁਕਤ ਕਿਸਾਨ ਮੋਰਚਾ ਪੰਜਾਬ ਨੇ ਸੰਯੁਕਤ ਕਿਸਾਨ ਮੋਰਚਾ (ਗੈਰ ਸਿਆਸੀ) ਅਤੇ ਕਿਸਾਨ ਮਜ਼ਦੂਰ ਮੋਰਚਾ ਵੱਲੋਂ ਪੰਜਾਬ ਤੇ ਹਰਿਆਣਾ ਦੇ ਬਾਰਡਰਾਂ ’ਤੇ ਸਾਢੇ 10 ਮਹੀਨਿਆਂ ਤੋਂ ਚਲਾਏ ਰਹੇ ਮੋਰਚਿਆਂ ਵਿੱਚ ਸ਼ਾਮਲ ਨਾ ਹੋਣ ਦਾ ਫ਼ੈਸਲਾ ਕੀਤਾ ਹੈ। ਇਸ ਗੱਲ ਦਾ ਪ੍ਰਗਟਾਵਾ ਅੱਜ ਸੰਯੁਕਤ ਕਿਸਾਨ ਮੋਰਚਾ ਦੇ ਆਗੂਆਂ ਨੇ ਚੰਡੀਗੜ੍ਹ ਦੇ ਕਿਸਾਨ ਭਵਨ ਵਿੱਚ ਮੀਟਿੰਗ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਇਹ ਮੀਟਿੰਗ ਕਿਸਾਨ ਆਗੂ ਨਿਰਭੈ ਸਿੰਘ ਢੁੱਡੀਕੇ, ਪ੍ਰੇਮ ਸਿੰਘ ਭੰਗੂ ਅਤੇ ਹਰਜਿੰਦਰ ਸਿੰਘ ਟਾਂਡਾ ਦੀ ਪ੍ਰਧਾਨਗੀ ਹੇਠ ਹੋਈ। ਕਿਸਾਨ ਆਗੂਆਂ ਨੇ ਜਨਵਰੀ ਦੇ ਪਹਿਲੇ ਹਫ਼ਤੇ ਰਾਸ਼ਟਰਪਤੀ ਨੂੰ ਮਿਲਣ ਦਾ ਫ਼ੈਸਲਾ ਕੀਤਾ ਹੈ। ਇਸ ਤੋਂ ਇਲਾਵਾ 9 ਜਨਵਰੀ ਨੂੂੰ ਮੋਗਾ ਵਿੱਚ ਵੱਡਾ ਇਕੱਠ ਕਰਨ ਦਾ ਐਲਾਨ ਵੀ ਕੀਤਾ। ਸੰਯੁਕਤ ਕਿਸਾਨ ਮੋਰਚਾ ਦੇ ਆਗੂਆਂ ਨੇ ਕਿਹਾ ਕਿ 21 ਦਸੰਬਰ ਨੂੰ ਪਟਿਆਲਾ ਵਿੱਚ ਕਿਸਾਨ ਮਜ਼ਦੂਰ ਮੋਰਚਾ ਨਾਲ ਸੰਯੁਕਤ ਕਿਸਾਨ ਮੋਰਚਾ ਦੀ 6 ਮੈਂਬਰੀ ਏਕਤਾ ਕਮੇਟੀ ਦੀ ਮੀਟਿੰਗ ਸੁਖਾਵੇਂ ਮਾਹੌਲ ’ਚ ਹੋਈ ਸੀ। ਹਾਲਾਂਕਿ ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਕ) ਦਾ ਹੁੰਗਾਰਾ ਮੱਠਾ ਰਿਹਾ ਹੈ। ਇਸ ਦੇ ਬਾਵਜੂਦ ਐੱਸਕੇਐੱਮ ਨੇ ਫ਼ੈਸਲਾ ਕੀਤਾ ਕਿ ਕਿਸਾਨਾਂ ਤੇ ਮਜ਼ਦੂਰਾਂ ਦੀਆਂ ਮੰਗਾਂ ਲਈ ਸੰਘਰਸ਼ ਕਰਨ ਵਾਲੀਆਂ ਕਿਸਾਨ ਜਥੇਬੰਦੀਆਂ ਦੇ ਏਕੇ ਲਈ ਯਤਨ ਜਾਰੀ ਰੱਖੇ ਜਾਣ। ਇਸ ਲਈ ਆਉਣ ਵਾਲੇ ਸਮੇਂ ਵਿੱਚ ਹੋਰ ਵੀ ਮੀਟਿੰਗਾਂ ਹੋਣਗੀਆਂ, ਉਸ ਤੋਂ ਬਾਅਦ ਕੋਈ ਫ਼ੈਸਲਾ ਲਿਆ ਜਾਵੇਗਾ। ਉਨ੍ਹਾਂ ਕਿਹਾ ਕਿ ਐੱਸਕੇਐੱਮ ਆਗੂ ਖਨੌਰੀ ਬਾਰਡਰ ’ਤੇ ਵੀ ਜਗਜੀਤ ਸਿੰਘ ਡੱਲੇਵਾਲ ਦਾ ਹਾਲ-ਚਾਲ ਪੁੱਛਣ ਗਏ ਸੀ, ਪਰ ਕਿਸੇ ਨੇ ਉਨ੍ਹਾਂ ਨਾਲ ਸਹੀ ਢੰਗ ਨਾਲ ਗੱਲ ਨਹੀਂ ਕੀਤੀ। 30 ਦਸੰਬਰ ਨੂੰ ਭਾਰਤ ਬੰਦ ਦੇ ਸੱਦੇ ਦੀ ਹਮਾਇਤ ਬਾਰੇ ਐੱਸਕੇਐੱਮ ਆਗੂਆਂ ਨੇ ਕਿਹਾ ਕਿ ਇਹ ਐਲਾਨ ਉਨ੍ਹਾਂ ਨਾਲ ਸਲਾਹ ਕੀਤੇ ਬਿਨਾਂ ਕੀਤਾ ਗਿਆ ਹੈ। ਇਸ ਲਈ ਐੱਸਕੇਐੱਮ ਉਸ ਵਿੱਚ ਸ਼ਮੂਲੀਅਤ ਨਹੀਂ ਕਰੇਗਾ।
ਮੀਟਿੰਗ ਵਿੱਚ ਸਾਰਿਆਂ ਨੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੇ ਭੁੱਖ ਹੜਤਾਲ ’ਤੇ ਬੈਠਣ ਕਰਕੇ ਵਿਗੜ ਰਹੀ ਸਿਹਤ ’ਤੇ ਚਿੰਤਾ ਦਾ ਪ੍ਰਗਟਾਵਾ ਕੀਤਾ।
ਇਸ ਮੌਕੇ ਜੋਗਿੰਦਰ ਸਿੰਘ ਉਗਰਾਹਾਂ, ਹਰਿੰਦਰ ਸਿੰਘ ਲੱਖੋਵਾਲ, ਡਾ. ਦਰਸ਼ਨ ਪਾਲ, ਮਨਜੀਤ ਸਿੰਘ ਧਨੇਰ, ਡਾ. ਸਤਨਾਮ ਸਿੰਘ ਅਜਨਾਲਾ, ਮੁਕੇਸ਼ ਚੰਦਰ ਸ਼ਰਮਾ, ਰੁਲਦੂ ਸਿੰਘ ਮਾਨਸਾ, ਬੂਟਾ ਸਿੰਘ ਬੁਰਜ ਗਿੱਲ ਤੋਂ ਇਲਾਵਾ ਹੋਰ ਕਿਸਾਨ ਆਗੂ ਹਾਜ਼ਰ ਸਨ।

Advertisement

ਕਿਸਾਨਾਂ ਨੇ ਕੇਂਦਰ ਤੇ ਪੰਜਾਬ ਸਰਕਾਰ ਨੂੰ ਘੇਰਿਆ

ਕਿਸਾਨ ਆਗੂਆਂ ਨੇ ਕੇਂਦਰ ਸਰਕਾਰ ’ਤੇ ਕਿਸਾਨੀ ਮਸਲਿਆਂ ਨੂੰ ਅਣਗੌਲਿਆਂ ਕਰਨ ਦੇ ਦੋਸ਼ ਲਗਾਏ। ਇਸ ਦੇ ਨਾਲ ਹੀ ਕਿਸਾਨੀ ਪ੍ਰਤੀ ਪੰਜਾਬ ਸਰਕਾਰ ਦੇ ਰਵੱਈਏ ਦੀ ਵੀ ਆਲੋਚਨਾ ਕੀਤੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਫਰਵਰੀ ਮਹੀਨੇ ਵਿੱਚ ਮੋਰਚਾ ਸ਼ੁਰੂ ਕਰਨ ਸਮੇਂ ਕਿਸਾਨਾਂ ਦੀ ਹਮਾਇਤ ਕਰ ਰਹੇ ਸਨ ਪਰ ਉਸ ਤੋਂ ਬਾਅਦ ਉਨ੍ਹਾਂ ਇਕ ਵਾਰ ਵੀ ਕਿਸਾਨਾਂ ਦੀਆਂ ਮੰਗਾਂ ਕੇਂਦਰ ਸਰਕਾਰ ਮੂਹਰੇ ਨਹੀਂ ਚੁੱਕੀਆਂ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕੋਈ ਵੀ ਜਗਜੀਤ ਸਿੰਘ ਡੱਲੇਵਾਲ ਦਾ ਹੱਲ-ਚਾਲ ਪੁੱਛਣ ਲਈ ਨਹੀਂ ਪਹੁੰਚਿਆ।

Advertisement

ਡੱਲੇਵਾਲ ਵੱਲੋਂ ਅੰਦੋਲਨ ਜਿੱਤਣ ਲਈ ਸਮੁੱਚੇ ਦੇਸ਼ ਨੂੰ ਇਕਜੁੱਟ ਹੋਣ ਦਾ ਸੱਦਾ

ਪਟਿਆਲਾ/ਪਾਤੜਾਂ (ਸਰਬਜੀਤ ਸਿੰਘ ਭੰਗੂ /ਗੁਰਨਾਮ ਸਿੰਘ ਚੌਹਾਨ): 29 ਦਿਨਾਂ ਤੋਂ ਮਰਨ ਵਰਤ ’ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੇ ਅੱਜ ਚਾਰ ਦਿਨਾਂ ਮਗਰੋਂ ਮੰਚ ਤੋਂ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਅੰਦੋਲਨ ਤਾਂ ਹੀ ਜਿੱਤਿਆ ਜਾ ਸਕਦਾ ਹੈ ਜੇ ਪੂਰਾ ਦੇਸ਼ ਇਕਜੁੱਟ ਹੋ ਕੇ ਲੜੇਗਾ। ਉਨ੍ਹਾਂ ਕਿਸਾਨੀ ਮੰਗ ਮਨਵਾਉਣ ਲਈ ਹਰਿਆਣਾ ਸਮੇਤ ਹੋਰ ਸੂਬਿਆਂ ਨੂੰ ਵੀ ਅੰਦੋਲਨ ਨਾਲ ਜੁੜਨ ਦਾ ਸੱਦਾ ਦਿੱਤਾ। ਡੱਲੇਵਾਲ ਨੇ ਕਿਹਾ ਕਿ ਸਰਕਾਰ ਕਿਸੇ ਵੀ ਸੂਰਤ ’ਚ ਉਨ੍ਹਾਂ ਨੂੰ ਅੰਦੋਲਨ ਤੋਂ ਨਾ ਉਠਾਅ ਸਕੇ ਅਤੇ ਉਹ ਉਮੀਦ ਕਰਦੇ ਹਨ ਕਿ ਲੋਕ ਉਨ੍ਹਾਂ ਨੂੰ ਚੁੱਕਣ ਨਹੀਂ ਦੇਣਗੇ। ਇਸ ਦੌਰਾਨ ਅੱਜ ਦੇਰ ਸ਼ਾਮ ਢਾਬੀ ਗੁੱਜਰਾਂ ਬਾਰਡਰ ’ਤੇ ਕਿਸਾਨਾਂ ਨੇ ਮੋਮਬੱਤੀ ਮਾਰਚ ਕੀਤਾ। ਕਿਸਾਨਾਂ ਨੇ ਹਕੂਮਤ ਨੂੰ ਕਰੜੇ ਹੱਥੀਂ ਲੈਂਦਿਆਂ ਦਸ ਮਹੀਨੇ ਪਹਿਲਾਂ ਢਾਬੀ ਗੁੱਜਰਾਂ ਬਾਰਡਰ ’ਤੇ ਹਰਿਆਣਾ ਪੁਲੀਸ ਦੀ ਗੋਲੀ ਨਾਲ਼ ਫੌਤ ਹੋਏ ਨੌਜਵਾਨ ਕਿਸਾਨ ਸ਼ੁਭਕਰਨ ਸਿੰਘ ਬੱਲੋ ਨੂੰ ਵੀ ਯਾਦ ਕੀਤਾ।
ਉਨ੍ਹਾਂ ਕਿਹਾ ਕਿ ਅੰਦੋਲਨ ਜਿੱਤਾਂਗੇ ਜਾਂ ਫੇਰ ਮਰਾਂਗੇ ਅਤੇ ਐਤਕੀਂ ਦੋਹਾਂ ਵਿਚੋਂ ਕੁਝ ਨਾ ਕੁਝ ਜ਼ਰੂਰ ਹੋ ਕੇ ਰਹੇਗਾ। ਤਕਰੀਰ ਕਰਦਿਆਂ ਡੱਲੇਵਾਲ ਨੇ ਕਿਹਾ, ‘‘ਮੈਂ ਚਾਹੁੰਦਾ ਹਾਂ ਕਿ ਸਰਕਾਰ ਮੈਨੂੰ ਇਥੋਂ ਕਿਸੇ ਵੀ ਰੂਪ ’ਚ ਚੁੱਕ ਨਾ ਸਕੇ। ਮੌਤ ਅਟੱਲ ਹੈ ਪਰ ਹਾਲਾਤ ਅਜਿਹੇ ਬਣ ਚੁੱਕੇ ਹਨ ਕਿ ਹੁਣ ਮੌਤ ਹੀ ਸਾਡੀ ਜਿੱਤ ਹੋ ਸਕਦੀ ਹੈ।’’ ਮੋਰਚੇ ’ਚ ਸ਼ਾਮਲ ਕਿਸਾਨਾਂ ਨੂੰ ਹੱਲਾਸ਼ੇਰੀ ਦਿੰਦਿਆਂ ਡੱਲੇਵਾਲ ਨੇ ਕਿਹਾ ਕਿ ਉਹ ਹੋਰ ਵਧੇਰੇ ਤਕੜੇ ਹੋ ਕੇ ਪਹਿਰਾ ਦੇਣ ਤਾਂ ਜੋ ਪੁਲੀਸ ਉਨ੍ਹਾਂ ਨੂੰ ਹੁਣ ਇਥੋਂ ਚੁੱਕ ਕੇ ਨਾ ਲਿਜਾ ਸਕੇ ਕਿਉਂਕਿ ਜੇ ਉਨ੍ਹਾਂ ਨੂੰ ਜਬਰੀ ਹਸਪਤਾਲ ’ਚ ਦਾਖ਼ਲ ਕਰਵਾਇਆ ਗਿਆ ਤਾਂ ਉਨ੍ਹਾਂ ਦੀ ਸਰੀਰਕ ਤੌਰ ’ਤੇ ਭਾਵੇਂ ਮੌਤ ਨਾ ਹੋਵੇ ਪਰ ਸਿਆਸੀ ਤੌਰ ’ਤੇ ਮੌਤ ਜ਼ਰੂਰ ਹੋ ਜਾਵੇਗੀ। ਉਨ੍ਹਾਂ ਕਿਹਾ ਕਿ ਦਿੱਲੀ ਅੰਦੋਲਨ ਦੌਰਾਨ ਕਈ ਰਾਜਾਂ ਦਾ ਪੰੰਜਾਬ ਸਿਰ ਉਲਾਂਭਾ ਸੀ ਕਿ ਅੰਦੋਲਨ ਨੂੰ ਅਧੂਰਾ ਛੱਡਿਆ ਜਾ ਰਿਹਾ ਹੈ ਪਰ ਹੁਣ ਇਹੋ ਉਲਾਂਭਾ ਉਤਾਰਨ ਦੀ ਕੋਸ਼ਿਸ਼ ਕੀਤੀ ਹੈ। ਉਨ੍ਹਾਂ ਕਿਹਾ, ‘‘ਵੱਡਾ ਭਾਈ (ਪੰਜਾਬ) ਫੇਰ ਤੋਂ ਮੈਦਾਨ ’ਚ ਆਇਆ ਹੈ ਤੇ ਹੁਣ ਛੋਟੇ ਭਰਾਵਾਂ ਦੇ ਰੂਪ ’ਚ ਦੂਸਰੇ ਰਾਜਾਂ ਦੀ ਜ਼ਿੰਮੇਵਾਰੀ ਬਣਦੀ ਹੈ ਕਿ ਉਹ ਇਸ ਲੜਾਈ ਨੂੰ ਮਜ਼ਬੂਤੀ ਨਾਲ ਲੜਨ।’’ ਇਨਫੈਕਸ਼ਨ ਦੇ ਡਰ ਕਾਰਨ ਡਾਕਟਰਾਂ ਦੀ ਸਲਾਹ ’ਤੇ ਡੱਲੇਵਾਲ ਨੂੰ ਸ਼ੀਸ਼ੇ ਦੇ ਕੈਬਿਨ ’ਚ ਰੱਖਿਆ ਹੋਇਆ ਹੈ ਅਤੇ ਅੱਜ ਇਸੇ ਕੈਬਿਨ ਸਮੇਤ ਹੀ ਉਨ੍ਹਾਂ ਨੂੰ ਸਟੇਜ ’ਤੇ ਲਿਆਂਦਾ ਗਿਆ। ਢਾਬੀ ਗੁੱਜਰਾਂ ਬਾਰਡਰ ’ਤੇ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਦੇ ਸੂਬਾਈ ਚੇਅਰਮੈਨ ਸੁਰਜੀਤ ਸਿੰਘ ਫੂਲ ਨੇ ਕਿਹਾ ਕਿ ਡੱਲੇਵਾਲ ਨੇ ਸਮੂਹ ਕਿਸਾਨਾਂ, ਖਾਸ ਕਰਕੇ ਨੌਜਵਾਨਾਂ ਨੂੰ ਸੁਨੇਹਾ ਦਿੱਤਾ ਹੈ ਕਿ ਉਹ ਉਨ੍ਹਾਂ ਦੁਆਲੇ ਲਾਏ ਗਏ ਪਹਿਰੇ ਨੂੰ ਹੋਰ ਵਧੇਰੇ ਸਖ਼ਤ ਕਰ ਲੈਣ।

ਡਾਕਟਰਾਂ ਦੀ ਟੀਮ ਨੇ ਕਿਸਾਨ ਆਗੂ ਡੱਲੇਵਾਲ ਦੇ ਟੈਸਟ ਕੀਤੇ

ਸਰਕਾਰ ਵੱਲੋਂ ਬਣਾਈ ਗਈ ਪਟਿਆਲਾ ਦੇ ਰਾਜਿੰਦਰਾ ਅਤੇ ਮਾਤਾ ਕੁਸ਼ੱਲਿਆ ਹਸਪਤਾਲ ਦੇ ਡਾਕਟਰਾਂ ਦੀ ਇੱਕ ਟੀਮ ਨੇ ਅੱਜ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੇ ਖੂਨ ਦਾ ਸੈਂਪਲ ਲਿਆ। ਪਟਿਆਲਾ ਦੇ ਸਿਵਲ ਸਰਜਨ ਨੇ ਕਿਹਾ ਕਿ ਇਸ ਸਬੰਧੀ ਰਿਪੋਰਟ ਕੱਲ ਤੱਕ ਆਵੇਗੀ। ਉਧਰ ਸੁਪਰੀਮ ਕੋਰਟ ਵੀ ਡੱਲੇਵਾਲ ਦੀ ਸਿਹਤ ਪ੍ਰਤੀ ਚਿੰਤਤ ਹੈ ਅਤੇ ਪੰਜਾਬ ਸਰਕਾਰ ਵੱਲੋਂ ਢਾਬੀ ਗੁੱਜਰਾਂ ਬਾਰਡਰ ਦੇ ਨੇੜੇ ਹੀ ਆਰਜ਼ੀ ਹਸਪਤਾਲ ਸਥਾਪਤ ਕੀਤਾ ਗਿਆ ਹੈ।

Advertisement
Author Image

sukhwinder singh

View all posts

Advertisement