ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਝੋਨੇ ਦੀ ਸੁਸਤ ਖਰੀਦ: ਮਾਲਵੇ ਵਿੱਚ ਕਿਸਾਨਾਂ ਨੇ ਚਾਰ ਘੰਟੇ ਠੱਪ ਰੱਖੀ ਆਵਾਜਾਈ

10:38 AM Oct 26, 2024 IST
ਮਾਨਸਾ ਵਿਚ ਧਰਨੇ ਦੌਰਾਨ ਸੰਬੋਧਨ ਕਰਦੇ ਹੋਏ ਰੁਲਦੂ ਸਿੰਘ। -ਫੋਟੋ: ਸੁਰੇਸ਼

ਜੋਗਿੰਦਰ ਸਿੰਘ ਮਾਨ
ਮਾਨਸਾ, 25 ਅਕਤੂਬਰ
ਮਾਲਵਾ ਖੇਤਰ ਵਿੱਚ ਅੱਜ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਥਾਂ-ਥਾਂ ’ਤੇ ਮੁੱਖ ਮਾਰਗ ਬੰਦ ਰਹੇ, ਜਿਸ ਕਰਕੇ ਵੱਖ-ਵੱਖ ਵਾਹਨਾਂ ਰਾਹੀਂ ਸਫ਼ਰ ਕਰਨ ਵਾਲੇ ਲੋਕ ਸਾਰਾ ਦਿਨ ਤੰਗ ਹੁੰਦੇ ਰਹੇ। ਇਹ ਬੰਦ ਝੋਨੇ ਦੀ ਨਿਰਵਿਘਨ ਖਰੀਦ ਅਤੇ ਚੁਕਾਈ ਨੂੰ ਲੈ ਕੇ ਕੀਤਾ ਗਿਆ, ਜਿਸ ਵਿੱਚ ਕੇਂਦਰ ਸਰਕਾਰ ਸਮੇਤ ਪੰਜਾਬ ਦੀ ਹਕੂਮਤ ਖਿਲਾਫ਼ ਕਿਸਾਨਾਂ ਵੱਲੋਂ ਨਾਅਰੇਬਾਜ਼ੀ ਕੀਤੀ ਗਈ। ਮੋਰਚੇ ਦੇ ਸੱਦੇ ’ਤੇ ਭਾਵੇਂ ਜਾਮ 11 ਵਜੇ ਤੋਂ 3 ਵਜੇ ਤੱਕ ਰਿਹਾ, ਪਰ ਬਦਲਵੇਂ ਰੂਟਾਂ ਰਾਹੀਂ ਲੰਘਣ ਵਾਲੇ ਵਾਹਨਾਂ ਦੇ ਜਗ੍ਹਾ-ਜਗ੍ਹਾ ਲੱਗੇ ਜਾਮ ਕਾਰਨ ਕਈ ਥਾਵਾਂ ’ਤੇ ਰਾਹਗੀਰ ਸ਼ਾਮ ਤੱਕ ਫਸੇ ਰਹੇ। ਇਥੇ ਅਨਾਜ ਮੰਡੀ ਵਿਚ ਲੁਧਿਆਣਾ-ਸਿਰਸਾ ਰੋਡ ਮਾਨਸਾ ਦੇ ਮੁੱਖ ਗੇਟ ਸਾਹਮਣੇ ਰੋਸ ਵਜੋਂ ਪੂਰਨ ਰੂਪ ’ਚ ਆਵਾਜਾਈ ਠੱਪ ਕਰਕੇ ਚੱਕਾ ਜਾਮ ਕੀਤਾ ਗਿਆ। ਪੰਜਾਬ ਕਿਸਾਨ ਯੂਨੀਅਨ ਦੇ ਸੂਬਾ ਪ੍ਰਧਾਨ ਰੁਲਦੂ ਸਿੰਘ ਮਾਨਸਾ ਨੇ ਕੇਂਦਰ ਅਤੇ ਪੰਜਾਬ ਸਰਕਾਰ ਨੂੰ ਕੋਸਦਿਆਂ ਕਿਹਾ ਕਿ ਪੁਖਤਾ ਪ੍ਰਬੰਧਾਂ ਨੂੰ ਅਣਗੌਲਿਆਂ ਕਰਕੇ ਕੀਤੀ ਗਈ ਲਾਪ੍ਰਵਾਹੀ ਕਾਰਨ ਝੋਨੇ ਦੀ ਖਰੀਦ ’ਚ ਵੱਡੀ ਪੱਧਰ ’ਤੇ ਵਿਘਨ ਪੈ ਰਿਹਾ ਹੈ, ਜਿਸ ਕਾਰਨ ਅਨਾਜ ਮੰਡੀਆਂ ਨਾਲ ਜੁੜੇ ਤਮਾਮ ਵਰਗ ਸੜਕਾਂ ’ਤੇ ਉਤਰਨ ਲਈ ਮਜਬੂਰ ਹਨ। ਇਸ ਮੌਕੇ ਸਾਬਕਾ ਵਿਧਾਇਕ ਹਰਦੇਵ ਸਿੰਘ ਅਰਸ਼ੀ, ਮੁਨੀਸ਼ ਕੁਮਾਰ ਬੱਬੀ ਦਾਨੇਵਾਲੀਆ, ਨਿਰਮਲ ਸਿੰਘ ਝੰਡੂਕੇ, ਬੋਘ ਸਿੰਘ ਮਾਨਸਾ, ਮਹਿੰਦਰ ਸਿੰਘ ਭੈਣੀਬਾਘਾ ਨੇ ਸੰਬੋਧਨ ਕੀਤਾ।

Advertisement

ਗੋਨਿਆਣਾ ਮੰਡੀ (ਪੱਤਰ ਪ੍ਰੇਰਕ):

ਸੰਯੁਕਤ ਕਿਸਾਨ ਮੋਰਚਾ ਵੱਲੋਂ ਅੱਜ ਝੋਨੇ ਦੀ ਖਰੀਦ ’ਚ ਤੇਜ਼ੀ ਲਿਆਉਣ ਲਈ ਚਾਰ ਘੰਟੇ ਸੜਕੀ ਆਵਾਜਾਈ ਠੱਪ ਕੀਤੀ ਗਈ। ਇਥੇ ਬਠਿੰਡਾ-ਅੰਮ੍ਰਿਤਸਰ ਹਾਈਵੇਅ ’ਤੇ ਲੱਗੇ ਧਰਨੇ ਨੂੰ ਸੰਬੋਧਨ ਕਰਦਿਆ ਕੁੱਲ ਹਿੰਦ ਕਿਸਾਨ ਸਭਾ ਦੇ ਸੂਬਾ ਪ੍ਰਧਾਨ ਬਲਕਰਨ ਸਿੰਘ ਬਰਾੜ ਨੇ ਦੋਸ਼ ਲਾਇਆ ਕਿ ਪੰਜਾਬ ਦੀਆਂ ਮੰਡੀਆਂ ਵਿੱਚ ਅੱਜ 25 ਦਿਨ ਬੀਤ ਜਾਣ ਦੇ ਬਾਵਜੂਦ ਝੋਨੇ ਦੀ ਖਰੀਦ ਸ਼ੁਰੂ ਨਹੀਂ ਕੀਤੀ ਜਾ ਸਕੀ ਜਿਸ ਦੀ ਜ਼ਿੰਮੇਵਾਰ ਕੇਂਦਰ ਸਰਕਾਰ ਦੇ ਨਾਲ-ਨਾਲ ਪੰਜਾਬ ਸਰਕਾਰ ਵੀ ਹੈ।

Advertisement

ਭੁੱਚੋ ਮੰਡੀ (ਪੱਤਰ ਪ੍ਰੇਰਕ):

ਭਾਕਿਯੂ ਡਕੌਂਦਾ (ਧਨੇਰ) ਵੱਲੋਂ ਝੋਨੇ ਦੀ ਨਿਰਵਿਘਨ ਖਰੀਦ ਕਰਵਾਉਣ ਲਈ ਪਿੰਡ ਲਹਿਰਾ ਬੇਗਾ ਵਿੱਚ ਬਣੀ ਭੁੱਚੋ ਮੰਡੀ ਦੀ ਵੱਡੀ ਅਨਾਜ ਮੰਡੀ ਅੱਗੇ ਕੌਮੀ ਮਾਰਗ ’ਤੇ ਜਾਮ ਲਾਇਆ ਗਿਆ। ਬੋਹਾ (ਪੱਤਰ ਪ੍ਰੇਰਕ): ਕਿਸਾਨਾਂ ਵੱਲੋਂ ਝੋਨੇ ਦੀ ਨਿਰਵਿਘਨ ਖਰੀਦ ਸ਼ੁਰੂ ਕਰਵਾਉਣ ਲਈ ਬੋਹਾ-ਬੁਢਲਾਡਾ ਮੁੱਖ ਸੜਕ ਜਾਮ ਕਰਕੇ ਪੰਜਾਬ ਤੇ ਕੇਂਦਰ ਸਰਕਾਰ ਵਿਰੁੱਧ ਰੋਸ ਦਾ ਪ੍ਰਗਟਾਵਾ ਕੀਤਾ ਗਿਆ।

ਬਾਘਾ ਪੁਰਾਣਾ (ਪੱਤਰ ਪ੍ਰੇਰਕ):

ਝੋਨੇ ਦੀ ਖਰੀਦ ਨਾ ਹੋਣ ਕਾਰਨ ਕਿਸਾਨਾਂ ਨੇ ਅੱਜ ਇੱਥੇ ਮੁੱਖ ਅਨਾਜ ਮੰਡੀ ਦੇ ਗੇਟ ਵਾਲੀ ’ਤੇ ਧਰਨਾ ਲਾ ਕੇ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ।

ਬਰੇਟਾ (ਪੱਤਰ ਪ੍ਰੇਰਕ):

ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਉੱਤੇ ਅੱਜ ਚਾਰ ਘੰਟੇ ਸੜਕੀ ਆਵਾਜਾਈ ਠੱਪ ਕਰ ਕੇ ਕਿਸਾਨਾਂ ਨੇ ਬਰੇਟਾ ਮੰਡੀ ਵਿਚ ਡਰੇਨ ਦੇ ਪੁਲ ਉੱਤੇ ਟ੍ਰੈਫਿਕ ਜਾਮ ਕੀਤੀ।

ਜ਼ੀਰਾ (ਪੱਤਰ ਪ੍ਰੇਰਕ):

ਜ਼ੀਰਾ ਵਿੱਚ ਅੰੰਮ੍ਰਿਤਸਰ ਕੌਮੀ ਮਾਰਗ ’ਤੇ ਧਰਨਾ ਦਿੰਦੇ ਹੋਏ ਕਿਸਾਨ। -ਫੋਟੋ: ਨੀਲੇਵਾਲਾ

ਅੱਜ ਸੰਯੁਕਤ ਕਿਸਾਨ ਮੋਰਚੇ ਵੱਲੋਂ ਜ਼ੀਰਾ ਵਿੱਚ ਅੰਮ੍ਰਿਤਸਰ-ਬਠਿੰਡਾ ਨੈਸ਼ਨਲ ਹਾਈਵੇ- 54 ਉੱਪਰ ਪਿੰਡ ਲਹਿਰਾ ਰੋਹੀ ਨਜ਼ਦੀਕ ਸਵੇਰ 11 ਵਜੇ ਤੋਂ ਦੁਪਹਿਰ 3 ਵਜੇ ਤੱਕ ਜਾਮ ਲਾ ਕੇ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ ਗਈ।

ਬਰਨਾਲਾ (ਖੇਤਰੀ ਪ੍ਰਤੀਨਿਧ):

ਬਰਨਾਲਾ ਵਿਚ ਧਰਨਾ ਦਿੰਦੀਆਂ ਹੋਈਆਂ ਕਿਸਾਨ ਬੀਬੀਆਂ। -ਫੋਟੋ: ਬੱਲੀ

ਝੋਨੇ ਦੀ ਢਿੱਲੀ ਖਰੀਦ ਤੇ ਡੀਏਪੀ ਦੀ ਘਾਟ ਨੂੰ ਲੈ ਕੇ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੀ ਅਗਵਾਈ ਹੇਠ ਜਿੱਥੇ ਕਿਸਾਨ ‘ਆਪ’ ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਦੀ ਸਥਾਨਕ ਰਿਹਾਇਸ਼ ਤੋਂ ਇਲਾਵਾ ਜ਼ਿਲ੍ਹੇ ਦੇ ਬਡਬਰ ਤੇ ਮੱਲ੍ਹੀਆਂ ਟੌਲ ਪਲਾਜ਼ਾ ਮੋਰਚੇ ਲਾ ਕੇ ਹਫ਼ਤੇ ਭਰ ਦੇ ਸਮੇਂ ਤੋਂ ਡਟੇ ਹੋਏ ਹਨ, ਉੱਥੇ ਅੱਜ ਸੂਬਾਈ ਸੱਦੇ ‘ਤੇ ਅੱਜ ਸਥਾਨਕ ਹੰਢਿਆਇਆ ਰੋਡ ਸਥਿਤ ਐਵੇਨਿਊ ਸੁਪਰ ਮਾਰਕੀਟ ‘ਡੀ ਮਾਰਟ’ ਅੱਗੇ ਵੀ ਸਵੇਰੇ 11ਤੋਂ ਸ਼ਾਮ 3ਵਜੇ ਤੱਕ ਘਿਰਾਓ ਧਰਨਾ ਲਗਾਇਆ। ਕਿਸਾਨਾਂ ਨੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ।

ਭਗਤਾ ਭਾਈ (ਪੱਤਰ ਪ੍ਰੇਰਕ):

ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਉੱਪਰ ਕਿਸਾਨਾਂ ਵੱਲੋਂ ਅੱਜ ਭਾਰਤੀ ਕਿਸਾਨ ਯੂਨੀਅਨ (ਡਕੌਂਦਾ) ਦੇ ਸੂਬਾ ਪ੍ਰਧਾਨ ਬੂਟਾ ਸਿੰਘ ਬੁਰਜ ਗਿੱਲ ਦੀ ਅਗਵਾਈ ਹੇਠ ਪਿੰਡ ਦਿਆਲਪੁਰਾ ਭਾਈਕਾ ਵਿੱਚ ਬਾਜਾਖਾਨਾ-ਬਰਨਾਲਾ ਮਾਰਗ ’ਤੇ ਤਿੰਨ ਘੰਟੇ ਤੱਕ ਜਾਮ ਲਗਾ ਕੇ ਤਿੱਖਾ ਰੋਸ ਪ੍ਰਦਰਸ਼ਨ ਕੀਤਾ ਗਿਆ।

ਮਹਿਲ ਕਲਾਂ (ਨਿੱਜੀ ਪੱਤਰ ਪ੍ਰੇਰਕ):

ਝੋਨੇ ਦੇ ਮਾੜੇ ਖ਼ਰੀਦ ਪ੍ਰਬੰਧਾਂ ਦੇ ਰੋਸ ਵਜੋਂ ਕਿਸਾਨ ਜਥੇਬੰਦੀਆਂ ਨੇ ਮਹਿਲ ਕਲਾਂ ਦੀ ਦਾਣਾ ਮੰਡੀ ਸਾਹਮਣੇ ਬਰਨਾਲਾ-ਲੁਧਿਆਣਾ ਰਾਜ ਮਾਰਗ ਉਪਰ ਧਰਨਾ ਲਾਇਆ। ਭੀਖੀ (ਪੱਤਰ ਪ੍ਰੇਰਕ): ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਉੱਤੇ ਝੋਨੇ ਦੀ ਚੁਕਾਈ ਲਈ ਕਿਸਾਨ ਜਥੇਬੰਦੀਆਂ ਵੱਲੋਂ ਚਾਰ ਘੰਟੇ ਲਈ ਸੁਨਾਮ-ਮਾਨਸਾ ਰੋਡ ’ਤੇ ਸੜਕੀ ਆਵਾਜਾਈ ਜਾਮ ਕੀਤੀ ਗਈ।
ਭਦੌੜ (ਪੱਤਰ ਪ੍ਰੇਰਕ): ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਅੱਜ ਭਦੌੜ ’ਚ ਬਰਨਾਲਾ-ਬਾਜਾਖਾਨਾ ਰੋਡ ਉਪਰ ਵੱਖ-ਵੱਖ ਕਿਸਾਨ ਜਥੇਬੰਦੀਆਂ ਵੱਲੋਂ 11 ਤੋਂ 3 ਵਜੇ ਤੱਕ ਰੋਡ ਜਾਮ ਕਰਕੇ ਕੇਂਦਰ ਅਤੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ।

ਮੋਗਾ (ਨਿੱਜੀ ਪੱਤਰ ਪ੍ਰੇਰਕ):

ਮੋਗਾ ਵਿਚ ਰਿਲਾਇੰਸ ਬਾਜ਼ਾਰ ਅੱਗੇ ਧਰਨਾ ਦਿੰਦੇ ਹੋਏ ਕਿਸਾਨ। -ਫੋਟੋ: ਰੱਤੀਆਂ

ਸੂਬੇ ’ਚ ਝੋਨੇ ਦੀ ਨਿਰਵਿਘਨ ਖਰੀਦ ਤੇ ਅਨਾਜ ਮੰਡੀਆਂ ਵਿਚੋਂ ਚੁਕਾਈ ਨਾ ਹੋਣ ’ਤੇ ਕਿਸਾਨ ਜਥੇਬੰਦੀਆਂ ਵੱਲੋਂ ਚੱਕਾ ਜਾਮ ਕਰਕੇ ਰੋਸ ਦਾ ਪ੍ਰਗਟਾਵਾ ਕੀਤਾ ਗਿਆ। ਬੀਕੇਯੂ ਕ੍ਰਾਂਤੀਕਾਰੀ ਜ਼ਿਲ੍ਹਾ ਪ੍ਰਧਾਨ ਲਾਭ ਸਿੰਘ ਰੋਡੇ ਅਤੇ ਜਗਮੋਹਣ ਸਿੰਘ ਨੇ ਕਿਹਾ ਕਿ ਉਹ ਭਲਕੇ 26 ਅਕਤੂਬਰ ਤੋਂ ਪੱਕੀ ਆਵਾਜਾਈ ਰੋਕਣ ਲਈ ਡਗਰੂ ਫ਼ਾਟਕ ਉੱਤੇ ਦਿਨ ਰਾਤ ਦਾ ਮੋਰਚਾ ਸ਼ੁਰੂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਜਦੋਂ ਤੱਕ ਪੰਜਾਬ ਦੀਆਂ ਮੰਡੀਆਂ ਵਿੱਚ ਝੋਨੇ ਦੀ ਨਿਰਵਿਘਨ ਖਰੀਦ ਸ਼ੁਰੂ ਨਹੀਂ ਹੁੰਦੀ, ਉਦੋਂ ਤੱਕ ਸੰਘਰਸ਼ ਜਾਰੀ ਰਹੇਗਾ।

ਬਠਿੰਡਾ ਵਿੱਚ ਉਗਰਾਹਾਂ ਜਥੇਬੰਦੀ ਨੇ ਰਿਲਾਇੰਸ ਮਾਲ ਘੇਰਿਆ

ਬਠਿੰਡਾ ’ਚ ਰਿਲਾਇੰਸ ਮਾਲ ਅੱਗੇ ਧਰਨਾ ਦਿੰਦੇ ਹੋਏ ਕਿਸਾਨ। -ਫੋਟੋ: ਪਵਨ ਸ਼ਰਮਾ

ਬਠਿੰਡਾ (ਸ਼ਗਨ ਕਟਾਰੀਆ):

ਝੋਨੇ ਦੀ ਬੇਕਦਰੀ ਖ਼ਿਲਾਫ਼ ਭਾਰਤੀ ਕਿਸਾਨ ਯੂਨੀਅਨ (ਉਗਰਾਹਾਂ) ਨੇ ਅੱਜ ਇੱਥੇ ਰਿਲਾਇੰਸ ਦੇ ਮਾਲ ਦਾ ਘਿਰਾਓ ਕੀਤਾ। ਯੂਨੀਅਨ ਵੱਲੋਂ ਜ਼ਿਲ੍ਹੇ ਦੇ 4 ਟੌਲ ਪਲਾਜ਼ਿਆਂ ਸਮੇਤ ਪੌਣੀ ਦਰਜਨ ਥਾਵਾਂ ’ਤੇ ਪਹਿਲਾਂ ਤੋਂ ਚੱਲ ਰਹੇ ਧਰਨੇ ਵੀ ਜਾਰੀ ਰਹੇ। ਸੂਬਾ ਸੀਨੀਅਰ ਮੀਤ ਪ੍ਰਧਾਨ ਝੰਡਾ ਸਿੰਘ ਜੇਠੂਕੇ, ਜ਼ਿਲ੍ਹਾ ਪ੍ਰਧਾਨ ਸ਼ਿੰਗਾਰਾ ਸਿੰਘ ਮਾਨ ਅਤੇ ਹਰਿੰਦਰ ਕੌਰ ਬਿੰਦੂ ਨੇ ਕਿਹਾ ਕਿ ਦਿੱਲੀ ਅੰਦੋਲਨ ਮੌਕੇ ਵਾਪਸ ਕਰਵਾਏ ਗਏ ਤਿੰਨ ਕਾਲੇ ਕਾਨੂੰਨਾਂ ਨੂੰ ਕੇਂਦਰ ਸਰਕਾਰ ਵੱਲੋਂ ਗੁਪਤ ਤਰੀਕੇ ਰਾਹੀਂ ਲਾਗੂ ਕੀਤਾ ਜਾ ਰਿਹਾ ਹੈ ਅਤੇ ਇਸੇ ਲਈ ਝੋਨੇ ਨਹੀਂ ਖਰੀਦਿਆ ਜਾ ਰਿਹਾ। ਉਨ੍ਹਾਂ ਕਿਹਾ ਕਿ ਦੇਸ਼ ਦੇ ਕਾਰਪੋਰੇਟ ਹਕੂਮਤਾਂ ਤੋਂ ਆਪਣੇ ਹਿਤ ’ਚ ਨੀਤੀਆਂ ਲਾਗੂ ਕਰਵਾ ਕੇ, ਖੇਤੀ ’ਤੇ ਕਬਜ਼ਾ ਕਰਨਾ ਚਾਹੁੰਦੇ ਹਨ। ਉਨ੍ਹਾਂ ਕਿਹਾ ਕਿ ਵਿਸ਼ਵ ਵਪਾਰ ਸੰਸਥਾ ਵੱਲੋਂ ਖੁੱਲ੍ਹੀ ਮੰਡੀ ਫ਼ਸਲਾਂ ਦੀ ਲੁੱਟ ਸਮੇਤ ਵੱਡੇ-ਵੱਡੇ ਮਾਲਾਂ ਰਾਹੀਂ ਛੋਟੇ ਦੁਕਾਨਦਾਰਾਂ ਦੇ ਕਾਰੋਬਾਰ ਫੇਲ੍ਹ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਖੇਤੀ ਨੂੰ ਫੇਲ੍ਹ ਕਰਨ ਲਈ ਸਰਕਾਰ ਨੇ ਡੀਏਪੀ ਦਾ ਸਟਾਕ 30 ਪ੍ਰਤੀਸ਼ਤ ਘੱਟ ਮੰਗਵਾਇਆ ਹੈ।

ਵਿਧਾਇਕਾਂ ਦੇ ਘਰਾਂ ਤੇ ਟੌਲ ਪਲਾਜ਼ਿਆਂ ’ਤੇ ਧਰਨੇ ਜਾਰੀ

ਜੈਤੋ (ਪੱਤਰ ਪ੍ਰੇਰਕ):

ਝੋਨੇ ਦੀ ਖਰੀਦ ਨੂੰ ਤੇਜ਼ ਕਰਵਾਉਣ ਲਈ ਭਾਰਤੀ ਕਿਸਾਨ ਯੂਨੀਅਨ (ਉਗਰਾਹਾਂ) ਦਾ ਧਰਨਾ ਅੱਜ ਅੱਠਵੇਂ ਦਿਨ ਵੀ ਇਥੇ ਵਿਧਾਇਕ ਅਮੋਲਕ ਸਿੰਘ ਦੇ ਘਰ ਅੱਗੇ ਜਾਰੀ ਰਿਹਾ। ਇਸੇ ਤਰ੍ਹਾਂ ਵਿਧਾਇਕਾਂ ’ਤੇ ਟੌਲ ਪਲਾਜ਼ਿਆਂ ’ਤੇ ਧਰਨੇ ਜਾਰੀ ਹਨ। ਇਸ ਮੌਕੇ ਜ਼ਿਲ੍ਹਾ ਜਨਰਲ ਸਕੱਤਰ ਨੱਥਾ ਸਿੰਘ ਰੋੜੀਕਪੂਰਾ, ਜ਼ਿਲ੍ਹਾ ਮੀਤ ਪ੍ਰਧਾਨ ਬਲਵਿੰਦਰ ਸਿੰਘ ਮੱਤਾ, ਜ਼ਿਲ੍ਹਾ ਵਿੱਤ ਸਕੱਤਰ ਤਾਰਾ ਸਿੰਘ ਰੋੜੀਕਪੂਰਾ, ਬਲਾਕ ਜੈਤੋ ਆਗੂ ਬਲਜੀਤ ਸਿੰਘ ਢੈਪਈ ਆਗੂ ਆਦਿ ਹਾਜ਼ਰ ਸਨ। ਮਾਨਸਾ (ਪੱਤਰ ਪ੍ਰੇਰਕ): ਝੋਨੇ ਦੀ ਖਰੀਦ ਨੂੰ ਲੈ ਕੇ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਵੱਲੋਂ ਕੇਂਦਰ ਤੇ ਪੰਜਾਬ ਸਰਕਾਰ ਖ਼ਿਲਾਫ਼ ਸ਼ੁਰੂ ਕੀਤੇ ਅੰਦੋਲਨ ਤਹਿਤ ਅੱਜ ਮਾਨਸਾ ਜ਼ਿਲ੍ਹੇ ਵਿਚਲੇ ਤਿੰਨੇ ਵਿਧਾਇਕਾਂ ਦੇ ਘਰਾਂ ਅੱਗੇ ਦਿਨ-ਰਾਤ ਦੇ ਮੋਰਚੇ 8ਵੇਂ ਦਿਨ ਵੀ ਜਾਰੀ ਰਹੇ। ਮਾਨਸਾ ਦੇ ਵਿਧਾਇਕ ਡਾ. ਵਿਜੈ ਸਿੰਗਲਾ ਦੇ ਘਰ ਅੱਗੇ ਜੁੜੇ ਇਕੱਠ ਨੂੰ ਸੰਬੋਧਨ ਕਰਦਿਆਂ ਜਥੇਬੰਦੀ ਦੇ ਜ਼ਿਲ੍ਹਾ ਆਗੂ ਭੋਲਾ ਸਿੰਘ ਮਾਖਾ ਅਤੇ ਮਾਨਸਾ ਬਲਾਕ ਦੇ ਪ੍ਰਧਾਨ ਜਗਸੀਰ ਸਿੰਘ ਜਵਾਹਰਕੇ ਨੇ ਕਿਹਾ ਕਿ ਪੰਜਾਬ ਅਤੇ ਕੇਂਦਰ ਸਰਕਾਰ ਝੋਨੇ ਦੀ ਖਰੀਦ ਪਹਿਲੀ ਅਕਤੂਬਰ ਤੋਂ ਸ਼ੁਰੂ ਕਰਨ ਦੇ ਦਾਅਵੇ ਕਰ ਰਹੀਆਂ ਹਨ, ਪਰ ਇਸ ਦੇ ਉਲਟ ਮੰਡੀਆਂ ਝੋਨੇ ਨਾਲ ਨੱਕੋ-ਨੱਕ ਭਰੀਆਂ ਪਈਆਂ ਹਨ। ਝੋਨਾ ਮੰਡੀਆਂ ਵਿੱਚ ਲੋੜ ਤੋਂ ਵੱਧ ਸੁੱਕ ਰਿਹਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਝੋਨੇ ਦੀ ਸਿੱਲ 17 ਫੀਸਦੀ ਰੱਖੀ ਗਈ ਹੈ ਅਤੇ ਮੰਡੀਆਂ ਵਿੱਚ ਪਿਆ ਝੋਨਾ ਜਿਆਦਾ ਸੁੱਕਣ ਕਾਰਨ ਝੋਨੇ ਦਾ ਮਾਊਚਰ 15-16 ਆ ਰਿਹਾ ਹੈ,ਜਿਸ ਕਾਰਨ ਝੋਨੇ ਦਾ ਝਾੜ ਘੱਟ ਹੋ ਜਾਵੇਗਾ ਅਤੇ ਜਿਸ ਕਾਰਨ ਕਿਸਾਨਾਂ ਦਾ ਆਰਥਿਕ ਨੁਕਸਾਨ ਹੋਵੇਗਾ। ਕਿਸਾਨ ਆਗੂਆਂ ਨੇ ਕਿਹਾ ਜਥੇਬੰਦੀ ਦੇ ਸੰਘਰਸ਼ ਕਾਰਨ ਬਹੁਤ ਸਾਰੀਆਂ ਮੰਡੀਆਂ ਵਿੱਚ ਝੋਨੇ ਦੀ ਖਰੀਦ ਸ਼ੁਰੂ ਹੋ ਚੁੱਕੀ ਹੈ ਪਰ ਬਹੁਤ ਸਾਰੀਆਂ ਮੰਡੀਆਂ ਵਿੱਚ ਝੋਨੇ ਦੀ ਸਰਕਾਰੀ ਖਰੀਦ ਅਜੇ ਤੱਕ ਸ਼ੁਰੂ ਨਹੀਂ ਕੀਤੀ ਗਈ।

Advertisement