ਜਲ ਸਪਲਾਈ ਤੇ ਸੈਨੀਟੇਸ਼ਨ ਐਂਪਲਾਈਜ਼ ਯੂਨੀਅਨ ਵੱਲੋਂ ਨਾਅਰੇਬਾਜ਼ੀ
ਜਤਿੰਦਰ ਬੈਂਸ
ਗੁਰਦਾਸਪੁਰ, 27 ਨਵੰਬਰ
ਜਲ ਸਪਲਾਈ ਅਤੇ ਸੈਨੀਟੇਸ਼ਨ ਐਂਪਲਾਈਜ਼ ਯੂਨੀਅਨ ਦੀ ਇੱਕਤਰਤਾ ਜ਼ਿਲ੍ਹਾ ਪ੍ਰਧਾਨ ਸਤਨਾਮ ਸਿੰਘ ਬਾਜਵਾ ਦੀ ਅਗਵਾਈ ਹੇਠ ਹੋਈ। ਇਸ ਮੌਕੇ ਮੁਲਾਜ਼ਮਾਂ ਦੀਆਂ ਮੰਗਾਂ ਬਾਰੇ ਚਰਚਾ ਹੋਈ ਅਤੇ ਸੰਘਰਸ਼ ਵਿੱਢਣ ਦੀ ਚਿਤਾਵਨੀ ਦਿੱਤੀ ਗਈ। ਯੂਨੀਅਨ ਦੇ ਸੂਬਾ ਆਗੂ ਸੁਖਜੀਤ ਕੁਮਾਰ, ਜ਼ਿਲ੍ਹਾ ਜਨਰਲ ਸਕੱਤਰ ਰਵਿੰਦਰ ਸਿੰਘ ਸੈਣੀ ਨੇ ਕਿਹਾ ਕਿ ਸਰਕਾਰ ਮੁਲਾਜ਼ਮਾਂ ਦੀਆਂ ਹੱਕੀ ਮੰਗਾਂ ਨੂੰ ਅੱਖੋਂ ਪਰੋਖੇ ਕਰ ਰਹੀ ਹੈ। ਉਨ੍ਹਾਂ ਸਮੂਹ ਮੁਲਾਜ਼ਮ ਜਥੇਬੰਦੀਆਂ ਨੂੰ ਇੱਕ ਸਾਂਝੇ ਪਲੇਟਫਾਰਮ ਉੱਤੇ ਇੱਕਠੇ ਹੋ ਕੇ ਸਰਕਾਰ ਨਾਲ ਨਜਿੱਠਣ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਜੇ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਵਾਉਣਾ ਹੈ ਅਤੇ ਮਹਿੰਗਾਈ ਭੱਤਾ, ਤਨਖਾਹ ਕਮਿਸ਼ਨ ਦਾ ਬਕਾਇਆ ਲੈਣ ਸਣੇ ਹੋਰਨਾਂ ਮੰਗਾਂ ਦੇ ਹੱਲ ਲਈ ਅਜਿਹਾ ਕਰਨਾ ਹੀ ਪੈਣਾ ਹੈ। ਇਕੱਤਰਤਾ ਦੌਰਾਨ ਭਵਿੱਖ ਦੀ ਰਣਨੀਤੀ ਬਾਰੇ ਵੀ ਵਿਚਾਰ ਚਰਚਾ ਕੀਤੀ ਗਈ ਅਤੇ ਸਰਕਾਰ ਨੂੰ ਚਿਤਾਵਨੀ ਦਿੱਤੀ ਕਿ ਜੇ ਮੰਗਾਂ ਦਾ ਹੱਲ ਨਾ ਕੀਤਾ ਤਾਂ ਤਿੱਖਾ ਸੰਘਰਸ਼ ਸ਼ੁਰੂ ਕੀਤਾ ਜਾਵੇਗਾ। ਇਸ ਮੌਕੇ ਸਰਕਾਰ ਖਿਲਾਫ਼ ਨਾਅਰੇਬਾਜ਼ੀ ਵੀ ਕੀਤੀ ਗਈ। ਇਸ ਮੌਕੇ ਸਰਕਾਰ ਨੂੰ ਜਲਦੀ ਤੋਂ ਜਲਦੀ ਮੰਗਾਂ ਮੰਨਣ ਦੀ ਅਪੀਲ ਵੀ ਕੀਤੀ ਗਈ। ਇਸ ਦੌਰਾਨ ਬੁਲਾਰਿਆਂ ਨੇ ਸਰਕਾਰ ਖ਼ਿਲਾਫ਼ ਭੜਾਸ ਵੀ ਕੱਢੀ।
ਇਸ ਮੌਕੇ ਨਰਬੀਰ ਸਿੰਘ, ਸਰਬਜੀਤ ਸਿੰਘ ਠੱਠਾ, ਸੁਭਾਸ਼ ਚੰਦਰ, ਰਾਜਪਾਲ ਦਾਸ, ਕਿਰਪਾਲ ਸਿੰਘ, ਭੁਪਿੰਦਰ ਸਿੰਘ, ਜੀਤਪਾਲ ਨੇ ਵੀ ਸੰਬੋਧਨ ਕੀਤਾ।