ਫ਼ਸਲਾਂ ਵਿੱਚ ਖ਼ੁਰਾਕੀ ਤੱਤਾਂ ਦਾ ਛਿੜਕਾਅ
ਵਿਵੇਕ ਕੁਮਾਰ/ਮਨਜੀਤ ਕੌਰ/ਕਰਮਜੀਤ ਸ਼ਰਮਾ*
ਫ਼ਸਲਾਂ ਦਾ ਪੂਰਾ ਝਾੜ ਲੈਣ ਲਈ ਖ਼ੁਰਾਕੀ ਤੱਤ ਪ੍ਰਬੰਧਨ ਦਾ ਅਹਿਮ ਯੋਗਦਾਨ ਹੁੰਦਾ ਹੈ ਕਿਉਂਕਿ ਪੌਦੇ ਦੇ ਸਹੀ ਵਾਧੇ ਅਤੇ ਵਿਕਾਸ ਲਈ ਜਿਹੜੇ ਤੱਤਾਂ ਦੀ ਲੋੜ ਹੁੰਦੀ ਹੈ, ਉਨ੍ਹਾਂ ਦੀ ਪੂਰਤੀ ਖ਼ੁਰਾਕੀ ਤੱਤ ਪ੍ਰਬੰਧਨ ਦੁਆਰਾ ਹੀ ਕੀਤੀ ਜਾਂਦੀ ਹੈ। ਫ਼ਸਲਾਂ ਦੇ ਖ਼ੁਰਾਕੀ ਤੱਤਾਂ ਦੀ ਪੂਰਤੀ ਸਬੰਧੀ ਇਸ ਗੱਲ ਦਾ ਧਿਆਨ ਰੱਖਣਾ ਬਹੁਤ ਜ਼ਰੂਰੀ ਹੁੰਦਾ ਹੈ ਕਿ ਤੱਤ ਸਹੀ ਮਾਤਰਾ ਵਿੱਚ, ਸਹੀ ਸਮੇਂ ’ਤੇ, ਸਹੀ ਤਰੀਕੇ ਨਾਲ ਅਤੇ ਸਹੀ ਸਰੋਤ ਦੁਆਰਾ ਹੀ ਪਾਏ ਜਾਣ। ਸਾਉਣੀ ਰੁੱਤ ਦੌਰਾਨ ਫ਼ਸਲਾਂ ਵਿੱਚ ਮੁੱਖ ਖ਼ੁਰਾਕੀ ਤੱਤ ਜੈਵਿਕ, ਜੀਵਾਣੂ ਅਤੇ ਰਸਾਇਣਕ ਖਾਦਾਂ ਦੀ ਰਲਵੀਂ ਵਰਤੋਂ ਨਾਲ ਫ਼ਸਲ ਦੀ ਸ਼ੁਰੂਆਤੀ ਹਾਲਤ ਵਿੱਚ ਹੀ ਪਾਏ ਜਾਂਦੇ ਹਨ ਪਰ ਕੁਝ ਖ਼ੁਰਾਕੀ ਤੱਤਾਂ ਦੀ ਪੂਰਤੀ ਫ਼ਸਲ ਦੀ ਲੋੜ ਅਨੁਸਾਰ ਛਿੜਕਾਅ ਕਰ ਕੇ ਕੀਤੀ ਜਾਂਦੀ ਹੈ ਜੋ ਫ਼ਸਲ ਦਾ ਝਾੜ ਵਧਾਉਣ ਵਿੱਚ ਅਹਿਮ ਯੋਗਦਾਨ ਪਾਉਂਦੀ ਹੈ।
ਝੋਨਾ/ ਬਾਸਮਤੀ (ਪਨੀਰੀ): ਹਲਕੀਆਂ ਜ਼ਮੀਨਾਂ ਵਿੱਚ ਲੋਹੇ ਦੀ ਘਾਟ ਆਉਣ ਕਰ ਕੇ ਬੂਟੇ ਦੇ ਨਵੇਂ ਨਿੱਕਲ ਰਹੇ ਪੱਤੇ ਪੀਲੇ ਪੈ ਜਾਂਦੇ ਹਨ। ਜੇਕਰ ਪਨੀਰੀ ਦੇ ਨਵੇਂ ਪੱਤੇ ਪੀਲੇ ਪੈ ਜਾਣ ਤਾਂ ਫੈਰਸ ਸਲਫੇਟ ਦੇ ਤਿੰਨ ਛਿੜਕਾਅ ਹਫ਼ਤੇ-ਹਫ਼ਤੇ ਦੇ ਫ਼ਰਕ ’ਤੇ ਕਰਨੇ ਚਾਹੀਦੇ ਹਨ। ਇਸ ਛਿੜਕਾਅ ਲਈ ਫੈਰਸ ਸਲਫੇਟ ਦਾ 0.5-1.0 ਫ਼ੀਸਦੀ (ਅੱਧੇ ਤੋਂ ਇੱਕ ਕਿਲੋ ਫੈਰਸ ਸਲਫੇਟ ਅਤੇ 100 ਲਿਟਰ ਪਾਣੀ ਪ੍ਰਤੀ ਏਕੜ) ਘੋਲ ਵਰਤਣਾ ਚਾਹੀਦਾ ਹੈ।
ਜੇ ਪਨੀਰੀ ’ਤੇ ਜ਼ਿੰਕ ਦੀ ਘਾਟ ਜਾਪੇ (ਪੁਰਾਣੇ ਪੱਤੇ ਜੰਗਾਲੇ ਹੋ ਜਾਂਦੇ ਹਨ) ਤਾਂ 0.5 ਫ਼ੀਸਦੀ ਜ਼ਿੰਕ ਸਲਫੇਟ ਹੈਪਟਾਹਾਈਡ੍ਰੇਟ (ਅੱਧਾ ਕਿਲੋ ਜ਼ਿੰਕ ਸਲਫੇਟ ਹੈਪਟਾਹਾਈਡ੍ਰੇਟ ਅਤੇ 100 ਲਿਟਰ ਪਾਣੀ) ਜਾਂ 0.3 ਫ਼ੀਸਦੀ ਜ਼ਿੰਕ ਸਲਫ਼ੇਟ ਮੋਨੋਹਾਈਡ੍ਰੇਟ (300 ਗ੍ਰਾਮ ਜ਼ਿੰਕ ਸਲਫੇਟ ਮੋਨੋਹਾਈਡ੍ਰੇਟ ਅਤੇ 100 ਲਿਟਰ ਪਾਣੀ) ਪ੍ਰਤੀ ਏਕੜ ਦੇ ਹਿਸਾਬ ਛਿੜਕਣਾ ਚਾਹੀਦਾ ਹੈ।
ਝੋਨਾ/ ਬਾਸਮਤੀ (ਖੜ੍ਹੀ ਫ਼ਸਲ): ਜ਼ਿਆਦਾ ਰੇਤਲੀਆਂ ਜ਼ਮੀਨਾਂ ਵਿੱਚ ਜਿੱਥੇ ਪਾਣੀ ਦੀ ਘਾਟ ਹੋਵੇ, ਪਨੀਰੀ ਲਾਉਣ ਤੋਂ ਕੁੱਝ ਦਿਨਾਂ ਬਾਅਦ ਬੂਟੇ ਦੇ ਨਵੇਂ ਨਿਕਲ ਰਹੇ ਪੱਤੇ ਪੀਲੇ ਪੈ ਜਾਂਦੇ ਅਤੇ ਬੂਟੇ ਮਰ ਜਾਂਦੇ ਹਨ। ਜਦੋਂ ਅਜਿਹੇ ਪੀਲੇਪਣ ਦੀਆਂ ਨਿਸ਼ਾਨੀਆਂ ਨਜ਼ਰ ਆਉਣ ਤਾਂ ਫ਼ਸਲ ਨੂੰ ਛੇਤੀ-ਛੇਤੀ ਭਰਵੇਂ ਪਾਣੀ ਦੇਣ ਦੇ ਨਾਲ-ਨਾਲ ਇੱਕ ਹਫ਼ਤੇ ਦੀ ਵਿੱਥ ਰੱਖ ਕੇ ਇੱਕ ਫ਼ੀਸਦੀ ਲੋਹੇ ਦਾ ਛਿੜਕਾਅ ਪੱਤਿਆਂ ਉੱਪਰ ਕਰਨਾ ਚਾਹੀਦਾ ਹੈ। ਇਸ ਦੇ ਲਈ ਇੱਕ ਕਿਲੋ ਫੈਰਸ ਸਲਫੇਟ ਨੂੰ 100 ਲਿਟਰ ਪਾਣੀ ਵਿੱਚ ਮਿਲਾ ਕੇ ਪ੍ਰਤੀ ਏਕੜ ਛਿੜਕਾਅ ਕਰਨਾ ਚਾਹੀਦਾ ਹੈ। ਅਜਿਹੇ 2-3 ਛਿੜਕਾਅ ਕਰਨ ਨਾਲ ਲੋਹੇ ਦੀ ਘਾਟ ਪੂਰੀ ਕੀਤੀ ਜਾ ਸਕਦੀ ਹੈ। ਇੱਥੇ ਧਿਆਨ ਯੋਗ ਗੱਲ ਇਹ ਹੈ ਕਿ ਲੋਹੇ ਦੀ ਜ਼ਮੀਨ ਰਾਹੀਂ ਪੂਰਤੀ ਅਸਰਦਾਰ ਨਹੀਂ ਹੈ।
ਝੋਨੇ ਵਿੱਚ ਫੋਕ ਘਟਾਉਣ ਲਈ ਜਦੋਂ ਝੋਨਾ ਗੋਭ ਵਿੱਚ ਹੋਵੇ ਤਾਂ 1.5% ਪੋਟਾਸ਼ੀਅਮ ਨਾਈਟ੍ਰੇਟ (3 ਕਿਲੋ ਪੋਟਾਸ਼ੀਅਮ ਨਾਈਟ੍ਰੇਟ 200 ਲਿਟਰ ਪਾਣੀ ਵਿੱਚ ਪ੍ਰਤੀ ਏਕੜ) ਦਾ ਛਿੜਕਾਅ ਕਰਨਾ ਲਾਹੇਵੰਦ ਰਹਿੰਦਾ ਹੈ।
ਮੱਕੀ: ਮੱਕੀ ਦੀ ਫ਼ਸਲ ਵਿੱਚ ਜ਼ਿੰਕ ਦੀ ਘਾਟ ਦੀਆਂ ਨਿਸ਼ਾਨੀਆਂ ਨਜ਼ਰ ਆਉਣ ਤਾਂ ਆਮ ਤੌਰ ’ਤੇ ਜ਼ਿੰਕ ਸਲਫੇਟ ਨੂੰ ਮੱਕੀ ਦੀਆਂ ਕਤਾਰਾਂ ਦੇ ਨਾਲ-ਨਾਲ ਪਾ ਕੇ ਅਤੇ ਗੋਡੀ ਕਰ ਕੇ ਮਿੱਟੀ ਵਿੱਚ ਮਿਲਾਉਣ ਦੀ ਸਿਫ਼ਾਰਸ਼ ਕੀਤੀ ਜਾਂਦੀ ਹੈ ਪਰ ਜੇਕਰ ਜ਼ਿੰਕ ਦੀ ਘਾਟ ਦਾ ਪਤਾ ਅਜਿਹੇ ਸਮੇਂ ਲੱਗੇ ਜਦੋਂ ਗੋਡੀ ਕਰਨੀ ਮੁਸ਼ਕਲ ਹੋਵੇ ਤਾਂ ਜ਼ਿੰਕ ਸਲਫੇਟ ਦਾ ਛਿੜਕਾਅ ਵੀ ਕੀਤਾ ਜਾ ਸਕਦਾ ਹੈ। ਇੱਕ ਏਕੜ ਵਾਸਤੇ ਇਹ ਛਿੜਕਾਅ ਤਿਆਰ ਕਰਨ ਲਈ 1200 ਗ੍ਰਾਮ ਜ਼ਿੰਕ ਸਲਫੇਟ (ਹੈਪਟਾਹਾਈਡ੍ਰੇਟ), 600 ਗ੍ਰਾਮ ਅਣਬੁੱਝਿਆ ਚੂਨਾ ਜਾਂ 750 ਗ੍ਰਾਮ ਜ਼ਿੰਕ ਸਲਫੇਟ ਮੋਨੋਹਾਈਡ੍ਰੇਟ, 375 ਗ੍ਰਾਮ ਅਣਬੁਝਿਆ ਚੂਨਾ ਅਤੇ 200 ਲਿਟਰ ਪਾਣੀ ਵਰਤਣਾ ਚਾਹੀਦਾ ਹੈ।
ਛੋਟੀ ਉਮਰ ਦੀ ਮੱਕੀ ਵਿੱਚ ਜ਼ਿਆਦਾ ਬਾਰਸ਼ਾਂ ਪੈਣ ਕਰ ਕੇ ਪਾਣੀ ਖੜ੍ਹਾ ਹੋਣ ਨਾਲ ਫ਼ਸਲ ਦਾ ਕਾਫ਼ੀ ਨੁਕਸਾਨ ਹੋ ਜਾਂਦਾ ਹੈ। ਜੇ ਜ਼ਿਆਦਾ ਪਾਣੀ ਨਾਲ ਨੁਕਸਾਨ ਹੋ ਜਾਵੇ ਤਾਂ 6 ਕਿਲੋ ਯੂਰੀਆ 200 ਲਿਟਰ ਪਾਣੀ (3 ਫ਼ੀਸਦੀ) ਵਿੱਚ ਘੋਲ ਕੇ ਪ੍ਰਤੀ ਏਕੜ ਦੇ ਹਿਸਾਬ ਨਾਲ ਹਫ਼ਤੇ ਦੇ ਫ਼ਰਕ ’ਤੇ ਦੋ ਵਾਰ ਛਿੜਕਾਅ ਕਰਨਾ ਚਾਹੀਦਾ ਹੈ। ਜੇ ਨੁਕਸਾਨ ਦਰਮਿਆਨੇ ਤੋਂ ਭਾਰੀ ਹੋ ਜਾਵੇ ਤਾਂ ਫ਼ਸਲ ਵਿੱਚੋਂ ਪਾਣੀ ਕੱਢਣ ਮਗਰੋਂ 25-50 ਕਿਲੋ ਯੂਰੀਆ ਪ੍ਰਤੀ ਏਕੜ ਹੋਰ ਪਾਉਣੀ ਚਾਹੀਦੀ ਹੈ।
ਨਰਮਾ: ਨਰਮੇ ਦੀ ਫ਼ਸਲ ਤੋਂ ਵੱਧ ਝਾੜ ਲੈਣ ਲਈ 2% ਪੋਟਾਸ਼ੀਅਮ ਨਾਈਟ੍ਰੇਟ (13:0:45) ਦਾ ਫੁੱਲਾਂ ਦੇ ਸ਼ੁਰੂ ਹੋਣ ਤੋਂ ਲੈ ਕੇ ਇੱਕ ਹਫ਼ਤੇ ਦੇ ਵਕਫ਼ੇ ’ਤੇ ਚਾਰ ਵਾਰ ਛਿੜਕਾਅ ਕਰਨਾ ਚਾਹੀਦਾ ਹੈ।
ਬੀਟੀ ਨਰਮੇ ਵਿੱਚ ਪੱਤਿਆਂ ਦੀ ਲਾਲੀ ਦੀ ਰੋਕਥਾਮ ਲਈ 1 ਫ਼ੀਸਦੀ ਮੈਗਨੀਸ਼ੀਅਮ ਸਲਫੇਟ (ਇੱਕ ਕਿਲੋ ਮੈਗਨੀਸ਼ੀਅਮ ਸਲਫੇਟ ਨੂੰ 100 ਲਿਟਰ ਪਾਣੀ ਪ੍ਰਤੀ ਏਕੜ ਵਿੱਚ ਘੋਲਣ ਉਪਰੰਤ) ਦੇ ਦੋ ਛਿੜਕਾਅ 15 ਦਿਨਾਂ ਦੇ ਵਕਫ਼ੇ ’ਤੇ ਫੁੱਲਡੋਡੀ ਪੈਣ ਅਤੇ ਟੀਂਡੇ ਬਣਨ ਵੇਲੇ ਕਰਨੇ ਚਾਹੀਦੇ ਹਨ।
ਸੋਇਆਬੀਨ: ਲੋਹੇ ਦੀ ਘਾਟ ਦੇ ਚਿੰਨ੍ਹ ਪਹਿਲਾਂ ਨਵੇਂ ਪੱਤਿਆਂ ’ਤੇ ਆਉਂਦੇ ਹਨ। ਇਸ ਦੇ ਨਾਲ ਪੱਤੇ ਦਾ ਰੰਗ ਪੀਲਾ ਅਤੇ ਨਾੜੀਆਂ ਹਰੀਆਂ ਨਜ਼ਰ ਆਉਂਦੀਆਂ ਹਨ। ਫ਼ਸਲ ਵਿੱਚ ਲੋਹੇ ਦੀ ਘਾਟ ਨੂੰ ਪੂਰਾ ਕਰਨ ਅਤੇ ਵਧੇਰੇ ਝਾੜ ਲੈਣ ਲਈ 30 ਦਿਨਾਂ ਤੇ ਫੈਰਸ ਸਲਫੇਟ ਦੇ 0.5 ਫ਼ੀਸਦੀ ਘੋਲ ਦਾ ਅਤੇ 60 ਦਿਨਾਂ ਦੀ ਫ਼ਸਲ ’ਤੇ 0.5 ਫ਼ੀਸਦੀ ਫੈਰਸ ਸਲਫੇਟ + 2 ਫ਼ੀਸਦੀ ਯੂਰੀਆ (ਰਲਾ ਕੇ) ਦਾ ਛਿੜਕਾਅ ਕਰਨਾ ਚਾਹੀਦਾ ਹੈ।
*ਕ੍ਰਿਸ਼ੀ ਵਿਗਿਆਨ ਕੇਂਦਰ, ਸ੍ਰੀ ਮੁਕਤਸਰ ਸਾਹਿਬ।