For the best experience, open
https://m.punjabitribuneonline.com
on your mobile browser.
Advertisement

ਆਜ਼ਾਦੀ ਦਾ ਸੰਘਰਸ਼ ਵਿੱਢਣ ’ਚ ਲਾਲਾ ਲਾਜਪਤ ਰਾਏ ਦਾ ਵਿਸ਼ੇਸ਼ ਯੋਗਦਾਨ: ਚੀਮਾ

07:42 AM Nov 18, 2024 IST
ਆਜ਼ਾਦੀ ਦਾ ਸੰਘਰਸ਼ ਵਿੱਢਣ ’ਚ ਲਾਲਾ ਲਾਜਪਤ ਰਾਏ ਦਾ ਵਿਸ਼ੇਸ਼ ਯੋਗਦਾਨ  ਚੀਮਾ
ਲਾਲਾ ਲਾਜਪਤ ਰਾਏ ਨੂੰ ਸ਼ਰਧਾ ਦੇ ਫੁੱਲ ਭੇਟ ਕਰਨ ਮੌਕੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਤੇ ਹੋਰ।
Advertisement

ਗੁਰਪ੍ਰੀਤ ਸਿੰਘ ਦੌਧਰ
ਅਜੀਤਵਾਲ, 17 ਨਵੰਬਰ
‘ਪੰਜਾਬ ਕੇਸਰੀ’ ਦੇ ਨਾਮ ਨਾਲ ਜਾਣੇ ਜਾਂਦੇ ਮਹਾਨ ਆਜ਼ਾਦੀ ਘੁਲਾਟੀਏ ਲਾਲਾ ਲਾਜਪਤ ਰਾਏ ਦਾ 96ਵਾਂ ਸ਼ਹੀਦੀ ਦਿਵਸ ਉਨ੍ਹਾਂ ਦੇ ਜਨਮ ਅਸਥਾਨ ਪਿੰਡ ਢੁੱਡੀਕੇ ਵਿੱਚ ਮਨਾਇਆ ਗਿਆ। ਇਸ ਮੌਕੇ ਮੁੱਖ ਮਹਿਮਾਨ ਵਜੋਂ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਸ਼ਿਰਕਤ ਕੀਤੀ ਜਦਕਿ ਨਿਹਾਲ ਸਿੰਘ ਵਾਲਾ ਤੋਂ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਵਿਸ਼ੇਸ਼ ਮਹਿਮਾਨ ਵਜੋਂ ਪੁੱਜੇ। ਇਸ ਮੌਕੇ ਸਾਬਕਾ ਮੰਤਰੀ ਸ੍ਰੀਮਤੀ ਮਾਲਤੀ ਥਾਪਰ, ਲਾਲਾ ਲਾਜਪਤ ਰਾਏ ਜਨਮ ਅਸਥਾਨ ਯਾਦਗਾਰ ਕਮੇਟੀ ਦੇ ਵਾਈਸ ਚੇਅਰਮੈਨ ਰਣਜੀਤ ਸਿੰਘ ਧੰਨਾ, ਸਕੱਤਰ ਰਾਜਜੰਗ ਸਿੰਘ, ਮੌਜੂਦਾ ਤੇ ਸਾਬਕਾ ਸਰਪੰਚ ਤੋਂ ਇਲਾਵਾ ਵਿਦਿਆਰਥੀ ਅਤੇ ਵੱਡੀ ਗਿਣਤੀ ’ਚ ਲੋਕ ਹਾਜ਼ਰ ਸਨ।
ਵਿੱਤ ਮੰਤਰੀ ਸ੍ਰੀ ਚੀਮਾ ਨੇ ਕਿਹਾ ਕਿ ਆਜ਼ਾਦੀ ਦਾ ਸੰਘਰਸ਼ ਵਿੱਢਣ ਵਿੱਚ ਪੰਜਾਬ ਕੇਸਰੀ ਲਾਲਾ ਲਾਜਪਤ ਰਾਏ ਦਾ ਵਿਸ਼ੇਸ਼ ਯੋਗਦਾਨ ਰਿਹਾ। ਹਰ ਭਾਰਤ ਵਾਸੀ ਨੂੰ ਲਾਲਾ ਲਾਜਪਤ ਰਾਏ ਅਤੇ ਸਮੁੱਚੇ ਆਜ਼ਾਦੀ ਘੁਲਾਟੀਆਂ ਦੀਆਂ ਸ਼ਹਾਦਤਾਂ ਅਤੇ ਘਾਲਣਾਵਾਂ ਉੱਤੇ ਮਾਣ ਹੈ, ਜਿਨ੍ਹਾਂ ਦੇ ਸਿਰ ’ਤੇ ਅੱਜ ਅਸੀਂ ਆਜ਼ਾਦ ਫਿਜ਼ਾ ਵਿੱਚ ਸਾਹ ਲੈ ਰਹੇ ਹਾਂ। ਉਨ੍ਹਾਂ ਕਿਹਾ ਲਾਲਾ ਲਾਜਪਤ ਰਾਏ ਜਿੱਥੇ ਮਹਾਨ ਆਜ਼ਾਦੀ ਘੁਲਾਟੀਏ ਸਨ, ਉੱਥੇ ਹੀ ਉਨ੍ਹਾਂ ਨੂੰ ਸਵਦੇਸ਼ੀ ਲਹਿਰ ਦੇ ਰਹਿਨੁਮਾ ਵਜੋਂ ਵੀ ਜਾਣਿਆ ਜਾਂਦਾ ਹੈ। ਪਿੰਡ ਵਾਸੀਆਂ ਅਤੇ ਪੰਚਾਇਤ ਦੀ ਮੰਗ ਪੂਰੀ ਕਰਦਿਆਂ ਵਿੱਤ ਮੰਤਰੀ ਸ੍ਰੀ ਚੀਮਾ ਨੇ ਪਿੰਡ ਦੇ ਵਿਕਾਸ ਕਾਰਜਾਂ ਲਈ 25 ਲੱਖ ਰੁਪਏ ਜਾਰੀ ਕਰਨ ਦਾ ਐਲਾਨ ਕੀਤਾ। ਇਨ੍ਹਾਂ ਵਿਕਾਸ ਕਾਰਜਾਂ ਵਿੱਚ ਚਾਰ ਨਵੇਂ ਪਾਰਕਾਂ ਸਮੇਤ ਜਿਮ ਲਈ 10 ਲੱਖ ਰੁਪਏ, ਲਾਲਾ ਲਾਜਪਤ ਰਾਏ ਜਨਮ ਅਸਥਾਨ ਯਾਦਗਾਰ ਕਮੇਟੀ ਲਈ 10 ਲੱਖ ਰੁਪਏ ਅਤੇ ਦੇਸ਼ ਭਗਤ ਸਪੋਰਟਸ ਕਲੱਬ ਲਈ 5 ਲੱਖ ਰੁਪਏ ਸ਼ਾਮਲ ਹਨ। ਪਿੰਡ ਲਈ ਵੇਸਟ ਮੈਨੇਜਮੈਂਟ ਟਰੀਟਮੈਂਟ ਪਲਾਂਟ ਲਾਉਣ ਦੀ ਮੰਗ ਵੀ ਉਨ੍ਹਾਂ ਤੁਰੰਤ ਸਵੀਕਾਰ ਕਰ ਲਈ।
ਇਸ ਮੌਕੇ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਨੇ ਦੱਸਿਆ ਕਿ ਪਿੰਡ ਢੁੱਡੀਕੇ ਦੀ ਧਰਤੀ ਭਾਗਾਂ ਵਾਲੀ ਹੈ, ਜਿੱਥੇ ਲਾਲਾ ਜੀ ਅਤੇ ਹੋਰ ਕਈ ਆਜ਼ਾਦੀ ਘੁਲਾਟੀਆਂ ਨੇ ਜਨਮ ਲਿਆ। ਇਸ ਤੋਂ ਪਹਿਲਾਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ, ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਅਤੇ ਹਾਜ਼ਰੀਨ ਨੇ ਲਾਲਾ ਜੀ ਦੇ ਬੁੱਤ ’ਤੇ ਫੁੱਲ ਮਾਲਾਵਾਂ ਭੇਟ ਕੀਤੀਆਂ। ਇਸ ਮੌਕੇ ਉਨ੍ਹਾਂ ਲਾਇਬ੍ਰੇਰੀ ਅਤੇ ਇਤਿਹਾਸਕ ਸਥਾਨਾਂ ਵੀ ਦੇਖੇ। ਸਕੂਲਾਂ ਦੇ ਵਿਦਿਆਰਥੀਆਂ ਨੇ ਗੀਤ, ਸਮੂਹ ਗਾਣ ਆਦਿ ਵੰਨਗੀਆਂ ਪੇਸ਼ ਕੀਤੀਆਂ। ਇਸ ਉਪਰੰਤ ਉਨ੍ਹਾਂ ਪਿੰਡ ਦੇ ਹੀ ਬਾਕੀ ਸ਼ਹੀਦਾਂ ਦੀ ਯਾਦ ਵਿੱਚ ਬਣੇ ਸਮਾਰਕ ’ਤੇ ਵੀ ਫੁੱਲ ਮਾਲਾਵਾਂ ਭੇਟ ਕੀਤੀਆਂ। ਅਖੀਰ ’ਚ ਲਾਲਾ ਲਾਜਪਤ ਰਾਏ ਜਨਮ ਅਸਥਾਨ ਯਾਦਗਾਰ ਕਮੇਟੀ ਵੱਲੋਂ ਆਏ ਮਹਿਮਾਨਾਂ ਦਾ ਸਨਮਾਨ ਕੀਤਾ ਗਿਆ।

Advertisement

ਕੇਂਦਰ ਦੀਆਂ ਮਾਰੂ ਨੀਤੀਆਂ ਕਾਰਨ ਕਿਸਾਨ ਨੂੰ ਝੱਲਣੀ ਪਈ ਪ੍ਰੇਸ਼ਾਨੀ: ਚੀਮਾ

ਮੋਗਾ (ਮਹਿੰਦਰ ਸਿੰਘ ਰੱਤੀਆਂ): ਸੂਬੇ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਕੇਂਦਰ ਸਰਕਾਰ ਦੀਆਂ ਮਾਰੂ ਨੀਤੀਆਂ ਕਾਰਨ ਕਿਸਾਨਾਂ ਨੂੰ ਮੰਡੀਆਂ ’ਚ ਪ੍ਰੇਸ਼ਾਨੀ ਝੱਲਣੀ ਪਈ ਹੈ। ਕੇਂਦਰ ਨੇ ਪੰਜਾਬ ਦੀਆਂ ਚੌਲ ਮਿੱਲਾਂ ਵਿੱਚੋਂ ਚਾਵਲ ਨਹੀਂ ਚੁੱਕੇ ਅਤੇ ਲੋੜੀਂਦੀ ਥਾਂ ਖਾਲੀ ਨਹੀਂ ਕੀਤੀ, ਜਿਸ ਕਾਰਨ ਅੰਨਦਾਤਾ ਨੂੰ ਪ੍ਰੇਸ਼ਾਨੀ ਹੋਈ। ਉਹ ਇੱਥੇ ਪਿੰਡ ਢੁੱਡੀਕੇ ਵਿੱਚ ਮਹਾਨ ਸੁਤੰਤਰਤਾ ਸੰਗਰਾਮੀ ਲਾਲਾ ਲਾਜਪਤ ਰਾਏ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਪੁੱਜੇ ਸਨ। ਉਨ੍ਹਾਂ ਆਖਿਆ ਕਿ ਚੰਡੀਗੜ੍ਹ, ਪੰਜਾਬ ਦੀ ਰਾਜਧਾਨੀ ਹੈ। ਹਰਿਆਣਾ ਨੂੰ ਚੰਡੀਗੜ੍ਹ ’ਚ ਵਿਧਾਨ ਸਭਾ ਬਣਾਉਣ ਦਾ ਕੋਈ ਅਧਿਕਾਰ ਨਹੀਂ। ਉਹ ਇੱਕ ਇੰਚ ਵੀ ਜਗ੍ਹਾ ਹਰਿਆਣਾ ਨੂੰ ਨਹੀਂ ਦੇਣ ਦੇਣਗੇ। ਉਨ੍ਹਾਂ ਕਿਹਾ ਕਿ ਉਨ੍ਹਾਂ ਪੰਜਾਬ ਦੇ ਰਾਜਪਾਲ ਅਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਨਾਲ ਇਸ ਵਿਸ਼ੇ ’ਤੇ ਗੱਲਬਾਤ ਕੀਤੀ ਹੈ। ਇਸ ਦੌਰਾਨ ਉਨ੍ਹਾਂ ਦੋਸ਼ ਲਾਇਆ ਕਿ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੇਸ਼ ਦੇ ਖੇਤੀ ਸੈਕਟਰ ਨੂੰ ਖਤਮ ਕਰਨ ਵੱਲ ਧੱਕ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਖੇਤੀ ਉਤਪਾਦਨ ਆਪਣੀ ਸਿਖ਼ਰਲੇ ਪੜਾਅ ’ਤੇ ਪਹੁੰਚ ਗਿਆ ਹੈ, ਇਸ ਲਈ ਫ਼ਲਾਂ ਅਤੇ ਸਬਜ਼ੀਆਂ ਵਰਗੀਆਂ ਉੱਚ-ਮੁੱਲ ਵਾਲੀਆਂ ਫ਼ਸਲਾਂ ਦੀ ਕਾਸ਼ਤ ਰਾਹੀਂ ਖੇਤੀ ਵਿਭਿੰਨਤਾ ਨੂੰ ਉਤਸ਼ਾਹਿਤ ਕਰਨ ਅਤੇ ਅਪਨਾਉਣ ਦੀ ਲੋੜ ਹੈ ਤਾਂ ਜੋ ਸੂਬੇ ਦੇ ਖੇਤੀ ਸੈਕਟਰ ਨੂੰ ਬਚਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਕਿਸਾਨਾਂ ਦੀ ਭਲਾਈ ਹਰ ਸੰਭਵ ਕਦਮ ਚੁੱਕ ਰਹੀ ਹੈ।

Advertisement

Advertisement
Author Image

Advertisement