ਝੋਨੇ ਦੀ ਸੁਸਤ ਖ਼ਰੀਦ: ਸਰਕਾਰ ਖ਼ਿਲਾਫ਼ ਕਿਸਾਨਾਂ ਦੇ ਪ੍ਰਦਰਸ਼ਨ ਜਾਰੀ
ਨਿੱਜੀ ਪੱਤਰ ਪ੍ਰੇਰਕ/ਪੱਤਰ ਪ੍ਰੇਰਕ
ਬਠਿੰਡਾ, 23 ਅਕਤੂਬਰ
ਮੰਡੀਆਂ ’ਚ ਝੋਨੇ ਦੀ ਸੁਸਤ ਖ਼ਰੀਦ ਦੀ ਦਰੁਸਤਗੀ ਲਈ ਭਾਕਿਯੂ (ਉਗਰਾਹਾਂ) ਵੱਲੋਂ ਧਰਨੇ ਪ੍ਰਦਰਸ਼ਨ ਨਿਰੰਤਰ ਜਾਰੀ ਹਨ। ਜ਼ਿਲ੍ਹਾ ਬਠਿੰਡਾ ਦੇ ਟੌਲ ਪਲਾਜ਼ਿਆਂ ਅਤੇ ਸਿਆਸੀ ਆਗੂਆਂ ਦੇ ਘਰਾਂ ਅੱਗੇ ਅਤੇ ਜੈਤੋ ਵਿੱਚ ਵਿਧਾਇਕ ਦੇ ਘਰ ਅੱਗੇ ਚੱਲ ਰਹੇ ਧਰਨਿਆਂ ਨੂੰ ਸੰਬੋਧਨ ਕਰਦਿਆਂ ਕਿਸਾਨ ਆਗੂਆਂ ਨੇ ਕਿਹਾ ਕਿ ਕਿਸਾਨ ਤਿੰਨ ਹਫ਼ਤਿਆਂ ਤੋਂ ਮੰਡੀਆਂ ਵਿੱਚ ਰੁਲ ਰਹੇ ਹਨ ਪਰ ਪੰਜਾਬ ਅਤੇ ਕੇਂਦਰ ਸਰਕਾਰ ਕਿਸਾਨਾਂ ਦੀ ਗੱਲ ਸੁਣਨ ਦੀ ਬਜਾਏ ਇੱਕ ਦੂਜੇ ’ਤੇ ਤੋਹਮਤਾਂ ਲਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਸਾਰੀਆਂ ਹੀ ਵੋਟ ਪਾਰਟੀਆਂ ਵੱਲੋਂ ਕਿਸਾਨਾਂ ਦੀ ਸਮੱਸਿਆ ਵੱਲ ਧਿਆਨ ਦੇਣ ਦੀ ਬਜਾਏ ਜ਼ਿਮਨੀ ਚੋਣਾਂ ਵੱਲ ਵੱਧ ਧਿਆਨ ਦਿੱਤਾ ਜਾ ਰਿਹਾ ਹੈ।
ਇਸੇ ਦੌਰਾਨ ਮਾਨਸਾ ਵਿਚ ਝੋਨੇ ਦੀ ਨਿਰਵਿਘਟਨ ਖਰੀਦ ਅਤੇ ਚੁਕਾਈ ਲਈ ਕਿਸਾਨਾਂ ਦੇ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਅਤੇ ਵਜ਼ੀਰਾਂ ਸਮੇਤ ਭਾਜਪਾ ਨੇਤਾਵਾਂ ਦੇ ਘਰਾਂ ਮੂਹਰੇ ਧਰਨੇ 6ਵੇਂ ਦਿਨ ਵੀ ਜਾਰੀ ਰਹੇ। ਮਾਨਸਾ ਵਿਚ ਵਿਧਾਇਕ ਡਾ. ਵਿਜੈ ਸਿੰਗਲਾ ਦੇ ਘਰ ਮੂਹਰੇ ਲਾਏ ਧਰਨੇ ਨੂੰ ਸੰਬੋਧਨ ਕਰਦਿਆਂ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਵੱਲੋਂ ਸਮੂਹ ਪਿੰਡਾਂ ਦੇ ਕਿਸਾਨਾਂ-ਮਜ਼ਦੂਰਾਂ ਨੂੰ ਸੱਦਾ ਦਿੱਤਾ ਗਿਆ ਕਿ ਸਰਕਾਰਾਂ ਦੇ ਕਿਸਾਨ ਮਾਰੂ ਕਾਰਪੋਰੇਟ ਪੱਖੀ ਹਮਲੇ ਨੂੰ ਮਾਤ ਦੇਣ ਲਈ ਪੱਕੇ ਮੋਰਚਿਆਂ ਵਿੱਚ ਪੂਰੇ ਜੋਸ਼ ਅਤੇ ਧੜੱਲੇ ਨਾਲ ਪਰਿਵਾਰਾਂ ਸਮੇਤ ਕਾਫ਼ਲੇ ਬੰਨ੍ਹ ਕੇ ਪੁੱਜਿਆ ਜਾਵੇ। ਉਨ੍ਹਾਂ ਕਿਹਾ ਕਿ ਅਜਿਹਾ ਕਰਨ ਨਾਲ ਹੀ ਜਿੱਤ ਦੀ ਗਾਰੰਟੀ ਹੋਵੇਗੀ ਅਤੇ ਕਿਸਾਨਾਂ ਵੱਲੋਂ ਮਹਿੰਗੇ ਖਰਚਿਆਂ ਨਾਲ ਖੂਨ-ਪਸੀਨਾ ਇੱਕ ਕਰਕੇ ਪਾਲੇ ਪਏ ਝੋਨੇ ਦੀ ਬੇਕਦਰੀ ਖ਼ਤਮ ਹੋਵੇਗੀ। ਸ੍ਰੀ ਉਗਰਾਹਾਂ ਨੇ ਕਿਹਾ ਕਿ ਮੋਦੀ ਹਕੂਮਤ ਕਾਰਪੋਰੇਟ ਘਰਾਣਿਆਂ ਨਾਲ ਆਪਣੀ ਗੂੜੀ ਜਾਰੀ ਨਿਭਾਉਣ ਲਈ ਅਤੇ ਖੇਤੀ ਦਾ ਸਾਰਾ ਕਾਰੋਬਾਰ ਉਨ੍ਹਾਂ ਦੇ ਹੱਥਾਂ ਵਿੱਚ ਦੇਣ ਲਈ ਤਰਲੋ ਮੱਛੀ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਦਾ ਖੇਤੀ ਤੋਂ ਮੋਹ ਭੰਗ ਕਰਵਾਉਣ ਲਈ ਹਰ ਤਰ੍ਹਾਂ ਦੇ ਹੱਥ ਕੰਡੇ ਅਪਣਾ ਰਹੀ ਹੈ।
ਬਰਨਾਲਾ (ਖੇਤਰੀ ਪ੍ਰਤੀਨਿਧ): ਮੰਡੀਆਂ ‘ਚ ਮਾੜੇ ਖ਼ਰੀਦ ਪ੍ਰਬੰਧਾਂ ਖ਼ਿਲਾਫ਼ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਅਗਵਾਈ ਹੇਠ ‘ਆਪ’ ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਦੀ ਬਰਨਾਲਾ ਰਿਹਾਇਸ਼ ਅੱਗੇ ਅਤੇ ਟੌਲ ਪਲਾਜ਼ਿਆਂ ‘ਤੇ ਲੱਗੇ ਮੋਰਚਿਆਂ ਵਿਚ ਅੱਜ ਕਿਸਾਨ ਬੀਬੀਆਂ ਦੀ ਭਰਵੀਂ ਸ਼ਮੂਲੀਅਤ ਨਾਲ ਨੇੜਲੀਆਂ ਦਾਣਾ ਮੰਡੀਆਂ ਵੱਲ ਮਾਰਚ ਕੱਢੇ ਗਏ।
ਚੀਮਾ ਮੰਡੀ ਵਿੱਚ ਮਾੜੇ ਪ੍ਰਬੰਧਾਂ ਖ਼ਿਲਾਫ਼ ਕਿਸਾਨਾਂ ਵੱਲੋਂ ਨਾਅਰੇਬਾਜ਼ੀ
ਮਹਿਲ ਕਲਾਂ (ਨਿੱਜੀ ਪੱਤਰ ਪ੍ਰੇਰਕ): ਮਾਰਕੀਟ ਕਮੇਟੀ ਬਰਨਾਲਾ ਅਧੀਨ ਪੈਂਦੀ ਦਾਣਾ ਮੰਡੀ ਚੀਮਾ ਵਿੱਚ ਮਾੜੇ ਪ੍ਰਬੰਧਾਂ ਤੋਂ ਦੇ ਰੋਸ ਵਜੋਂ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਵਲੋਂ ਪ੍ਰਸਾਸ਼ਨ ਤੇ ਮਾਰਕੀਟ ਕਮੇਟੀ ਵਿਰੁੱਧ ਨਾਅਰੇਬਾਜ਼ੀ ਕੀਤੀ ਗਈ। ਜੱਥੇਬੰਦੀ ਦੇ ਬਲਾਕ ਆਗੂ ਦਰਸ਼ਨ ਸਿੰਘ ਚੀਮਾ ਨੇ ਕਿਹਾ ਕਿ ਸਰਕਾਰ ਵੱਲੋਂ ਮੰਡੀਆਂ ਵਿੱਚ ਪਹਿਲੀ ਅਕਤੂਬਰ ਤੋਂ ਖ਼ਰੀਦ ਪ੍ਰਬੰਧ ਹੋਣ ਦੇ ਦਾਅਵੇ ਕੀਤੇ ਜਾ ਰਹੇ ਹਨ, ਪਰ ਚੀਮਾ ਦੀ ਦਾਣਾ ਮੰਡੀ ਵਿੱਚ 23 ਦਿਨਾਂ ਬਾਅਦ ਵੀ ਪੀਣ ਵਾਲੇ ਪਾਣੀ ਅਤੇ ਫ਼ਲੱਸਾਂ ਆਦਿ ਦੇ ਕੋਈ ਪ੍ਰਬੰਧ ਨਹੀਂ ਕੀਤੇ ਗਏ। ਮੰਡੀ ਵਿੱਚ ਕੰਮ ਕਰ ਰਹੇ ਮਜ਼ਦੂਰਾਂ ਅਤੇ ਫ਼ਸਲ ਲੈ ਕੇ ਬੈਠੇ ਕਿਸਾਨਾਂ ਨੂੰ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਚਿਤਾਵਨੀ ਦਿੰਦਿਆਂ ਕਿਹਾ ਕਿ ਜੇ ਮਾਰਕੀਟ ਕਮੇਟੀ ਅਧਿਕਾਰੀਆਂ ਨੇ ਤੁਰੰਤ ਪ੍ਰਬੰਧਾਂ ਵਿੱਚ ਸੁਧਾਰ ਨਾ ਕੀਤਾਂ ਤਾਂ ਜੱਥੇਬੰਦੀ ਵਲੋਂ ਸੰਘਰਸ਼ ਉਲੀਕਿਆ ਜਾਵੇਗਾ।