ਸਿੱਖਿਆ ਪੱਧਰ ਉੱਚਾ ਚੁੱਕਣ ਲਈ ਨਿੱਜੀ ਸਕੂਲਾਂ ਦਾ ਖਾਸ ਯੋਗਦਾਨ: ਸਿੱਧੂ
ਕਰਮਜੀਤ ਸਿੰਘ ਚਿੱਲਾ
ਬਨੂੜ, 28 ਨਵੰਬਰ
ਸਾਬਕਾ ਕੈਬਨਿਟ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਅੱਜ ਨਜ਼ਦੀਕੀ ਪਿੰਡ ਤੰਗੌਰੀ ਦੇ ਖਾਲਸਾ ਸਕੂਲ ਵਿੱਚ ਸਕੂਲ ਦੀ ਸਿਲਵਰ ਜੁਬਲੀ ਮੌਕੇ ਕਰਵਾਏ ਸਾਲਾਨਾ ਇਨਾਮ ਵੰਡ ਸਮਾਗਮ ਮੌਕੇ ਇਕੱਠ ਨੂੰ ਸੰਬੋਧਨ ਕੀਤਾ। ਸ੍ਰੀ ਸਿੱਧੂ ਨੇ ਆਖਿਆ ਕਿ ਪੰਜਾਬ ਵਿੱਚ ਸਿੱਖਿਆ ਦੇ ਪੱਧਰ ਨੂੰ ਉੱਚਾ ਚੁੱਕਣ ਲਈ ਪ੍ਰਾਈਵੇਟ ਸਕੂਲਾਂ ਦਾ ਵੱਡਾ ਯੋਗਦਾਨ ਹੈ। ਉਨ੍ਹਾਂ ਕਿਹਾ ਕਿ ਮੁਕਾਬਲੇ ਦਾ ਯੁੱਗ ਹੈ ਤੇ ਬੱਚਿਆਂ ਵਿੱਚ ਮੁਕਾਬਲੇ ਦੀ ਭਾਵਨਾ ਪੈਦਾ ਕਰਨੀ ਸਮੇਂ ਦੀ ਸਭ ਤੋਂ ਵੱਡੀ ਲੋੜ ਹੈ। ਉਨ੍ਹਾਂ ਸਕੂਲ ਦੀਆਂ ਸਿੱਖਿਆ ਤੇ ਖੇਡਾਂ ਦੇ ਖੇਤਰ ਵਿੱਚ ਵੱਡੀਆਂ ਪ੍ਰਾਪਤੀਆਂ ਅਤੇ ਪੇਂਡੂ ਖੇਤਰ ਵਿੱਚ ਘੱਟ ਫੀਸ ਤਹਿਤ ਆਧੁਨਿਕ ਸੁਵਿਧਾਵਾਂ ਰਾਹੀਂ ਦਿੱਤੀ ਜਾ ਰਹੀ ਸਿੱਖਿਆ ਲਈ ਪ੍ਰਬੰਧਕਾਂ ਦੀ ਸ਼ਲਾਘਾ ਕੀਤੀ। ਉਨ੍ਹਾਂ ਅਧਿਆਪਕਾਂ ਨੂੰ ਸਿਲੇਬਸ ਦੇ ਨਾਲ ਨਾਲ ਬੱਚਿਆਂ ਨੂੰ ਚੰਗੇ ਇਨਸਾਨ ਬਣਾਉਣ ਦਾ ਪਾਠ ਪੜ੍ਹਾਉਣ ਦਾ ਸੱਦਾ ਵੀ ਦਿੱਤਾ। ਇਸ ਮੌਕੇ ਸਕੂਲ ਦੀ ਪ੍ਰਿੰਸੀਪਲ ਬਲਜੀਤ ਕੌਰ ਅਤੇ ਡਾਇਰੈਕਟਰ ਪ੍ਰਿਤਪਾਲ ਸਿੰਘ ਢੋਲ ਨੇ ਸਕੂਲ ਦੀ ਸਾਲਾਨਾ ਰਿਪੋਰਟ ਪੜ੍ਹਦਿਆਂ ਆਪਣੀਆਂ ਪ੍ਰਾਪਤੀਆਂ ਗਿਣਾਈਆਂ। ਉਨ੍ਹਾਂ ਸਕੂਲ ਵਿੱਚ ਜਲਦੀ ਹੀ ਬਾਰ੍ਹਵੀਂ ਦੀ ਕਾਮਰਸ ਦੀ ਸਟਰੀਮ ਸ਼ੁਰੂ ਕਰਨ ਦਾ ਭਰੋਸਾ ਵੀ ਦਿਵਾਇਆ। ਇਸ ਮੌਕੇ ਸਕੂਲੀ ਬੱਚਿਆਂ ਵੱਲੋਂ ਸ਼ਾਨਦਾਰ ਸੱਭਿਆਚਾਰਕ ਪ੍ਰੋਗਰਾਮ ਦੀ ਪੇਸ਼ਕਾਰੀ ਦਿੱਤੀ ਗਈ, ਜਿਸ ਵਿੱਚ ਲੜਕੀਆਂ ਦਾ ਗਿੱਧਾ ਅਤੇ ਲੜਕਿਆਂ ਦਾ ਭੰਗੜਾ ਪ੍ਰੋਗਰਾਮ ਦਾ ਸਿਖ਼ਰ ਸੀ। ਹੋਣਹਾਰ ਵਿਦਿਆਰਥੀਆਂ, ਸਟਾਫ਼ ਅਤੇ ਇਲਾਕੇ ਦੇ ਨਵੇਂ ਬਣੇ ਸਰਪੰਚਾਂ ਦਾ ਸਨਮਾਨ ਵੀ ਕੀਤਾ ਗਿਆ। ਇਸ ਮੌਕੇ ਡਾ. ਊਧਮ ਸਿੰਘ ਧਨੋਆ, ਨਾਹਰ ਸਿੰਘ ਸਰਪੰਚ ਕੁਰੜੀ, ਗੁਰਜੰਟ ਸਿੰਘ ਸਰਪੰਚ ਪੱਤੋਂ ਸਮੇਤ ਕਈ ਸ਼ਖ਼ਸੀਅਤਾਂ ਹਾਜ਼ਰ ਸਨ।