ਕਿਰਤੀ ਕਿਸਾਨ ਯੂਨੀਅਨ ਵੱਲੋਂ ਵਿਸ਼ੇਸ਼ ਇਜਲਾਸ
ਪੱਤਰ ਪ੍ਰੇਰਕ
ਅਜਨਾਲਾ, 22 ਦਸੰਬਰ
ਕਿਰਤੀ ਕਿਸਾਨ ਯੂਨੀਅਨ ਪੰਜਾਬ ਦੇ ਖੇਤਰ ਚੋਗਾਵਾਂ ਵਿੱਚ ਪੈਂਦੇ ਪਿੰਡਾਂ ਦਾ ਵਿਸ਼ੇਸ਼ ਇਜਲਾਸ ਸੂਬਾ ਆਗੂ ਧਨਵੰਤ ਸਿੰਘ ਖਤਰਾਏ ਕਲਾਂ ਦੀ ਅਗਵਾਈ ਹੇਠ ਪਿੰਡ ਸੌੜੀਆਂ ਦੇ ਗੁਰਦੁਆਰਾ ਸਾਹਿਬ ਵਿਖੇ ਹੋਇਆ। ਇਸ ਇਜਲਾਸ ਦੌਰਾਨ ਕਿਸਾਨੀ ਸੰਘਰਸ਼ ਵਿੱਚ ਸ਼ਹੀਦ ਹੋਏ ਕਿਸਾਨਾਂ ਦੀ ਯਾਦ ਵਿੱਚ ਦੋ ਮਿੰਟ ਦਾ ਮੌਨ ਧਾਰਨ ਕਰ ਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ। ਇਸ ਮੌਕੇ ਧਨਵੰਤ ਸਿੰਘ ਨੇ ਕਿਹਾ ਕਿ ਕੇਂਦਰ ਸਰਕਾਰ ਕੌਮੀ ਖੇਤੀ ਮਾਰਕੀਟਿੰਗ ਨੀਤੀ ਦਾ ਖਰੜਾ ਸੂਬਾ ਸਰਕਾਰਾਂ ਨੂੰ ਭੇਜ ਕੇ ਸਰਕਾਰੀ ਮੰਡੀਆਂ ਖਤਮ ਕਰਨਾ ਚਾਹੁੰਦੀ ਹੈ। ਉਨ੍ਹਾਂ ਕਿਹਾ ਕਿ ਇਸ ਖਰੜੇ ਨੂੰ ਕਦੇ ਵੀ ਪ੍ਰਵਾਨ ਨਹੀਂ ਕੀਤਾ ਜਾ ਸਕਦਾ ਜਿਸ ਤਹਿਤ ਭਲਕੇ 23 ਦਸੰਬਰ ਨੂੰ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਡਿਪਟੀ ਕਮਿਸ਼ਨਰਾਂ ਦੇ ਦਫ਼ਤਰਾਂ ਸਾਹਮਣੇ ਧਰਨੇ ਦਿੱਤੇ ਜਾਣਗੇ। ਉਨ੍ਹਾਂ ਮੰਗ ਕੀਤੀ ਕਿ ਸਾਰੀਆਂ ਫ਼ਸਲਾਂ ’ਤੇ ਐੱਮਐੱਸਪੀ ਦੇਣ ਦਾ ਕਾਨੂੰਨ ਬਣਾਇਆ ਜਾਵੇ, ਗੁਲਾਬੀ ਸੁੰਡੀ ਦੀ ਮਾਰ ਹੇਠ ਆਈ ਕਣਕ ਦੇ ਕਾਸ਼ਤਕਾਰ ਕਿਸਾਨਾਂ ਨੂੰ ਬਣਦਾ ਮੁਆਵਜ਼ਾ ਦਿੱਤਾ ਜਾਵੇ, ਹਰ ਕਿਸਾਨ ਪਰਿਵਾਰ ਦੇ ਮੁਖੀ ਨੂੰ 10 ਹਜ਼ਾਰ ਰੁਪਏ ਪ੍ਰਤੀ ਮਹੀਨਾ ਪੈਨਸ਼ਨ ਦਿੱਤੀ ਜਾਵੇ ਅਤੇ ਇੱਕ ਘਰੇਲੂ ਸਪਲਾਈ ਲਈ ਬਿਜਲੀ ਸਮਾਰਟ ਮੀਟਰ ਲਾਉਣੇ ਬੰਦ ਕੀਤੇ ਜਾਣ।
ਇਜਲਾਸ ਉਪਰੰਤ ਡੈਲੀਗੇਟਾਂ ਵੱਲੋਂ ਬਲਾਕ ਚੋਗਾਵਾਂ ਦੇ ਅਹੁਦੇਦਾਰਾਂ ਦੀ ਚੋਣ ਕੀਤੀ ਗਈ ਜਿਸ ਵਿੱਚ ਸੁਖਰਾਜ ਸਿੰਘ ਨੂੰ ਪ੍ਰਧਾਨ, ਗੁਰਮੁੱਖ ਸਿੰਘ ਨੂੰ ਸਕੱਤਰ,ਕਸ਼ਮੀਰ ਸਿੰਘ ਨੂੰ ਮੀਤ ਪ੍ਰਧਾਨ ਸਮੇਤ 21 ਮੈਂਬਰੀ ਵਰਕਿੰਗ ਕਮੇਟੀ ਚੁਣੀ ਗਈ ਜਿਨ੍ਹਾਂ ਦਾ ਸਨਮਾਨ ਵੀ ਕੀਤਾ ਗਿਆ। ਇਸ ਮੌਕੇ ਕਾਬਲ ਸਿੰਘ ਛੀਨਾ ਅਤੇ ਹਰਪਾਲ ਸਿੰਘ ਛੀਨਾ ਆਦਿ ਹਾਜ਼ਰ ਸਨ।