For the best experience, open
https://m.punjabitribuneonline.com
on your mobile browser.
Advertisement

ਛੇਤੀ ਹੀ ਜੰਮੂ ਕਸ਼ਮੀਰ ਦੇ ਲੋਕਾਂ ਦੀ ਹੋਵੇਗੀ ਆਪਣੀ ਸਰਕਾਰ: ਮੋਦੀ

06:39 AM Jun 21, 2024 IST
ਛੇਤੀ ਹੀ ਜੰਮੂ ਕਸ਼ਮੀਰ ਦੇ ਲੋਕਾਂ ਦੀ ਹੋਵੇਗੀ ਆਪਣੀ ਸਰਕਾਰ  ਮੋਦੀ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸ੍ਰੀਨਗਰ ਵਿੱਚ ਸਮਾਗਮ ਨੂੰ ਸੰਬੋਧਨ ਕਰਦੇ ਹੋਏ। -ਫੋਟੋ: ਪੀਟੀਆਈ
Advertisement

ਸ੍ਰੀਨਗਰ, 20 ਜੂਨ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਕਿਹਾ ਕਿ ਜੰਮੂ ਕਸ਼ਮੀਰ ਵਿੱਚ ਵਿਧਾਨ ਸਭਾ ਚੋਣਾਂ ਸਬੰਧੀ ਤਿਆਰੀਆਂ ਸ਼ੁਰੂ ਹੋ ਗਈਆਂ ਹਨ ਅਤੇ ਉਹ ਦਿਨ ਦੂਰ ਨਹੀਂ ਜਦੋਂ ਕੇਂਦਰੀ ਸ਼ਾਸਿਤ ਪ੍ਰਦੇਸ਼ ਦੇ ਲੋਕ ਆਪਣੀ ਸਰਕਾਰ ਚੁਣਨਗੇ। ਉਨ੍ਹਾਂ ਭਰੋਸਾ ਦਿੱਤਾ ਕਿ ਇਸ ਦਾ ਵਿਸ਼ੇਸ਼ ਰਾਜ ਦਾ ਦਰਜਾ ਵੀ ਬਹਾਲ ਕੀਤਾ ਜਾਵੇਗਾ। ਤੀਜੀ ਵਾਰ ਪ੍ਰਧਾਨ ਮੰਤਰੀ ਬਣਨ ਮਗਰੋਂ ਪਹਿਲੀ ਵਾਰ ਵਾਦੀ ਦੇ ਦੌਰੇ ’ਤੇ ਆਏ ਮੋਦੀ ਨੇ ਸ੍ਰੀਨਗਰ ਵਿੱਚ 1500 ਕਰੋੜ ਦੇ 84 ਵਿਕਾਸ ਪ੍ਰਾਜੈਕਟਾਂ ਦਾ ਨੀਂਹ ਪੱਥਰ ਰੱਖਿਆ ਅਤੇ ਉਦਘਾਟਨ ਕੀਤਾ। ਉਨ੍ਹਾਂ 1,800 ਕਰੋੜ ਰੁਪਏ ਦੇ ਖੇਤੀਬਾੜੀ ਤੇ ਸਹਾਇਕ ਖੇਤਰਾਂ ਦੇ ਪ੍ਰਾਜੈਕਟ ਦੀ ਸ਼ੁਰੂਆਤ ਵੀ ਕੀਤੀ। ਇਨ੍ਹਾਂ ਪ੍ਰਾਜੈਕਟਾਂ ਨੂੰ ਜੰਮੂ ਕਸ਼ਮੀਰ ਦੇ 20 ਜ਼ਿਲ੍ਹਿਆਂ ਦੇ 90 ਬਲਾਕਾਂ ਵਿੱਚ ਲਾਗੂ ਕੀਤਾ ਜਾਵੇਗਾ। ਪ੍ਰਧਾਨ ਮੰਤਰੀ ਨੇ ਸਰਕਾਰੀ ਨੌਕਰੀਆਂ ਲਈ ਦੋ ਹਜ਼ਾਰ ਤੋਂ ਵੱਧ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਵੀ ਸੌਂਪੇ। ਮੋਦੀ 21 ਜੂਨ ਨੂੰ ਸਵੇਰੇ 6.30 ਵਜੇ ਇੱਥੇ ਸ਼ੇਰ-ਏ-ਕਸ਼ਮੀਰ ਇੰਟਰਨੈਸ਼ਨਲ ਕਾਨਫਰੰਸ ਸੈਂਟਰ ਵਿੱਚ 10ਵੇਂ ਕੌਮਾਂਤਰੀ ਯੋਗ ਦਿਵਸ ਸਮਾਗਮ ਵਿੱਚ ਹਿੱਸਾ ਲੈਣਗੇ।
ਜੰਮੂ ਖੇਤਰ ਦੀਆਂ ਹਾਲੀਆ ਅਤਿਵਾਦੀ ਘਟਨਾਵਾਂ ਦਾ ਜ਼ਿਕਰ ਕਰਦਿਆਂ ਮੋਦੀ ਨੇ ਹਮਲਾਵਰਾਂ ਨੂੰ ਸਖ਼ਤ ਚਿਤਾਵਨੀ ਦਿੰਦਿਆਂ ਕਿਹਾ ਕਿ ਉਨ੍ਹਾਂ ਨੂੰ ਮੂੰਹ-ਤੋੜ ਜਵਾਬ ਦਿੱਤਾ ਜਾਵੇਗਾ। ਉਨ੍ਹਾਂ ਹਾਲ ਹੀ ਵਿੱਚ ਸਮਾਪਤ ਹੋਈਆਂ ਲੋਕ ਸਭਾ ਚੋਣਾਂ ਵਿੱਚ ਰਿਕਾਰਡ ਵੋਟਿੰਗ ਅਤੇ 35 ਸਾਲ ਦਾ ਰਿਕਾਰਡ ਤੋੜਨ ਲਈ ਜੰਮੂ ਕਸ਼ਮੀਰ ਵਾਸੀਆਂ ਨੂੰ ਵਧਾਈ ਦਿੱਤੀ।
ਮੋਦੀ ਨੇ ਕਿਹਾ, ‘‘ਉਹ ਦਿਨ ਦੂਰ ਨਹੀਂ ਜਦੋਂ ਤੁਸੀਂ ਵੋਟਾਂ ਜ਼ਰੀਏ ਆਪਣਾ ਨੁਮਾਇੰਦਾ ਚੁਣੋਗੇ।’’ ਉਨ੍ਹਾਂ ਕਿਹਾ, ‘‘ਇਸ ਦੇ ਲਈ ਤੁਸੀਂ ਵਧਾਈ ਦੇ ਪਾਤਰ ਹੋ... ਹੁਣ ਸਮਾਂ ਆ ਗਿਆ ਹੈ ਕਿ ਜੰਮੂ ਕਸ਼ਮੀਰ ਦੇ ਲੋਕ ਵੋਟਾਂ ਰਾਹੀਂ ਖੁਦ ਦੀ ਸਰਕਾਰ ਚੁਣਨ। ਇਸ ਸਬੰਧੀ ਵਿਧਾਨ ਸਭਾ ਕਰਵਾਉਣ ਦੀਆਂ ਸਾਰੀਆਂ ਤਿਆਰੀਆਂ ਚੱਲ ਰਹੀਆਂ ਹਨ।’’ ਮੋਦੀ ਨੇ ਕਿਹਾ ਕਿ ਜੰਮੂ ਕਸ਼ਮੀਰ ਦਾ ਵਿਸ਼ੇਸ਼ ਰਾਜ ਦਾ ਦਰਜਾ ਵੀ ਬਹਾਲ ਕੀਤਾ ਜਾਵੇਗਾ। ਉਨ੍ਹਾਂ ਲੋਕ ਸਭਾ ਚੋਣਾਂ ਵਿੱਚ ਵੱਡੇ ਪੱਧਰ ’ਤੇ ਵੋਟਿੰਗ ਲਈ ਜੰਮੂ ਕਸ਼ਮੀਰ ਦੇ ਨੌਜਵਾਨਾਂ ਦੀ ਪ੍ਰਸ਼ੰਸਾ ਕਰਦਿਆਂ ਕਿਹਾ ਕਿ ਉਨ੍ਹਾਂ ਨੇ ਲੋਕਤੰਤਰ ਦੀ ਜਿੱਤ ਯਕੀਨੀ ਬਣਾਈ ਹੈ।
ਮੋਦੀ ਨੇ ਕਿਹਾ ਕਿ ਧਾਰਾ 370, ਜੋ 2019 ਵਿੱਚ ਮਨਸੂਖ਼ ਕੀਤੀ ਗਈ ਸੀ, ਦੀ ਕੰਧ ਢਹਿ ਗਈ ਹੈ ਅਤੇ ਜੰਮੂ ਕਸ਼ਮੀਰ ਵਿੱਚ ਭਾਰਤੀ ਸੰਵਿਧਾਨ ਸੱਚਮੁੱਚ ਲਾਗੂ ਹੋ ਗਿਆ ਹੈ। ਪ੍ਰਧਾਨ ਮੰਤਰੀ ਨੇ ਕਿਹਾ ਕਿ ਸ਼ਾਂਤੀ ਤੇ ਵਿਕਾਸ ਵਿਰੋਧੀ ਤਾਕਤਾਂ ਅੱਜ ਜੰਮੂ ਕਸ਼ਮੀਰ ਵਿੱਚ ਪ੍ਰਗਤੀ ਨੂੰ ਰੋਕਣ ਲਈ ਆਖ਼ਰੀ ਯਤਨ ਕਰ ਰਹੀਆਂ ਹਨ। ਉਨ੍ਹਾਂ ਕਿਹਾ, ‘‘ਕੇਂਦਰ ਨੇ ਹਾਲੀਆ ਅਤਿਵਾਦੀ ਹਮਲਿਆਂ ਨੂੰ ਪੂਰੀ ਗੰਭੀਰਤਾ ਨਾਲ ਲਿਆ ਹੈ। ਗ੍ਰਹਿ ਮੰਤਰੀ ਨੇ ਮੀਟਿੰਗ ਕਰ ਕੇ ਪੂਰੀ ਵਿਵਸਥਾ ਦੀ ਸਮੀਖਿਆ ਕੀਤੀ ਹੈ। ਮੈਂ ਭਰੋਸਾ ਦਿਵਾਉਣਾ ਚਾਹੁੰਦਾਂ ਹਾਂ ਕਿ ਅਸੀਂ ਜੰਮੂ ਕਸ਼ਮੀਰ ਦੇ ਦੁਸ਼ਮਣਾਂ ਨੂੰ ਸਜ਼ਾ ਦੇਣ ’ਚ ਕੋਈ ਕਸਰ ਨਹੀਂ ਛੱਡਾਂਗੇ।’’ ਉਨ੍ਹਾਂ ਕਿਹਾ ਕਿ ਜੰਮੂ ਕਸ਼ਮੀਰ ਦੀ ਨਵੀਂ ਪੀੜ੍ਹੀ ਸਥਾਈ ਸ਼ਾਂਤੀ ਦੇ ਮਾਹੌਲ ਵਿੱਚ ਸਾਹ ਲਵੇਗੀ। -ਪੀਟੀਆਈ

Advertisement

ਜੰਮੂ ਕਸ਼ਮੀਰ ਵਿੱਚ ਚੋਣਾਂ ਕਦੋਂ ਹੋਣਗੀਆਂ: ਕਾਂਗਰਸ

ਨਵੀਂ ਦਿੱਲੀ: ਕਾਂਗਰਸ ਨੇ ਜੰਮੂ ਕਸ਼ਮੀਰ ਦੇ ਦੌਰੇ ’ਤੇ ਆਏ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਇਸ ਯੂਟੀ ਨੂੰ ਵਿਸ਼ੇਸ਼ ਰਾਜ ਦਾ ਦਰਜਾ ਦੇਣ ਦੀ ਸਮਾਂ ਸੀਮਾ ਬਾਰੇ ਪੁੱਛਦਿਆਂ ਸਵਾਲ ਕੀਤਾ ਕਿ ਇੱਥੇ ਵਿਧਾਨ ਸਭਾ ਚੋਣਾਂ ਕਦੋਂ ਹੋਣਗੀਆਂ। ਕਾਂਗਰਸ ਦੇ ਜਨਰਲ ਸਕੱਤਰ ਜੈਰਾਮ ਰਮੇਸ਼ ਨੇ ਪੁੱਛਿਆ ਕਿ ਭਾਜਪਾ ਜੰਮੂ ਕਸ਼ਮੀਰ ਵਿੱਚ ਚੋਣਾਂ ਕਰਵਾਉਣ ਤੋਂ ਡਰ ਕਿਉਂ ਰਹੀ ਹੈ। ਉਨ੍ਹਾਂ ਪੁੱਛਿਆ, ‘‘ਕਿਉਂਕਿ ‘ਤਿੰਨ ਤਿਹਾਈ’ ਪ੍ਰਧਾਨ ਮੰਤਰੀ ਲੋਕ ਸਭਾ ਚੋਣਾਂ ਮਗਰੋਂ ਪਹਿਲੀ ਵਾਰ ਜੰਮੂ ਕਸ਼ਮੀਰ ਦੇ ਦੌਰੇ ’ਤੇ ਆਏ ਹਨ, ਇਸ ਲਈ ਉਨ੍ਹਾਂ ਨੂੰ ਸਵਾਲਾਂ ਦੇ ਜਵਾਬ ਦੇਣੇ ਚਾਹੀਦੇ ਹਨ: ਜੰਮੂ ਕਸ਼ਮੀਰ ਨੂੰ ਪੂਰਨ ਰਾਜ ਦਾ ਦਰਜਾ ਕਦੋਂ ਮਿਲੇਗਾ?’’ -ਪੀਟੀਆਈ

Advertisement

ਮੋਦੀ ਤੇ ਇੰਡੋਨੇਸ਼ਿਆਈ ਰਾਸ਼ਟਰਪਤੀ ਵੱਲੋਂ ਦੁਵੱਲੇ ਮੁੱਦਿਆਂ ’ਤੇ ਚਰਚਾ

ਨਵੀਂ ਦਿੱਲੀ: ਇੰਡੋਨੇਸ਼ੀਆ ਦੇ ਨਵ-ਨਿਯੁਕਤ ਰਾਸ਼ਟਰਪਤੀ ਪ੍ਰਾਬੋਵੋ ਸੁਬਿਆਂਤੋ ਨੇ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਫੋਨ ’ਤੇ ਗੱਲ ਕੀਤੀ ਤੇ ਦੋਵਾਂ ਨੇ ਭਾਰਤ ਤੇ ਇੰਡੋਨੇਸ਼ੀਆ ਦਰਮਿਆਨ ਵੱਡੀ ਰਣਨੀਤਕ ਭਾਈਵਾਲੀ ਮਜ਼ਬੂਤ ਕਰਨ ਦੇ ਤਰੀਕਿਆਂ ’ਤੇ ਚਰਚਾ ਕੀਤੀ। ਮੋਦੀ ਨੇ ‘ਐਕਸ’ ’ਤੇ ਕਿਹਾ, ‘‘ਨਵ-ਨਿਯੁਕਤ ਰਾਸ਼ਟਰਪਤੀ ਪ੍ਰਬੋਵੋ ਸੁਬਿਆਂਤੋ ਨੇ ਫੋਨ ਕੀਤਾ। ਭਾਰਤ ਤੇ ਇੰਡੋਨੇਸ਼ੀਆ ਵਿਚਾਲੇ ਵੱਡੀ ਰਣਨੀਤਕ ਭਾਈਵਾਲੀ ਨੂੰ ਹੋਰ ਮਜ਼ਬੂਤ ਕਰਨ ਦੇ ਤਰੀਕਿਆਂ ’ਤੇ ਚਰਚਾ ਕੀਤੀ ਜੋ ਸਾਡੇ ਸਭਿਆਚਾਰਕ ਸਬੰਧਾਂ ’ਤੇ ਅਧਾਰਿਤ ਹੈ।’’ -ਪੀਟੀਆਈ

Advertisement
Author Image

sukhwinder singh

View all posts

Advertisement