ਸੋਹਣ ਸਿੰਘ ਠੰਡਲ ਹੋ ਸਕਦੇ ਹਨ ਭਾਜਪਾ ਦੇ ਚੱਬੇਵਾਲ ਤੋਂ ਉਮੀਦਵਾਰ
ਹਰਪ੍ਰੀਤ ਕੌਰ
ਹੁਸ਼ਿਆਰਪੁਰ, 24 ਅਕਤੂਬਰ
ਟਕਸਾਲੀ ਅਕਾਲੀ ਆਗੂ ਅਤੇ ਸਾਬਕਾ ਮੰਤਰੀ ਸੋਹਣ ਸਿੰਘ ਠੰਡਲ ਅੱਜ ਸ਼੍ਰੋਮਣੀ ਅਕਾਲੀ ਦਲ ਛੱਡ ਕੇ ਭਾਰਤੀ ਜਨਤਾ ਪਾਰਟੀ (ਭਾਜਪਾ) ਵਿੱਚ ਸ਼ਾਮਿਲ ਹੋ ਗਏ। ਭਾਜਪਾ ਦੇ ਪੰਜਾਬ ਮਾਮਲਿਆਂ ਦੇ ਇੰਚਾਰਜ ਵਿਜੇ ਰੂਪਾਨੀ ਨੇ ਪੱਤਰਕਾਰ ਸੰਮੇਲਨ ਦੌਰਾਨ ਉਨ੍ਹਾਂ ਦਾ ਪਾਰਟੀ ਵਿੱਚ ਸ਼ਾਮਿਲ ਹੋਣ ’ਤੇ ਸਵਾਗਤ ਕੀਤਾ। ਠੰਡਲ ਚੱਬੇਵਾਲ ਹਲਕੇ ਤੋਂ ਜ਼ਿਮਨੀ ਚੋਣ ਲਈ ਭਾਜਪਾ ਦੇ ਉਮੀਦਵਾਰ ਹੋਣਗੇ, ਹਾਲਾਂਕਿ ਇਸ ਦਾ ਰਸਮੀ ਐਲਾਨ ਪਾਰਟੀ ਹੈੱਡਕੁਆਰਟਰ ਤੋਂ ਹੋਵੇਗਾ। ਜ਼ਿਕਰਯੋਗ ਹੈ ਕਿ ਚੋਣਾਂ ਲਈ ਨਾਮਜ਼ਦਗੀ ਪੱਤਰ ਦਾਖਲ ਕਰਨ ਦੀ ਆਖਰੀ ਤਰੀਕ 25 ਅਕਤੂਬਰ ਹੈ। ਜ਼ਿਕਰਯੋਗ ਹੈ ਕਿ ਠੰਡਲ ਨੇ 1997 ਤੋਂ 2017 ਤੱਕ ਚੱਬੇਵਾਲ (ਪਹਿਲਾਂ ਮਾਹਿਲਪੁਰ) ਰਾਖਵੇਂ ਹਲਕੇ ਦੀ ਨੁਮਾਇੰਦਗੀ ਕੀਤੀ ਸੀ। ਉਹ ਪਿਛਲੀਆਂ ਦੋ ਵਿਧਾਨ ਸਭਾ ਚੋਣਾਂ ਅਤੇ ਹਾਲ ਹੀ ਵਿੱਚ ਹੋਈਆਂ ਲੋਕ ਸਭਾ ਚੋਣਾਂ ਵਿੱਚ ਡਾ. ਰਾਜ ਕੁਮਾਰ ਚੱਬੇਵਾਲ ਤੋਂ ਹਾਰ ਗਏ ਸਨ। ਡਾ. ਰਾਜ ਕੁਮਾਰ ਨੇ ਵਿਧਾਨ ਸਭਾ ਚੋਣ ਕਾਂਗਰਸ ਦੀ ਟਿਕਟ ’ਤੇ ਅਤੇ ਲੋਕ ਸਭਾ ਚੋਣ ਆਮ ਆਦਮੀ ਪਾਰਟੀ ਦੀ ਟਿਕਟ ’ਤੇ ਜਿੱਤੀ ਸੀ। ਇਸ ਵਾਰ ਜੇ ਠੰਡਲ ਮੈਦਾਨ ਵਿੱਚ ਉੱਤਰਦੇ ਹਨ ਤਾਂ ਉਨ੍ਹਾਂ ਦਾ ਮੁਕਾਬਲਾ ਡਾ. ਰਾਜ ਦੇ ਬੇਟੇ ਅਤੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਡਾ. ਇਸ਼ਾਂਕ ਕੁਮਾਰ ਨਾਲ ਹੋਵੇਗਾ।