ਵਿਸ਼ੇਸ਼ ਕੈਂਪ: ਸੰਗਰੂਰ ਜ਼ਿਲ੍ਹੇ ਵਿੱਚ 1093 ਤੇ ਪਟਿਆਲਾ ਵਿੱਚ 1800 ਇੰਤਕਾਲ ਦਰਜ
ਖੇਤਰੀ ਪ੍ਰਤੀਨਿਧ
ਸੰਗਰੂਰ , 6 ਜਨਵਰੀ
ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਦੀ ਅਗਵਾਈ ਹੇਠ ਜ਼ਿਲ੍ਹਾ ਸੰਗਰੂਰ ਦੀਆਂ ਸਮੂਹ ਤਹਿਸੀਲਾਂ ਅਤੇ ਸਬ ਤਹਿਸੀਲਾਂ ਵਿੱਚ ਮਾਲ ਵਿਭਾਗ ਦੇ ਅਧਿਕਾਰੀਆਂ ਨੇ ਵਿਸ਼ੇਸ਼ ਕੈਂਪ ਲਗਾ ਕੇ ਲੰਬਿਤ ਪਏ ਇੰਤਕਾਲ ਦਰਜ ਕਰਨ ਦੀ ਨਿਵੇਕਲੀ ਮੁਹਿੰਮ ਚਲਾਈ।
ਠੰਢ ਦੇ ਬਾਵਜੂਦ ਵੱਡੀ ਗਿਣਤੀ ਲੋਕਾਂ ਨੇ ਇਨ੍ਹਾਂ ਵਿਸ਼ੇਸ਼ ਕੈਂਪਾਂ ਦਾ ਲਾਭ ਉਠਾਇਆ ਅਤੇ ਪੰਜਾਬ ਸਰਕਾਰ ਵੱਲੋਂ ਕੀਤੀ ਗਈ ਇਸ ਅਹਿਮ ਪਹਿਲ ਨੂੰ ਲੋਕ ਹਿੱਤ ਵਿੱਚ ਸਾਰਥਕ ਕਦਮ ਕਰਾਰ ਦਿੱਤਾ। ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਦੱਸਿਆ ਕਿ ਮਾਲ ਵਿਭਾਗ ਦੀਆਂ ਸੇਵਾਵਾਂ ਲੋਕਾਂ ਤੱਕ ਸੁਚਾਰੂ ਤਰੀਕੇ ਨਾਲ ਪਹੁੰਚਾਉਣ ਦੀ ਦਿਸ਼ਾ ਵਿੱਚ ਅੱਜ ਛੁੱਟੀ ਵਾਲੇ ਦਿਨ ਵੀ ਮਾਲ ਦਫ਼ਤਰਾਂ ਵਿੱਚ ਅਧਿਕਾਰੀ ਤੇ ਮੁਲਾਜ਼ਮ ਮੌਜੂਦ ਰਹੇ ਅਤੇ 1093 ਲੰਬਿਤ ਪਏ ਇੰਤਕਾਲ ਦਰਜ ਕੀਤੇ ਗਏ।
ਪਟਿਆਲਾ (ਖੇਤਰੀ ਪ੍ਰਤੀਨਿਧ): ਡਿਪਟੀ ਕਮਿਨਰ ਸ਼ਾਕਸ਼ੀ ਸਾਹਨੀ ਦੀ ਅਗਵਾਈ ਹੇਠ ਪਟਿਆਲਾ ਜ਼ਿਲ੍ਹੇ ਦੇ ਲੰਬਿਤ ਪਏ ਇੰਤਕਾਲ ਦਰਜ ਅਤੇ ਤਸਦੀਕ ਕਰਨ ਲਈ ਅੱਜ ਵਿਸ਼ੇਸ਼ ਕੈਂਪ ਲਗਾਏ ਗਏ। ਅੱਜ ਛੁੱਟੀ ਵਾਲ਼ੇ ਦਿਨ ਵਾਲ਼ੇ ਗਏ ਇਨ੍ਹਾਂ ਕੈਂਪਾਂ ਦਾ ਵੱਡੀ ਗਿਣਤੀ ਲੋਕਾਂ ਨੇ ਲਾਭ ਲਿਆ ਜਿਸ ਦੌਰਾਨ ਅੱਜ ਇੱਕੋ ਦਿਨ ’ਚ 1800 ਤੋਂ ਵੀ ਵਧੇਰੇ ਲੰਬਿਤ ਪਏ ਇੰਤਕਾਲ ਦਰਜ ਕੀਤੇ ਗਏ ਹਨ। ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਦੱਸਿਆ ਕਿ ਅੱਜ ਸਮੁੱਚੇ ਜ਼ਿਲ੍ਹੇ ਅੰਦਰ ਮਾਲ ਦਫ਼ਤਰਾਂ ਵਿੱਚ ਲੰਬਿਤ ਪਏ ਇੰਤਕਾਲ ਦਰਜ ਕਰਨ ਲਈ ਕੈਂਪ ਲਗਾਏ ਗਏ ਅਤੇ ਐਸ.ਡੀ.ਐਮਜ਼ ਵੱਲੋਂ ਵੀ ਕੈਂਪ ਵਿੱਚ ਸ਼ਮੂਲੀਅਤ ਕਰਕੇ ਲੋਕਾਂ ਦੀਆਂ ਇੰਤਕਾਲ ਸਬੰਧੀ ਸਮੱਸਿਆਵਾਂ ਦਾ ਮੌਕੇ ’ਤੇ ਹੱਲ ਕੀਤਾ ਗਿਆ।
ਭਵਾਨੀਗੜ੍ਹ (ਪੱਤਰ ਪ੍ਰੇਰਕ): ਵਿਧਾਇਕ ਨਰਿੰਦਰ ਕੌਰ ਭਰਾਜ ਨੇ ਭਵਾਨੀਗੜ੍ਹ ਤਹਿਸੀਲ ਵਿੱਚ ਲੱਗੇ ਮਾਲ ਕੈਂਪ ਦਾ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ ਕਿਹਾ ਕਿ ਲੋਕਾਂ ਦੀ ਸਰਕਾਰੀ ਵਿਭਾਗਾਂ ਵਿੱਚ ਖੱਜਲ ਖ਼ੁਆਰੀ ਨੂੰ ਮੁਕੰਮਲ ਤੌਰ ’ਤੇ ਬੰਦ ਕਰਨ ਦਾ ਟੀਚਾ ਮਿੱਥ ਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਵਿਸ਼ੇਸ਼ ਕੈਂਪ ਲਗਾਏ ਜਾ ਰਹੇ ਹਨ, ਤਾਂ ਜੋ ਅਧਿਕਾਰੀਆਂ ਦੀ ਮੌਜੂਦਗੀ ਵਿੱਚ ਲੋਕਾਂ ਦੇ ਮਾਮਲੇ ਤੁਰੰਤ ਹੱਲ ਕਰਵਾਏ ਜਾ ਸਕਣ। ਵਿਧਾਇਕ ਨਰਿੰਦਰ ਕੌਰ ਭਰਾਜ ਨੇ ਕਿਹਾ ਕਿ ਇਸ ਕੈਂਪ ਵਿੱਚ ਵਿਧਾਨ ਸਭਾ ਹਲਕਾ ਸੰਗਰੂਰ ਅਧੀਨ ਆਉਂਦੀਆਂ ਸਬ ਡਵੀਜ਼ਨਾਂ ਸੰਗਰੂਰ ਅਤੇ ਭਵਾਨੀਗੜ੍ਹ ਦੇ ਨਿਵਾਸੀਆਂ ਨੂੰ ਵੱਡੀ ਸੁਵਿਧਾ ਹਾਸਲ ਹੋਈ ਹੈ ਅਤੇ 427 ਬਕਾਇਆ ਕੇਸਾਂ ਦਾ ਨਿਪਟਾਰਾ ਕੀਤਾ ਜਾ ਚੁੱਕਾ ਹੈ। ਇਸ ਮੌਕੇ ਉਪ ਮੰਡਲ ਮੈਜਿਸਟਰੇਟ ਭਵਾਨੀਗੜ੍ਹ ਵਿਨੀਤ ਕੁਮਾਰ ਵੀ ਮੌਜੂਦ ਸਨ।
ਮਾਲੇਰਕੋਟਲਾ (ਨਿੱਜੀ ਪੱਤਰ ਪ੍ਰੇਰਕ): ਡਿਪਟੀ ਕਮਿਸ਼ਨਰ ਡਾ. ਪੱਲਵੀ ਦੀ ਅਗਵਾਈ ਵਿੱਚ ਛੁੱਟੀ ਵਾਲੇ ਦਿਨ ਅੱਜ ਜ਼ਿਲ੍ਹੇ ਦੀਆਂ ਤਿੰਨੇ ਸਬ ਡਿਵੀਜ਼ਨਾਂ ਵਿੱਚ ਵਿਸ਼ੇਸ਼ ਕੈਂਪ ਲਗਾ ਕੇ ਬਕਾਇਆ ਪਏ ਇੰਤਕਾਲ ਦਰਜ ਕਰਨ ਦੀ ਨਿਵੇਕਲੀ ਮੁਹਿੰਮ ਵਿੱਢੀ ਗਈ। ਵਿਧਾਇਕ ਡਾ. ਮੁਹੰਮਦ ਜਮੀਲ-ਉਰ-ਰਹਿਮਾਨ ਨੇ ਸਬ ਡਿਵੀਜ਼ਨ ਮਾਲੇਰਕੋਟਲਾ ਤੇ ਤਹਿਸੀਲ ਦਫ਼ਤਰ ਵਿੱਚ ਲਗਾਏ ਵਿਸ਼ੇਸ਼ ਕੈਂਪ ਦਾ ਮੁਆਇਨਾ ਕੀਤਾ ਅਤੇ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਦੀ ਖੱਜਲ ਖ਼ੁਆਰੀ ਘਟਾਉਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਮਾਲ ਵਿਭਾਗ ਵਿਚ ਵੀ ਜੇਕਰ ਕਿਸੇ ਵੀ ਪੱਧਰ ‘ਤੇ ਲੋਕਾਂ ਨੂੰ ਕੰਮ ਕਰਵਾਉਣ ਵਿਚ ਕੋਈ ਦਿੱਕਤ ਆਉਂਦੀ ਹੈ ਤਾਂ ਇਸ ਬਾਬਤ ਹੈਲਪ ਲਾਈਨ ਨੰਬਰ 8184900002 ’ਤੇ ਲਿਖਤੀ ਸ਼ਿਕਾਇਤ ਵੱਟਸਐਪ ਕੀਤੀ ਜਾ ਸਕਦੀ ਹੈ। ਐਨ.ਆਰ.ਆਈਜ਼ ਆਪਣੀਆਂ ਲਿਖਤੀ ਸ਼ਿਕਾਇਤਾਂ 9464100168 ਨੰਬਰ ’ਤੇ ਭੇਜ ਸਕਦੇ ਹਨ।
ਸਮਾਣਾ (ਪੱਤਰ ਪ੍ਰੇਰਕ): ਪੰਜਾਬ ਸਰਕਾਰ ਵੱਲੋਂ ਪਿਛਲੇ ਸਮੇਂ ਤੋਂ ਲੰਬਿਤ ਪਏ ਇੰਤਕਾਲਾਂ ਨੂੰ ਨਿਪਟਾਉਣ ਲਈ 6 ਜਨਵਰੀ ਨੂੰ ਸਮੂਹ ਪੰਜਾਬ ਦੀਆਂ ਤਹਿਸੀਲਾਂ ਦੇ ਅਧਿਕਾਰੀਆਂ ਨੂੰ ਦਿੱਤੇ ਹੁਕਮਾਂ ਅਨੁਸਾਰ ਸਮਾਣਾ ਤਹਿਸੀਲ ਵਿੱਚ ਵੀ ਤਹਿਸੀਲਦਾਰ ਲਾਰਸਨ ਸਿੰਗਲਾ ਦੀ ਅਗਵਾਈ ਵਿੱਚ ਕੈਂਪ ਲਗਾਇਆ ਗਿਆ ਜਿਸ ਵਿੱਚ 250 ਇੰਤਕਾਲ ਤੇ ਦੋ ਖਾਨਗੀ ਤਕਸੀਮਾਂ ਕੀਤੀਆਂ ਗਈਆਂ।
ਇਸ ਮੌਕੇ ਨਾਇਬ ਤਹਿਸੀਲਦਾਰ ਰਮਨ ਗੁਪਤਾ, ਕਾਨੂੰਗੋ ਬੇਅੰਤ ਸਿੰਘ, ਦਲਜੀਤ ਸਿੰਘ ਤੋਂ ਇਲਾਵਾ ਸਾਰੇ ਹਲਕਿਆਂ ਦੇ ਪਟਵਾਰੀ ਅਤੇ ਲੋਕ ਮੌਜੂਦ ਸਨ।