For the best experience, open
https://m.punjabitribuneonline.com
on your mobile browser.
Advertisement

ਪੁਲੀਸ ਰਿਮਾਂਡ ਮਿਲਣ ਮਗਰੋਂ ਸੋਨੀ ਦੀ ਸਿਹਤ ਵਿਗੜੀ

08:37 AM Jul 11, 2023 IST
ਪੁਲੀਸ ਰਿਮਾਂਡ ਮਿਲਣ ਮਗਰੋਂ ਸੋਨੀ ਦੀ ਸਿਹਤ ਵਿਗੜੀ
ਹਸਪਤਾਲ ਵਿੱਚ ਦਾਖਲ ਓਪੀ ਸੋਨੀ ਨੂੰ ਮਿਲਦੇ ਹੋਏ ਅਮਰਿੰਦਰ ਸਿੰਘ ਰਾਜਾ ਵਡ਼ਿੰਗ, ਪ੍ਰਤਾਪ ਬਾਜਵਾ ਤੇ ਹੋਰ ਕਾਂਗਰਸੀ ਆਗੂ। -ਫੋਟੋ: ਵਿਸ਼ਾਲ ਕੁਮਾਰ
Advertisement

ਜਗਤਾਰ ਸਿੰਘ ਲਾਂਬਾ
ਅੰਮ੍ਰਿਤਸਰ, 10 ਜੁਲਾਈ
ਵਿਜੀਲੈਂਸ ਬਿਊਰੋ ਨੇ ਅੱਜ ਸਾਬਕਾ ਉਪ ਮੁੱਖ ਮੰਤਰੀ ਓਪੀ ਸੋਨੀ ਨੂੰ ਇੱਥੇ ਸਥਾਨਕ ਅਦਾਲਤ ਵਿੱਚ ਪੇਸ਼ ਕੀਤਾ ਅਤੇ ਅਦਾਲਤ ਨੇ ਪੁੱਛ-ਪੜਤਾਲ ਵਾਸਤੇ ਉਨ੍ਹਾਂ ਨੂੰ ਦੋ ਦਨਿ ਦੇ ਰਿਮਾਂਡ ’ਤੇ ਭੇਜ ਦਿੱਤਾ ਹੈ। ਵਿਜੀਲੈਂਸ ਨੇ ਸਾਬਕਾ ਉਪ ਮੁੱਖ ਮੰਤਰੀ ਨੂੰ ਸਰੋਤਾਂ ਤੋਂ ਵੱਧ ਆਮਦਨ ਦੇ ਦੋਸ਼ ਹੇਠ ਬੀਤੇ ਦਨਿ ਗ੍ਰਿਫਤਾਰ ਕੀਤਾ ਸੀ। ਅਦਾਲਤੀ ਕਾਰਵਾਈ ਤੋਂ ਬਾਅਦ ਸੋਨੀ ਨੇ ਸਿਹਤ ਖਰਾਬ ਹੋਣ ਅਤੇ ਬਲੱਡ ਪ੍ਰੈੱਸ਼ਰ ਵਧਣ ਦੀ ਸ਼ਿਕਾਇਤ ਕੀਤੀ ਤਾਂ ਉਨ੍ਹਾਂ ਨੂੰ ਇੱਕ ਨਿੱਜੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ।
ਸਾਬਕਾ ਕਾਂਗਰਸੀ ਮੰਤਰੀ ਨੂੰ ਬੀਤੇ ਦਨਿ ਚੰਡੀਗੜ੍ਹ ਤੋਂ ਗ੍ਰਿਫ਼ਤਾਰ ਕੀਤਾ ਗਿਆ ਸੀ। ਵਿਜੀਲੈਂਸ ਵੱਲੋਂ ਉਨ੍ਹਾਂ ਨੂੰ ਸਥਾਨਕ ਸੀਜੇਐੱਮ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ, ਜਿੱਥੇ ਅਦਾਲਤ ਨੇ ਸੁਣਵਾਈ ਤੋਂ ਬਾਅਦ ਉਨ੍ਹਾਂ ਨੂੰ ਪੁੱਛ-ਪੜਤਾਲ ਲਈ ਦੋ ਦਨਿ ਪੁਲੀਸ ਰਿਮਾਂਡ ’ਤੇ ਭੇਜ ਦਿੱਤਾ ਹੈ। ਵਿਜੀਲੈਂਸ ਵੱਲੋਂ ਮੁੜ ਉਨ੍ਹਾਂ ਨੂੰ 12 ਜੁਲਾਈ ਨੂੰ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਇਸ ਮੌਕੇ ਪੁਲੀਸ ਵੱਲੋਂ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਗਏ ਸਨ। ਅਦਾਲਤ ਕੰਪਲੈਕਸ ਵਿੱਚ ਵੱਡੀ ਗਿਣਤੀ ਕਾਂਗਰਸੀ ਆਗੂ ਤੇ ਵਰਕਰ ਪੁੱਜੇ ਹੋਏ ਸਨ। ਵਿਜੀਲੈਂਸ ਬਿਊਰੋ ਦੇ ਐੱਸਐੱਸਪੀ ਵਰਿੰਦਰ ਸਿੰਘ ਨੇ ਦੱਸਿਆ ਕਿ ਸੋਨੀ ਕੋਲੋਂ ਪੁੱਛ-ਪੜਤਾਲ ਅਤੇ ਜਾਂਚ ਜਾਰੀ ਹੈ।
ਇਸ ਦੌਰਾਨ ਅਦਾਲਤੀ ਕਾਰਵਾਈ ਖਤਮ ਹੋਣ ਤੋਂ ਬਾਅਦ ਜਿਵੇਂ ਹੀ ਉਨ੍ਹਾਂ ਨੂੰ ਬਾਹਰ ਲਿਆਂਦਾ ਗਿਆ ਤਾਂ ਸਾਬਕਾ ਮੰਤਰੀ ਨੇ ਸਿਹਤ ਖਰਾਬ ਹੋਣ ਅਤੇ ਬੀਪੀ ਵਧਣ ਦੀ ਸ਼ਿਕਾਇਤ ਕੀਤੀ। ਮਗਰੋਂ ਉਨ੍ਹਾਂ ਨੂੰ ਇਲਾਜ ਲਈ ਨਿੱਜੀ ਹਸਪਤਾਲ ਲਿਜਾਇਆ ਗਿਆ, ਜਿੱਥੇ ਉਨ੍ਹਾਂ ਦਾ ਬੀਪੀ ਵਧਿਆ ਹੋਇਆ ਸੀ। ਇਲਾਜ ਵਾਸਤੇ ਉਨ੍ਹਾਂ ਨੂੰ ਹਸਪਤਾਲ ਵਿੱਚ ਦਾਖਲ ਕੀਤਾ ਗਿਆ ਹੈ।

Advertisement

ਸੋਨੀ ਖ਼ਿਲਾਫ਼ ਕਾਰਵਾਈ ਸਿਆਸੀ ਮੁਫਾਦਾਂ ਤੋਂ ਪ੍ਰੇਰਿਤ: ਵੜਿੰਗ

ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਦੋਵਾਂ ਨੇ ਹਸਪਤਾਲ ਵਿਚ ਸੋਨੀ ਦਾ ਹਾਲ ਪੁੱਛਿਆ ਅਤੇ ਉਨ੍ਹਾਂ ਨਾਲ ਖੜ੍ਹੇ ਰਹਿਣ ਦਾ ਭਰੋਸਾ ਦਿੱਤਾ ਹੈ। ਮੀਡੀਆ ਨਾਲ ਗੱਲਬਾਤ ਕਰਦਿਆਂ ਪੰਜਾਬ ਕਾਂਗਰਸ ਦੇ ਪ੍ਰਧਾਨ ਨੇ ਦੋਸ਼ ਲਾਇਆ ਕਿ ਸਰਕਾਰ ਵੱਲੋਂ ਕੀਤੀ ਗਈ ਇਹ ਕਾਰਵਾਈ ਸਿਆਸੀ ਮੁਫਾਦਾਂ ਤੋਂ ਪ੍ਰੇਰਿਤ ਹੈ। ‘ਆਪ’ ਸਰਕਾਰ ਵੱਲੋਂ ਇਸ ਵੇਲੇ ਸਿਰਫ਼ ਕਾਂਗਰਸ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ‘ਆਪ’ ਸਰਕਾਰ ਦੀ ਅਜਿਹੀ ਪੱਖਪਾਤੀ ਕਾਰਵਾਈ ਤੋਂ ਡਰਨ ਵਾਲੀ ਨਹੀਂ। ਇਸ ਸਬੰਧੀ ਅਦਾਲਤ ਦਾ ਦਰਵਾਜ਼ਾ ਵੀ ਖੜਕਾਇਆ ਜਾਵੇਗਾ।

ਬਾਜਵਾ ਵੱਲੋਂ ‘ਆਪ’ ’ਤੇ ਸਰਕਾਰੀ ਮਸ਼ੀਨਰੀ ਦੀ ਦੁਰਵਰਤੋਂ ਦਾ ਦੋਸ਼

ਚੰਡੀਗੜ੍ਹ (ਟ੍ਰਿਬਿਊਨ ਨਿਊਜ਼ ਸਰਵਿਸ): ਸਾਬਕਾ ਉੱਪ ਮੁੱਖ ਮੰਤਰੀ ਓਪੀ ਸੋਨੀ ਦੀ ਗ੍ਰਿਫ਼ਤਾਰੀ ਮਗਰੋਂ ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਅੱਜ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ’ਤੇ ਕਾਂਗਰਸੀ ਆਗੂਆਂ ਦੇ ਅਕਸ ਨੂੰ ਖ਼ਰਾਬ ਕਰਨ ਲਈ ਵਿਜੀਲੈਂਸ ਬਿਊਰੋ ਸਮੇਤ ਸਰਕਾਰੀ ਮਸ਼ੀਨਰੀ ਦੀ ਦੁਰਵਰਤੋਂ ਕਰਨ ਦਾ ਦੋਸ਼ ਲਾਇਆ ਹੈ। ਬਾਜਵਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਭ੍ਰਿਸ਼ਟਾਚਾਰ ਵਿਰੁੱਧ ਮੁਹਿੰਮ ਬਦਲਾਖੋਰੀ ਦੀ ਸਿਆਸਤ ਤੋਂ ਇਲਾਵਾ ਕੁਝ ਵੀ ਨਹੀਂ ਹੈ। ਬਾਜਵਾ ਨੇ ਕਿਹਾ, ‘‘ਹੁਣ ਜਦੋਂ ‘ਆਪ’ ਸਰਕਾਰ ’ਤੇ ਲਗਾਤਾਰ ਪੈ ਰਹੇ ਮੀਂਹ ਕਾਰਨ ਪੈਦਾ ਹੋ ਰਹੇ ਹਾਲਾਤ ਨਾਲ ਨਜਿੱਠਣ ਲਈ ਲੋੜੀਂਦੇ ਪ੍ਰਬੰਧ ਨਾ ਕੀਤੇ ਜਾਣ ਦੇ ਦੋਸ਼ ਲੱਗ ਰਹੇ ਹਨ ਤਾਂ ਉਨ੍ਹਾਂ ਵਿਰੋਧੀ ਪਾਰਟੀ ਦੇ ਆਗੂਆਂ ਖ਼ਿਲਾਫ਼ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ‘ਆਪ’ ਦਾ ਇੱਕ ਪੈਟਰਨ ਹੈ। ਜਦੋਂ ਵੀ ਇਸ ਦੀ ਲੀਡਰਸ਼ਿਪ ਦੇ ਮੰਦੇ ਕੰਮ ਸਾਹਮਣੇ ਆਉਣੇ ਸ਼ੁਰੂ ਹੁੰਦੇ ਹਨ ਤਾਂ ਉਹ ਵਿਰੋਧੀਆਂ ਖ਼ਿਲਾਫ਼ ਕਾਰਵਾਈ ਸ਼ੁਰੂ ਕਰ ਦਿੰਦੀ ਹੈ।’’

Advertisement
Tags :
Author Image

joginder kumar

View all posts

Advertisement
Advertisement
×