ਥੱਪੜ ਮਾਮਲਾ: ਕੰਗਨਾ ਨੂੰ ਕਾਨੂੰਨੀ ਨੋਟਿਸ ਭੇਜ ਕੇ ਮੁਆਫ਼ੀ ਮੰਗਣ ਲਈ ਕਿਹਾ
ਪੱਤਰ ਪ੍ਰੇਰਕ
ਐਸ.ਏ.ਐਸ. ਨਗਰ (ਮੁਹਾਲੀ), 19 ਜੂਨ
ਬੌਲੀਵੁੱਡ ਅਦਾਕਾਰਾ ਅਤੇ ਹਿਮਾਚਲ ਪ੍ਰਦੇਸ਼ ਦੇ ਮੰਡੀ ਹਲਕੇ ਤੋਂ ਭਾਜਪਾ ਦੀ ਸੰਸਦ ਮੈਂਬਰ ਕੰਗਨਾ ਰਣੌਤ ਦੀਆਂ ਮੁਸ਼ਕਲਾਂ ਲਗਾਤਾਰ ਵਧਦੀਆਂ ਜਾ ਰਹੀਆਂ ਹਨ। ਸ਼ਹੀਦ ਭਗਤ ਸਿੰਘ ਹਵਾਈ ਅੱਡਾ ਮੁਹਾਲੀ ’ਤੇ ਵਾਪਰੀ ਘਟਨਾ ਮਗਰੋਂ ਕੰਗਨਾ ਵੱਲੋਂ ਸੋਸ਼ਲ ਮੀਡੀਆ ’ਤੇ ਪੰਜਾਬੀਆਂ ਖ਼ਿਲਾਫ਼ ਕੀਤੀਆਂ ਟਿੱਪਣੀਆਂ ਸਬੰਧੀ ਸ਼ਹੀਦ ਭਗਤ ਸਿੰਘ ਸਮਾਜ ਭਲਾਈ ਸੰਸਥਾ ਦੇ ਪ੍ਰਧਾਨ ਅਮਰਜੀਤ ਸਿੰਘ ਨੇ ਆਪਣੇ ਵਕੀਲ ਐਡਵੋਕੇਟ ਲਿਆਕਤ ਅਲੀ ਰਾਹੀਂ ਭਾਜਪਾ ਦੀ ਸੰਸਦ ਮੈਂਬਰ ਕੰਗਨਾ ਰਣੌਤ ਨੂੰ ਕਾਨੂੰਨੀ ਨੋਟਿਸ ਭੇਜ ਕੇ ਤੁਰੰਤ ਜਨਤਕ ਤੌਰ ’ਤੇ ਮੁਆਫ਼ੀ ਮੰਗਣ ਲਈ ਕਿਹਾ ਹੈ।
ਨੋਟਿਸ ਵਿੱਚ ਕਿਹਾ ਗਿਆ ਹੈ ਕਿ ਕੰਗਨਾ ਰਣੌਤ ਵੱਲੋਂ ਬੀਤੀ 6 ਜੂਨ ਨੂੰ ਐਕਸ ਪੋਸਟ ਕੀਤੇ ਗਏ ਇੱਕ ਟਵੀਟ ਰਾਹੀਂ ਪੰਜਾਬ ਵਿੱਚ ਅਤਿਵਾਦ ਵਧਣ ਦਾ ਦੋਸ਼ ਲਗਾਇਆ ਗਿਆ ਸੀ। ਏਨਾ ਹੀ ਨਹੀਂ ਉਕਤ ਘਟਨਾ ਤੋਂ ਬਾਅਦ ਕੰਗਨਾ ਨੇ ਸੋਸ਼ਲ ਮੀਡੀਆ ’ਤੇ ਆਪਣੀ ਵੀਡੀਓ ਵੀ ਅਪਲੋਡ ਕੀਤੀ ਸੀ। ਇਸ ਟਿੱਪਣੀ ਨਾਲ ਪੰਜਾਬ ਅਤੇ ਪੰਜਾਬੀਆਂ ਦੀ ਸਾਖ ਨੂੰ ਕਾਫ਼ੀ ਧੱਕਾ ਲੱਗਾ ਹੈ ਅਤੇ ਸੂਬੇ ਵਿੱਚ ਅਖੰਡਤਾ ਨੂੰ ਬੁਰੀ ਤਰ੍ਹਾਂ ਨੁਕਸਾਨ ਪਹੁੰਚਣ ਦੀ ਸੰਭਾਵਨਾ ਹੈ। ਐਡਵੋਕੇਟ ਲਿਆਕਤ ਅਲੀ ਨੇ ਨੋਟਿਸ ਵਿੱਚ ਕਿਹਾ ਹੈ ਕਿ ਪੰਜਾਬ ਵਿਰੁੱਧ ਦਿੱਤੇ ਗਏ ਅਪਮਾਨਜਨਕ ਬਿਆਨਾਂ ਨੂੰ ਤੁਰੰਤ ਵਾਪਸ ਲਿਆ ਜਾਵੇ ਅਤੇ ਇਸ ਗਲਤੀ ਲਈ ਜਨਤਕ ਤੌਰ ’ਤੇ ਮੁਆਫ਼ੀ ਮੰਗੀ ਜਾਵੇ। ਉਨ੍ਹਾਂ ਕਿਹਾ ਕਿ ਜੇਕਰ ਨੋਟਿਸ ਪ੍ਰਾਪਤ ਹੋਣ ਤੋਂ 7 ਦਿਨਾਂ ਦੇ ਅੰਦਰ-ਅੰਦਰ ਜੇਕਰ ਕੰਗਨਾ ਨੇ ਮੁਆਫ਼ੀ ਨਾ ਮੰਗੀ ਤਾਂ ਉਸ ਦੇ ਖ਼ਿਲਾਫ਼ ਕਾਨੂੰਨੀ ਕਾਰਵਾਈ ਦੀ ਪ੍ਰਕਿਰਿਆ ਸ਼ੁਰੂ ਕੀਤੀ ਜਾਵੇਗੀ। ਦੱਸਣਯੋਗ ਹੈ ਕਿ ਸ਼ਹੀਦ ਭਗਤ ਸਿੰਘ ਹਵਾਈ ਅੱਡਾ ਮੁਹਾਲੀ ’ਤੇ ਕੰਗਨਾ ਰਣੌਤ ਨੂੰ ਸਿਪਾਹੀ ਕੁਲਵਿੰਦਰ ਕੌਰ ਵੱਲੋਂ ਥੱਪੜ ਮਾਰ ਦੇਣ ’ਤੇ ਮਾਮਲਾ ਸੁਰਖੀਆਂ ’ਚ ਹੈ।