ਨਰਮੇ ਤੇ ਕਪਾਹ ਦੀ ਬਿਜਾਈ ਦਾ ਸਮਾਂ
ਡਾ. ਰਣਜੀਤ ਸਿੰਘ
ਰਕਬੇ ਦੇ ਹਿਸਾਬ ਨਾਲ ਕਣਕ ਝੋਨੇ ਪਿੱਛੋਂ ਨਰਮੇ ਦਾ ਤੀਜਾ ਸਥਾਨ ਹੈ। ਪਿਛਲੇ ਸਾਲ ਇਸ ਦੀ ਕਾਸ਼ਤ ਕਰੀਬ 2.50 ਲੱਖ ਹੈਕਟੇਅਰ ਵਿਚ ਕੀਤੀ ਗਈ ਸੀ। ਕਣਕ ਵੱਢ ਕੇ ਨਰਮੇ ਦੀ ਬਿਜਾਈ ਸ਼ੁਰੂ ਹੋ ਜਾਂਦੀ ਹੈ। ਕਣਕ ਦੀ ਵਾਢੀ ਪਿੱਛੋਂ ਖੇਤ ਨੂੰ ਭਰਵੀਂ ਰੌਣੀ ਦੇ ਕੇ ਤਿਆਰ ਕਰੋ। ਅਮਰੀਕਨ ਕਪਾਹ ਜਿਸ ਨੂੰ ਨਰਮਾ ਆਖਦੇ ਹਾਂ, ਇਸ ਦੀ ਕਾਸ਼ਤ ਸੂਬੇ ਦੇ ਪੱਛਮੀਂ ਜ਼ਿਲ੍ਹਿਆਂ ਵਿਚ ਹੁੰਦੀ ਹੈ ਜਦੋਂਕਿ ਕਪਾਹ ਤਾਂ ਥੋੜ੍ਹੀ ਬਹੁਤ ਸਾਰੇ ਪੰਜਾਬ ਵਿਚ ਹੀ ਬੀਜੀ ਜਾਂਦੀ ਹੈ। ਅਮਰੀਕਨ ਸੁੰਡੀ ਦੇ ਹਮਲੇ ਤੋਂ ਡਰਦੇ ਹੁਣ ਬਹੁਤੇ ਕਿਸਾਨ ਬੀਟੀ ਨਰਮੇ ਦੀਆਂ ਕਿਸਮਾਂ ਹੀ ਬੀਜਦੇ ਹਨ। ਇਹ ਬੀਜ ਹਰ ਸਾਲ ਨਵਾਂ ਲੈਣਾ ਪੈਂਦਾ ਹੈ। ਬੀਜ ਹਮੇਸ਼ਾਂ ਭਰੋਸੇਯੋਗ ਵਸੀਲੇ ਤੋਂ ਪ੍ਰਾਪਤ ਕਰੋ ਤਾਂ ਜੋ ਨਕਲੀ ਬੀਜ ਦੀ ਮਾਰ ਤੋਂ ਬਚਿਆ ਜਾ ਸਕੇ। ਹਮੇਸ਼ਾਂ ਪੰਜਾਬ ਵਿਚ ਕਾਸ਼ਤ ਲਈ ਸਿਫ਼ਾਰਸ਼ ਕੀਤੀਆਂ ਕਿਸਮਾਂ ਦੀ ਹੀ ਕਾਸ਼ਤ ਕਰੋ। ਇਹ ਜਾਣ ਕੇ ਖੁਸ਼ੀ ਹੋਵੇਗੀ ਕਿ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਨੇ ਬੀਟੀ ਨਰਮੇ ਦੀਆਂ ਕਿਸਮਾਂ ਤਿਆਰ ਕਰ ਲਈਆਂ ਹਨ। ਪੀ ਏ ਯੂ ਬੀਟੀ-2, ਪੀ ਏ ਯੂ ਬੀਟੀ-3 ਕਿਸਮਾਂ ਕਾਸ਼ਤ ਲਈ ਦਿੱਤੀਆਂ ਗਈਆਂ ਹਨ। ਇਸ ਤੋਂ ਇਲਾਵਾ ਕੁਝ ਹੋਰ ਬੀਟੀ ਕਿਸਮਾਂ ਦੀ ਸਿਫ਼ਾਰਸ਼ ਵੀ ਕੀਤੀ ਜਾ ਰਹੀ ਹੈ। ਇਨ੍ਹਾਂ ਦਾ ਪ੍ਰਤੀ ਏਕੜ ਕੇਵਲ 900 ਗ੍ਰਾਮ ਬੀਜ ਚਾਹੀਦਾ ਹੈ। ਪਰ ਪੀ ਏ ਯੂ. ਬੀਟੀ ਦਾ ਚਾਰ ਕਿਲੋ ਪ੍ਰਤੀ ਏਕੜ ਚਾਹੀਦਾ ਹੈ। ਇਨ੍ਹਾਂ ਤੋਂ ਬਗੈਰ ਐਫ਼ 2228, ਐਲ ਐਚ 2108 ਕਿਸਮਾਂ ਦੀ ਵੀ ਸਿਫ਼ਾਰਸ਼ ਕੀਤੀ ਗਈ ਹੈ। ਇਨ੍ਹਾਂ ਕਿਸਮਾਂ ਪ੍ਰਤੀ ਏਕੜ 3.5 ਕਿਲੋ ਬੀਜ ਚਾਹੀਦਾ ਹੈ।
ਨਰਮੇ ਉੱਤੇ ਕੀੜੇ ਅਤੇ ਬਿਮਾਰੀਆਂ ਦਾ ਹਮਲਾ ਵਧੇਰੇ ਹੁੰਦਾ ਹੈ। ਇਸ ਕਰ ਕੇ ਖੇਤ ਵਿਚ ਗੇੜਾ ਮਾਰਦੇ ਰਹਿਣਾ ਚਾਹੀਦਾ ਹੈ। ਕਿਸੇ ਕੀੜੇ ਜਾਂ ਬਿਮਾਰੀ ਦਾ ਹਮਲਾ ਨਜ਼ਰ ਆਵੇ ਤਾਂ ਤੁਰੰਤ ਮਾਹਿਰਾਂ ਨਾਲ ਸੰਪਰਕ ਕਰੋ। ਉਨ੍ਹਾਂ ਵੱਲੋਂ ਸਿਫ਼ਾਰਸ਼ ਕੀਤੀ ਜ਼ਹਿਰ ਅਤੇ ਛਿੜਕਾਅ ਦੇ ਢੰਗ-ਤਰੀਕੇ ਅਨੁਸਾਰ ਹੀ ਛਿੜਕਾਅ ਕੀਤਾ ਜਾਵੇ।
ਦੇਸੀ ਕਪਾਹ ਦੀ ਕਾਸ਼ਤ ਦਾ ਵੀ ਹੁਣ ਸਮਾਂ ਹੈ। ਘਰ ਦੀ ਵਰਤੋਂ ਲਈ ਇਸ ਨੂੰ ਵਧੇਰੇ ਪਸੰਦ ਕੀਤਾ ਜਾਂਦਾ ਹੈ। ਇਸ ਉੱਤੇ ਕੀੜਿਆਂ ਦਾ ਹਮਲਾ ਵੀ ਘੱਟ ਹੁੰਦਾ ਹੈ। ਐਫ ਡੀ ਕੇ 124, ਐਲ ਡੀ 1019, ਐਲ ਡੀ 949 ਸਿਫ਼ਾਰਸ਼ ਕੀਤੀਆਂ ਕਿਸਮਾਂ ਹਨ। ਇਨ੍ਹਾਂ ਦਾ ਤਿੰਨ ਕਿਲੋ ਬੀਜ ਪ੍ਰਤੀ ਏਕੜ ਪਾਇਆ ਜਾਂਦਾ ਹੈ। ਨਰਮੇ ਅਤੇ ਕਪਾਹ ਦੀ ਬਿਜਾਈ 15 ਮਈ ਤਕ ਪੂਰੀ ਕਰ ਲੈਣੀ ਚਾਹੀਦੀ ਹੈ। ਬਿਜਾਈ ਕਰਦੇ ਸਮੇਂ ਕਤਾਰਾਂ ਵਿਚਕਾਰ 67.7 ਸੈਂਟੀਮੀਟਰ ਫ਼ਾਸਲਾ ਰੱਖਿਆ ਜਾਵੇ। ਬਿਜਾਈ ਸਮੇਂ 27 ਕਿਲੋ ਡੀਏਪੀ ਜਾਂ 75 ਕਿਲੋ ਸਿੰਗਲ ਸੁਪਰਫਾਸਫੇਟ ਪ੍ਰਤੀ ਏਕੜ ਪਾਵੋ। ਆਮ ਕਿਸਮਾਂ ਲਈ 65 ਕਿਲੋ ਯੂਰੀਆ ਅਤੇ ਬੀਟੀ ਕਿਸਮਾਂ ਲਈ 90 ਕਿਲੋ ਯੂਰੀਆ ਪ੍ਰਤੀ ਏਕੜ ਦੀ ਸਿਫ਼ਾਰਸ਼ ਕੀਤੀ ਗਈ ਹੈ। ਅੱਧਾ ਯੂਰੀਆ ਬੂਟੇ ਵਿਰਲੇ ਕਰਨ ਸਮੇਂ ਅਤੇ ਬਾਕੀ ਦਾ ਹਿੱਸਾ ਫੁੱਲ ਖਿੜਣ ਸਮੇਂ ਪਾਵੋ। ਸਿਫ਼ਾਰਸ਼ ਤੋਂ ਵੱਧ ਨਾਈਟ੍ਰੋਜਨ ਵਾਲੀ ਖਾਦ ਨਹੀਂ ਪਾਉਣੀ ਚਾਹੀਦੀ ਹੈ। ਨਦੀਨਾਂ ਦੀ ਰੋਕਥਾਮ ਲਈ ਲੋੜ ਅਨੁਸਾਰ ਦੋ ਜਾਂ ਤਿੰਨ ਗੋਡੀਆਂ ਕਰੋ। ਬਾਗ਼ਾਂ ਦੇ ਅੰਦਰ ਜਾਂ ਨੇੜੇ ਨਰਮੇ ਦੀ ਬਿਜਾਈ ਨਹੀਂ ਕਰਨੀ ਚਾਹੀਦੀ।
ਨਰਮੇ ਉੱਤੇ ਕੀੜਿਆਂ ਅਤੇ ਬਿਮਾਰੀਆਂ ਦਾ ਵਧੇਰੇ ਹਮਲਾ ਹੁੰਦਾ ਹੈ। ਜੇ ਕੁਝ ਸਾਵਧਾਨੀਆਂ ਵਰਤੀਆਂ ਜਾਣ ਤਾਂ ਇਨ੍ਹਾਂ ਹਮਲਿਆਂ ਨੂੰ ਘੱਟ ਕੀਤਾ ਜਾ ਸਕਦਾ ਹੈ। ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵੱਲੋਂ ਇਸ ਸਬੰਧੀ ਕੁਝ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ ਜਿਹੜੀਆਂ ਤੁਹਾਡੇ ਨਾਲ ਸਾਂਝੀਆਂ ਕੀਤੀਆਂ ਜਾ ਰਹੀਆਂ ਹਨ।
* ਸਿਫ਼ਾਰਸ਼ ਕੀਤੀਆਂ ਬੀਟੀ ਨਰਮੇ ਦੀਆਂ ਕਿਸਮਾਂ ਦੀ ਹੀ ਬਿਜਾਈ ਕਰੋ।
* ਦੇਸੀ ਕਪਾਹ ਉੱਪਰ ਪੱਤਾ ਮਰੋੜ ਬਿਮਾਰੀ ਦਾ ਹਮਲਾ ਨਹੀਂ ਹੁੰਦਾ ਅਤੇ ਰਸ ਚੂਸਣ ਵਾਲੇ ਕੀੜੇ ਜਿਵੇਂ ਕਿ ਹਰਾ ਤੇਲਾ ਅਤੇ ਚਿੱਟੀ ਮੱਖੀ ਦਾ ਹਮਲਾ ਵੀ ਘੱਟ ਹੁੰਦਾ ਹੈ।
* ਨਰਮੇ ਵਾਲੇ ਖੇਤ ਨੂੰ ਡੂੰਘਾ ਵਾਹੁਣਾ ਅਤੇ ਬਿਜਾਈ ਤੋਂ ਪਹਿਲਾਂ ਭਰਵੀਂ ਰੋਣੀ ਕਰਨੀ ਜ਼ਰੂਰੀ ਹੈ।
* ਬੀਟੀ ਨਰਮੇ ਦਾ ਬੀਜ ਭਰੋਸੇਯੋਗ ਵਸੀਲਿਆਂ ਤੋਂ ਖ਼ਰੀਦੋ ਅਤੇ ਨਾਲ ਪੱਕਾ ਬਿਲ ਲਵੋ ਜਿਸ ਉੱਪਰ ਬੀਜ ਦਾ ਲਾਟ ਨੰਬਰ ਜ਼ਰੂਰ ਹੋਵੇ। ਬਿਜਾਈ ਤੋਂ ਬਾਅਦ ਪੱਕਾ ਬਿੱਲ ਅਤੇ ਬੀਜ ਦੀ ਖਾਲੀ ਥੈਲੀ ਸੰਭਾਲ ਕੇ ਰੱਖੋ।
* ਬਿਜਾਈ ਹਰ ਹਾਲਤ ਵਿਚ 15 ਮਈ ਤੋਂ ਪਹਿਲਾਂ ਕਰੋ।
* ਨਾਈਟ੍ਰੋਜਨ ਖਾਦ ਸਿਫ਼ਾਰਸ਼ ਕੀਤੀ ਮਾਤਰਾ ਤੋਂ ਵੱਧ ਨਾ ਪਾਓ ਕਿਉਂਕਿ ਜ਼ਿਆਦਾ ਖਾਦ ਪਾਉਣ ਨਾਲ ਰਸ ਚੂਸਣ ਵਾਲੇ ਕੀੜਿਆਂ ਵਿਚ ਵਾਧਾ ਹੁੰਦਾ ਹੈ।
* ਜ਼ਮੀਨ ਦੀ ਕਿਸਮ ਅਨੁਸਾਰ, ਨਰਮੇ ਨੂੰ ਪਹਿਲਾ ਪਾਣੀ 4-6 ਹਫ਼ਤੇ ਮਗਰੋਂ ਲਾਓ। ਨਰਮੇ ਨੂੰ ਆਖ਼ਰੀ ਪਾਣੀ ਸਤੰਬਰ ਦੇ ਅਖ਼ੀਰ ਵਿਚ ਲਾਓ।
* ਕੀੜਿਆਂ ਦੀ ਰੋਕਥਾਮ ਲਈ ਸਿਫ਼ਾਰਸ਼ ਕੀਤੀਆਂ ਗਈਆਂ ਕੀਟਨਾਸ਼ਕਾਂ ਦਾ ਛਿੜਕਾਅ 125-150 ਲਿਟਰ ਪਾਣੀ ਪ੍ਰਤੀ ਏਕੜ ਵਿਚ ਮਿਲਾ ਕੇ ਨੈਪਸੈੱਕ ਪੰਪ ਨਾਲ ਕਰੋ।
* ਸਿਫ਼ਾਰਸ਼ ਕੀਤੀਆਂ ਕੀੜੇਮਾਰ ਜ਼ਹਿਰਾਂ ਸਹੀ ਸਮੇਂ ’ਤੇ ਸਹੀ ਮਾਤਰਾ ਵਿਚ ਹੀ ਵਰਤੋ। ਕੀੜਿਆਂ ਦੀ ਅਸਰਦਾਰ ਰੋਕਥਾਮ ਲਈ ਬੂਟੇ ਦੇ ਉੱਪਰ ਤੋਂ ਹੇਠਾਂ ਤਕ ਸਾਰੇ ਪੱਤਿਆਂ ’ਤੇ ਛਿੜਕਾਅ ਪਹੁੰਚਣਾ ਜ਼ਰੂਰੀ ਹੈ।
* ਕੀਟਨਾਸ਼ਕਾਂ ਦੇ ਮਿਸ਼ਰਨ ਖ਼ੁਦ ਨਾ ਤਿਆਰ ਕਰੋ।
* ਚਿੱਟੀ ਮੱਖੀ ਦੇ ਫੈਲਾਅ ਨੂੰ ਰੋਕਣ ਲਈ ਬਿਜਾਈ ਤੋਂ ਪਹਿਲਾਂ ਖਾਲੀ ਥਾਵਾਂ, ਸੜਕਾਂ ਦੇ ਕਿਨਾਰਿਆਂ ਅਤੇ ਖਾਲਿਆਂ ਦੀਆਂ ਵੱਟਾਂ ਅਤੇ ਬੇਕਾਰ ਪਈ ਭੂਮੀ ਵਿੱਚੋਂ ਚਿੱਟੀ ਮੱਖੀ ਅਤੇ ਅਤੇ ਲੀਫ ਕਰਲ (ਪੱਤਾ ਮਰੋੜ) ਬਿਮਾਰੀ ਦੇ ਬਦਲਵੇਂ ਨਦੀਨ ਜਿਵੇਂ ਕਿ ਕੰਘੀ ਬੂਟੀ, ਪੀਲੀ ਬੂਟੀ, ਪੁੱਟਕੰਡਾ, ਧਤੂਰਾ, ਭੰਗ ਆਦਿ ਨੂੰ ਨਸ਼ਟ ਕਰੋ।
* ਨਰਮੇ ਤੋਂ ਇਲਾਵਾ ਚਿੱਟੀ ਮੱਖੀ ਦਾ ਹਮਲਾ ਹੋਰ ਫ਼ਸਲਾਂ ਜਿਵੇਂ ਕਿ ਬੈਂਗਣ, ਆਲੂ, ਟਮਾਟਰ, ਮਿਰਚਾਂ, ਮੂੰਗੀ ਆਦਿ ’ਤੇ ਵੀ ਪਾਇਆ ਜਾਂਦਾ ਹੈ। ਇਨ੍ਹਾਂ ਫ਼ਸਲਾਂ ਦਾ ਲਗਾਤਾਰ ਸਰਵੇਖਣ ਕਰੋ ਅਤੇ ਲੋੜ ਮੁਤਾਬਕ ਇਸ ਦੀ ਰੋਕਥਾਮ ਕਰੋ।
* ਘੱਟ ਲਾਗਤ ਵਾਲੇ ਪੀਲੇ ਕਾਰਡ 40 ਪ੍ਰਤੀ ਏਕੜ ਦੇ ਹਿਸਾਬ ਨਾਲ ਖੇਤਾਂ ਵਿਚ ਲਗਾਓ ਜੋ ਕਿ ਸ਼ੁਰੂਆਤੀ ਹਾਲਤ ਵਿਚ ਚਿੱਟੀ ਮੱਖੀ ਦੇ ਵਾਧੇ ਨੂੰ ਰੋਕਣ ਵਿਚ ਸਹਾਇਕ ਹਨ।
* ਚਿੱਟੀ ਮੱਖੀ ਦੀ ਰੋਕਥਾਮ ਲਈ ਛਿੜਕਾਅ ਉਸ ਸਮੇਂ ਸ਼ੁਰੂ ਕਰੋ ਜਦੋਂ ਬੂਟੇ ਦੇ ਉੱਪਰਲੇ ਹਿੱਸੇ ਵਿੱਚ ਸਵੇਰ ਨੂੰ 10 ਵਜੇ ਤੋਂ ਪਹਿਲਾਂ ਇਸ ਦੀ ਗਿਣਤੀ ਪ੍ਰਤੀ ਪੱਤਾ 6 ਹੋ ਜਾਵੇ।