ਗਾਰਡਨ ਵੈਲੀ ਸਕੂਲ ਵੱਲੋਂ ਐੱਸਐੱਮਓ ਦਾ ਸਨਮਾਨ
ਨਿੱਜੀ ਪੱਤਰ ਪ੍ਰੇਰਕ
ਖੰਨਾ, 23 ਅਕਤੂਬਰ
ਪਿੰਡ ਦਿਆਲਪੁਰਾ ਦੇ ਗਾਰਡਨ ਵੈਲੀ ਇੰਟਰਨੈਸ਼ਨਲ ਸਕੂਲ ਵੱਲੋਂ ਕਮਿਊਨਿਟੀ ਸੈਂਟਰ ਮਾਨੂੰਪੁਰ ਦੇ ਐੱਸਐੱਮਓ ਡਾ. ਰਵੀ ਦੱਤ ਨੂੰ ਚੰਗੀਆਂ ਸੇਵਾਵਾਂ ਲਈ ਸਨਮਾਨਿਤ ਕੀਤਾ ਗਿਆ। ਇਸ ਮੌਕੇ ਪ੍ਰਿੰਸੀਪਲ ਸਵਾਤੀ ਘਈ ਨੇ ਕਿਹਾ ਕਿ ਐੱਸਐੱਮਓ ਡਾ. ਦੱਤ ਨੇ ਸਕੂਲ ਵਿੱਚ ਸਿਹਤ ਜਾਂਚ ਕੈਂਪ ਅਤੇ ਨਸ਼ਿਆਂ ਤੋਂ ਬਚਾਅ, ਮਾਹਵਾਰੀ ਦੌਰਾਨ ਸਫ਼ਾਈ, ਚੰਗੀ ਸਿਹਤ ਲਈ ਖੁਰਾਕ ਦੇ ਮਹੱਤਵ ਆਦਿ ਵਿਸ਼ਿਆਂ ਬਾਰੇ ਜਾਗਰੂਕਤਾ ਕੈਂਪ ਲਾ ਕੇ ਜਾਣਕਾਰੀ ਮੁਹੱਈਆ ਕਰਵਾਈ। ਮੈਨੇਜਰ ਬੇਅੰਤ ਸਿੰਘ ਨੇ ਕਿਹਾ ਕਿ ਐੱਸਐੱਮਓ ਡਾ. ਦੱਤ ਕਾਰਨ ਉਹ ਸਿਹਤ ਪੱਖੋਂ ਸੁਰੱਖਿਅਤ ਮਹਿਸੂਸ ਕਰ ਰਹੇ ਹਨ ਅਤੇ ਅੱਜ ਇਲਾਕੇ ਦੇ ਲੋਕਾਂ ਨੂੰ ਚੰਗੀਆਂ ਸਿਹਤ ਸਹੂਲਤਾਂ ਦੇਣ ਲਈ ਉਨ੍ਹਾਂ ਦਾ ਸਨਮਾਨ ਕੀਤਾ ਗਿਆ ਹੈ। ਇਸ ਮੌਕੇ ਡਾ. ਦੱਤ ਨੇ ਭਰੋਸਾ ਦਿਵਾਇਆ ਕਿ ਉਹ ਪੰਜਾਬ ਸਰਕਾਰ ਵੱਲੋਂ ਪ੍ਰਦਾਨ ਕੀਤੀਆਂ ਜਾ ਰਹੀਆਂ ਸਿਹਤ ਸਹੂਲਤਾਂ ਸਮਾਜ ਦੇ ਹਰ ਵਰਗ ਤੱਕ ਪਹੁੰਚਾਉਣ ਲਈ ਵਚਨਬੱਧ ਹਨ। ਉਨ੍ਹਾਂ ਕਿਹਾ ਕਿ ਬੱਚੇ ਸਾਡੇ ਸਮਾਜ ਦਾ ਆਧਾਰ ਹਨ ਜਿਸ ਕਾਰਨ ਉਨ੍ਹਾਂ ਦੀ ਸਿਹਤ ਅਤੇ ਨਸ਼ਿਆਂ ਤੋਂ ਬਚਾਅ ਸਬੰਧੀ ਜਾਗਰੂਕ ਹੋਣਾ ਬਹੁਤ ਜ਼ਰੂਰੀ ਹੈ। ਇਸ ਮੌਕੇ ਕਸ਼ਮੀਰ ਸਿੰਘ, ਗੁਰਦੀਪ ਸਿੰਘ ਤੇ ਸਤਨਾਮ ਸਿੰਘ ਤੋਂ ਇਲਾਵਾ ਵਿਦਿਆਰਥੀ ਹਾਜ਼ਰ ਸਨ।